ਜਲੰਧਰ, 14 ਅਪ੍ਰੈਲ (Nirmal Singh Mansahia)-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਵਲੋਂ ਲਿਖੇ ਗਏ ਸੰਵਿਧਾਨ ਅਤੇ ਇਸ ਦੇ ਮੁੱਢਲੇ ਸਿਧਾਂਤਾਂ ਨੂੰ ਬਚਾਉਣ ਦਾ ਸੱਦਾ ਦਿੱਤਾ ਹੈ।
ਅੱਜ ਇਥੇ ਬਾਬਾ ਸਾਹਿਬ ਦੇ 131ਵੇਂ ਜਨਮ ਦਿਵਸ ਮੌਕੇ ਸਥਾਨਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਰਕਾਰੀ ਕੋ- ਐਜੂਕੇਸ਼ਨ ਕਾਲਜ, ਬੂਟਾਂ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਕਾਨੂੰਨਦਾਨ ਅਤੇ ਉਘੇ ਸਿਆਸਤਦਾਨ ਡਾ.ਅੰਬੇਡਕਰ ਵਲੋਂ ਲਿਖੇ ਗਏ ਸੰਵਿਧਾਨ ਦੀ ਮਹੱਤਤਾ ਘਟਾਉਣ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਹ ਮਨਸੂਬੇ ਕੋਈ ਵਿਦੇਸ਼ੀ ਜਾਂ ਬਰਤਾਨਵੀ ਨਹੀਂ ਘੜ ਰਹੇ ਸਗੋਂ ਸਾਡੇ ਕੁਝ ਆਪਣੇ ਲੋਕ ਹੀ ਇਹ ਤਾਣੀ ਬੁਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੋਸਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ੁਰੂਆਤ ਵਿੱਚ ਹੀ ਖ਼ਤਮ ਕਰਨਾ ਚਾਹੀਦਾ ਹੈ ਜਿਸ ਲਈ ਲੋਕਾਂ ਨੂੰ ਇਕ ਜੁੱਟ ਹੋ ਕੇ ਅਵਾਜ਼ ਬੁਲੰਦ ਕਰਨੀ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਵੋਟ ਪਾਉਣ ਦਾ ਅਧਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲੇ ਇਸੇ ਹੱਕ ਸਦਕਾ ਹੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਘਾਗ ਸਿਆਸਤਦਾਨਾਂ ਨੂੰ ਲੋਕਾਂ ਨੇ ਸਤਾ ਤੋਂ ਬਾਹਰ ਦਾ ਰਸਤਾ ਦਿਖਾਇਆ । ਉਨ੍ਹਾਂ ਕਿਹਾ ਕਿ ਸੰਵਿਧਾਨ ਜਮਹੂਰੀਅਤ ਦਾ ਮੂਲ ਅਧਾਰ ਹੈ ਅਤੇ ਇਸ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਪਾਕਿਸਤਾਨ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸਾਡਾ ਗੁਆਂਢੀ ਮੁਲਕ ਸਾਡੇ ਮੁਲਕ ਤੋਂ ਇਕ ਦਿਨ ਪਹਿਲਾਂ ਆਜ਼ਾਦ ਹੋਇਆ ਪਰ ਸੰਵਿਧਾਨ ਦੀ ਅਣਹੋਂਦ ਕਰਕੇ ਉਸ ਮੁਲਕ ਵਿੱਚ ਜਮਹੂਰੀਅਤ ਪੈਰ ਨਹੀਂ ਜਮ੍ਹਾ ਸਕੀ। ਉਨ੍ਹਾਂ ਕਿਹਾ ਕਿ ਸਾਡੇ ਮੁਲਕ ਵਿੱਚ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ ਮਜ਼ਬੂਤ ਹੋਈਆਂ ਹਨ ਜਦਕਿ ਇਸ ਦੇ ਉਲਟ ਪਾਕਿਸਤਾਨ ਵਿੱਚ ਅਜਿਹੀ ਕੋਈ ਵਿਵਸਥਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਜਮਹੂਰੀਅਤ ਦੀ ਨਕਾਮੀ ਦੀ ਜਿਊਂਦੀ ਜਾਗਦੀ ਮਿਸਾਲ ਇਸ ਪੱਖ ਤੋਂ ਦੇਖੀ ਜਾ ਸਕਦੀ ਹੈ ਕਿ ਪਾਕਿਸਤਾਨ ਦਾ ਕੋਈ ਵੀ ਸਾਬਕਾ ਪ੍ਰਧਾਨ ਮੰਤਰੀ ਜਾਂ ਤਾਂ ਕਤਲ ਕਰ ਦਿੱਤਾ ਗਿਆ ਜਾਂ ਉਸ ਨੂੰ ਜਲਾਵਤਨ ਹੋਣਾ ਪਿਆ।
ਮੁੱਖ ਮੰਤਰੀ ਨੇ ਡਾ.ਬੀ.ਆਰ.ਅੰਬੇਡਕਰ ਵਲੋਂ ਬਰਾਬਰਤਾ ਅਤੇ ਆਜ਼ਾਦੀ ਦੇ ਦਿੱਤੇ ਸਿਧਾਂਤਾਂ ’ਤੇ ਚੱਲ ਕੇ ਆਦਰਸ਼ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਡਾ.ਅੰਬੇਡਕਰ ਨੂੰ ਮਹਾਨ ਵਿਦਵਾਨ, ਕਾਨੂੰਨਦਾਨ, ਆਰਥਿਕ ਮਾਹਿਰ, ਸਮਾਜ ਸੁਧਾਰਕ ਅਤੇ ਉਘੀ ਸਖਸ਼ੀਅਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਾ.ਅੰਬੇਡਕਰ ਸਮੁੱਚੇ ਵਿਸ਼ਵ ਦੇ ਇਤਿਹਾਸ ਵਿੱਚ ਸ਼ੁਮਾਰ ਸਭ ਤੋਂ ਕੱਦਾਵਾਰ ਸਖਸ਼ੀਅਤਾਂ ਵਿਚੋਂ ਇਕ ਸਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਡਾ.ਅੰਬੇਡਕਰ ਇਕ ਸਧਾਰਣ ਪਰਿਵਾਰ ਨਾਲ ਸਬੰਧ ਰੱਖਦੇ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਮਹਾਨ ਯੋਗਦਾਨ ਨੇ ਉਨ੍ਹਾਂ ਨੂੰ ਆਲਮੀ ਪੱਧਰ ਦੀਆਂ ਹਸਤੀਆਂ ਵਿੱਚ ਸ਼ੁਮਾਰ ਕੀਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ.ਅੰਬੇਡਕਰ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਤੇ ਦੂਰ ਅੰਦੇਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ਼ ਕਮਜ਼ੋਰ ਤਬਕਿਆਂ ਦੇ ਨੇਤਾ ਸਨ ਸਗੋਂ ਸਮੁੱਚੀ ਮਾਨਵਤਾ ਨਾਲ ਜੁੜੇ ਹੋਏ ਸਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਦੱਬੇ-ਕੁਚਲੇ ਤੇ ਕਮਜ਼ੋਰ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਡਾ.ਅੰਬੇਡਕਰ ਦੀ ਦ੍ਰਿੜ ਵਚਨਬੱਧਤਾ ਅਤੇ ਸੰਘਰਸ਼ ਲੋਕਾਂ ਨੂੰ ਹਮੇਸ਼ਾਂ ਪ੍ਰੇਰਿਤ ਕਰਦਾ ਰਹੇਗਾ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਪਸ਼ਟ ਸਬਦਾਂ ਵਿੱਚ ਕਿਹਾ ਕਿ ਪੋਸਟ ਮੈਟ੍ਰਿਕ ਵਜੀਫਾ ਘੁਟਾਲੇ ਨੂੰ ਅੰਜ਼ਾਮ ਦੇਣ ਵਾਲੇ ਲੋਕ ਛੇਤੀ ਹੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਘਿਨੌਣਾ ਤੇ ਨਾ-ਮੁਆਫ਼ੀ ਯੋਗ ਅਪਰਾਧ ਹੈ ਜਿਸ ਕਰਕੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਛੇਤੀ ਹੀ ਇਸ ਘੁਟਾਲੇ ਦਾ ਮੁੱਖ ਦੋਸ਼ੀ ਜੇਲ੍ਹ ਵਿੱਚ ਚੰਗੀਆਂ ਸਹੂਲਤਾਂ ਲਈ ਅਦਾਲਤਾਂ ਵਿੱਚ ਅਰਜ਼ੀਆਂ ਦਾਇਰ ਕਰਦਾ ਦਿਸੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੁਝ ਦਿਨ ਪਹਿਲਾਂ ਸੂਬੇ ਦੇ ਸੀਨੀਅਰ ਅਫ਼ਸਰ ਨਵੀਂ ਦਿੱਲੀ ਵਿੱਚ ਟਰੇਨਿੰਗ ਲਈ ਉਨ੍ਹਾਂ ਦੇ ਹੁਕਮਾਂ ’ਤੇ ਗਏ ਸਨ। ਵਿਰੋਧੀ ਧਿਰਾਂ ਵਲੋਂ ਇਸ ਮੁੱਦੇ ’ਤੇ ਰੌਲਾ-ਰੱਪਾ ਪਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਿਥੇ ਵੀ ਸਾਡੇ ਅਫ਼ਸਰਾਂ ਨੂੰ ਦੂਜੇ ਸੂਬਿਆਂ ਜਾਂ ਮੁਲਕਾਂ ਤੋਂ ਚੰਗੀ ਮੁਹਾਰਤ ਸਿੱਖਣ ਦੀ ਲੋੜ ਹੋਵੇਗੀ, ਉਹ ਅਪਣੇ ਅਫ਼ਸਰ ਉਥੇ ਜਰੂਰ ਭੇਜਣਗੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵਲੋਂ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਕੋਈ ਮੇਲ ਨਹੀਂ ਜਿਸ ਕਰਕੇ ਸਾਨੂੰ ਆਪਣੇ ਅਫ਼ਸਰਾਂ ਨੂੰ ਸਿਖਲਾਈ ਦੇਣ ਵਿੱਚ ਕੁਝ ਵੀ ਗਲਤ ਨਜ਼ਰ ਨਹੀਂ ਆਉਂਦਾ।
ਮੁੱਖ ਮੰਤਰੀ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਵਿਚੋਂ ਹਰੇਕ ਗਾਰੰਟੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਲੇ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਨੂੰ ਇਕ ਮਹੀਨੇ ਤੋਂ ਵੀ ਘੱਟ ਸਮਾਂ ਗੁਜਰਿਆ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤਾ ਗਿਆ ਹਰੇਕ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਮੰਤਰੀਆਂ ਲਈ ਕੋਈ ਵੀ ਨਵਾਂ ਵਾਹਨ ਖ਼ਰੀਦਣ ਸਬੰਧੀ ਸੂਬਾ ਸਰਕਾਰ ਦੀ ਕਿਸੇ ਤਰ੍ਹਾਂ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਬਿਨ੍ਹਾਂ ਕਿਸੇ ਅਧਾਰ ਦੇ ਇਸ ਨੂੰ ਮੁੱਦਾ ਬਣਾ ਰਹੀ ਹੈ ਕਿਉਂਕਿ ਇਨ੍ਹਾਂ ਕੋਲ ਸੂਬਾ ਸਰਕਾਰ ਖਿਲਾਫ਼ ਬੋਲਣ ਲਈ ਕੁਝ ਵੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਨਵੇਂ ਵਾਹਨ ਖ਼ਰੀਦਣ ਦਾ ਕੋਈ ਇਰਾਦਾ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰੀ ਸਪਾਂਸਰ ਸਕੀਮਾਂ ਅਧੀਨ ਹਾਸਿਲ ਹੁੰਦੇ ਫੰਡਾਂ ਦੀ ਵਰਤੋਂ ਤਰਕਸੰਗਤ ਢੰਗ ਨਾਲ ਲੋਕਾਂ ਦੀ ਭਲਾਈ ਲਈ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਹੁਤ ਛੇਤੀ ਹੀ ਪੇਂਡੂ ਵਿਕਾਸ ਫੰਡ ਜਾਰੀ ਕੀਤੇ ਜਾ ਰਹੇ ਹਨ ਕਿਉਂ ਜੋ ਮੰਤਰੀ ਮੰਡਲ ਨੇ ਬੀਤੇ ਦਿਨ ਹੋਈ ਮੀਟਿੰਗ ਵਿੱਚ ਪੰਜਾਬ ਪੇਂਡੂ ਵਿਕਾਸ ਸੋਧ ਆਰਡੀਨੈਂਸ ਪ੍ਰਵਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਇਹ ਫੰਡ ਇਸ ਲਈ ਰੋਕੇ ਹੋਏ ਸਨ ਕਿਉਂਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਹਿੱਤ ਪੂਰਨ ਲਈ ਇਨ੍ਹਾਂ ਫੰਡਾਂ ਨੂੰ ਹੋਰ ਪਾਸੇ ਵਰਤਦੀਆਂ ਰਹੀਆਂ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਜਲੰਧਰ ਦੇ ਅਹਿਮ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਐਲਾਨ ਕੀਤਾ ਕਿ ਜਲੰਧਰ ਵਿੱਚ ਵਿਸ਼ਵ ਪੱਧਰ ਦੀ ਖੇਡ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ।
ਇਸ ਦੌਰਾਨ ਮੁੱਖ ਮੰਤਰੀ ਨੇ ਬੂਟਾਂ ਮੰਡੀ ਵਿਖੇ ਡਾ.ਬੀ.ਆਰ.ਅੰਬੇਡਕਰ ਪਾਰਕ ਵਿਖੇ ਡਾ.ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ।
ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਆਪਣੇ ਹਲਕੇ ਲਈ ਕੁਝ ਮੰਗਾਂ ਵੀ ਰੱਖੀਆਂ। ਇਸ ਮੌਕੇ ਵਿਧਾਇਕਾਂ ਅਤੇ ਹੋਰ ਨੇਤਾਵਾਂ ਵਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਨਾਲ ਵਿਧਾਇਕ ਸ਼ੀਤਲ ਅੰਗੂਰਾਲ, ਬਲਕਾਰ ਸਿੰਘ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਆਪ ਨੇਤਾ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਸੁਰਿੰਦਰ ਸਿੰਘ ਸੋਢੀ, ਜੀਤ ਲਾਲ ਭੱਟੀ, ਰਤਨ ਸਿੰਘ, ਪ੍ਰਿੰਸੀਪਲ ਪ੍ਰੇਮ ਕੁਮਾਰ, ਮੰਗਲ ਸਿੰਘ, ਸੁਭਾਸ਼ ਸਰਮਾ ਤੇ ਹੋਰ ਹਾਜ਼ਰ ਸਨ।
ਇਸ ਦੌਰਾਨ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਕਮਿਸ਼ਨਰ ਆਫ਼ ਪੁਲਿਸ ਗੁਰਪ੍ਰੀਤ ਸਿੰਘ ਤੂਰ ਅਤੇ ਹੋਰ ਹਾਜ਼ਰ ਸਨ।










———–

Spread the love