ਚੰਡੀਗੜ੍ਹ, 21 ਅਪ੍ਰੈਲ (Nirmal Singh Mansahia)-
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਲਾਂਚ ਕੀਤਾ।

ਡਾ. ਬੀ. ਆਰ. ਅੰਬੇਡਕਰ ਭਵਨ, ਮੋਹਾਲੀ ਵਿਖੇ ਐਸ.ਸੀ. ਸਕਾਲਰਸ਼ਿਪ ਸਬੰਧੀ ਕਰਵਾਏ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਵਿਭਾਗ ਦੀ ਨਿਵੇਕਲੀ ਪਹਿਲਕਦਮੀ ਹੈ ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਾਕਾਰਤਮਕ ਢੰਗ ਨਾਲ ਵਰਤਿਆ ਜਾ ਸਕੇ। ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਦਿਸ਼ਾ ਵਿੱਚ ਸਿੱਖਿਆ ਇਕ ਅਹਿਮ ਸਾਧਨ ਹੈ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਲਈ ਕਿਫ਼ਾਇਤੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੀ ਸੰਵਿਧਾਨ ਦੇ ਨਿਰਮਾਤਾ ਨੂੰ ਅਸਲ ਸ਼ਰਧਾਂਜਲੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਿੱਖਿਆ ਰਾਹੀਂ ਸਾਕਾਰ ਕੀਤਾ ਜਾਵੇਗਾ ਕਿਉਂਕਿ ਬਾਬਾ ਸਾਹਿਬ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਿੱਖਿਅਤ ਕਰਨ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬਰਾਬਰੀ ਦਾ ਟੀਚਾ ਸਿੱਖਿਆ ਰਾਹੀਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 181.03 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੇ ਆਪਣੇ ਯਤਨਾਂ ‘ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਇਹ ਰਾਸ਼ੀ ਜਲਦ ਹੀ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤੀ ਜਾਵੇਗੀ।
ਡਾ. ਬਲਜੀਤ ਕੌਰ ਨੇ ਟ੍ਰੇਨਰਾਂ ਨੂੰ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਹਰੇਕ ਯੋਗ ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।
ਉਨ੍ਹਾਂ ਡਾ. ਬੀ.ਆਰ. ਅੰਬੇਡਕਰ ਭਵਨ ਦੇ ਪ੍ਰਬੰਧਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਗੈਂਟਾ ਨੇ ਸਿਖਲਾਈ ਪ੍ਰੋਗਰਾਮ ਦਾ ਦੌਰਾ ਕਰਨ ਲਈ ਮੰਤਰੀ ਦਾ ਧੰਨਵਾਦ ਕੀਤਾ ਅਤੇ ਟ੍ਰੇਨਰਾਂ ਨੂੰ ਭਵਿੱਖੀ ਕਾਰਵਾਈ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਡਾਇਰੈਕਟਰ ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸਿਖਲਾਈ ਤੋਂ ਪਹਿਲਾਂ ਸਬ-ਇੰਸਪੈਕਟਰ ਗੁਰਮੇਹਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਪੁਲੀਸ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।




Spread the love