ਡਰੱਗ ਮਾਫੀਆ ਉਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਹੁਣ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਮੁਹਿੰਮ ਤੇਜ਼ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਜ਼ਬਤ ਕੀਤੀਆਂ ਜਾਇਦਾਦਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਡੀਜੀਪੀ ਨੂੰ ਜ਼ਬਤ ਕੀਤੀਆਂ ਜਾਇਦਾਦਾਂ ਦਾ ਵੇਰਵਾ ਹਰ ਮਹੀਨੇ ਦੇਣ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਡਰੱਗ ਮਾਫੀਆ ਦੀਆਂ ਵੱਡੀਆਂ ਮੱਛੀਆਂ ‘ਤੇ ਸ਼ਿਕੰਜਾ ਕੱਸਣ ਲਈ ਐਸਟੀਐਫ ਨਾਲ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।

ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਸੂਬੇ ਦੇ ਕਿਸੇ ਵੀ ਹਿੱਸੇ ਤੋਂ ਨਸ਼ਿਆਂ ਦੀ ਸਪਲਾਈ ਦੀ ਕੋਈ ਘਟਨਾ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਸਬੰਧਤ ਐਸ.ਐਸ.ਪੀ. ਜਾਂ ਪੁਲਿਸ ਕਮਿਸ਼ਨਰ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

Spread the love