ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਅਗੇਤਾ ਝੋਨਾ ਲਾਉਣ, ਗੰਨੇ ਦੀ ਬਕਾਇਆ ਰਾਸ਼ੀ ਦੇਣ ਸਣੇ ਹੋਰ ਮੰਗਾਂ ਮੰਨੇ ਜਾਣ ਮਗਰੋਂ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਥੇ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਲਾਇਆ ਧਰਨਾ ਚੁੱਕ ਦਿੱਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਧਰਨਾ ਚੁੱਕਿਆ ਨਹੀਂ ਬਲਕਿ ਮੁਲਤਵੀ ਕੀਤਾ ਹੈ। ਇਥੇ ਪੰਜਾਬ ਭਵਨ ਵਿੱਚ ਕਿਸਾਨ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਦੋ ਕਰ ਦਿੱਤੀ ਤੇ ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀਆਂ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਦਿਆਂ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਦੇ ਦਿੱਤੀ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ 13 ਮੰਗਾਂ ਸਰਕਾਰ ਅੱਗੇ ਰੱਖੀਆਂ। ਕਣਕ ਦਾ ਝਾੜ ਘਟਣ ਕਾਰਨ ਹੋਏ ਨੁਕਸਾਨ ਬਦਲੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਨੂੰ ਛੱਡ ਕੇ ਲਗਪਗ ਸਾਰੀਆਂ ਮੰਗਾਂ ਸਰਕਾਰ ਨੇ ਮੰਨ ਲਈਆਂ।

Spread the love