ਕੋਵਿਡ-19 ਦੇ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ CM ਮਾਨ ਨੇ ਅੱਜ ਕੋਵਿਡ ਮਹਾਂਮਾਰੀ ਦੀ ਕਿਸੇ ਵੀ ਨਵੀਂ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਮਹਾਂਮਾਰੀ ਦੀ ਰੋਕਥਾਮ ਲਈ ਲੋੜੀਂਦੀ ਇਹਤਿਆਤ ਵਰਤਣ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਤੁਰੰਤ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ-19 ਮਹਾਮਾਰੀ ਦੇ ਪ੍ਰਭਾਵ ਤੋਂ ਬਚਾਉਣ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀ ਕਰ ਲੈਣੀ ਚਾਹੀਦੀ ਹੈ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਇਸ ਮਹਾਮਾਰੀ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਵਿਭਾਗ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ।ਮੁੱਖ ਮੰਤਰੀ ਨੇ ਮਲੇਰੀਆ ਤੇ ਡੇਂਗੂ ਵਰਗੀਆਂ ਬਰਸਾਤੀ ਮੌਸਮ ਵਾਲੀ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਬਿਮਾਰੀਆਂ ਨਾਲ ਸਿੱਝਣ ਲਈ ਢੁਕਵੀਂ ਮਾਤਰਾ ਵਿਚ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਵਿਵਸਥਾ ਯਕੀਨੀ ਬਣਾਉਣ ਲਈ ਆਖਿਆ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਮੱਛਰਾਂ ਦੇ ਪ੍ਰਜਣਨ ਨੂੰ ਰੋਕਣ ਲਈ ਹੋਰ ਵਿਭਾਗਾਂ ਨਾਲ ਵੀ ਤਾਲਮੇਲ ਕਰਨਾ ਚਾਹੀਦਾ ਹੈ।

Spread the love