ਸੰਗਰੂਰ,21 ਅਗਸਤ: ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਉਹ ਨਾ ਤਾਂ ਗੁਰਦਾਸਪੁਰ ਸੰਸਦੀ ਹਲਕੇ ਤੋਂ ਚੋਣ ਲੜਨਗੇ ਤੇ ਨਾ ਹੀ ਕਿਸੇ ਹੋਰ ਸੰਸਦੀ ਸੀਟ ਤੋਂ। ਉਹ ਐਤਵਾਰ ਨੂੰ ਲੌਂਗੋਵਾਲ ਵਿੱਚ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ ਸਨ। ਜਾਖੜ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੌਣ ਕਿੱਥੋਂ ਲੋਕ ਸਭਾ ਚੋਣ ਲੜੇਗਾ, ਇਸ ਬਾਰੇ ਫ਼ੈਸਲਾ ਪਾਰਟੀ ਨੇ ਕਰਨਾ ਹੈ, ਪਰ ਉਹ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਨਹੀਂ ਲੜਨਗੇ ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਥ ਦੋਵੇਂ ਬੇਚੈਨ ਹਨ। ਪੰਜਾਬ ਵਿੱਚ ਕਈ ਨਕਲੀ ਸਿੱਖ ਘੁੰਮ ਰਹੇ ਹਨ, ਅਸਲੀ ਤੇ ਨਕਲੀ ਦੀ ਪਛਾਣ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਕਿਉਂਕਿ ਅੱਜ ਉਹੀ ਹਾਲਾਤ ਮੁੜ ਬਣਦੇ ਜਾ ਰਹੇ ਹਨ ਜਿਨ੍ਹਾਂ ਦਾ ਖਮਿਆਜ਼ਾ ਪੰਜਾਬ ਦੇ ਲੋਕ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਬੇਚੈਨੀ ਹੈ। ਪੰਥ ਸਮਝਦਾ ਹੈ ਕਿ ਕੁਝ ਲੋਕਾਂ ਨੇ ਪੰਥ ਨੂੰ ਹਾਈਜੈਕ ਕਰ ਲਿਆ ਹੈ ਤੇ ਲੋਕ ਸਮਝਦੇ ਹਨ ਕਿ ਬਾਹਰੋਂ ਆਏ ਲੋਕਾਂ ਨੇ ਪੰਜਾਬ ਦੀ ਸਰਕਾਰ ਹਾਈਜੈਕ ਕਰ ਲਈ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਬਾਹਰੋਂ ਆ ਕੇ ਕਿਸੇ ਨੇ ਉਨ੍ਹਾਂ ਦੀ ਮਦਦ ਨਹੀਂ ਕਰਨੀ ਸਗੋਂ ਸਾਨੂੰ ਖ਼ੁਦ ਆਪਣੇ ਹੱਕਾਂ ਤੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਪਹਿਰਾ ਦੇਣਾ ਪਵੇਗਾ। ਅਜਿਹਾ ਨਾ ਕਰਨ ’ਤੇ ਉਹੀ ਹਾਲਾਤ ਮੁੜ ਬਣ ਜਾਣਗੇ। ਪੰਜਾਬ ਦੀ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਾਨੂੰ ਖ਼ੁਦ ਅੱਗੇ ਆਉਣਾ ਪਵੇਗਾ।

Spread the love