ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਵਲੋਂ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਅੱਜ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਕੇਵਲ ਸਿੰਘ ਬਾਦਲ, ਹਰਵਿੰਦਰ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਿਲ ਹੋਏ । ਇਕੱਤਰਤਾ ’ਚ 21 ਫ਼ਰਵਰੀ 2024 ਨੂੰ ਜੈਤੋ ਦੇ ਮੋਰਚੇ ਦੀ ਮਨਾਈ ਜਾ ਰਹੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ । ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ 12 ਸਤੰਬਰ 2023 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। 13 ਸਤੰਬਰ ਨੂੰ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ ਅਤੇ ਰਾਤ ਨੂੰ ਗੁਰਮਤਿ ਸਮਾਗਮ ਹੋਵੇਗਾ। ਇਸੇ ਤਰ੍ਹਾਂ 14 ਸਤੰਬਰ ਨੂੰ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਨਗੇ ।

Spread the love