ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 30 ਸਤੰਬਰ: ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ,1 ਅਕਤੂਬਰ ਨੂੰ ਰੱਖਣਗੇ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

Spread the love