ਸਿੰਘ ਸਭਾ ਲਹਿਰ:150 ਸਾਲਾ ਸ਼ਤਾਬਦੀ ਸਬੰਧੀ 2 ਰੋਜ਼ਾ ਸਮਾਗਮਾਂ ਦੀ ਸ਼ੁਰੂਆਤ

ਅੰਮ੍ਰਿਤਸਰ, 30 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਦੀ 150 ਸਾਲਾ ਸ਼ਤਾਬਦੀ ਸਬੰਧੀ ਦੋ ਦਿਨਾਂ 2 ਦਿਨਾਂ ਸਮਾਗਮਾਂ ਦੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਰਾਹੀਂ ਸ਼ੁਰੂਆਤ ਹੋਈ। ਸਮਾਗਮ ’ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ, ਭਾਸ਼ਣ, ਕਵਿਤਾ ਅਤੇ ਕਵੀਸ਼ਰੀ ਰਾਹੀਂ ਸਿੱਖ ਇਤਿਹਾਸ ਦੀ ਗੌਰਵਮਈ ਗਾਥਾ ਨੂੰ ਬਿਆਨ ਕੀਤਾ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਦੀ 150 ਸਾਲਾ ਸ਼ਤਾਬਦੀ ਖ਼ਾਲਸਈ ਪ੍ਰੰਪਰਾਵਾਂ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧ ਵਿਚ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਮੌਕੇ ਮੁੱਖ ਸਮਾਗਮ ਹੋਵੇਗਾ।

ਸਮਾਗਮ ਵਿਚ ਜਿਥੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ। ਇਸ ਮੌਕੇ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨੂੰ ਸ੍ਰੀ ਗੁਰੂ ਸਿੰਘ ਸਾਹਿਬ ਲਹਿਰ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਇਹਿਤਾਸ ਨੂੰ ਬਿਆਨ ਕਰਦੀ ਚਿੱਤਰਪ੍ਰਦਰਸ਼ਨੀ ਵੀ ਲਗਾਈ ਗਈ ਹੈ, ਜੋ ਸਮਾਗਮ ਦੀ ਸਮਾਪਤੀ ਤੱਕ ਜਾਰੀ ਰਹੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਰਾਜਿੰਦਰ ਸਿੰਘ ਰੂਬੀ, ਇੰਚਾਰਜ ਸ. ਬਲਦੇਵ ਸਿੰਘ, ਸ. ਕਰਤਾਰ ਸਿੰਘ, ਹੈੱਡ ਪ੍ਰਚਾਰਕ ਭਾਈ ਜਸਦੇਵ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ, ਪ੍ਰਿੰਸੀਪਲ ਸ. ਤਰਨਜੀਤ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

Spread the love