ਕੈਬਨਿਟ ਮੰਤਰੀ ਨੇ ਦੁਸਹਿਰੇ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਗੋਵਿੰਦ ਜੀਤ ਸਿੰਘ
ਹੁਸ਼ਿਆਰਪੁਰ, 5 ਅਕਤੂਬਰ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਉੱਤਰੀ ਭਾਰਤ ਵਿਚ ਪ੍ਰਸਿੱਧ ਹੁਸ਼ਿਆਰਪੁਰ ਦੇ ਦੁਸਹਿਰੇ ਦੇ ਤਿਉਹਾਰ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ, ਜੋ ਕਿ ਹੁਸ਼ਿਆਰਪੁਰ ਵਾਸੀਆਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕੁੱਲੂ ਦੇ ਦੁਸਹਿਰੇ ਤੋਂ ਬਾਅਦ ਹੁਸ਼ਿਆਰਪੁਰ ਦਾ ਨਾਂ ਆਉਂਦਾ ਹੈ ਕਿਉਂਕਿ ਇਥੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਹ ਅੱਜ ਦੁਸਹਿਰਾ ਗਰਾਊਂਡ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਨਾਲ ਦੁਸਹਿਰੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦੁਸਹਿਰਾ ਗਰਾਊਂਡ ਵਿਚ 101 ਫੁੱਟ ਉੱਚੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਪੂਰੀ ਦੁਸਹਿਰਾ ਗਰਾਊਂਡ ਰੌਸ਼ਨ ਹੋ ਜਾਵੇਗੀ। ਅੱਜ ਦੁਸਹਿਰਾ ਗਰਾਊਂਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਸ਼ਿਆਰਪੁਰ ਦੇ ਦੁਸਹਿਰੇ ਨੂੰ ਸੁਚਾਰੂ ਅਤੇ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣ ਤਾਂ ਜੋ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨਿਕ ਪੱਧਰ ’ਤੇ ਕੋਈ ਕਮੀ ਨਾ ਰਹਿ ਜਾਵੇ।
ਬ੍ਰਮ ਸ਼ੰਕਰ ਜਿੰਪਾ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਜ਼ਵੇਅ ਦੀ ਮੁਰੰਮਤ ਸਬੰਧੀ ਹਦਾਇਤਾਂ ਦਿੱਤੀਆਂ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਵਿਚ ਨਗਰ ਨਿਗਮ ਦੀ ਪ੍ਰਵਾਨਗੀ ਤੋਂ ਬਿਨਾਂ ਆਰਜ਼ੀ ਦੁਕਾਨਾਂ ਨਾ ਲਗਾਈਆਂ ਜਾਣ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੀ.ਸੀ.ਟੀ.ਵੀ.ਕੈਮਰਿਆਂ, ਸਫ਼ਾਈ ਵਿਵਸਥਾ, ਆਵਾਜਾਈ ਅਤੇ ਸੁਰੱਖਿਆ ਸਬੰਧੀ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਦੁਸਹਿਰੇ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿਚ ਲੋਕ ਦੂਰ-ਦੁਰਾਡੇ ਤੋਂ ਆਉਂਦੇ ਹਨ, ਇਸ ਲਈ ਪ੍ਰਬੰਧਾਂ ਵਿਚ ਕੋਈ ਕਮੀ ਨਹੀਂ ਆਉਣੀ ਚਾਹੀਦੀ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਸ.ਪੀ.(ਹੈੱਡਕੁਆਰਟਰ) ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ, ਡੀ.ਐਸ.ਪੀ ਪਲਵਿੰਦਰ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਐਕਸੀਅਨ ਲੋਕ ਨਿਰਮਾਣ ਵਿਭਾਗ ਰਾਜੀਵ ਸੈਣੀ, ਸ਼੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ, ਸਾਬਕਾ ਮੇਅਰ ਸ਼ਿਵ ਸੂਦ, ਪ੍ਰਦੀਪ ਹਾਂਡਾ, ਡਾ: ਬਿੰਦੂਸਰ ਸ਼ੁਕਲਾ, ਸੁਭਾਸ਼ ਗੁਪਤਾ, ਰਾਕੇਸ਼ ਸੂਰੀ, ਅਜੈ ਜੈਨ, ਸ਼ਿਵ ਜੈਨ, ਕੌਂਸਲਰ ਪ੍ਰਦੀਪ ਬਿੱਟੂ, ਵਿਜੇ ਅਗਰਵਾਲ , ਮੋਹਿਤ ਸੈਣੀ, ਸੁਮੇਸ਼ ਸੋਨੀ, ਵਰਿੰਦਰ ਦੱਤ ਵੈਦ, ਰੋਹਿਤ ਸ਼ਰਮਾ, ਵਿਪੁਲ ਵਾਲੀਆ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।