ਚੰਡੀਗੜ੍ਹ : ਪੰਜਾਬ ਅੰਦਰ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਇੱਕ ਪਾਸੇ ਜਿੱਥੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਜ਼ੋਰਾਂ-ਸ਼ੋਰਾਂ ਨਾਲ ਪਹੁੰਚ ਰਹੀ ਹੈ, ਦੂਜੇ ਪਾਸੇ ਦੂਜੇ ਪਾਸੇ ਮੰਡੀ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਕਿਸਾਨਾਂ ਦੇ ਨਾਲ ਹੀ ਸਰਕਾਰ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਦੂਜੇ ਪਾਸੇ ਸੋਮਵਾਰ ਤੋਂ ਮੌਸਮ ਵੀ ਵਿਗੜਣ ਦੇ ਆਸਾਰ ਬਣੇ ਹਨ। ਅਜਿਹੇ ਵਿੱਚ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ।

ਦੱਸ ਦਈਏ ਕਿ ਪੰਜਾਬ ਵਿੱਚ 1840 ਦੇ ਕਰੀਬ ਅਨਾਜ ਮੰਡੀਆਂ ਹਨ, ਜਿਨ੍ਹਾਂ ਵਿੱਚ 10 ਲੱਖ ਦੇ ਕਰੀਬ ਮਜ਼ਦੂਰ ਕੰਮ ਕਰਦੇ ਹਨ। ਇਸ ਲਈ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਇੱਕੋ ਸਮੇਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮਜ਼ਦੂਰਾਂ ਦਾ ਕਹਿਣਾ ਹੈ ਕਿ ਹੜਤਾਲ ਦੌਰਾਨ ਉਹ ਆਪਣੇ ਪਰਿਵਾਰਾਂ ਨੂੰ ਵੀ ਮੰਡੀਆਂ ਵਿੱਚ ਲੈ ਕੇ ਆਉਣਗੇ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਸਾਰੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਮਜ਼ਦੂਰਾਂ ਦਾ ਸ਼ੋਸ਼ਣ ਹੋ ਰਿਹਾ ਹੈ। ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਮਹਿੰਗਾਈ ਦੇ ਮੱਦੇਨਜ਼ਰ ਮਜ਼ਦੂਰੀ ਵਿੱਚ 25 ਰੁਪਏ ਦਾ ਵਾਧਾ ਕੀਤਾ ਜਾਣਾ ਸੀ, ਪਰ ਅਜੇ ਤੱਕ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਡੀ ਬੋਰਡ ਤੋਂ ਮੰਗ ਹੈ ਕਿ ਲੋਡਿੰਗ ਦੀ ਮਜ਼ਦੂਰੀ ਘੱਟੋ-ਘੱਟ 5 ਰੁਪਏ ਪ੍ਰਤੀ ਬੋਰੀ ਕੀਤੀ ਜਾਵੇ ਤੇ ਇਸ ਤੋਂ ਇਲਾਵਾ ਲੋਡਿੰਗ ਦੀ ਮਜ਼ਦੂਰੀ ਵੀ ਇਸੇ ਤਰ੍ਹਾਂ ਵਧਾਈ ਜਾਵੇ।

Spread the love