ਭੁਪਾਲ, 10 ਅਕਤੂਬਰ: ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਦੇ ਚੁਰਹਟ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਦਿੱਲੀ ਤੇ ਪੰਜਾਬ ਦੀ ਤਰ੍ਹਾਂ ਮੱਧ ਪ੍ਰਦੇਸ਼ ’ਚ ਵੀ ਬਦਲਾਅ ਲਈ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਸ੍ਰੀ ਮਾਨ ਨੇ ਰੇਵਾ ਵਿੱਚ ਰੋਡ-ਸ਼ੋਅ ’ਚ ਸ਼ਿਰਕਤ ਕੀਤੀ।

ਮਾਨ ਨੇ ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਭਾਜਪਾ ਸਰਕਾਰ ਸ਼ਹੀਦਾਂ ਦੇ ਕਫ਼ਨਾਂ ਦਾ ਪੈਸਾ ਖਾ ਗਈ। ਇਨ੍ਹਾਂ ਨੇ ਹਰ ਮਹਿਕਮੇ ਨੂੰ ਲੁੱਟਿਆ ਹੈ। ਹੁਣ ਮੱਧ ਪ੍ਰਦੇਸ਼ ’ਚ ਭਾਜਪਾ ਵਾਲੇ ਚੰਗੇ ਦਿਨ ਨਹੀਂ ਸਗੋਂ ਕੇਜਰੀਵਾਲ ਦੇ ਸੱਚੇ ਦਿਨ ਆਉਣ ਵਾਲੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਆਗੂ ਭਾਜਪਾਈਆਂ ਵਾਂਗ ‘ਜੁਮਲੇ’ ਨਹੀਂ ਸੁਣਾਉਂਦੇ। ‘ਆਪ’ ਜੋ ਗਾਰੰਟੀ ਦਿੰਦੀ ਹੈ, ਉਸ ਨੂੰ ਪੂਰਾ ਕਰਦੀ ਹੈ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਨੇ ਦਿੱਲੀ ਤੇ ਪੰਜਾਬ ’ਚ ਜੋ ਕਿਹਾ, ਉਹ ਕਰਕੇ ਦਿਖਾਇਆ। ਪੰਜਾਬ ’ਚ ਡੇਢ ਸਾਲ ਵਿੱਚ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 28,000 ਦੇ ਕਰੀਬ ਕੱਚੇ ਮੁਲਾਜ਼ਮ ਪੱਕੇ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੈ, ਜਿਸ ਕਰਕੇ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਮੱਧ ਪ੍ਰਦੇਸ਼ ਵਿੱਚ ਵੀ ‘ਆਪ’ ਦੀ ਸਰਕਾਰ ਬਣੀ ਤਾਂ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਪੰਜਾਬ ਦੇ ਲੋਕਾਂ ਦੇ ਬਿਹਤਰ ਇਲਾਜ ਲਈ ਡੇਢ ਸਾਲ ’ਚ 700 ਮੁਹੱਲਾ ਕਲੀਨਿਕ ਖੋਲ੍ਹੇ ਹਨ ਜਨਿ੍ਹਾਂ ਵਿੱਚ ਹਰ ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਹਨ। ਇਨ੍ਹਾਂ ਵਿੱਚ ਹੁਣ ਤੱਕ ਕਰੀਬ 60 ਲੱਖ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਡੇਢ ਸਾਲ ’ਚ 400 ਦੇ ਕਰੀਬ ਭ੍ਰਿਸ਼ਟ ਲੋਕਾਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ।

Spread the love