ਅੰਮ੍ਰਿਤਸਰ : ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਤਿ ਗੁਰਦੁਆਰਾ ਝੰਡਾ ਬੁੰਗਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਗਿਆਨੀ ਰਾਜਦੀਪ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਨੂੰ ਸਿੱਖ ਕੌਮ ’ਤੇ ਵੱਡਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਪਰ ਦੇਸ਼ ਅੰਦਰ ਹੀ ਸਿੱਖਾਂ ਨੂੰ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਨਵੰਬਰ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 39 ਸਾਲ ਮਗਰੋਂ ਵੀ ਸਿੱਖ ਕਤਲੇਆਮ ਦਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ’ਚ ਸਰਕਾਰ ਦੀ ਸ਼ਹਿ ’ਤੇ ਕੀਤੇ ਗਏ ਇਸ ਕਾਰੇ ’ਚੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਿੱਖ ਕਤਲੇਆਮ ਦੇ ਮੁਲਜ਼ਮਾਂ ਨੂੰ ਉੱਚ ਅਹੁਦੇ ਦੇ ਕੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਦੀ ਰਹੀ ਹੈ। ਹਾਲ ਹੀ ਵਿੱਚ ਪੰਜਾਬ ਦੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਮਲਨਾਥ ਦੀ ਦਿੱਲੀ ਸਿੱਖ ਕਤਲੇਆਮ ਵਿੱਚ ਕੋਈ ਭੂਮਿਕਾ ਨਾ ਹੋਣ ਦੇ ਬਿਆਨ ਨੂੰ ਉਨ੍ਹਾਂ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਕਰਾਰ ਦਿੱਤਾ।

ਭਾਜਪਾ ਦੀ ਰੈਲੀ ਦੌਰਾਨ ਗੁਰਦੁਆਰਿਆਂ ਬਾਰੇ ਟਿੱਪਣੀ ਦਾ ਜਥੇਦਾਰ ਵੱਲੋਂ ਵਿਰੋਧ

: ਰਾਜਸਥਾਨ ਦੇ ਤਜਿਾਰਾ ਵਿਖੇ ਭਾਜਪਾ ਦੀ ਰੈਲੀ ਦੌਰਾਨ ਭਾਜਪਾ ਆਗੂ ਵੱਲੋਂ ਸਰਕਾਰ ਆਉਣ ’ਤੇ ਗੁਰਦੁਆਰਿਆਂ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਦਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨੋਟਿਸ ਲੈਂਦਿਆਂ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਫੁੱਟਪਾਊ ਬਿਆਨ ਦੇਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ, ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਅਤੇ ਭਾਜਪਾ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਸਟੇਜ ’ਤੇ ਮੌਜੂਦ ਸਨ, ਜਿਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਰੈਲੀ ਦੌਰਾਨ ਭਾਜਪਾ ਦੇ ਸਥਾਨਕ ਨੇਤਾ ਸੰਦੀਪ ਦਈਆ ਨੇ ਗੁਰਦੁਆਰਿਆਂ ਬਾਰੇ ਅਪਮਾਨਜ਼ਨਕ ਟਿੱਪਣੀ ਕੀਤੀ ਸੀ।

Spread the love