ਸੁਨਾਮ ਊਧਮ ਸਿੰਘ ਵਾਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹ ਅੱਜ ਇੱਥੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਖੇਤਰੀ ਯੁਵਕ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਕਦਮ ਉਠਾਏ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ। ਇਸ ਸਬੰਧੀ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਹਵਾਈ ਜਹਾਜ਼ ਦੇ ਸਹੀ ਢੰਗ ਨਾਲ ਉਡਾਣ ਭਰਨ ਵਿੱਚ ਰਨਵੇ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵੱਖਰੀ ਪਛਾਣ ਬਣਾ ਕੇ ਚੱਲਣ ਦਾ ਸੁਨੇਹਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਦੌੜਾਕ ਨੂੰ ਓਲੰਪਿਕ ਵਿੱਚ ਦਸ ਸਕਿੰਟਾਂ ਦੀ ਦੌੜ ਜਿੱਤਣ ਲਈ ਦਸ ਸਾਲ ਦੀ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮੰਜ਼ਿਲ ਦਾ ਪਿਛੋਕੜ ਸਖ਼ਤ ਮਿਹਨਤ ਹੁੰਦੀ ਹੈ। ਸ੍ਰੀ ਮਾਨ ਨੇ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰੇਕ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਵਰਿੰਦਰ ਗੋਇਲ, ਵਿਧਾਇਕ ਨਰਿੰਦਰ ਭਰਾਜ, ਉਪ ਕੁਲਪਤੀ ਪ੍ਰੋਫੈਸਰ ਅਰਵਿੰਦ, ਪ੍ਰਿੰਸੀਪਲ ਹਰਵਿੰਦਰ ਸਿੰਘ, ਕਰਮਜੀਤ ਅਨਮੋਲ, ਹਰਵਿੰਦਰ ਸਿੰਘ ਵਿਰਕ, ਪੰਮੀ ਬਾਈ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Spread the love