ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਭਲਕੇ 27 ਨਵੰਬਰ ਨੂੰ ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ਾਂ ਸਮੇਤ ਦੁਨੀਆਂ ਭਰ ਚ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ।

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 27 ਨਵੰਬਰ ਨੂੰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਜਾਣਗੇ। 8:30 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ ਤੇ ਇਸ ਮੌਕੇ ਬੇਸ਼ਕੀਮਤੀ ਪੁਰਾਤਨ ਵਸਤਾਂ ਸੰਗਤ ਦਰਸ਼ਨ ਲਈ ਰੱਖੀਆਂ ਜਾਣਗੀਆਂ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸਾਰਾ ਦਿਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਚੱਲੇਗਾ। ਸ਼ਾਮ ਨੂੰ 7 ਤੋਂ 9 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਹੋਵੇਗਾ। ਇਸ ਦੌਰਾਨ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਗੁਰਦੁਆਰੇ ਦੀ ਇਮਾਰਤ ’ਤੇ ਸੁੰਦਰ ਦੀਪਮਾਲਾ ਅਤੇ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ।

ਮਿਲੇ ਵੇਰਵਿਆਂ ਮੁਤਾਬਕ ਬੀਤੀ ਰਾਤ ਅਖੰਡ ਪਾਠ ਆਰੰਭਿਆ ਗਿਆ ਸੀ, ਜਿਸ ਦੇ ਭੋਗ ਭਲਕੇ 27 ਨਵੰਬਰ ਦੀ ਰਾਤ ਵੇਲੇ ਪਾਏ ਜਾਣਗੇ। ਇਸ ਦੌਰਾਨ ਗੁਰਪੁਰਬ ਸਮਾਗਮ ਵਿੱਚ ਸ਼ਾਮਲ ਹੋਣ ਲਈ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਅੱਜ ਸ਼ਾਮ ਪਾਕਿਸਤਾਨ ਪੁੱਜ ਗਏ ਹਨ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਤੇ ਹੋਰ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕੀਤੇ ਅਤੇ ਸ਼ਾਮ ਨੂੰ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਰਤੇ। ਭਲਕੇ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਦੀਵਾਨ ਸਜਾਏ ਜਾਣਗੇ ਤੇ ਸ਼ਾਮ ਨੂੰ ਅਖੰਡ ਪਾਠ ਦੇ ਭੋਗ ਮਗਰੋਂ ਆਤਿਸ਼ਬਾਜ਼ੀ ਕੀਤੀ ਜਾਵੇਗੀ।

Spread the love