ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦੇ ਭਾਅ ਚ 11 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕਰ ਦਿੱਤਾ ਹੈ। ਨਵੇਂ ਐਲਾਨੇ ਭਾਅ ਮਗਰੋਂ ਕਾਸ਼ਤਕਾਰਾਂ ਨੂੰ ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਭਾਅ ਮੁਤਾਬਿਕ ਚੱਲਣਗੀਆਂ।

ਇਸੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਮੁਕੇਰੀਆਂ ਖੰਡ ਮਿੱਲ ਅੱਗੇ ਜਲੰਧਰ-ਜੰਮੂ ਕੌਮੀ ਮਾਰਗ ਜਾਮ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁਭ ਸ਼ਗਨ ਮੰਨਦੇ ਹੋਏ ਕਿਸਾਨਾਂ ਨੂੰ ਇਹ ਤੋਹਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਕੀਤਾ ਵਾਅਦਾ ਨਿਭਾ ਦਿੱਤਾ ਹੈ। ‘ਆਪ’ ਸਰਕਾਰ ਨੇ ਲੰਘੇ ਵਰ੍ਹੇ ਗੰਨੇ ਦੇ ਭਾਅ ’ਚ 30 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ। ਹਰਿਆਣਾ ਵਿੱਚ ਗੰਨੇ ਦਾ ਭਾਅ 386 ਰੁਪਏ ਅਤੇ ਉੱਤਰ ਪ੍ਰਦੇਸ਼ ਵਿਚ ਗੰਨੇ ਦਾ ਭਾਅ 350 ਰੁਪਏ ਹੈ। ਐਤਕੀਂ ਪੰਜਾਬ ਵਿੱਚ ਗੰਨੇ ਦੀ ਪਿੜਾਈ ਦਾ ਸੀਜ਼ਨ ਕਰੀਬ ਦਸ ਦਿਨ ਪੱਛੜ ਗਿਆ ਹੈ। ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਗੰਨੇ ਦੇ ਭਾਅ ਵਿੱਚ ਕੁੱਲ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ। ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਇਸ ਵਾਧੇ ਦਾ ਸਵਾਗਤ ਕੀਤਾ ਹੈ।

Spread the love