ਚਮਕੌਰ ਸਾਹਿਬ: ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਇੱਥੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ 21 ਦਸੰਬਰ ਤੋਂ ਸ਼ੁਰੂ ਹੋ ਰਹੇ ਹਨ। ਇੱਥੋਂ ਦੇ ਸਾਰੇ ਗੁਰਦੁਆਰਿਆਂ ਵਿੱਚ 21 ਦਸੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ। ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪ੍ਰਸ਼ਾਸਨ ਵੱਲੋਂ ਸੰਗਤ ਦੀ ਆਮਦ ਨੂੰ ਦੇਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤ ਲਈ ਲੰਗਰ ਅਤੇ ਰਿਹਾਇਸ਼, ਕੜਾਹ ਪ੍ਰਸ਼ਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ।

ਇਸੇ ਦੌਰਾਨ ਸ਼ਹੀਦੀ ਜੋੜ ਮੇਲ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਐੱਸਪੀ ਜਰਨੈਲ ਸਿੰਘ ਅਤੇ ਥਾਣਾ ਮੁਖੀ ਹਰਸ਼ ਮੋਹਣ ਗੌਤਮ ਨੇ ਦੱਸਿਆ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤ ਨੂੰ ਆਵਾਜਾਈ ਸਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਨਿਹੰਗ ਸਿੰਘਾਂ ਦੀ ਠਹਿਰ ਨੇੜੇ ਵੀ ਪੁਲੀਸ ਮੁਲਾਜ਼ਮ ਡਿਊਟੀ ਦੇਣਗੇ। ਪੁਲੀਸ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੜ੍ਹੀ ਸਾਹਿਬ ਦੇ ਸਾਰੇ ਮਾਰਗਾਂ ਨੂੰ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਲੰਗਰ ਲਗਾਉਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਾਦੇ ਲੰਗਰ ਲਗਾਉਣ ਦੀ ਅਪੀਲ ਕੀਤੀ ਗਈ ਹੈ।

Spread the love