ਚੰਡੀਗੜ੍ਹ,: ਸੰਘਣੀ ਧੁੰਦ ਦੇ ਨਾਲ ਚੱਲਣ ਵਾਲੀਆਂ ਠੰਢੀਆਂ ਹਵਾਵਾਂ ਨੇ ਪੰਜਾਬ ਤੇ ਹਰਿਆਣਾ ਸਣੇ ਪੂਰੇ ਉੱਤਰ ਭਾਰਤ ਭਰ ਲੋਕਾਂ ਨੂੰ ਕੰਬਣੀ ਛੇੜੀ ਰੱਖੀ, ਜਿਸ ਕਰ ਕੇ ਲੋਕ ਘਰਾਂ ਵਿੱਚ ਬੈਠਣ ਲਈ ਮਜਬੂਰ ਰਹੇ।। ਸੰਘਣੀ ਧੁੰਦ ਕਰ ਕੇ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਦਰਜਨ ਦੇ ਕਰੀਬ ਉਡਾਣਾਂ ਰੱਦ ਹੋ ਗਈਆਂ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਇੱਥੋਂ 16 ਉਡਾਣਾਂ ਰੱਦ ਕੀਤੀਆਂ ਗਈਆਂ ਸਨ। ਉੱਧਰ ਦਿਨ ਵੇਲੇ ਠੰਢੀਆਂ ਹਵਾਵਾਂ ਚੱਲਣ ਕਰ ਕੇ ਸੂਬੇ ਭਰ ਵਿੱਚ ਦਿਨ ਦੇ ਤਾਪਮਾਨ ਵਿੱਚ 7 ਡਿਗਰੀ ਸੈਲਸੀਅਸ ਤੱਕ ਦਾ ਨਿਘਾਰ ਦਰਜ ਕੀਤਾ ਗਿਆ ਹੈ। ਅੱਜ ਦਿਨ ਵੇਲੇ ਲੁਧਿਆਣਾ ਤੇ ਨਵਾਂ ਸ਼ਹਿਰ ਸਭ ਤੋਂ ਠੰਢੇ ਸ਼ਹਿਰ ਰਹੇ, ਜਿੱਥੇ ਦਿਨ ਸਮੇਂ ਦਾ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 5 ਤੋਂ 6 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਭਰ ਵਿੱਚ ਲਗਾਤਾਰ ਛੇਵੇਂ ਦਿਨ ਸੰਘਣੀ ਧੁੰਦ ਨੇ ਜਨ-ਜੀਵਨ ਪ੍ਰਭਾਵਿਤ ਕੀਤਾ। ਅੱਜ ਪੰਜਾਬ ਦੇ ਅੱਧਾ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਰ ਕੇ ਦਿਸਣ ਹੱਦ 50 ਮੀਟਰ ਤੋਂ ਵੀ ਘੱਟ ਦਰਜ ਕੀਤੀ ਗਈ ਜਦੋਂ ਕਿ ਬਾਕੀ ਸ਼ਹਿਰਾਂ ਵਿੱਚ ਦਿਸਣ ਹੱਦ 200 ਮੀਟਰ ਦੇ ਕਰੀਬ ਦਰਜ ਕੀਤੀ ਗਈ। ਇਸ ਤੋਂ ਇਲਾਵਾ ਲੁਧਿਆਣਾ, ਨਵਾਂ ਸ਼ਹਿਰ, ਪਟਿਆਲਾ ਤੇ ਚੰਡੀਗੜ੍ਹ ਸ਼ਹਿਰ ਦਿਨ ਸਮੇਂ ਵਾਧੂ ਠੰਢੇ ਰਹੇ। ਇੱਥੇ ਲੋਕ ਬਹੁਤ ਘੱਟ ਗਿਣਤੀ ਵਿੱਚ ਹੀ ਘਰਾਂ ’ਚੋਂ ਬਾਹਰ ਨਿਕਲੇ। ਮੌਸਮ ਵਿਗਿਆਨੀਆਂ ਨੇ 4 ਜਨਵਰੀ ਤੱਕ ਸੰਘਣੀ ਧੁੰਦ ਤੇ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਇਸ ਲਈ ਪਹਿਲੀ ਜਨਵਰੀ ਵਾਸਤੇ ਰੈੱਡ ਅਲਰਟ ਅਤੇ 2, 3 ਤੇ 4 ਜਨਵਰੀ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇਕ ਪਾਸੇ ਜਿੱਥੇ ਧੁੰਦ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਉੱਥੇ ਹੀ ਧੁੰਦ ਕਰ ਕੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ ਕਿਉਂਕਿ ਖੇਤੀ ਮਾਹਿਰਾਂ ਵੱਲੋਂ ਇਸ ਧੁੰਦ ਨੂੰ ਕਣਕ ਦੀ ਫਸਲ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਫਲ ਤੇ ਸਬਜ਼ੀਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਵੀ ਇਹ ਵਧੀਆ ਰਹੇਗੀ। ਇਸ ਬਾਰੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਕਿਹਾ ਕਿ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਣਕ ਦੀ ਫਸਲ ਲਈ ਵਧੇਰੇ ਲਾਹੇਵੰਦ ਹੈ। ਧੁੰਦ ਕਰ ਕੇ ਕਣਕ ਦਾ ਝਾੜ ਵੀ ਵਧੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 12.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 11.7 ਡਿਗਰੀ, ਪਟਿਆਲਾ ਵਿੱਚ 11.7 ਡਿਗਰੀ, ਪਠਾਨਕੋਟ ਵਿੱਚ 13.9 ਡਿਗਰੀ, ਗੁਰਦਾਸਪੁਰ ਵਿੱਚ 12.5 ਡਿਗਰੀ, ਫਰੀਦਕੋਟ ਵਿੱਚ 14.3 ਡਿਗਰੀ, ਬਠਿੰਡਾ ਵਿੱਚ 13.4 ਡਿਗਰੀ, ਬਰਨਾਲਾ ਵਿੱਚ 12.8 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 11.9 ਡਿਗਰੀ ਤੇ ਮੋਗਾ ਵਿੱਚ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 2 ਤੋਂ 7 ਡਿਗਰੀ ਸੈਲਸੀਅਸ ਤੱਕ ਘੱਟ ਹੈ।

Spread the love