ਚੰਡੀਗੜ: 26 ਜਨਵਰੀ ਨੂੰ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ
ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮੁੜ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਜਾਖੜ ’ਤੇ ਝਾਕੀਆਂ ਦੇ ਮਾਮਲੇ ਵਿੱਚ ‘ਨੰਗਾ ਚਿੱਟਾ’ ਝੂਠ ਬੋਲਣ ਦਾ ਇਲਜ਼ਾਮ ਲਾਇਆ ਹੈ। ਮੁੱਖ ਮੰਤਰੀ ਨੇ ਅੱਜ ਕਿਹਾ ਕਿ ਜਾਖੜ ਕੇਂਦਰ ਸਰਕਾਰ ਦੇ ਝਾਕੀਆਂ ਨੂੰ ਰੱਦ ਕੀਤੇ ਜਾਣ ਵਾਲੇ ਕਦਮ ਨੂੰ ਆਪਣੀਆਂ ਫੋਕੀਆਂ ਦਲੀਲਾਂ ਨਾਲ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਾਖੜ ਨੇ ਸੂਬਾ ਸਰਕਾਰ ਦੀਆਂ ਝਾਕੀਆਂ ਰੱਦ ਹੋਣ ਦਾ ਕਾਰਨ ਉਨ੍ਹਾਂ ਉਤੇ ਮੁੱਖ ਮੰਤਰੀ ਦੀਆਂ ਤਸਵੀਰਾਂ ਹੋਣ ਦੀ ਗੱਲ ਕਹਿ ਕੇ ਸੂਬੇ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਖੜ ਨੇ ਇਹ ਮਹਿਜ਼ ਕਲਪਨਾ ਦੇ ਆਧਾਰ ’ਤੇ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਰੱਖਿਆ ਮੰਤਰਾਲੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਝਾਕੀ ’ਤੇ ਕੋਈ ਤਸਵੀਰਾਂ ਨਹੀਂ ਸਨ ਤਾਂ ਜਾਖੜ ਦੇ ਝੂਠ ਦਾ ਪਰਦਾਫ਼ਾਸ਼ ਹੋ ਗਿਆ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਲਈ ਤਿਆਰ ਕੀਤੀ ਝਾਕੀ ਦਾ ਉਦੇਸ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਨਾਲ-ਨਾਲ ਸ਼ਹੀਦਾਂ ਦੇ ਬਲੀਦਾਨ ਦੀ ਰਵਾਇਤ ਨੂੰ ਦਰਸਾਉਣਾ ਸੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਲਾਮਿਸਾਲ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਪੰਜਾਬ ਦੀ ਹੇਠੀ ਕਰਨ ਲਈ ਭਾਜਪਾ ਸਰਕਾਰ ਕੋਝੇ ਹਥਕੰਡੇ ਅਪਣਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝਾਕੀਆਂ ਦੇ ਦੇਸ਼-ਭਗਤੀ ਤੇ ਪ੍ਰਗਤੀਸ਼ੀਲ ਵਿਚਾਰਾਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼-ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦਾ ਨਿਰਾਦਰ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਾਖੜ ਵਰਗੇ ਨਵੇਂ-ਨਵੇਂ ਬਣੇ ‘ਭਗਤ’ ਆਪਣੀ ਅੰਧ-ਭਗਤੀ ਵਿੱਚ ਪੰਜਾਬ ਦੇ ਹਿੱਤਾਂ ਨੂੰ ਸਿਰੇ ਤੋਂ ਦਰਕਿਨਾਰ ਕਰਦਿਆਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਕਦਮਾਂ ਨੂੰ ਜਾਇਜ਼ ਠਹਿਰਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਇਹ ਆਗੂ ਮਹਿਜ਼ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਆਪਣੀ ਹਾਈ ਕਮਾਂਡ ਨਾਲ ਮਿਲ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।
ਮੁੱਖ ਮੰਤਰੀ ਵੱਲੋਂ ਫਾਰਮਾ ਸਿਟੀ ਦਾ ਦੌਰਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ਾਖਾਪਟਨਮ ਵਿੱਚ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ’ਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਅੱਜ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਮੌਕੇ ਕਿਹਾ ਕਿ ਪੰਜਾਬ ਵਿੱਚ ਫਾਰਮਾਸਿਊਟੀਕਲ ਸੈਕਟਰ ਦੀ ਵੱਡੀ ਸੰਭਾਵਨਾ ਹੈ ਅਤੇ ਕੰਪਨੀਆਂ ਨੂੰ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਫਾਰਮਾ ਕੰਪਨੀਆਂ ਦੇ ਯੂਨਿਟਾਂ ਵਿੱਚ ਜਾ ਉਨ੍ਹਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ।