ਚੰਡੀਗੜ੍ਹ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਸਕੀਮ ‘ਫਰਿਸ਼ਤੇ’ ਲਈ ਰਜਿਸਟਰ ਕਰਨ ਲਈ ਕਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਦੱਸਣਯੋਗ ਹੈ ਕਿ ਇਸ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਤੇ ਸੁਚੱਜੀ ਵਰਤੋਂ ਕਰਨਾ ਚਾਹੁੰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਤੋਂ ਸਾਰੇ ਸੜਕ ਹਾਦਸਿਆਂ ਦੇ ਪੀੜਤਾਂ ਦਾ ਨੇੜਲੇ ਹਸਪਤਾਲਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਯਕੀਨੀ ਬਣਾਇਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਚੀਬੱਧ ਹਸਪਤਾਲਾਂ ਨੂੰ ਰਾਸ਼ਟਰੀ ਸਿਹਤ ਅਥਾਰਟੀ ਦੁਆਰਾ ਪਰਿਭਾਸ਼ਿਤ ਐਚਬੀਪੀ 2.2 ਪੈਕੇਜ ਦਰਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਰਾਜ ਸਿਹਤ ਏਜੰਸੀ ਨੇ ਸੜਕ ਹਾਦਸੇ ਦੇ ਪੀੜਤਾਂ ਦੇ ਇਲਾਜ ਲਈ 52 ਪੈਕੇਜਾਂ ਦੀ ਸ਼ਨਾਖਤ ਕੀਤੀ ਹੈ। ਬਲਬੀਰ ਸਿੰਘ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਉਦੋਂ ਤੱੱਕ ਪੁਲੀਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਸੜਕ ਹਾਦਸੇ ਦੇ ਸ਼ਿਕਾਰ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਹੀਂ ਪ੍ਰਗਟਾਉਂਦਾ।

Spread the love