ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਆਪਣਾ ਫਲੈਗਸ਼ਿਪ ਪ੍ਰੋਗਰਾਮ ‘ਰੁਜ਼ਗਾਰ ਦੋ ਨਿਆਏ ਦੋ’ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਪੰਜਾਬ ਦੇ ਸਾਰੇ 13 ਸੰਸਦੀ ਹਲਕਿਆਂ ਤੋਂ ਸ਼ੁਰੂ ਹੋਵੇਗੀ ਅਤੇ ਘਰ-ਘਰ ਜਾ ਕੇ ਹਰ ਵਿਧਾਨ ਸਭਾ ਹਲਕੇ ਨੂੰ ਕਵਰ ਕਰੇਗੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ’ਚ ਵੱਡੇ ਪੱਧਰ ’ਤੇ ਲੋਕ ਕਾਨੂੰਨੀ ਅਤੇ ਗੈਰ-ਕਾਨੂੰਨੀ ਤਰੀਕਿਆਂ ਰਾਹੀਂ ਦੂਜੇ ਦੇਸ਼ਾਂ ’ਚ ਜਾ ਰਹੇ ਹਨ। ਅਜਿਹਾ ਉਦੋਂ ਹੀ ਹੁੰਦਾ ਹੈ ਜਦੋਂ ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਉਨ੍ਹਾਂ ਨੂੰ ਰੁਜ਼ਗਾਰ ਦੇਣ ਵਿੱਚ ਅਸਫ਼ਲ ਰਹਿੰਦੀਆਂ ਹਨ।

ਇੰਡੀਅਨ ਯੂਥ ਕਾਂਗਰਸ ਦੇ ਇੰਚਾਰਜ ਕ੍ਰਿਸ਼ਨਾ ਅਲਾਵਰੂ ਨੇ ਕਿਹਾ ਕਿ ਦੇਸ਼ ਵਿੱਚ ਵੱਡੇ ਪੱਧਰ ’ਤੇ ਬੇਰੁਜ਼ਗਾਰੀ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਅੱਜ ਹਰ ਛੇਵਾਂ ਗਰੈਜੂਏਟ ਬੇਰੁਜ਼ਗਾਰ ਹੈ ਜਦਕਿ ਮੋਦੀ ਸਰਕਾਰ ਦੇ 9 ਸਾਲਾਂ ਵਿੱਚ ਸ਼ਾਸ਼ਨਕਾਲ ਵਿੱਚ 22 ਕਰੋੜ ਬੇਰੁਜ਼ਗਾਰਾਂ ਨੇ ਨੌਕਰੀਆਂ ਲਈ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਬੇਰੁਜ਼ਗਾਰੀ ਦੇ ਸੰਕਟ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ‘ਹਮ ਦੋ ਹਮਾਰੇ ਦੋ’ ’ਤੇ ਕੰਮ ਕਰ ਰਹੀ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਮੋਦੀ ਸਰਕਾਰ ਨੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਜਿਸ ਨਾਲ 16 ਕਰੋੜ ਨੌਕਰੀਆਂ ਬਣਦੀਆਂ ਹਨ ਪਰ ਹੁਣ ਤੱਕ 7 ਲੱਖ ਨੂੰ ਨੌਕਰੀਆਂ ਦਿੱਤੀਆਂ ਗਈਆਂ ਸਨ।

ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਯੂਥ ਕਾਂਗਰਸ ਇਸ ਮੁਹਿੰਮ ਨੂੰ ਪੰਜਾਬ ਦੇ ਹਰ ਲੋਕ ਸਭਾ ਹਲਕਿਆਂ ਵਿੱਚ ਲੈ ਕੇ ਜਾਵੇਗੀ। ਯੂਥ ਕਾਂਗਰਸ ਨੇ ਵੀ ਅੱਜ ਸੂਬਾ ਕਾਰਜਕਾਰਨੀ ਦੀ ਮੀਟਿੰਗ ਕੀਤੀ ਜਿਸ ਵਿੱਚ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ।

Spread the love