ਚੰਡੀਗੜ੍ਹ, 22 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ
SC ਔਰਤਾਂ ਦੇ ਖਾਤਿਆਂ ‘ਚ ਆਉਣਗੇ 4500 ਰੁਪਏ- CM ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਪਹਿਲੀ ਜੁਲਾਈ ਨੂੰ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ, ਦਲਿਤ ਮਾਵਾਂ ਅਤੇ ਭੈਣਾਂ ਨੂੰ ਤਿੰਨ ਮਹੀਨਿਆਂ ਦੇ 4,500 ਜਦਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 3,000 ਰੁਪਏ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਮਾਜਿਕ ਸ਼ਕਤੀਕਰਨ ਯਕੀਨੀ ਬਣਾਉਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਜਦੋਂ ਤੱਕ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਇਹ ਸਹਾਇਤਾ ਬਿਨਾਂ ਕਿਸੇ ਅੜਿੱਕੇ ਤੋਂ ਲਗਾਤਾਰ ਜਾਰੀ ਰਹੇਗੀ।ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਂ ਦਿਨਾਂ ਬਾਅਦ, ਪਹਿਲੀ ਜੁਲਾਈ ਨੂੰ, 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਦੇ ਮੋਬਾਈਲ ਫੋਨਾਂ ’ਤੇ ਉਨ੍ਹਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਜਮ੍ਹਾਂ ਹੋਣ ਬਾਰੇ ਨੋਟੀਫਿਕੇਸ਼ਨ ਆ ਜਾਣਗੇ। ਜਨਰਲ ਵਰਗ ਨਾਲ ਸਬੰਧਤ ਔਰਤਾਂ ਨੂੰ 1,000 ਜਦਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾ ਮਿਲਣਗੇ। ਇਹ ਪੈਸਾ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ ਸਤਾਨਵੇਂ ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਆਸ ਹੈ ਅਤੇ ਸਰਕਾਰ ਨੇ ਇਸ ਲਈ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।”













