ਚੰਡੀਗੜ੍ਹ, 15 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਵਧਾਈਆਂ ਗਈਆਂ ਕੀਮਤਾਂ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਥੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਘੇਰਿਆ। ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਹੀ ਦੇਸ਼ ਵਿੱਚ ਦਿਨੋਂ ਦਿਨ ਮਹਿੰਗਾਈ ਹੋਰ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀਆਂ ਚੋਣਾਂ ਤੋਂ ਅਗਲੇ ਦਿਨ ਹੀ ਪਹਿਲਾਂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਗਿਆ, ਹੁਣ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਨੂੰ ਵੱਡੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕੁਝ ਕੁ ਮਿੱਤਰਾਂ ਨੂੰ ਲਾਭ ਪਹੁੰਚਾਉਣ ਵਾਸਤੇ ਕੰਮ ਕਰ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਨੀਤੀ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ ਜਿਸ ਕਰਕੇ ਅੱਜ ਦੇਸ਼ ਨੂੰ ਇਹ ਦਿਨ ਦੇਖਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਤੋਂ ਡਰਿਆ ਹੋਇਆ ਹੈ, ਜਿਸ ਕਰਕੇ ਆਪਣੀ ਮਰਜ਼ੀ ਨਾਲ ਤੇਲ ਨਹੀਂ ਖਰੀਦ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸੜਕਾਂ ਉਤੇ ਉਤਰਦੇ ਹਨ ਤਾਂ ਸੱਤਾ ਬਦਲਦੇ ਹੋਏ ਸਮਾਂ ਨਹੀਂ ਲੱਗਦਾ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦਾ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਵਧਾਈਆਂ ਹੋਈਆਂ ਕੀਮਤਾਂ ਨੂੰ ਵਾਪਸ ਲਵੇ।

Spread the love