ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਰਦਮਸ਼ੁਮਾਰੀ-2026 ਤਹਿਤ ਚੱਲ ਰਹੀ ਸਵੈ-ਗਣਨਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਖੁਦ ਸਵੈ-ਗਣਨਾ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲ ਲੋਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਨਾਲ ਸਬੰਧਿਤ ਵੇਰਵੇ ਖੁਦ ਆਨਲਾਈਨ ਦਰਜ ਕਰਨ ਦੀ ਸੁਵਿਧਾ ਪ੍ਰਦਾਨ ਕਰਦੀ ਹੈ, ਜਿਸ ਨਾਲ ਸਮੇਂ ਦੀ ਬਚਤ ਹੋਣ ਦੇ ਨਾਲ-ਨਾਲ ਜਾਣਕਾਰੀ ਸਹੀ ਹੋਣੀ ਵੀ ਯਕੀਨੀ ਬਣਦੀ ਹੈ।
ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਦੀ ਆਖਰੀ ਮਿਤੀ 14 ਮਈ 2026 ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਿਤੀ ਤੋਂ ਪਹਿਲਾਂ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ ਤਾਂ ਜੋ ਸਰਕਾਰੀ ਰਿਕਾਰਡ ਵਿੱਚ ਸਹੀ ਅਤੇ ਸਮੇਂ ਸਿਰ ਜਾਣਕਾਰੀ ਦਰਜ ਹੋ ਸਕੇ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 14 ਮਈ ਤੋਂ ਬਾਅਦ ਗਣਨਾਕਾਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਵੇਗਾ। ਇਸ ਦੌਰਾਨ ਪਰਿਵਾਰਾਂ ਤੋਂ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਇਸ ਲਈ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਗਣਨਾਕਾਰਾਂ ਨਾਲ ਪੂਰਾ ਸਹਿਯੋਗ ਕਰਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਰਦਮਸ਼ੁਮਾਰੀ ਦੇ ਅੰਕੜੇ ਦੇਸ਼ ਅਤੇ ਰਾਜ ਦੀਆਂ ਭਵਿੱਖੀ ਨੀਤੀਆਂ, ਵਿਕਾਸ ਯੋਜਨਾਵਾਂ ਅਤੇ ਸਰਕਾਰੀ ਸਕੀਮਾਂ ਦੀ ਯੋਜਨਾਬੰਦੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

Spread the love