ਚੰਡੀਗੜ੍ਹ, 8 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਬੀਤੇ ਇੱਕ ਹਫ਼ਤੇ ਤੋਂ ਹੜਤਾਲ ‘ਤੇ ਚੱਲ ਰਹੇ, ਪੰਜਾਬ ਦੇ ਆੜ੍ਹਤੀਆਂ ਨੇ ਹੁਣ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਤੇ ਆੜ੍ਹਤੀਆਂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ‘ਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੌਜੂਦ ਸਨ। ਸਰਕਾਰ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਕਿਹਾ ਕਿ ਹੜਤਾਲ ਖ਼ਤਮ ਨਹੀਂ, ਸਗੋਂ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਆੜ੍ਹਤੀ ਐਸੋਸਿਏਸ਼ਨ ਦੇ ਪ੍ਰਧਾਨ ਵਿਜੇ ਕਾਲਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਕੇਂਦਰ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਉਣਗੇ। ਉਨ੍ਹਾਂ ਨੇ ਕਿਹਾ ਕਿ ਫ਼ਿਲਹਾਲ ਵੱਖ-ਵੱਖ ਸੂਬਿਆਂ ‘ਚ ਚੋਣਾਂ ਚੱਲ ਰਹੀਆਂ ਹਨ, ਕੇਂਦਰ ਲੀਡਰਸ਼ਿਪ ਚੋਣਾਂ ‘ਚ ਐਕਟਿਵ ਹੈ। ਚੋਣਾਂ ਮੁਕੰਮਲ ਹੋਣ ਤੋਂ ਬਾਅਦ ਕੇਂਦਰ ਸਰਕਾਰ ਨਾਲ ਮੀਟਿੰਗ ਦਾ ਭਰੋਸਾ ਦਿਵਾਇਆ ਗਿਆ ਹੈ, ਜਿਸ ਤੋਂ ਬਾਅਦ ਆੜ੍ਹਤੀਆਂ ਨੇ ਹੜ੍ਹਤਾਲ ਵਾਪਸ ਲੈ ਲਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਯਕੀਨ ਦਿਵਾਉਣ ਤੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਅਸੀਂ ਹੜਤਾਲ ਮੁਲਤਵੀ ਕਰ ਦਿੱਤੀ ਹੈ। ਵਿਜੇ ਕਾਲਰਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਫਸਲ ਆਉਣ ਤੇ ਆੜ੍ਹਤੀ ਹੜਤਾਲ ‘ਤੇ ਚਲੇ ਗਏ ਹਨ ਤੇ ਬਲੈਕਮੇਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਅਸੀਂ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਕਿਸਾਨਾਂ ਦੀ ਫਸਲ ਚੁੱਕਾਂਗੇ ਤੇ ਫਿਰ ਇਸ ਤੋਂ ਬਾਅਦ ਦੁਬਾਰਾ ਆਪਣੀ ਹੜਤਾਲ ਕਰਾਂਗੇ।

Spread the love