ਚੰਡੀਗੜ੍ਹ, 18 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦਾ ਇੱਕ ਵਫ਼ਦ ਅੱਜ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਭਵਨ ਵਿਖੇ ਮੁਲਾਕਾਤ ਕਰਕੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਇਸ ਵਫ਼ਦ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਗੁਰਪ੍ਰੀਤ ਕੌਰ ਅਤੇ ਆਲ ਇੰਡੀਆ ਜਨਰਲ ਸਕੱਤਰ ਊਸ਼ਾ ਰਾਣੀ ਸਮੇਤ ਹੋਰ ਅਗੂ ਸ਼ਾਮਲ ਸਨ। ਵਿਭਾਗ ਵੱਲੋਂ ਡਾਇਰੈਕਟਰ ਤੇ ਹੋਰ ਉੱਚ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ।
ਮੀਟਿੰਗ ਦੌਰਾਨ ਯੂਨੀਅਨ ਵੱਲੋਂ ਸਭ ਤੋਂ ਮੁੱਖ ਮੁੱਦਾ ਮੋਬਾਇਲ ਫੋਨਾਂ ਦਾ ਚੁੱਕਿਆ ਗਿਆ। ਆਗੂਆਂ ਨੇ ਸਪਸ਼ਟ ਕੀਤਾ ਕਿ ਆਂਗਨਵਾੜੀ ਵਰਕਰਾਂ ਨੂੰ ਪੁਰਾਣੇ ਅਤੇ ਵਰਤੇ ਹੋਏ ਮੋਬਾਇਲ ਕਿਸੇ ਵੀ ਹਾਲਤ ਵਿੱਚ ਕਬੂਲ ਨਹੀਂ ਹੋਣਗੇ। ਉਹਨਾਂ ਨੇ ਮੰਗ ਕੀਤੀ ਕਿ ਪੋਸ਼ਣ ਅਭਿਆਨ ਦੇ ਫੰਡਾਂ ਨਾਲ ਖਰੀਦੇ ਜਾਣ ਵਾਲੇ ਮੋਬਾਇਲ ਨਵੇਂ ਅਤੇ ਡੱਬਾ-ਬੰਦ ਹੋਣ ਚਾਹੀਦੇ ਹਨ ਅਤੇ ਇਹ ਸਿੱਧੇ ਤੌਰ ‘ਤੇ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਜਾਣ। ਨਾਲ ਹੀ ਇਹ ਵੀ ਜ਼ੋਰ ਦੇ ਕੇ ਕਿਹਾ ਗਿਆ ਕਿ ਕਿਸੇ ਵੀ ਕਰਮਚਾਰੀ ਨੂੰ ਆਪਣੇ ਨਿੱਜੀ ਮੋਬਾਇਲ ਤੋਂ ਸਰਕਾਰੀ ਯੋਜਨਾਵਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਮਜਬੂਰ ਨਾ ਕੀਤਾ ਜਾਵੇ।
ਯੂਨੀਅਨ ਨੇ ਹੈਲਪਰਾਂ ਦੀ ਪ੍ਰਮੋਸ਼ਨ ਸੰਬੰਧੀ ਗੰਭੀਰ ਮਸਲਾ ਵੀ ਉਠਾਇਆ ਅਤੇ ਮੰਗ ਕੀਤੀ ਕਿ ਦਸਵੀਂ ਪਾਸ ਹੈਲਪਰਾਂ ਨੂੰ ਤੁਰੰਤ ਵਰਕਰ ਬਣਾਇਆ ਜਾਵੇ। ਇਸਦੇ ਨਾਲ ਹੀ ਹੈਲਪਰਾਂ ਦੀ ਰਿਟਾਇਰਮੈਂਟ ਉਮਰ ਨੂੰ 60 ਸਾਲ ‘ਤੇ ਸੀਮਿਤ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਪਹਿਲਾਂ ਬਣੇ ਨਿਯਮਾਂ ਅਨੁਸਾਰ ਹੀ ਉਹਨਾਂ ਨੂੰ ਸਾਰੇ ਹੱਕ ਦਿੱਤੇ ਜਾਣ ਅਤੇ ਰਿਟਾਇਰਮੈਂਟ ਉਮਰ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ।
ਸੁਪਰਵਾਈਜ਼ਰਾਂ ਦੀਆਂ ਖਾਲੀ ਅਸਾਮੀਆਂ ਨੂੰ ਲੈ ਕੇ ਵੀ ਯੂਨੀਅਨ ਨੇ ਆਪਣਾ ਤਿੱਖਾ ਰੁੱਖ ਜ਼ਾਹਰ ਕੀਤਾ। ਆਗੂਆਂ ਨੇ ਕਿਹਾ ਕਿ ਇੱਕ-ਇੱਕ ਸੁਪਰਵਾਈਜ਼ਰ ‘ਤੇ ਬੇਹੱਦ ਕੰਮ ਦਾ ਬੋਝ ਹੈ ਅਤੇ ਲੰਬੇ ਸਮੇਂ ਤੋਂ ਵਰਕਰਾਂ ਨੂੰ ਸੁਪਰਵਾਈਜ਼ਰ ਬਣਨ ਦੇ ਮੌਕੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਲਈ ਤੁਰੰਤ ਪ੍ਰਮੋਸ਼ਨਾਂ ਕਰਕੇ ਅਸਾਮੀਆਂ ਭਰੀਆਂ ਜਾਣ।
ਮੀਟਿੰਗ ਦੌਰਾਨ ਯੂਨੀਅਨ ਨੇ ਕਿਹਾ ਜੇਕਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਨੇ ਦ੍ਰਿੜਤਾ ਨਾਲ ਕਿਹਾ ਕਿ ਉਹ ਕਿਸੇ ਵੀ ਦਬਾਅ ਹੇਠ ਨਹੀਂ ਝੁਕੇਗੀ ਅਤੇ ਆਪਣੇ ਅਧਿਕਾਰਾਂ ਦੀ ਪ੍ਰਾਪਤੀ ਲਈ ਲੜਾਈ ਜਾਰੀ ਰੱਖੇਗੀ।
ਯੂਨੀਅਨ ਨੇ ਅੰਤ ਵਿੱਚ ਕਿਹਾ ਕਿ ਸਰਕਾਰ ਨੂੰ ਤੁਰੰਤ ਹਕੀਕਤੀ ਕਦਮ ਚੁੱਕ ਕੇ ਮਜ਼ਦੂਰ ਵਰਗ ਦੇ ਹੱਕਾਂ ਦੀ ਰੱਖਿਆ ਕਰਨੀ ਚਾਹੀਦੀ ਹੈ, ਨਹੀਂ ਤਾਂ ਇਸ ਸੰਘਰਸ਼ ਦੇ ਨਤੀਜਿਆਂ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Spread the love