ਚੰਡੀਗੜ੍ਹ, 22 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਕੌਮੀ ਜਰਨਲ ਸਕੱਤਰ ਊਸ਼ਾ ਰਾਣੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਜਨਰਲ ਸਕੱਤਰ ਸੁਭਾਸ਼ ਰਾਣੀ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਤਾਵਾਂ ਨੂੰ ਦਿੱਤੀ ਜਾਣ ਵਾਲੀ ਨਿਊਟ੍ਰੀਸ਼ਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਅਤੇ ਤਾਜ਼ਾ ਪੱਕਾ ਭੋਜਨ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ। ਯੂਨੀਅਨ ਵੱਲੋਂ ਵੱਖ-ਵੱਖ ਪੱਧਰਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਫੀਡ ਦੇ ਖਾਲੀ ਲਿਫਾਫੇ ਜਲਾ ਕੇ ਰੋਸ ਜਾਹਿਰ ਕਰਨਾ ਵੱਖ ਵੱਖ ਲਾਭਪਾਤਰੀਆਂ ਦੇ ਬਿਆਨ ਮਹਿਕਮੇ ਨੂੰ ਦੇਣਾ ਵੱਖ ਵੱਖ ਮੀਟਿੰਗਾਂ ਮੀਟਿੰਗਾਂ ਅਤੇ ਮੰਗ ਪੱਤਰਾਂ ਰਾਹੀਂ ਸਰਕਾਰ ਦਾ ਧਿਆਨ ਇਸ ਗੰਭੀਰ ਮਸਲੇ ਵੱਲ ਖਿੱਚਿਆ ਗਿਆ।

ਲਗਾਤਾਰ ਸੰਘਰਸ਼ ਅਤੇ ਦਬਾਅ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੂੰ ਆਪਣਾ ਰਵੱਈਆ ਬਦਲਣਾ ਪਿਆ ਹੈ ਅਤੇ ਹੁਣ ਆਂਗਣਵਾੜੀ ਕੇਂਦਰਾਂ ਵਿੱਚ ਦਿੱਤੇ ਜਾਣ ਵਾਲੇ ਭੋਜਨ ਲਈ ਨਵੀਂ ਰੈਸਪੀ ਲਾਗੂ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਭਾਵੇਂ ਅਜੇ ਬਣਾਉਣ ਦਾ ਸਮਾਨ ਪ੍ਰਾਪਤ ਨਹੀਂ ਹੋਇਆ ਪਰ ਨੋਟੀਫਿਕੇਸ਼ਨ ਜਾਰੀ ਹੋਣਾ ਸੰਘਰਸ਼ ਦੀ ਇੱਕ ਮਹੱਤਵਪੂਰਨ ਜਿੱਤ ਹੈ।

ਯੂਨੀਅਨ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਬੱਚਿਆਂ ਅਤੇ ਮਹਿਲਾਵਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੋਸ਼ਣ ਭਰਪੂਰ ਅਤੇ ਤਾਜ਼ਾ ਭੋਜਨ ਹਰ ਲਾਭਪਾਤਰੀ ਦਾ ਅਧਿਕਾਰ ਹੈ। ਯੂਨੀਅਨ ਨੇ ਇਹ ਵੀ ਮੰਗ ਕੀਤੀ ਕਿ ਨਵੀਂ ਰੈਸਪੀ ਨੂੰ ਜਲਦ ਤੋਂ ਜਲਦ ਜਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇ ਅਤੇ ਇਸ ਲਈ ਲੋੜੀਂਦਾ ਬਜਟ ਅਤੇ ਸਹੂਲਤਾਂ ਵੀ ਤੁਰੰਤ ਮੁਹੱਈਆ ਕਰਵਾਈਆਂ ਜਾਣ।

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਐਲਾਨ ਕੀਤਾ ਕਿ ਬਾਕੀ ਦੀਆਂ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ।

Spread the love