ਚੰਡੀਗੜ੍ਹ, 11 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ ‘ਈਜ਼ ਆਫ਼ ਡੂਇੰਗ ਬਿਜ਼ਨਸ’ (ਕਾਰੋਬਾਰ ਨੂੰ ਸੁਖਾਲਾ ਬਣਾਉਣ) ਵਿੱਚ ਹੋਰ ਸੁਧਾਰ ਕਰਨਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਇਨ੍ਹਾਂ ਫੈਸਲਿਆਂ ਵਿੱਚ ਨੀਟ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਇਕ ਅਟੈਂਡੈਂਟ (ਸਹਾਇਕ) ਲਈ ਮੁਫ਼ਤ ਬੱਸ ਸਫ਼ਰ, 1,013 ਲੈਕਚਰਾਰਾਂ ਅਤੇ 156 ਜੂਨੀਅਰ ਇੰਜੀਨੀਅਰਾਂ (ਜੇ.ਈ.) ਦੀ ਭਰਤੀ, ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ ‘ਤੇ ਅਧਾਰਤ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਦੀ ਸਥਾਪਨਾ ਅਤੇ ਪੰਜਾਬ ਵਿੱਚ ਨਿਵੇਸ਼ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ‘ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ, 2026’ ਵਿੱਚ ਅਹਿਮ ਸੋਧਾਂ ਸ਼ਾਮਲ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ, “ਵਜ਼ਾਰਤ ਨੇ ਵਿਦਿਆਰਥੀ ਭਲਾਈ, ਸਿੱਖਿਆ, ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਬੁਨਿਆਦੀ ਢਾਂਚੇ ਦੇ ਵਿਕਾਸ, ਨਵਿਆਉਣਯੋਗ ਊਰਜਾ, ਪ੍ਰਸ਼ਾਸਨਿਕ ਸੁਧਾਰਾਂ ਅਤੇ ਉਦਯੋਗਿਕ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ, ਜੋ ਜਨਤਕ ਭਲਾਈ ਅਤੇ ਆਰਥਿਕ ਤਰੱਕੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹਨ।”
ਨੀਟ (ਅੰਡਰ ਗ੍ਰੈਜੂਏਟ) ਦੀ ਮੁੜ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਪ੍ਰੀਖਿਆ ਕੇਂਦਰਾਂ ਤੱਕ ਮੁਫ਼ਤ ਬੱਸ ਸਫ਼ਰ ਨੂੰ ਮਨਜ਼ੂਰੀ ਦਿੱਤੀ ਹੈ। ਦੱਸਣਯੋਗ ਹੈ ਕਿ 3 ਮਈ, 2026 ਨੂੰ ਹੋਈ ਨੀਟ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ ਅਤੇ ਹੁਣ ਇਹ ਪ੍ਰੀਖਿਆ 21 ਜੂਨ, 2026 ਲਈ ਮੁੜ ਨਿਰਧਾਰਤ ਕੀਤੀ ਗਈ ਹੈ।
ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਟੈਂਡੈਂਟ ਦੀ ਸਹੂਲਤ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ 20, 21 ਅਤੇ 22 ਜੂਨ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰੀਖਿਆ ਕੇਂਦਰਾਂ ਤੱਕ ਆਉਣ-ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕਰਨਗੀਆਂ। ਵਿਦਿਆਰਥੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਲਈ ਸਿਰਫ਼ ਆਪਣੇ ਐਡਮਿਟ ਕਾਰਡ ਦਿਖਾਉਣੇ ਪੈਣਗੇ ਅਤੇ ਉਨ੍ਹਾਂ ਕੋਲੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ। ਮੁਫ਼ਤ ਸਫ਼ਰ ਦੀ ਸਹੂਲਤ ਦਾ ਵਿੱਤੀ ਬੋਝ ਟਰਾਂਸਪੋਰਟ ਵਿਭਾਗ ਵੱਲੋਂ ਚੁੱਕਿਆ ਜਾਵੇਗਾ ਅਤੇ ਵਿੱਤ ਵਿਭਾਗ ਵੱਲੋਂ ਇਸ ਦੀ ਭਰਪਾਈ ਕੀਤੀ ਜਾਵੇਗੀ। ਇਹ ਪਹਿਲਕਦਮੀ ਵਿਦਿਆਰਥੀ ਭਲਾਈ, ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਕਿਫ਼ਾਇਤੀ ਤੇ ਪਹੁੰਚਯੋਗ ਜਨਤਕ ਟਰਾਂਸਪੋਰਟ ਸੇਵਾਵਾਂ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
kulwant singh
11th June 2026













