ਚੰਡੀਗੜ੍ਹ, 7 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਬੀਤੇ ਦਿਨੀਂ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਨਜ਼ਰਅੰਦਾਜ਼ ਕਰਕੇ ਭਾਜਪਾ ਨੂੰ ਬੰਬ ਧਮਾਕਿਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਮੁੱਖ ਮੰਤਰੀ ਖਿਲਾਫ਼ ਅਪਰਾਧਿਕ ਮਾਣਹਾਨੀ, ਝੂਠੀ ਜਾਣਕਾਰੀ ਫੈਲਾਉਣ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੀ ਕੋਸ਼ਿਸ਼ ਦੇ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਬਿਆਨ ਨਾ ਸਿਰਫ਼ ਮਾਣਹਾਨੀ ਵਾਲਾ ਹੈ ਸਗੋਂ ਬੇਹੱਦ ਖ਼ਤਰਨਾਕ ਵੀ ਹੈ। ਅਜਿਹੇ ਗੈਰ-ਜ਼ਿੰਮੇਵਾਰਾਨਾ ਇਲਜ਼ਾਮ ਪੰਜਾਬ ਵਿੱਚ ਭੰਬਲਭੂਸਾ, ਅਵਿਸ਼ਵਾਸ ਅਤੇ ਸਮਾਜਿਕ ਅਸ਼ਾਂਤੀ ਪੈਦਾ ਕਰ ਸਕਦੇ ਹਨ। ਮੁੱਖ ਮੰਤਰੀ ਨੂੰ ਸਿਆਸੀ ਲਾਭ ਲਈ ਜਨਤਕ ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 7 ਦਿਨਾਂ ਦੇ ਅੰਦਰ ਭਗਵੰਤ ਮਾਨ ਆਪਣਾ ਬਿਆਨ ਵਾਪਸ ਲੈ ਕੇ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ, ਤਾਂ ਉਨ੍ਹਾਂ ਖਿਲਾਫ ਅਪਰਾਧਿਕ ਅਤੇ ਸਿਵਲ, ਦੋਵੇਂ ਤਰ੍ਹਾਂ ਦੀ ਵਿਆਪਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

Spread the love