ਅੰਮ੍ਰਿਤਸਰ, 15 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਹੋਈ ਈਡੀ ਦੀ ਰੇਡ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕਾਰਵਾਈ ਨੂੰ ਰਾਜਨੀਤਿਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਈਡੀ ਦੀ ਰੇਡ ਨਾਲ ਭਾਜਪਾ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਚੋਣਾਂ ਲੜਨ ਲਈ ਤਿਆਰੀ ਕਰ ਰਹੀ ਹੈ ਅਤੇ ਈਡੀ ਦੀ ਰੇਡ ਉਸੇ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਜਾਂਚ ਏਜੰਸੀਆਂ ਦਾ ਇਸਤੇਮਾਲ ਰਾਜਨੀਤਿਕ ਵਿਰੋਧੀਆਂ ਨੂੰ ਦਬਾਉਣ ਲਈ ਕਰ ਰਹੀ ਹੈ। ਉਨ੍ਹਾਂ ਦੇ ਮੁਤਾਬਕ, “ਇਹ ਈਡੀ ਦੀ ਰੇਡ ਨਹੀਂ, ਸਗੋਂ ਭਾਜਪਾ ਦੀਆਂ ਚੋਣੀ ਰੈਲੀਆਂ ਹਨ, ਜੋ ਏਜੰਸੀਆਂ ਰਾਹੀਂ ਕੀਤੀਆਂ ਜਾ ਰਹੀਆਂ ਹਨ।”

ਉਨ੍ਹਾਂ ਨੇ ਅੱਗੇ ਕਿਹਾ ਕਿ ਅਸ਼ੋਕ ਮਿੱਤਲ ਦੇ ਘਰ ਦੇ ਨਾਲ-ਨਾਲ ਉਨ੍ਹਾਂ ਦੇ ਵਿਦਿਅਕ ਸੰਸਥਾਨਾਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ, ਜੋ ਪੂਰੀ ਤਰ੍ਹਾਂ ਰਾਜਨੀਤਿਕ ਪ੍ਰੇਰਿਤ ਹੈ। ਧਾਲੀਵਾਲ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਈਡੀ, ਸੀਬੀਆਈ ਅਤੇ ਹੋਰ ਏਜੰਸੀਆਂ ਦਾ ਇਸਤੇਮਾਲ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਏਗੀ, ਪਰ ਇਸ ਦਾ ਕੋਈ ਰਾਜਨੀਤਿਕ ਫਾਇਦਾ ਭਾਜਪਾ ਨੂੰ ਨਹੀਂ ਮਿਲੇਗਾ।

AAP ਦੇ ਬੁਲਾਰੇ ਨੇ ਅਸ਼ੋਕ ਮਿੱਤਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਪਿਛੋਕੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਠਿਨ ਮਿਹਨਤ ਨਾਲ ਆਪਣਾ ਕਾਰੋਬਾਰ ਖੜ੍ਹਾ ਕੀਤਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਸਮਝਦੀ ਹੈ ਅਤੇ ਇਸ ਤਰ੍ਹਾਂ ਦੇ ਰਾਜਨੀਤਿਕ ਹਥਕੰਡਿਆਂ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਵੇਗੀ। ਉਨ੍ਹਾਂ ਨੇ ਇਸ ਨੂੰ ਭਾਜਪਾ ਦੀ ਪੰਜਾਬ ਵਿੱਚ ਚੋਣੀ ਮੁਹਿੰਮ ਦੀ ਸ਼ੁਰੂਆਤ ਕਰਾਰ ਦਿੱਤਾ।

Spread the love