ਚੰਡੀਗੜ੍ਹ, 22 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਖ਼ਤਰਾ ਬਣੇ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਅੱਜ ਤੋਂ ਖਤਮ ਕਰਨ ਦੀ ਮੁਹਿੰਮ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉਤੇ ਪੋਸਟ ਕਰਕੇ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਕੱਲ ਤੋਂ ਸ਼ੁਰੂ ਕਰੇਗੀ ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰਾ ਬਣੇ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ..ਧੰਨਵਾਦ ਸੁਪਰੀਮ ਕੋਰਟ…।” ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਸੀ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਜਾਨਲੇਵਾ ਕੁੱਤਿਆਂ ਨੂੰ ਖਤਮ ਕਰਨ ਦੀ ਮੁਹਿੰਮ ਸ਼ੁਰੂ ਹੋ ਰਹੇ ਹਨ।

ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਅਤੇ ਰੇਬੀਜ਼ ਦੇ ਵਧਦੇ ਖ਼ਤਰੇ ਦੇ ਵਿਚਕਾਰ, ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇੱਕ ਵੱਡਾ ਅਤੇ ਅਹਿਮ ਫੈਸਲਾ ਸੁਣਾਇਆ ਸੀ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਾਗਰਿਕਾਂ ਦਾ ਬਿਨਾਂ ਡਰ ਦੇ ਜਨਤਕ ਥਾਵਾਂ ‘ਤੇ ਘੁੰਮਣਾ ਵੀ ਸੰਵਿਧਾਨ ਦੇ ਅਨੁਛੇਦ 21 ਦੇ ਤਹਿਤ ਮਿਲਣ ਵਾਲੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਮੌਲਿਕ ਅਧਿਕਾਰ ਦਾ ਹਿੱਸਾ ਹੈ। ਇਸ ਦੇ ਨਾਲ ਹੀ ਕੋਰਟ ਨੇ ਪਹਿਲੀ ਵਾਰ ਸਪੱਸ਼ਟ ਤੌਰ ‘ਤੇ ਇਹ ਇਜ਼ਾਜ਼ਤ ਦਿੱਤੀ ਕਿ ਰੇਬੀਜ਼ ਨਾਲ ਸੰਕਰਮਿਤ, ਲਾਇਲਾਜ ਬਿਮਾਰੀਆਂ ਤੋਂ ਪੀੜਤ ਅਤੇ ਬਹੁਤ ਜ਼ਿਆਦਾ ਹਮਲਾਵਰ ਅਤੇ ਲੋਕਾਂ ਲਈ ਖਤਰਾ ਸਾਬਿਤ ਹੋ ਚੁੱਕੇ ਕੁੱਤਿਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਇੱਛਾ ਮੌਤ ਦਿੱਤੀ ਜਾ ਸਕਦੀ ਹੈ। ਸੁਪਰੀਮ ਕੋਰਟ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਭਰ ਦੇ ਕਈ ਸ਼ਹਿਰਾਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।

Spread the love