ਚੰਡੀਗੜ੍ਹ, 28 ਫਰਵਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗ ਪ੍ਰਭਾਵਿਤ ਯੂਕਰੇਨ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਪੰਜਾਬ ਦੇ ਲਗਭਗ 500 ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ‘ਤੇ ਦਖਲ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਇੱਕ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ ਹੈ, ਜੋ ਵਿਦਿਆਰਥੀਆਂ ਦੀ ਜਲਦੀ ਵਾਪਸੀ ਲਈ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਇੱਕ ਪੱਕਾ ਫ਼ੋਨ ਨੰਬਰ ਤੈਅ ਕਰ ਦਿੱਤਾ ਹੈ ਪਰ ਇਸ ਕੰਮ ਲਈ ਹਾਲੇ ਤੱਕ ਕੋਈ ਨੋਡਲ ਅਫ਼ਸਰ ਨਿਯੁਕਤ ਨਹੀਂ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਾਪਿਆਂ ਦੀਆਂ ਚਿੰਤਾਵਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਯੂਕਰੇਨ ਤੋਂ ਆ ਰਹੀਆਂ ਖ਼ਬਰਾਂ ਅਤੇ ਉਥੋਂ ਦੇ ਖਰਾਬ ਮੌਸਮ ਅਤੇ ਬਿਨਾਂ ਭੋਜਨ ਤੋਂ ਮੈਟਰੋ ਸਟੇਸ਼ਨਾਂ ਦੀਆਂ ਬੇਸਮੈਂਟਾਂ ਵਿੱਚ ਫਸੇ ਵਿਦਿਆਰਥੀਆਂ ਦੀ ਹਾਲਤ ਨੂੰ ਦੇਖ ਕੇ ਬਹੁਤ ਚਿੰਤਤ ਹਨ।

ਹਾਲਾਂਕਿ, ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਲੋਕਾਂ ਨੂੰ ਵਾਪਸ ਲਿਆਉਣ ਦੇ ਸਬੰਧ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ ਅਤੇ ਉਮੀਦ ਪ੍ਰਗਟ ਕੀਤੀ ਹੈ ਕਿ ਇਹ ਯਤਨ ਹੋਰ ਤੇਜ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਯੂਕਰੇਨ ਦੀ ਸਥਿਤੀ ਦੀ ਗੰਭੀਰਤਾ ਨੂੰ ਸਮਝ ਸਕਦੇ ਹਨ ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀ ਸਰਕਾਰ ਹਰ ਵਿਦਿਆਰਥੀ ਅਤੇ ਵਿਅਕਤੀ ਨੂੰ ਸੁਰੱਖਿਅਤ ਵਾਪਸ ਲਿਆਏਗੀ।

Spread the love