Breaking News
ਪੰਜਾਬੀ ਗਾਇਕਾ ਦਾ ਕਤਲ, ਨਹਿਰ ਵਿੱਚੋਂ ਮਿਲੀ ਲਾਸ਼

ਲੁਧਿਆਣਾ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬੀ ਗਾਇਕਾ ਇੰਦਰ ਕੌਰ ਉਰਫ ਯਸ਼ਇੰਦਰ ਕੌਰ ਦਾ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ 29 ਸਾਲਾ ਗਾਇਕਾ ਇੰਦਰ ਕੌਰ ਨੂੰ 6 ਦਿਨ ਪਹਿਲਾਂ ਬੰਦੂਕ ਦੀ ਨੋਕ ਉਤੇ ਅਗਵਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਉਸਦੀ ਲਗਾਤਾਰ ਭਾਲ ਕਰ ਰਿਹਾ ਸੀ। ਅੱਜ ਸਵੇਰੇ ਨੀਲੋ ਨਹਿਰ ਵਿੱਚ ਉਨ੍ਹਾਂ ਦੀ ਲਾਸ਼ ਮਿਲੀ ਹੈ।

ਮ੍ਰਿਤਕ ਦੇ ਭਰਾ ਨੇ ਕਿਹਾ ਕਿ ਇੰਦਰ ਕੌਰ ਬੀਤੇ 13 ਮਈ ਨੂੰ ਘਰੋਂ ਆਪਣੀ ਗੱਡੀ ਵਿੱਚ ਬਾਜ਼ਾਰ ਗਈ ਸੀ, ਪ੍ਰੰਤੂ ਵਾਪਸ ਨਹੀਂ ਆਈ। ਜਦੋਂ ਉਹ ਵਾਪਸ ਨਾ ਆਈ ਤਾਂ ਪਰਿਵਾਰ ਆਪਣੇ ਪੱਧਰ ਉਤੇ ਭਾਲ ਕਰ ਰਿਹਾ ਸੀ। ਇਸ ਤੋਂ ਬਾਅਦ ਪਤਾ ਲੱਗਿਆ ਕਿ ਯਸ਼ਇੰਦਰ ਦੀ ਦੋਸਤੀ ਸੁਖਵਿੰਦਰ ਸਿੰਘ ਉਰਫ ਸੁੱਖਾ ਨਾਮ ਦੇ ਵਿਅਕਤੀ ਨਾਲ ਸੀ, ਜੋ ਮੂਲ ਰੂਪ ਵਿੱਚ ਮੋਗੇ ਦਾ ਰਹਿਣ ਵਾਲਾ ਸੀ, ਪ੍ਰੰਤੂ ਹੁਣ ਆਪਣੇ ਪਰਿਵਾਰ ਨਾਲ ਕੈਨੇਡਾ ਰਹਿੰਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ 13 ਮਈ ਦੀ ਰਾਤ ਨੂੰ ਸੁਖਵਿੰਦਰ ਸਿੰਘ, ਉਸਦੇ ਪਿਤਾ, ਉਸਦੇ ਦੋਸਤ ਕਰਮਜੀਤ ਸਿੰਘ ਅਤੇ ਕੁਝ ਅਣਪਛਾਤੇ ਸਾਥੀਆਂ ਨਾਲ ਮਿਲਕੇ ਉਸ ਨੂੰ ਮਾਰਨ ਦੀ ਨੀਅਤ ਨਾਲ ਅਗਵਾ ਕਰਕੇ ਲੈ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਮੁਲਜ਼ਮ ਪਹਿਲਾਂ ਵਿਆਹਿਆ ਹੋਇਆ ਸੀ ਅਤੇ ਹੁਣ ਯਸ਼ਇੰਦਰ ਉਤੇ ਵਿਆਹ ਦਾ ਦਬਾਅ ਬਣਾ ਰਿਹਾ ਸੀ। ਇਸ ਸਬੰਧੀ ਯਸ਼ਇੰਦਰ ਨੇ ਮਨ੍ਹਾਂ ਕਰ ਦਿੱਤਾ। ਇਸ ਗੱਲ ਦਾ ਬਦਲਾ ਲੈਣ ਲਈ ਉਸ ਨੂੰ ਅਗਵਾ ਕੀਤਾ ਗਿਆ। ਦੂਜੇ ਪਾਸੇ ਥਾਣਾ ਜਮਾਲਪੁਰ ਦੇ ਇੰਚਾਰਜ ਨੇ ਕਿਹਾ ਕਿ ਨੀਲੋ ਨਹਿਰ ਵਿਚੋਂ ਲਾਸ਼ ਮਿਲਣ ਦੀ ਖਬਰ ਮਿਲੀ ਸੀ। ਪੁਲਿਸ ਮੌਕੇ ਉਤੇ ਪਹੁੰਚੀ ਅਤੇ ਲਾਸ਼ ਦੀ ਪਹਿਚਾਣ ਲਈ ਪਰਿਵਾਰ ਨੂੰ ਬੁਲਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਗਰਮੀ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਉਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਗਰਮੀ ਤੋਂ ਬਚਾਅ ਲਈ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਖਰੜ ‘ਚ ਹਾਈਕੋਰਟ ਦੇ ਵਕੀਲ ਗਗਨਦੀਪ ਜੰਮੂ ਦੀ ਗੱਡੀ ‘ਤੇ ਚਲਾਈ ਗੋਲੀ

ਮੋਹਾਲੀ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਗਗਨਦੀਪ ਜੰਮੂ ਦੀ ਗੱਡੀ ਉਤੇ ਖਰੜ ਵਿਖੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ। ਐਡਵੋਕੇਟ ਗਗਨਦੀਪ ਜੰਮੂ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਹਨ ਅਤੇ ਸੀਨੀਅਰ ਪੱਤਰਕਾਰ ਬਲਵਿੰਦਰ ਜੰਮੂ ਦੇ ਪੁੱਤਰ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਐਡਵੋਕੇਟ ਗਗਨਦੀਪ ਜੰਮੂ ਆਪਣੀ ਇਨੋਵਾ ਐਸ.ਯੂ.ਵੀ. ਗੱਡੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਅਣਪਛਾਤੇ ਹਮਲਾਵਰਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ਦੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਾਈਮ ਏਸ਼ੀਆ ਦੇ ਸੀਨੀਅਰ ਪੱਤਰਕਾਰ ਜਤਿੰਦਰ ਪੰਨੂ ਨੇ ਇਸ ਘਟਨਾ ਦੀ ਨਿਖੇਧੀ ਕਰਦੇ ਹੋਏ ਹਮਲਾਵਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਇਸ ਕਾਇਰਾਨਾ ਅਤੇ ਘਿਨਾਉਣੇ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਬਾਰ ਐਸੋਸੀਏਸ਼ਨ ਦੇ ਮੌਜੂਦਾ ਸਕੱਤਰ ਪਰਮਪ੍ਰੀਤ ਸਿੰਘ ਬਾਜਵਾ (ਹੈਰੀ) ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ “ਇਹ ਹਮਲਾ ਸਿਰਫ਼ ਇੱਕ ਵਕੀਲ ‘ਤੇ ਨਹੀਂ, ਸਗੋਂ ਸਮੁੱਚੇ ਕਾਨੂੰਨੀ ਭਾਈਚਾਰੇ ਦੀ ਮਰਿਆਦਾ, ਆਜ਼ਾਦੀ ਅਤੇ ਨਿਡਰਤਾ ਨਾਲ ਕੰਮ ਕਰਨ ਦੇ ਅਧਿਕਾਰ ‘ਤੇ ਸਿੱਧਾ ਹਮਲਾ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਹਮਲੇ ਵਿੱਚ  ਗਗਨਦੀਪ ਜੰਮੂ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਸਮੁੱਚਾ ਬਾਰ ਭਾਈਚਾਰਾ ਇਸ ਮੁਸ਼ਕਿਲ ਘੜੀ ਵਿੱਚ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹਾ ਹੈ।” ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਵਕੀਲਾਂ ਲਈ ਢੁਕਵੀਂ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਬਾਰ ਦੇ ਮੈਂਬਰ ਬਿਨਾਂ ਕਿਸੇ ਡਰ ਜਾਂ ਭੈਅ ਦੇ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾ ਸਕਣ। ਫ਼ਿਲਹਾਲ ਕੁਰਾਲੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ fir ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਪਰ ਸਵਾਲ ਹੈ ਕਿ ਆਖ਼ਿਰ ਵਕੀਲ ਨੂੰ ਨਿਸ਼ਾਨਾ ਕਿਉਂ ਬਣਾਇਆ ਗਿਆ ਅਤੇ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਹੀ ਰੇਕੀ ਕਰਕੇ ਜੰਮੂ ਨੂੰ ਟਾਰਗੇਟ ਕੀਤਾ ਗਿਆ। ਸ਼ਿਕਾਇਤ ਤੋਂ ਬਾਅਦ, ਮੋਹਾਲੀ ਪੁਲਿਸ ਨੇ ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 109 (ਕਤਲ ਦੀ ਕੋਸ਼ਿਸ਼) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਹੈ।

ਅਵਾਰਾ ਕੁੱਤਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਸਖ਼ਤ ਨਿਰਦੇਸ਼, ਕੁੱਤਾ ਪ੍ਰੇਮੀਆਂ ਦੀ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਅਵਾਰਾ ਕੁੱਤਿਆਂ ਦੇ ਗੰਭੀਰ ਮੁੱਦੇ ‘ਤੇ ਆਪਣਾ ਅਹਿਮ ਫੈਸਲਾ ਸੁਣਾਇਆ। ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਨੂੰ ਜਨਤਕ ਥਾਵਾਂ ਤੋਂ ਬਾਹਰ ਰੱਖਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਕੁੱਤਾ ਪ੍ਰੇਮੀਆਂ ਵੱਲੋਂ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ। ਸੁਪਰੀਮ ਕੋਰਟ ਨੇ ਕਿਹਾ ਕਿ ਆਵਾਰਾ ਕੁੱਤੇ ਬੱਚਿਆਂ, ਬਜ਼ੁਰਗਾਂ ਨੂੰ ਵੱਢ ਰਹੇ ਹਨ, ਅਸੀਂ ਅੱਖਾਂ ਮੀਟ ਕੇ ਨਹੀਂ ਰਹਿ ਸਕਦੇ। ਜ਼ਿਕਰਯੋਗ ਹੈ ਕਿ ਅਦਾਲਤ ਨੇ ਲੰਬੀ ਅਤੇ ਵਿਆਪਕ ਸੁਣਵਾਈ ਤੋਂ ਬਾਅਦ ਲੰਘੀ 29 ਜਨਵਰੀ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਵਿੱਚ ਜਾਨਵਰ ਪ੍ਰੇਮੀਆਂ ਅਤੇ ਜਨਤਕ ਸੁਰੱਖਿਆ ਨਾਲ ਜੁੜੀਆਂ ਸਾਰੀਆਂ ਧਿਰਾਂ ਨੂੰ ਸੁਣਿਆ ਗਿਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਜਨਤਕ ਥਾਵਾਂ ਜਿਵੇਂ ਹਸਪਤਾਲ, ਸਟੇਸ਼ਨ, ਵਿਦਿਅਕ ਸੰਸਥਾਵਾਂ ਤੋਂ ਅਵਾਰਾ ਕੁੱਤੇ ਅਤੇ ਹਾਈਵੇਅ ਤੋਂ ਅਵਾਰਾ ਪਸ਼ੂ ਹਟਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਸਨ। ਪਹਿਲਾਂ 11 ਅਗਸਤ ਨੂੰ ਅਦਾਲਤ ਨੇ ਦਿੱਲੀ-ਐਨਸੀਆਰ ਦੇ ਸਾਰੇ ਅਵਾਰਾ ਕੁੱਤਿਆਂ ਨੂੰ ਸ਼ੈਲਟਰ ਹੋਮ ਭੇਜਣ ਦਾ ਹੁਕਮ ਦਿੱਤਾ ਸੀ, ਜਿਸਦਾ ਜਾਨਵਰ ਪ੍ਰੇਮੀਆਂ ਨੇ ਭਾਰੀ ਵਿਰੋਧ ਕੀਤਾ। ਇਸ ਤੋਂ ਬਾਅਦ ਤਿੰਨ ਜੱਜਾਂ ਦੀ ਬੈਂਚ ਨੇ ਹੁਕਮ ਸੋਧ ਕੇ ਸਿਰਫ਼ ‘ਖ਼ਤਰਨਾਕ’ ਕੁੱਤਿਆਂ ਨੂੰ ਸ਼ੈਲਟਰ ਹੋਮ ਰੱਖਣ ਅਤੇ ਬਾਕੀਆਂ ਦੀ ਨਸਬੰਦੀ ਕਰਕੇ ਵਾਪਸ ਛੱਡਣ ਦੀ ਗੱਲ ਕਹੀ। ਮਾਮਲਾ ਉਦੋਂ ਹੋਰ ਵੱਡਾ ਹੋ ਗਿਆ ਜਦੋਂ ਸੁਪਰੀਮ ਕੋਰਟ ਨੇ ਇਸ ਸੁਣਵਾਈ ਦਾ ਦਾਇਰਾ ਪੂਰੇ ਦੇਸ਼ ਵਿੱਚ ਵਧਾ ਦਿੱਤਾ ਅਤੇ 7 ਨਵੰਬਰ 2025 ਨੂੰ ਹਸਪਤਾਲਾਂ, ਸਕੂਲਾਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫ਼ਤਰਾਂ ਤੋਂ ਕੁੱਤਿਆਂ ਨੂੰ ਅਤੇ ਹਾਈਵੇਅ ਤੋਂ ਅਵਾਰਾ ਗਾਵਾਂ-ਬਲਦਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ।

ਪਟਿਆਲਾ ‘ਚ ਸਰਕਾਰੀ ਕਾਲਜ ਦੇ ਵਿਦਿਆਰਥੀ ਦਾ ਕਤਲ

ਪਟਿਆਲਾ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪਟਿਆਲਾ ਦੀ ਨਿਊ ਲਾਲ ਬਾਗ ਕਾਲੋਨੀ ਵਿੱਚ ਪੀਜੀ ‘ਚ ਰਹਿ ਰਹੇ ਸਰਕਾਰੀ ਮੈਡੀਕਲ ਕਾਲਜ ਦੇ ਸੈਕਿੰਡ ਈਅਰ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਮਲ ਮਿੱਤਲ ਵਾਸੀ ਬਰੇਟਾ ਮਾਨਸਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਕਮਲ ਮਿੱਤਲ ਸਵੇਰ ਦਾ ਫੋਨ ਨਹੀਂ ਚੱਕ ਰਿਹਾ ਸੀ, ਜਦੋਂ ਪਰਿਵਾਰ ਨੇ ਆ ਕੇ ਦੇਖਿਆ ਤਾਂ ਉਸ ਦੀ ਲਾਸ਼ ਫਰਸ ‘ਤੇ ਪਈ ਮਿਲੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਨੇੜੇ ਦੇ ਸੀਸੀਟੀਵੀ ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ, ਜਿਸ ‘ਚ ਸਾਹਮਣੇ ਆਇਆ ਕਿ ਇੱਕ ਵਿਅਕਤੀ ਲਹੁ-ਲੁਹਾਨ ਹਾਲਤ ਵਿਚ ਜਾ ਰਿਹਾ ਸੀ। ਜਾਣਕਾਰੀ ਮੁਤਾਬਕ ਇਸ ਪੀਜੀ ‘ਚ ਲਗਭਗ ਚਾਰ ਵਿਦਿਆਰਥੀ ਰਹਿੰਦੇ ਸਨ। ਕਮਲ ਮਿੱਤਲ ਦੀ ਗਰਦਨ ‘ਤੇ ਤਿੰਨ ਵਾਰ ਕੀਤੇ ਗਏ ਸਨ, ਜਿਸ ਨਾਲ ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਬਾਕੀ ਸਾਰੇ ਵਿੰਗਾਂ ਦੀ ਸਹਾਇਤਾ ਨਾਲ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਕਾਤਲ ਨੂੰ ਲੱਭ ਕੇ ਉਸ ਨੂੰ ਸਖਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, 4 ਨੌਜਵਾਨਾਂ ਦੀ ਮੌਤ

ਗੁਰਦਾਸਪੁਰ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਗੁਰਦਾਸਪੁਰ ਵਿੱਚ ਅੱਜ ਵਾਪਰੇ ਭਿਆਨਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤੇ ਉਤੇ ਮੌਤ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ਉਤੇ ਇਕ ਅਲਟੋ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪਠਾਨਕੋਟ ਦੇ ਰਹਿਣ ਵਾਲੇ ਨੋਜਵਾਨ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਗੁਰਦਾਸਪੁਰ-ਬਟਾਲਾ ਰੋਡ ਉਤੇ ਨੌਸ਼ਹਰਾ ਮਝਾ ਸਿੰਘ ਦੇ ਨੇੜੇ ਕਾਰ ਹਾਦਸਾ ਦੇ ਸਿਕਾਰ ਹੋ ਗਈ। ਜਿਸ ਵਿੱਚ ਸਾਰੇ ਨੋਜਵਾਨਾਂ ਦੀ ਮੌਕੇ ਉਤੇ ਮੌਤ ਹੋ ਗਈ।

ਜਲੰਧਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਮਾਮਲਾ ਦਰਜ

ਜਲੰਧਰ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜਲੰਧਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਾਕਰੀ ਅਨੁਸਾਰ ਬਸਤੀ ਬਾਵਾ ਖੇਲ ਖੇਤਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ ਹਨ। ਇਸ ਤੋਂ ਬਾਅਦ ਜਦੋਂ ਹੀ ਸਿੱਖ ਸੰਗਤ ਨੂੰ ਇਸ ਸਬੰਧੀ ਪਤਾ ਲੱਗਾ ਤਾਂ ਲੋਕਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਸਬੰਧਤ ਥਾਣਾ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਬੇਅਦਬੀ ਵਿਰੋਧੀ ਕਾਨੂੰਨ 2026 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

PM ਦੇ ਤੇਲ ਬਚਾਓ ਦੇ ਸੱਦੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਸਾਈਕਲ ਦਾ ਮਾਰਿਆ ਪੈਡਲ

ਚੰਡੀਗੜ੍ਹ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਤੇਲ ਬਚਾਉਣ ਦੇ ਦਿੱਤੇ ਸੱਦੇ ਤੋਂ ਬਾਅਦ ਭਾਜਪਾ ਦੇ ਮੁੱਖ ਮੰਤਰੀ, ਮੰਤਰੀ ਤੇ ਹੋਰ ਅਹੁਦੇਦਾਰ ਸਾਈਕਲਾਂ ਉਤੇ ਸਵਾਰ ਹੋ ਰਹੇ ਹਨ। ਹੁਣ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਈਕਲ ਨੂੰ ਪੈਡਲ ਮਾਰਿਆ ਹੈ। ਅੱਜ ਨਾਇਬ ਸਿੰਘ ਸੈਣੀ ਸਾਈਕਲ ਉਤੇ ਸਵਾਰ ਹੋ ਕੇ ਸਵੇਰੇ ਸੁਖਨਾ ਝੀਲ ਪਹੁੰਚੇ। ਝੀਲ ਉਤੇ ਪਹੁੰਚ ਕੇ ਉਨ੍ਹਾਂ ਸ਼ੈਰ ਕੀਤੀ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਨੂੰ ਤੰਦਰੁਸਤ ਭਾਰਤ, ਤੰਦਰੁਸਤ ਹਰਿਆਣਾ ਦਾ ਸੰਦੇਸ਼ ਦਿੱਤਾ। ਨਾਇਬ ਸਿੰਘ ਸੈਣੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਉਤੇ ਮਿਲਕੇ ਕੇ ਤੇਲ ਬਚਾਉਣ ਲਈ ਅੱਗੇ ਆਉਣੇ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਹਰਿਆਣਾ ਵਿੱਚ ਆਪਣੀ ਸਰਕਾਰ ਦੇ ਹਿਸਾਬ ਨਾਲ SOPਜਾਰੀ ਕੀਤਾ ਹੈ। ਆਨਲਾਈਨ ਮੀਟਿੰਗਾਂ ਦੇ ਨਾਲ ਨਾਲ ਵਰਕ ਫਰੋਮ ਹੋਮ ਵਰਗੇ ਬਦਲਾਅ ਨੂੰ ਅਪਣਾਉਣ ਦਾ ਫੈਸਲਾ ਕੀਤਾ ਹੈ।

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ : CM ਭਗਵੰਤ ਮਾਨ


ਪਟਨਾ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ ‘ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ “ਅਣਐਲਾਨੇ ਲਾਕਡਾਊਨ” ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ ‘ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ ‘ਤੇ ਖੁਲਾਸਾ ਕਰੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਨਾ ਹੀ ਕਿਸੇ ਨਕਲੀ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਵੇ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਨੂੰਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਖ਼ਤ ਸਜ਼ਾ ਯਕੀਨੀ ਬਣਾ ਕੇ ਦੁਨੀਆ ਭਰ ਦੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।

*ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਅਸਲ ਆਰਥਿਕ ਸਥਿਤੀ ਬਾਰੇ ਸਭ ਨੂੰ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾ ਦਿੱਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਪਾਬੰਦੀਆਂ ਦੇ ਨਤੀਜੇ ਪੂਰੇ ਦੇਸ਼ ਨੂੰ ਭੁਗਤਣੇ ਪੈ ਰਹੇ ਹਨ, ਜਦੋਂ ਕਿ ਕੇਂਦਰ ਲੋਕਾਂ ਤੋਂ ਦੇਸ਼ ਦੀ ਆਰਥਿਕਤਾ ਦੇ ਅਸਲ ਹਾਲਾਤ ਲੁਕਾ ਰਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦਾ ਜਨਤਕ ਤੌਰ ‘ਤੇ ਖੁਲਾਸਾ ਕਰਨਾ ਚਾਹੀਦਾ ਹੈ ਤਾਂ ਜੋ ਨਾਗਰਿਕ ਦੇਸ਼ ਦੀ ਅਸਲ ਸਥਿਤੀ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਰਥਿਕ ਸਥਿਤੀ ਬਾਰੇ ਸੱਚ ਜਾਣਨ ਦਾ ਹੱਕ ਹੈ। ਕੇਂਦਰ ਨੂੰ ਤੱਥ ਲੁਕਾਉਣ ਦੀ ਬਜਾਏ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਬਾਰੇ ਪੂਰੀ ਜਾਣਕਾਰੀ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ।”

*ਕੇਂਦਰ ਮਹਿੰਗਾਈ ਦੇ ਬੋਝ ਨੂੰ ਜਾਇਜ਼ ਠਹਿਰਾਉਣ ਲਈ ਵਿਸ਼ਵ ਪੱਧਰ ‘ਤੇ ਬਣੇ ਹਾਲਾਤ ਨੂੰ ਢਾਲ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਵੱਖ-ਵੱਖ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਰਫ ਦਿਖਾਉਣ ਲਈ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ, ਪਰ ਚੋਣਾਂ ਖਤਮ ਹੁੰਦੇ ਸਾਰ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ, ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਖਾੜੀ ਦੇਸ਼ਾਂ ਵਿੱਚ ਜੰਗ ਦੇ ਬਹਾਨੇ ਨਾਲ ਵਾਰ-ਵਾਰ ਬਾਲਣ ਦੀਆਂ ਕੀਮਤਾਂ ਵਿੱਚ ਵਾਧੇ ਰਾਹੀਂ ਲੋਕਾਂ ਨੂੰ ਮਹਿੰਗਾਈ ਦੇ ਬੋਝ ਹੇਠ ਦੱਬਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਅਤੇ ਵਿਦੇਸ਼ ਨੀਤੀ ਬਾਰੇ ਨਹੀਂ ਦੱਸ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਦੋਸਤ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ।

*ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੌਰਾਨ ਨਾਗਰਿਕਾਂ ’ਤੇ ਪਾਬੰਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਨਾਗਰਿਕਾਂ ’ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਤਾਂ ਵਿਦੇਸ਼ ਯਾਤਰਾ ਵਿੱਚ ਮਸਰੂਫ਼ ਹਨ ਪਰ ਲੋਕਾਂ ਨੂੰ ਵਿਦੇਸ਼ ਯਾਤਰਾ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਜੀਬ ਹਾਲਾਤ ਵਿੱਚੋਂ ਲੰਘ ਰਿਹਾ ਹੈ, ਜਿੱਥੇ ‘ਵਰਕ ਫਰਾਮ ਹੋਮ ’ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਰ ਅਸਲ ਸੱਚਾਈ ਲੋਕਾਂ ਤੋਂ ਲੁਕਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੇਤਾਵਾਂ ਦੇ ਆਪਹੁਦਰੇਪਣ ਕਾਰਨ ਲੋਕਾਂ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਸ ਸਥਿਤੀ ਨੂੰ ਬਹੁਤ ਗ਼ੈਰ-ਵਾਜਿਬ ਕਰਾਰ ਦਿੱਤਾ।

*ਆਪ ਵਲੰਟੀਅਰਾਂ ਨੂੰ ਪੰਜਾਬ ਵਿੱਚ ਐਸ.ਆਈ.ਆਰ. ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐਸ.ਆਈ.ਆਰ.) ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਕਿਰਿਆ 15 ਜੂਨ ਤੋਂ ਸੂਬੇ ਵਿੱਚ ਸ਼ੁਰੂ ਹੋਵੇਗੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਵਲੰਟੀਅਰਾਂ ਨੂੰ ਇਸ ਪ੍ਰਕਿਰਿਆ ਦੌਰਾਨ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਨਾ ਤਾਂ ਅਸਲੀ ਵੋਟਰਾਂ ਨੂੰ ਹਟਾਉਣ ਦਿੱਤਾ ਜਾਵੇਗਾ ਅਤੇ ਨਾ ਹੀ ਪੰਜਾਬ ਵਿੱਚ ਜਾਅਲੀ ਵੋਟਰਾਂ ਨੂੰ ਜੋੜਨ ਦੀ ਇਜਾਜ਼ਤ ਦਿੱਤੀ ਜਾਵੇਗੀ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਜਾਅਲੀ ਵੋਟਰਾਂ ਨੂੰ ਜੋੜਦੇ ਸਮੇਂ ਅਸਲੀ ਵੋਟਰਾਂ ਦੇ ਨਾਮ ਹਟਾਉਣ ਦੀ ਆਦਤ ਬਣ ਗਈ ਹੈ, ਪਰ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਦਾ ਮੂੰਹ ਬੰਦ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਢੁਕਵਾਂ ਜਵਾਬ ਦਿੱਤਾ ਜਾਵੇਗਾ।

*ਭਾਜਪਾ ਕੋਲ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਸੱਤ ਰਾਜ ਸਭਾ ਮੈਂਬਰ ਹੋਣਾ ਲੋਕਤੰਤਰ ਦਾ ਸਿੱਧਾ ਕਤਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੇ ਰਾਸ਼ਟਰਪਤੀ ਨੂੰ ਮਿਲ ਕੇ ਇਨ੍ਹਾਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ, ਪਰ ਇਸ ਦੇ ਬਾਵਜੂਦ ਸੂਬੇ ਤੋਂ ਪਾਰਟੀ ਦੇ ਸੱਤ ਰਾਜ ਸਭਾ ਮੈਂਬਰ ਹੋਣਾ ਸਿੱਧਾ-ਸਿੱਧਾ ਲੋਕਤੰਤਰ ਦਾ ਕਤਲ ਹੈ।

*ਆਪ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਦੀ ਰਾਖੀ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਇੰਨਾ ਸਖ਼ਤ ਕਾਨੂੰਨ ਲਾਗੂ ਕੀਤਾ ਹੈ ਕਿ ਹੁਣ ਕੋਈ ਵੀ ਬੇਅਦਬੀ ਕਰਨ ਬਾਰੇ ਸੋਚਣ ਦੀ ਹਿੰਮਤ ਵੀ ਨਹੀਂ ਕਰ ਸਕੇਗਾ। ਉਨ੍ਹਾਂ ਅੱਗੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਲਾਗੂ ਹੋਣ ਨਾਲ, ਦੁਨੀਆ ਭਰ ਦੇ ਸਿੱਖਾਂ ਦੀ ਚਿਰੋਕਣੀ ਮੰਗ ਆਖਰਕਾਰ ਪੂਰੀ ਹੋ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੀ ਸੰਗਤ ਨੇ ਇਸ ਕਾਨੂੰਨ ਦਾ ਦਿਲੋਂ ਸਵਾਗਤ ਕੀਤਾ ਹੈ, ਜਿਸ ਦਾ ਉਦੇਸ਼ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦੇਣਾ ਹੈ। ਉਨ੍ਹਾਂ ਕਿਹਾ, “ਪਵਿੱਤਰ ਗੁਰਬਾਣੀ ਸਰਬੱਤ ਦੇ ਭਲੇ ਲਈ ਹੈ ਅਤੇ ਇਸ ਦੀ ਪਵਿੱਤਰਤਾ, ਮਾਣ ਅਤੇ ਸਤਿਕਾਰ ਨੂੰ ਬਣਾਈ ਰੱਖਣਾ ਸਾਡਾ ਸਮੂਹਿਕ ਫ਼ਰਜ਼ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਨੂੰ ਇਸ ਦੀ ਅਸਲ ਭਾਵਨਾ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮਾਲੇਰਕੋਟਲਾ ‘ਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਚੰਡੀਗੜ੍ਹ/ਪਟਿਆਲਾ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਇੱਕ ਐਫਆਈਆਰ ਦਰਜ ਹੈ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਸੀਆਈ ਯੂਨਿਟ ਮਾਲੇਰਕੋਟਲਾ ਦੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਸ਼ੱਕੀ ਵਿਅਕਤੀਆਂ – ਨਾਜ਼ਰ ਖਾਨ ਅਤੇ ਰਾਜ ਮੁਹੰਮਦ – ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਲੱਖ ਰੁਪਏ ਦੇ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਦੌਰਾਨ, ਦੋ ਹੋਰ ਮੁਲਜ਼ਮਾਂ – ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਅਤੇ ਆਸਿਫ਼ ਅਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਲੱਖ ਰੁਪਏ ਦੇ ਹੋਰ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ।

ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 159 ਮਿਤੀ 17.05.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 179 ਅਤੇ 180 ਤਹਿਤ ਮਾਲੇਰਕੋਟਲਾ ਦੇ ਥਾਣਾ ਅਮਰਗੜ੍ਹ ਵਿਖੇ ਦਰਜ ਕੀਤੀ ਗਈ ਹੈ।

Category : ਸਿਹਤ