Breaking News
MP ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਾਹਘਾ ਬਾਰਡਰ ਰਾਹੀਂ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਹੈ ਤਾਂ ਜੋ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਰਗੇ ਉੱਤਰੀ ਰਾਜਾਂ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲ ਸਕੇ।

ਮੁੰਬਈ–ਕਰਾਚੀ ਰੂਟ ’ਤੇ ਜਾਰੀ ਕੌਮਾਂਤਰੀ ਵਪਾਰ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਸੰਸਦ ਵਿੱਚ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦਾ ਮਸਲਾ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਉਤਪਾਦਕ ਇਸ ਵਪਾਰ ਦੀ ਬਹਾਲੀ ਦੀ ਉਡੀਕ ਕਰ ਰਹੇ ਹਨ, ਜੋ ਉਨ੍ਹਾਂ ਦੀ ਆਰਥਿਕਤਾ ਨੂੰ ਵੱਡਾ ਬਲ ਦੇਵੇਗੀ।

ਉਹ ਵੀਰਵਾਰ ਨੂੰ ਖਰੜ ਦੇ ਵੱਖ-ਵੱਖ ਪਿੰਡਾਂ ਵਿੱਚ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ (ਐਮ.ਪੀ. ਲੈਡ) ਫੰਡ ਤਹਿਤ ਕਰਵਾਏ ਗਏ ਲਗਪਗ 28.93 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਸਰਕਾਰੀ ਮਾਡਲ ਸਮਾਰਟ ਸਕੂਲ ਜੰਡਪੁਰ ਵਿੱਚ ਨਵੀਂ ਕਲਾਸਰੂਮ ਦੀ ਨਿਰਮਾਣ (5 ਲੱਖ ਰੁਪਏ, ਅਭੇਪੁਰ ਵਿੱਚ ਓਪਨ ਜਿਮ ਦੀ ਸਥਾਪਨਾ (3 ਲੱਖ ਰੁਪਏ),
ਮਿਲਖ ਪਿੰਡ ਵਿੱਚ 25 ਸੌਲਰ ਲਾਈਟਾਂ (2.93 ਲੱਖ ਰੁਪਏ),
ਮਾਣਕਪੁਰ ਸ਼ਰੀਫ ਵਿਖੇ ਦਰਗਾਹ ਨੇੜੇ ਸ਼ੈੱਡ ਦਾ ਨਿਰਮਾਣ (5 ਲੱਖ ਰੁਪਏ), ਲੁਬਾਨਗੜ੍ਹ ਵਿਖੇ ਸਟੇਡੀਅਮ ਵਿੱਚ 28 ਫਲੱਡ ਲਾਈਟਾਂ ਦੀ ਸਥਾਪਨਾ (5 ਲੱਖ ਰੁਪਏ), ਸਿਆਲਬਾ ਵਿੱਚ ਇੰਨਡੋਰ ਜਿਮ ਦਾ ਨਿਰਮਾਣ (3 ਲੱਖ ਰੁਪਏ), ਬਰੌਲੀ ਪਿੰਡ ਵਿੱਚ ਗੁਰਦੁਆਰਾ ਸਾਹਿਬ ਨੇੜੇ ਪਬਲਿਕ ਪਾਰਕਿੰਗ ਦਾ ਵਿਕਾਸ (2 ਲੱਖ ਰੁਪਏ, ਮਾਛੀਪੁਰ ਪਿੰਡ ਵਿੱਚ ਕਮਿਊਨਿਟੀ ਸੈਂਟਰ ਦਾ ਨਿਰਮਾਣ (3 ਲੱਖ ਰੁਪਏ) ਸ਼ਾਮਿਲ ਹਨ।

ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਪ੍ਰਤੀ ਸੰਸਦ ਮੈਂਬਰ 5 ਕਰੋੜ ਰੁਪਏ ਦਾ ਐਮ.ਪੀ. ਲੈਡ ਫੰਡ 1600 ਤੋਂ ਵੱਧ ਪਿੰਡਾਂ ਵਾਲੇ ਆਨੰਦਪੁਰ ਸਾਹਿਬ ਹਲਕੇ ਦੀਆਂ ਵਿਕਾਸੀ ਲੋੜਾਂ ਨੂੰ ਪੂਰਾ ਕਰਨ ਲਈ ਕਾਫੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਹੋਰ ਸੰਸਦ ਮੈਂਬਰਾਂ ਨਾਲ ਮਿਲ ਕੇ ਇਹ ਮਸਲਾ ਲੋਕ ਸਭਾ ਦੇ ਸਪੀਕਰ ਕੋਲ ਉਠਾ ਚੁੱਕੇ ਹਨ ਅਤੇ ਫੰਡ ਵਿੱਚ ਵਾਧੇ ਦੀ ਮੰਗ ਕੀਤੀ ਹੈ।

ਇਸ ਤੋਂ ਪਹਿਲਾਂ ਸਰਕਾਰੀ ਮਾਡਲ ਸਮਾਰਟ ਸਕੂਲ ਜੰਡਪੁਰ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੂੰ ਉੱਚੇ ਟੀਚੇ ਰੱਖਣ ਅਤੇ ਮਿਹਨਤ ਨਾਲ ਉਨ੍ਹਾਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਡਾ. ਮਨਮੋਹਨ ਸਿੰਘ, ਡਾ. ਏ.ਪੀ.ਜੇ. ਅਬਦੁਲ ਕਲਾਮ, ਹਾਕੀ ਓਲੰਪਿਅਨ ਬਲਬੀਰ ਸਿੰਘ ਸੀਨੀਅਰ ਅਤੇ ਪਰਗਟ ਸਿੰਘ ਦੀਆਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਇਹ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਹੇ ਹਨ, ਜੋ ਇਨ੍ਹਾਂ ਸੰਸਥਾਵਾਂ ਦੀ ਸਮਰੱਥਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਹੁਤ ਹੀ ਹੋਣਹਾਰ ਹੁੰਦੇ ਹਨ ਅਤੇ ਉਨ੍ਹਾਂ ਨੂੰ ਕਦੇ ਵੀ ਘੱਟ ਨਹੀਂ ਕਿਆਸਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਕੰਗ ਨੇ ਕਿਹਾ ਕਿ ਐਮ.ਪੀ. ਲੈਡ ਫੰਡ ਦੀ ਵਰਤੋਂ ਦੌਰਾਨ ਉਨ੍ਹਾਂ ਦਾ ਮੁੱਖ ਧਿਆਨ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਜਿਮਾਂ ਦੀ ਸਥਾਪਨਾ ਰਾਹੀਂ ਨੌਜਵਾਨਾਂ ਅਤੇ ਲੋਕਾਂ ਲਈ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਆਨੰਦਪੁਰ ਸਾਹਿਬ ਹਲਕੇ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਕਬੱਡੀ ਅਤੇ ਬਾਸਕਟਬਾਲ ਸਟੇਡੀਅਮ ਬਣਵਾਉਣ ਲਈ ਯਤਨ ਕਰਨਗੇ।

ਇਸ ਮੌਕੇ ਸਕੂਲ ਸਟਾਫ, ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰ ਅਤੇ ਸਰਪੰਚ, ਪ੍ਰਮੁੱਖ ਵਿਅਕਤੀ ਅਤੇ ਸਥਾਨਕ ਆਗੂ ਵੀ ਹਾਜ਼ਰ ਸਨ।

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਚੰਡੀਗੜ੍ਹ/ਹੁਸ਼ਿਆਰਪੁਰ/ਗੜਸ਼ੰਕਰ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ ਵਿਖੇ ਮੌਕੇ ਦੀ ਸਥਿਤੀ ਦਾ ਅਨੁਮਾਨ ਲਗਾਇਆ ਅਤੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਹੋਣੇ ਯਕੀਨੀ ਬਣਾਏ ਗਏ ਹਨ।

ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਤੋਲ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫਸਲ ਦੀ ਸਮੇਂ-ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦੇ ਕਰਮਚਾਰੀ ਅਤੇ ਇਲਾਕੇ ਦੇ ਆਗੂ ਵੀ ਮੌਜੂਦ ਸਨ।

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮੋਹਿੰਦਰ ਭਗਤ

ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਕਾਰਜਾਂ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਭਗਤ ਨੇ ਜ਼ੋਰ ਦੇ ਕੇ ਕਿਹਾ ਕਿ ਲੰਬਿਤ ਮਾਮਲਿਆਂ ਦੇ ਤਰੁੰਤ, ਵਧੇਰੇ ਕੁਸ਼ਲ ਅਤੇ ਪੂਰੀ ਪਾਰਦਰਸ਼ਤਾ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਰੇਕ ਕੇਸ ਦੀ ਸਥਿਤੀ ਬਾਰੇ ਸੂਚੀ ਵਿੱਚ ਸਪੱਸ਼ਟ ਅਤੇ ਸਹੀ ਢੰਗ ਨਾਲ ਜਾਣਕਾਰੀ ਦਰਜ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ‘ਚ ਖਾਲੀ ਅਸਾਮੀਆਂ ‘ਤੇ ਭਰਤੀ ਅਤੇ ਬਜਟ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਪ੍ਰਤੀ ਪੂਰਾ ਸਤਿਕਾਰ ਰੱਖਦੀ ਹੈ।

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ‘ਚ 23,000 ਤੋਂ ਵੱਧ ਗ੍ਰਿਫਤਾਰੀਆਂ : ਬਲਤੇਜ ਪੰਨੂ

ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’, ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀਆਂ ਹਨ।

ਗੈਂਗਸਟਰ ਵਿਰੋਧੀ ਮੁਹਿੰਮ ਦੀ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਾਂ ਤੇ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ ਅਤੇ ਇਕੱਲੇ 92ਵੇਂ ਦਿਨ ਹੀ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 4 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 23,140 ਤੱਕ ਪਹੁੰਚ ਗਈ ਹੈ, ਜਦਕਿ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ 79 ਵਿਅਕਤੀਆਂ ਵਿੱਚੋਂ 61 ਨੂੰ ਪੂਰੀ ਜਾਂਚ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।

ਮੁਹਿੰਮ ਵਿੱਚ ਜਨਤਕ ਭਾਗੀਦਾਰੀ ‘ਤੇ ਜ਼ੋਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋੜੀਂਦੇ ਗੈਂਗਸਟਰਾਂ ਬਾਰੇ ਜਾਣਕਾਰੀ ਮੰਗਣ ਲਈ ਜਨਤਕ ਅਪੀਲ ਕੀਤੀ ਸੀ ਅਤੇ ਨਾਗਰਿਕਾਂ ਨੇ ਇਸ ਦਾ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਸਮਰਪਿਤ ਹੈਲਪਲਾਈਨ ਨੰਬਰ 93946-93946 ਸਥਾਪਤ ਕੀਤਾ ਗਿਆ ਹੈ, ਜਿੱਥੇ ਲੋਕ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਂਦੀ ਹੈ।

ਨਸ਼ਾ ਵਿਰੋਧੀ ਮੁਹਿੰਮ ਬਾਰੇ ਗੱਲ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ 417ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ 417ਵੇਂ ਦਿਨ ਪੰਜਾਬ ਪੁਲਿਸ ਨੇ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 60,000 ਨੂੰ ਪਾਰ ਕਰ ਗਈ ਹੈ, ਜੋ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਦੋਵਾਂ ਮੁਹਿੰਮਾਂ ਦੀ ਸਫਲਤਾ ਦਾ ਸਿਹਰਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨੇ ਇਨ੍ਹਾਂ ਮੁਹਿੰਮਾਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੁਹਰਾਇਆ ਕਿ ਇਹ ਮੁਹਿੰਮਾਂ ਉਦੋਂ ਤੱਕ ਪੂਰੀ ਤਾਕਤ ਨਾਲ ਜਾਰੀ ਰਹਿਣਗੀਆਂ ਜਦੋਂ ਤੱਕ ਪੰਜਾਬ ਨਸ਼ਿਆਂ ਅਤੇ ਸੰਗਠਿਤ ਅਪਰਾਧ ਦੀ ਲਾਹਣਤ ਤੋਂ ਮੁਕਤ ਨਹੀਂ ਹੋ ਜਾਂਦਾ।

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਐਸਏਐਸ ਨਗਰ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੂਬੇ ਵਿੱਚ ਉਦਯੋਗਿਕ ਕਾਮਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਅਧੀਨ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।

ਬੋਰਡ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਡੀ ਗਿਣਤੀ ਵਿੱਚ ਯੋਗ ਕਾਮੇ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਕਸਰ ਕਾਮਿਆਂ ਨੂੰ ਉਨ੍ਹਾਂ ਲਈ ਉਪਲਬਧ ਭਲਾਈ ਸਕੀਮਾਂ ਤੋਂ ਲਾਭ ਲੈਣ ਵਿੱਚ ਅੜਿੱਕਾ ਬਣਦੀ ਹੈ।

ਸਕੀਮਾਂ ਦੇ ਦਾਇਰੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕਿਰਤ ਭਲਾਈ ਫੰਡ ਐਕਟ, 1965 ਅਧੀਨ ਆਉਂਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਉਦਯੋਗਿਕ ਕਾਮੇ ਬੋਰਡ ਵੱਲੋਂ ਦਿੱਤੇ ਜਾਂਦੇ ਲਾਭ ਪ੍ਰਾਪਤ ਕਰਨ ਦੇ ਯੋਗ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀਆਂ ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਸਮੇਤ ਜੀਵਨ ਦੇ ਵੱਖ-ਵੱਖ ਪਹਿਲੂਆਂ ਵਿੱਚ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਚਲਾਈ ਗਈਆਂ ਹਨ।

ਬੋਰਡ ਵੱਲੋਂ ਚਲਾਈ ਗਈਆਂ ਸਕੀਮਾਂ ਵਿੱਚ ਡਾਕਟਰੀ ਇਲਾਜ ਅਤੇ ਜਨਰਲ ਸਰਜਰੀਆਂ ਲਈ ਵਿੱਤੀ ਸਹਾਇਤਾ, ਐਕਸ-ਗ੍ਰੇਸ਼ੀਆ ਗ੍ਰਾਂਟ, ਅੰਤਿਮ ਸੰਸਕਾਰ ਦੇ ਖਰਚੇ, ਐਲ.ਟੀ.ਸੀ., ਜਣੇਪਾ ਲਾਭ ਅਤੇ ਮਾਨਸਿਕ ਜਾਂ ਸਰੀਰਕ ਅਪੰਗਤਾ ਵਾਲੇ ਕਾਮਿਆਂ ਲਈ ਸਹਾਇਤਾ ਸ਼ਾਮਲ ਹੈ। ਇਸ ਤੋਂ ਇਲਾਵਾ ਕਾਮੇ ਹੋਰਨਾਂ ਸਕੀਮਾਂ ਦਾ ਲਾਭ ਵੀ ਲੈ ਸਕਦੇ ਹਨ, ਜਿਨ੍ਹਾਂ ਵਿੱਚ ਸ਼ਗਨ ਸਕੀਮ, ਐਨਕਾਂ ਲਗਵਾਉਣ ਸਬੰਧੀ ਸਹਾਇਤਾ, ਦੰਦਾਂ ਦੀ ਦੇਖਭਾਲ ਅਤੇ ਸੁਣਨ- ਯੰਤਰਾਂ ਲਈ ਸਹਾਇਤਾ ਦੇ ਨਾਲ-ਨਾਲ ਸਿੱਖਿਆ ਅਤੇ ਅਪੰਗਤਾ ਮੁਆਵਜ਼ੇ ਲਈ ਵਜ਼ੀਫ਼ਾ ਸਕੀਮਾਂ ਸ਼ਾਮਲ ਹਨ।

ਮੰਤਰੀ ਨੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹਰੇਕ ਯੋਗ ਕਾਮੇ ਤੱਕ ਭਲਾਈ ਸਕੀਮਾਂ ਦੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇ ਅਤੇ ਲੋੜ ਸਮੇਂ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਾਗਰੂਕਤਾ ਕੈਂਪ ਅਤੇ ਆਸਾਨ ਅਰਜ਼ੀ ਪ੍ਰਕਿਰਿਆਵਾਂ ਸਮੇਤ ਸਰਗਰਮ ਉਪਾਅ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਇਨ੍ਹਾਂ ਸਕੀਮਾਂ ਦੇ ਦਾਇਰੇ ਅਤੇ ਪ੍ਰਭਾਵ ਨੂੰ ਹੋਰ ਵਡੇਰਾ ਕੀਤਾ ਜਾ ਸਕੇ।

ਪੰਜਾਬ ਸਰਕਾਰ ਆਪਣੇ ਵਿਕਾਸ ਏਜੰਡੇ ਦੇ ਇੱਕ ਅਹਿਮ ਹਿੱਸੇ ਵਜੋਂ ਕਿਰਤ ਭਲਾਈ ਨੂੰ ਤਰਜੀਹ ਦੇ ਰਹੀ ਹੈ, ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਉਦਯੋਗਿਕ ਕਾਮਿਆਂ ਨੂੰ ਲੋੜੀਂਦੀ ਸਹਾਇਤਾ ਅਤੇ ਉਨ੍ਹਾਂ ਦਾ ਬਣਦਾ ਸਨਮਾਨ ਦਿੱਤਾ ਜਾ ਸਕੇ।

ਇਸ ਮੌਕੇ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਇੰਡਸਟਰੀ ਤੇ ਕਾਮਰਸ ਵਿਭਾਗ ਦੇ ਸਕੱਤਰ ਮਹਿੰਦਰਪਾਲ, ਕਿਰਤ ਕਮਿਸ਼ਨਰ- ਕਮ -ਭਲਾਈ ਕਮਿਸ਼ਨਰ, ਪੰਜਾਬ ਰਾਜੀਵ ਕੁਮਾਰ ਗੁਪਤਾ, ਮੈਂਬਰ ਬਲਦੇਵ ਬਲਖੰਡੀ ਸਮੇਤ ਕਈ ਹੋਰ ਪਤਵੰਤੇ ਵੀ ਮੌਜੂਦ ਸਨ।

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਭਰ ਵਿੱਚ ਹੜ੍ਹ ਰੋਕੂ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਖਣਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਫ਼ਲਾਇੰਗ ਸਕੁਐਡ ਬਣਾਉਣ ਦੇ ਹੁਕਮ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਵੱਧ ਤੋਂ ਵੱਧ ਵਪਾਰਕ ਮਾਈਨਿੰਗ ਸਾਈਟਾਂ ਚਾਲੂ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਰੇਤ-ਬਜਰੀ ਜਿਹੇ ਖਣਿਜ ਪਦਾਰਥਾਂ ਦੀ ਸਪਲਾਈ ਵਿੱਚ ਸੁਧਾਰ ਹੋ ਸਕੇ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਆਧੁਨਿਕ ਪ੍ਰਬੰਧਨ ਪ੍ਰਣਾਲੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਤੁਰੰਤ ਨਿਗਰਾਨੀ ਅਤੇ ਕੰਟਰੋਲ ਲਈ ਆਧੁਨਿਕ ਸਾਫ਼ਟਵੇਅਰ ਦੇ ਉਪਯੋਗ ਦੀ ਹਦਾਇਤ ਵੀ ਦਿੱਤੀ।

ਜਲ ਸਰੋਤ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਦਾਇਤ ਕੀਤੀ ਕਿ ਸਾਰੇ ਹੜ੍ਹ ਰੋਕਥਾਮ ਕਾਰਜ 30 ਜੂਨ ਤੋਂ ਪਹਿਲਾਂ ਪੂਰੇ ਕੀਤੇ ਜਾਣ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸੰਕਟਕਾਲੀ ਸਥਿਤੀ ਨੂੰ ਟਾਲ਼ਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰੀ ਪਾਣੀ ਅਧੀਨ ਸਿੰਜਾਈ ਖੇਤਰ ਦੇ ਮੌਜੂਦਾ 78 ਫ਼ੀਸਦੀ ਘੇਰੇ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਈ ਜਾ ਸਕੇ।

ਕੈਬਨਿਟ ਮੰਤਰੀ ਨੇ ਵਿਭਾਗ ਨੂੰ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਚੱਲ ਰਹੇ ਨਹਿਰੀ ਪਾਣੀ ਦੀ ਵਰਤੋਂ ਸਬੰਧੀ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਪਾਣੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੇਮ-ਪ੍ਰਭਾਵਿਤ ਜ਼ਮੀਨਾਂ ਦੇ ਸੁਧਾਰ ਸਬੰਧੀ ਪਹਿਲਕਦਮੀਆਂ ਨੂੰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਧਾਉਣ ’ਤੇ ਵੀ ਜ਼ੋਰ ਦਿੱਤਾ।

ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਨਹਿਰੀ ਪਾਣੀ ਉਪਲਬਧ ਕਰਵਾਉਣ ਲਈ 5253 ਕਿਲੋਮੀਟਰ ਸਿੰਚਾਈ ਪਾਈਪਲਾਈਨ ਵਿਛਾਈ ਗਈ ਹੈ, ਜਿਸ ਨਾਲ 161,000 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲਿਆ ਹੈ। ਸੂਬਾ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਗਿਣਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਤਿੰਨ ਵੱਡੇ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਿੰਡਾਂ ਦੇ ਛੱਪੜਾਂ ਦੀ ਵਰਤੋਂ ਕਰਕੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਬੁਨਿਆਦੀ ਢਾਂਚੇ ਦੀ ਸਿਰਜਣਾ, ਮਿੱਟੀ ਦੇ ਖਿਸਕਾਅ ਨੂੰ ਰੋਕਣ, ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਭੂਮੀਗਤ ਪਾਣੀ ਨੂੰ ਰੀਚਾਰਜ ਕਰਨ ਲਈ ਕੰਢੀ ਖੇਤਰ ਵਿੱਚ ਚੈੱਕ ਡੈਮਾਂ ਦਾ ਨਿਰਮਾਣ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ 29 ਪਿੰਡਾਂ ਵਿੱਚ ਸੇਮਗ੍ਰਸਤ ਜ਼ਮੀਨਾਂ ਦੀ ਮੁੜ-ਪ੍ਰਾਪਤੀ ਲਈ ਇੱਕ ਪ੍ਰਮੁੱਖ ਪ੍ਰਾਜੈਕਟ ਚਲਾਉਣਾ ਸ਼ਾਮਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ 250 ਤੋਂ ਵੱਧ ਪਿੰਡਾਂ ਦੇ ਛੱਪੜਾਂ ’ਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਪ੍ਰਾਜੈਕਟ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ, ਜਿਸ ਨਾਲ ਲਗਭਗ 10500 ਏਕੜ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸੇਮ ਪ੍ਰਭਾਵਿਤ ਖੇਤਰ ਸੁਧਾਰ ਪ੍ਰਾਜੈਕਟ ਵੀ ਨਿਰੰਤਰ ਪ੍ਰਗਤੀ ਅਧੀਨ ਹੈ ਅਤੇ ਮਈ ਮਹੀਨੇ ਦੇ ਅੰਤ ਤੱਕ ਚਾਰ ਪਿੰਡਾਂ ਵਿੱਚ ਪੂਰਾ ਹੋਣ ਦੀ ਉਮੀਦ ਹੈ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਖਣਨ ਸ੍ਰੀਮਤੀ ਜਸਪ੍ਰੀਤ ਤਲਵਾੜ, ਮੁੱਖ ਸਕੱਤਰ ਜਲ ਸਰੋਤ ਸ੍ਰੀ ਕ੍ਰਿਸ਼ਨ ਕੁਮਾਰ, ਡਾਇਰੈਕਟਰ ਮਾਈਨਿੰਗ ਸ੍ਰੀ ਅਭਿਜੀਤ ਕਪਲਿਸ਼, ਮੁੱਖ ਭੂਮੀ ਪਾਲ ਸ੍ਰੀ ਮਹਿੰਦਰ ਸਿੰਘ ਸੈਣੀ, ਮੁੱਖ ਇੰਜੀਨੀਅਰ (ਮਾਈਨਿੰਗ ਅਤੇ ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਕੈਨਾਲ) ਸ੍ਰੀ ਸ਼ੇਰ ਸਿੰਘ, ਪੀ.ਡਬਲਯੂ.ਆਰ.ਐਮ.ਡੀ.ਸੀ. ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨੋਜ ਬਾਂਸਲ ਅਤੇ ਐਕਸੀਅਨ (ਭੂਮੀ ਤੇ ਜਲ ਸੰਭਾਲ) ਸ੍ਰੀ ਜੀ.ਐਸ. ਢਿੱਲੋਂ ਹਾਜ਼ਰ ਸਨ।

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਨਸ਼ਿਆਂ/ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਏ ਗਏ ਟੀਚਾਗਤ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਸ਼ੱਕੀ ਸੁਖਵਿੰਦਰ ਸਿੰਘ ਉਰਫ ਸੁੱਖਾ, ਸੋਲਾ ਸਿੰਘ ਉਰਫ ਸੋਨੂੰ ਅਤੇ ਕਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਮੁਲਜ਼ਮਾਂ ਤੋਂ ਪਹਿਲਾਂ ਸਿਰਫ਼ .30 ਬੋਰ ਪਿਸਤੌਲ ਬਰਾਮਦ ਹੋਇਆ ਸੀ ਅਤੇ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ ‘ਤੇ ਉਨ੍ਹਾਂ ਕੋਲੋਂ 915 ਗ੍ਰਾਮ ਆਈ.ਸੀ.ਈ. ਅਤੇ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਸੁੱਟੀ ਜਾ ਰਹੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਜਿਹੇ ਸਥਾਨਾਂ ਤੋਂ ਹੀ ਇਹ ਖੇਪਾਂ ਪ੍ਰਾਪਤ ਕਰਕੇ ਫਿਰ ਵੱਖ-ਵੱਖ ਖੇਤਰਾਂ ਵਿੱਚ ਇਸਦੀ ਸਪਲਾਈ ਕਰਦੇ ਸਨ।

ਇਸ ਸਬੰਧੀ ਦੇ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 (6, 7(iii) ਅਤੇ 8) ਤਹਿਤ ਐਫਆਈਆਰ ਨੰ. 105 ਮਿਤੀ 15-04-2026 ਨੂੰ ਦਰਜ ਕੀਤੀ ਗਈ ਹੈ।

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਚੰਡੀਗੜ੍ਹ 23 ਅਪ੍ਰੈਲ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸੁਹਿਰਦ ਯਤਨਾਂ ਸਦਕਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋ ਗਿਆ ਹੈ, ਜਿਸ ਨਾਲ ਵਿਸ਼ਵ ਭਰ ਵਿੱਚ ਸੰਗਤ ਨੇ ਖੁਸ਼ੀ ਮਨਾਈ ਹੈ।

ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਭਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।

ਸਪੀਕਰ ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕਿਆ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਭ ਸੰਗਤ ਦੇ ਸਹਿਯੋਗ ਅਤੇ ਗੁਰੂ ਜੀ ਦੇ ਆਸ਼ੀਰਵਾਦ ਨਾਲ ਹੀ ਸੰਭਵ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਜ ਨੂੰ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਆਗੂ ਅਤੇ ਪ੍ਰਭਾਵੀ ਸੰਗਠਨਾਂ ਦੇ ਨੁਮਾਇੰਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਵੀ ਅਮਲ ਵਿੱਚ ਨਹੀਂ ਲਿਆ ਸਕੇ। ਹੁਣ ਉਹ ਬੇਬੁਨਿਆਦ ਅਤੇ ਬੇਲੋੜੇ ਬਿਆਨ ਦੇ ਕੇ ਸਮਾਜ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਖ਼ਤ ਸਜ਼ਾ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਤੋਂ ਕੋਈ ਵੀ ਵਿਅਕਤੀ ਘਿਨਾਉਣੇ ਅਪਰਾਧ ਨੂੰ ਕਰਨ ਤੋਂ ਪਰਹੇਜ਼ ਕਰੇਗਾ।

ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਇਕੱਠੀ ਹੋਈ ਸੰਗਤ ਨੇ ਇਸ ਮਿਸਾਲੀ ਕਾਰਜ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ।

ਲਿਬਰੇਸ਼ਨ ਦਾ ਸੱਤਵਾਂ ਜ਼ਿਲ੍ਹਾ ਇਜਲਾਸ ਸਫ਼ਲਤਾ ਪੂਰਵਕ ਮੁਕੰਮਲ, ਸੁਰਿੰਦਰ ਪਾਲ ਸ਼ਰਮਾ ਬਣੇ ਜ਼ਿਲ੍ਹਾ ਸਕੱਤਰ

ਮਾਨਸਾ, 23 ਅਪ੍ਰੈਲ 26, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੀਪੀਆਈ (ਐਮ ਐਲ) ਲਿਬਰੇਸ਼ਨ ਜ਼ਿਲ੍ਹਾ ਮਾਨਸਾ ਦਾ ਸੱਤਵਾਂ ਜਿਲ੍ਹਾ ਡੈਲੀਗੇਟ ਇਜਲਾਸ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਬੀਤੀ ਸ਼ਾਮ ਸੰਪੰਨ ਹੋਇਆ। ਇਜਲਾਸ ਨੇ ਸਰਬਸੰਮਤੀ ਨਾਲ 27 ਮੈਂਬਰੀ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਅਤੇ ਕਮੇਟੀ ਨੇ ਸੰਖੇਪ ਮੀਟਿੰਗ ਕਰਕੇ ਕਾਮਰੇਡ ਸੁਰਿੰਦਰ ਪਾਲ ਸ਼ਰਮਾ ਨੂੰ ਪਾਰਟੀ ਦਾ ਨਵਾਂ ਜ਼ਿਲ੍ਹਾ ਸਕੱਤਰ ਚੁਣ ਲਿਆ।
ਇਜਲਾਸ ਕਾਮਰੇਡ ਬਲਵਿੰਦਰ ਕੌਰ ਖਾਰਾ ਮੁਖਤਿਆਰ ਸਿੰਘ ਕੁਲਹੈਰੀ, ਭੂਰਾ ਸਿੰਘ ਸਮਾਓਂ, ਹਰਦੇਵ ਸਿੰਘ ਖਿਆਲਾ ਅਤੇ ਬਿੰਦਰ ਕੌਰ ਉੱਡਤ ਦੀ ਪ੍ਰਧਾਨਗੀ ਹੇਠ ਨੇਪਰੇ ਚੜ੍ਹਿਆ। ਇਜਲਾਸ ਦਾ ਉਦਘਾਟਨ ਕਰਦਿਆਂ ਪਾਰਟੀ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ ਨੇ ਦਸਿਆ ਕਿ ਅੱਜ ਜਿਥੇ ਕੌਮਾਂਤਰੀ ਕਮਿਊਨਿਸਟ ਲਹਿਰ ਦੇ ਮਹਾਨ ਆਗੂ ਕਾਮਰੇਡ ਲੈਨਿਨ ਦਾ ਜਨਮ ਦਿਹਾੜਾ ਹੈ,ਉਥੇ ਅੱਜ ਸੀਪੀਆਈ (ਐਮ ਐਲ) ਦਾ 57 ਸਥਾਪਨਾ ਦਿਵਸ ਵੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਅਸੀਂ ਕਾਰਪੋਰੇਟ ਪ੍ਰਸਤ ਹਿੰਦੂਤਵੀ ਫਾਸ਼ੀਵਾਦੀ ਸ਼ਕਤੀਆਂ ਨੂੰ ਹਾਰ ਦੇਣ ਲਈ ਸਮੂਹ ਹਮਖਿਆਲ ਇਨਕਲਾਬੀ ਤੇ ਜਮਹੂਰੀ ਤਾਕਤਾਂ ਨੂੰ ਇਕਜੁੱਟ ਕਰਨ ਲਈ ਯਤਨਸ਼ੀਲ ਹਾਂ। ਇਸ ਸੈਸ਼ਨ ਨੂੰ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਤੇ ਪੰਜਾਬ ਦੇ ਇੰਚਾਰਜ ਪੁਰਸ਼ੋਤਮ ਸ਼ਰਮਾ, ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਰਾਣਾ, ਪਾਰਟੀ ਦੇ ਸੂਬਾ ਆਗੂ ਅਤੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਕੌਮੀ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਸੂਬਾ ਕਮੇਟੀ ਵਲੋਂ ਨਿਯੁਕਤ ਅਬਜਰਵਰ ਕਾਮਰੇਡ ਗੁਲਜ਼ਾਰ ਸਿੰਘ ਭੂੰਬਲੀ ਨੇ ਵੀ ਸੰਬੋਧਨ ਕੀਤਾ। ਪਾਰਟੀ ਆਗੂਆਂ ਨੇ ਕੌਮੀ ਅਤੇ ਕੌਮਾਂਤਰੀ ਰਾਜਨੀਤੀਕ ਹਾਲਾਤਾਂ ਅਤੇ ਪਾਰਟੀ ਦੀ ਭੂਮਿਕਾ ਬਾਰੇ ਵਿਆਖਿਆ ਕੀਤੀ। ਇਸ ਮੌਕੇ ਪਾਰਟੀ ਵਲੋਂ ਦਹਾਕਿਆਂ ਤੋਂ ਕਮਿਉਨਿਸਟ ਲਹਿਰ ਲਈ ਜੀ ਜਾਨ ਨਾਲ ਕੰਮ ਕਰਦੇ ਆ ਰਹੇ ਸੀਨੀਅਰ ਇਨਕਲਾਬੀ ਸਾਥੀਆਂ – ਕਾਮਰੇਡ ਰਾਮਫਲ ਸਿੰਘ ਬਹਾਦਰਪੁਰ, ਕਾਮਰੇਡ ਹਾਕਮ ਸਿੰਘ ਖਿਆਲਾ, ਕਾਮਰੇਡ ਗੁਲਜ਼ਾਰ ਖ਼ਾਨ ਦਲੇਲ ਸਿੰਘ ਵਾਲਾ, ਕਾਮਰੇਡ ਮੁਖਤਿਆਰ ਸਿੰਘ ਕੁਵੈਂਟਰੀ ਕਾਮਰੇਡ ਗੁਲਜ਼ਾਰ ਸਿੰਘ ਭੁੰਬਲੀ ਅਤੇ ਨਛੱਤਰ ਸਿੰਘ ਖੀਵਾ ਨੂੰ ਸਨਮਾਨਿਤ ਵੀ ਕੀਤਾ ਗਿਆ।
ਅਗਲੇ ਸੈਸ਼ਨ ਵਿੱਚ ਪਿਛਲੀ ਜ਼ਿਲ੍ਹਾ ਕਮੇਟੀ ਵਲੋਂ ਸਕੱਤਰ ਸਾਥੀ ਗੁਰਮੀਤ ਸਿੰਘ ਨੰਦਗੜ੍ਹ ਵਲੋਂ ਸਿਆਸੀ ਤੇ ਜਥੇਬੰਦਕ ਰਿਪੋਰਟ ਪੇਸ਼ ਕੀਤੀ ਗਈ। ਇਸ ਰਿਪੋਰਟ ਬਾਰੇ ਚੱਲੀ ਚਰਚਾ ਵਿੱਚ 15 ਡੈਲੀਗੇਟਾਂ ਨੇ ਅਪਣੇ ਵਿਚਾਰ ਆਲੋਚਨਾ ਤੇ ਸੁਝਾਅ ਪੇਸ਼ ਕੀਤੇ। ਅਖੀਰ ਵਿੱਚ ਇਸ ਰਿਪੋਰਟ ਨੂੰ ਕੁਝ ਵਾਧਿਆਂ ਸਹਿਤ ਪ੍ਰਵਾਨਗੀ ਦਿੱਤੀ ਗਈ। ਇਜਲਾਸ ਵਿੱਚ ਪਾਰਟੀ ਦੀਆਂ ਤਹਿਸੀਲ ਤੇ ਸ਼ਹਿਰ ਕਮੇਟੀਆਂ ਅਤੇ ਜਨਤਕ ਜਥੇਬੰਦੀਆਂ ਦੀ ਪ੍ਰਤੀਨਿਧਤਾ ਕਰਦੇ 118 ਡੈਲੀਗੇਟ ਅਤੇ ਦਰਸ਼ਕ ਹਾਜ਼ਰ ਸਨ। ਇਜਲਾਸ ਵਲੋਂ ਸਰਬਸੰਮਤੀ ਨਾਲ ਪਾਰਟੀ ਦੀ 27 ਮੈਂਬਰੀ ਨਵੀਂ ਜਿਲਾ ਕਮੇਟੀ ਦੀ ਚੋਣ ਕੀਤੀ ਗਈ। ਜਿਸ ਨੇ ਅੱਗੋਂ ਅਪਣੀ ਸੰਖੇਪ ਮੀਟਿੰਗ ਕਰਕੇ ਸਾਥੀ ਸੁਰਿੰਦਰ ਪਾਲ ਸ਼ਰਮਾ ਨੂੰ ਜ਼ਿਲਾ ਸਕੱਤਰ ਚੁਣਿਆ। ਜ਼ਿਲਾ ਕਮੇਟੀ ਲਈ ਚੁਣੇ ਗਏ ਮੈਂਬਰਾਂ ਜਸਬੀਰ ਕੌਰ ਨੱਤ, ਬਲਵਿੰਦਰ ਕੌਰ ਖਾਰਾ, ਧਰਮਪਾਲ ਨੀਟਾ, ਗੁਰਸੇਵਕ ਸਿੰਘ ਮਾਨ, ਬਲਵਿੰਦਰ ਘਰਾਂਗਣਾ, ਭੋਲਾ ਸਿੰਘ ਸਮਾਓਂ, ਅਜੈਬ ਸਿੰਘ ਭੈਣੀ ਬਾਘਾ, ਜੀਤ ਸਿੰਘ ਬੋਹਾ, ਛੱਜੂ ਸਿੰਘ ਦਿਆਲਪੁਰਾ, ਦਰਸ਼ਨ ਸਿੰਘ ਦਾਨੇਵਾਲਾ, ਸੁਖਜੀਤ ਸਿੰਘ ਰਾਮਾਨੰਦੀ, ਗੁਰਮੀਤ ਸਿੰਘ ਨੰਦਗੜ੍ਹ,ਵਿਜੇ ਭੀਖੀ ਸਤਪਾਲ ਸਿੰਘ ਭੈਣੀ, ਨਿਰਭੈ ਸਿੰਘ ਬੁਰਜ ਹਰੀ, ਦਿਨੇਸ਼ ਕੁਮਾਰ ਸੋਨੀ, ਹਰਮੇਸ਼ ਸਿੰਘ ਭੰਮੇ, ਕਰਨੈਲ ਸਿੰਘ ਮਾਨਸਾ, ਭੋਲਾ ਸਿੰਘ ਗੁੜੱਦੀ, ਸਾਧੂ ਸਿੰਘ ਬੁਰਜ ਢਿੱਲਵਾਂ, ਬਿੰਦਰ ਕੌਰ ਉੱਡਤ, ਦਿਲਜੀਤ ਕੌਰ ਤਾਮਕੋਟ, ਭੂਰਾ ਸਿੰਘ ਸਮਾਓਂ, ਮਨਜੀਤ ਕੌਰ ਅਕਲੀਆ, ਹੈਪੀ ਸਿੰਘ ਮਾਨ, ਲਖਵਿੰਦਰ ਸਿੰਘ ਲੱਖੀ ਸ਼ਾਮਲ ਹਨ।
ਇਜਲਾਸ ਵਲੋਂ ਪਾਸ ਕੀਤੇ ਮਤਿਆਂ ਵਿੱਚ ਦੇਸ਼ ਦੇ ਵੱਖ ਵੱਖ ਉਦਯੋਗਿਕ ਕੇਂਦਰਾਂ ‘ਤੇ ਮਜ਼ਦੂਰਾਂ ਵਲੋਂ ਗੁਜ਼ਾਰੇ ਲਾਇਕ ਘੱਟੋ ਘੱਟ ਉਜ਼ਰਤਾਂ, ਕਾਨੂੰਨਨ ਅੱਠ ਘੰਟੇ ਦੀ ਕੰਮ ਦਿਹਾੜੀ ਵਰਗੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੀਤੇ ਜਾ ਰਹੇ ਜੁਝਾਰੂ ਅੰਦੋਲਨ ਦੀ ਹਿਮਾਇਤ ਕੀਤੀ ਗਈ ਅਤੇ ਬੀਜੇਪੀ ਸਰਕਾਰ ਵਲੋਂ ਇਸ ਮਜ਼ਦੂਰ ਸੰਘਰਸ਼ ਨੂੰ ਝੂਠੇ ਪ੍ਰਚਾਰ ਰਾਹੀਂ ਬਦਨਾਮ ਕਰਨ ਦੀ ਨਿੰਦਾ ਕੀਤੀ ਗਈ। ਇਕ ਹੋਰ ਮਤੇ ਰਾਹੀਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਮਨਮਾਨੀ ਵੰਡ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਸਿੱਖ ਬੰਦੀਆਂ ਸਮੇਤ ਝੂਠੇ ਕੇਸਾਂ ਵਿੱਚ ਬੰਦ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ।

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਅਤੇ ਨਿਰਭਰ ਬੱਚਿਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਵਿੱਤੀ ਸਾਲ 2026-27 ਦੌਰਾਨ ਮਹੀਨਾ ਮਾਰਚ ਲਈ ਪੰਜਾਬ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਲੋੜਵੰਦ 2.36 ਲੱਖ ਤੋਂ ਵੱਧ ਬੱਚਿਆਂ ਨੂੰ ਸਕੀਮ ਦਾ ਸਿੱਧਾ ਲਾਭ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਦੌਰਾਨ 432.78 ਕਰੋੜ ਰੁਪਏ ਦਾ ਬਜਟ ਉਪਬੰਧ ਵੀ ਕਰਵਾਇਆ ਗਿਆ ਹੈ, ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਆਸ਼ਰਿਤ ਬੱਚਿਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੱਖਾਂ ਆਸ਼ਰਿਤ ਬੱਚਿਆਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਉਦੇਸ਼ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਬੱਚਾ ਆਰਥਿਕ ਤੰਗੀ ਕਾਰਨ ਆਪਣੇ ਭਵਿੱਖ ਤੋਂ ਵੰਚਿਤ ਨਾ ਰਹੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਹਿਤੈਸ਼ੀ ਅਤੇ ਮਨੁੱਖੀ ਸੋਚ ਵਾਲੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸਿਰਫ਼ ਭਲਾਈ ਯੋਜਨਾ ਨਹੀਂ, ਸਗੋਂ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਇੱਕ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਉਹ ਬੱਚੇ ਕਵਰ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਉਮਰ 21 ਸਾਲ ਤੋਂ ਘੱਟ ਹੋਵੇ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਦਾ ਦੇਹਾਂਤ ਹੋ ਚੁੱਕਾ ਹੋਵੇ, ਮਾਤਾ-ਪਿਤਾ ਲਾਪਤਾ ਹੋਣ ਜਾਂ ਮਾਤਾ-ਪਿਤਾ ਸਰੀਰਕ ਜਾਂ ਮਾਨਸਿਕ ਤੌਰ ‘ਤੇ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਾ ਹੋਣ। ਇਸ ਸਕੀਮ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਨਾਲ ਅਜਿਹੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਅਤੇ ਜੀਵਨ ਪੱਧਰ ਸੁਧਾਰਨ ਵਿੱਚ ਮਦਦ ਮਿਲਦੀ ਹੈ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸੰਬੰਧਤ ਹਰ ਬੱਚੇ ਦੀ ਦੇਖਭਾਲ, ਸੁਰੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇੱਕ ਸੁਰੱਖਿਅਤ, ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਪੰਜਾਬ ਦਾ ਨਿਰਮਾਣ ਕਰਨਾ ਹੈ, ਜਿੱਥੇ ਹਰ ਬੱਚੇ ਨੂੰ ਅੱਗੇ ਵੱਧਣ ਅਤੇ ਆਪਣੇ ਭਵਿੱਖ ਦੇ ਨਿਰਮਾਣ ਲਈ ਬਰਾਬਰ ਦੇ ਮੌਕੇ ਮਿਲਣ।

Category : ਵਿਦੇਸ਼