Breaking News
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

02-07-2026

ਸੋਰਠਿ ਮਹਲਾ ੫ ਘਰੁ ੧ ਤਿਤੁਕੇ

ੴ ਸਤਿਗੁਰ ਪ੍ਰਸਾਦਿ ॥

ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਵੀਰਵਾਰ, ੧੮ ਹਾੜ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੬੦੮)

ਪੰਜਾਬੀ ਵਿਆਖਿਆ

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।

English Translation

SORAT’H, FIFTH MEHL, FIRST HOUSE, TI-TUKAS:

ONE UNIVERSAL CREATOR GOD. BY THE GRACE OF THE TRUE GURU:Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||Thursday, 18th Assaar (Samvat 558 Nanakshahi)(Ang: 608)

ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ GST ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਚੀਮਾ

ਚੰਡੀਗੜ੍ਹ; 1 ਜੁਲਾਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਲਈ ਜੀ.ਐਸ.ਟੀ. (ਵਸਤੂ ਅਤੇ ਸੇਵਾ ਕਰ) ਦੀ ਉਗਰਾਹੀ ਵਿੱਚ 24.45% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਜੀ.ਐਸ.ਟੀ. ਰਿਫੰਡ ਦੇ ਰੂਪ ਵਿੱਚ ਰਣਨੀਤਕ ਤੌਰ ‘ਤੇ 1,270 ਕਰੋੜ ਰੁਪਏ ਜਾਰੀ ਕੀਤੇ ਗਏ, ਜੋ ਕਿ ਕਰਦਾਤਾਵਾਂ ਦੇ ਭਰੋਸੇ ਅਤੇ ਇੱਕ ਮਜ਼ਬੂਤ, ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ‘ਤੇ ਟਿਕੀ ਇੱਕ ਵਧਦੀ-ਫੁੱਲਦੀ ਆਰਥਿਕਤਾ ਨੂੰ ਦਰਸਾਉਂਦਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੇ ਬਿਹਤਰੀਨ ਪ੍ਰਦਰਸ਼ਨ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੁੱਲ ਜੀ.ਐਸ.ਟੀ. ਉਗਰਾਹੀ ਵਧ ਕੇ 7,833.45 ਕਰੋੜ ਰੁਪਏ ਹੋ ਗਈ ਹੈ, ਜਿਸ ਨੂੰ 9% ਦੀ ਬੇਮਿਸਾਲ ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਦਾ ਸਮਰਥਨ ਹਾਸਲ ਹੈ, ਜੋ ਕਿ 3% ਦੀ ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਹੈ। ਇਸ ਦੇ ਨਾਲ ਹੀ ਸੂਬੇ ਦੇ ਮਾਲੀਏ ਦੀ ਪੂਰੀ ਸੁਰੱਖਿਆ ਲਈ ਸਖ਼ਤ ਨਿਯਮਾਂ ਤਹਿਤ ਜੁਰਮਾਨੇ ਵਜੋਂ 633 ਕਰੋੜ ਰੁਪਏ ਵਸੂਲੇ ਗਏ ਹਨ।”
ਵਿੱਤ ਮੰਤਰੀ ਨੇ ਕਿਹਾ ਕਿ ਕੁੱਲ 7,833.45 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਪ੍ਰਾਪਤ ਕੀਤੇ ਗਏ 6,294.57 ਕਰੋੜ ਰੁਪਏ ਦੇ ਮੁਕਾਬਲੇ 1,538.88 ਕਰੋੜ ਰੁਪਏ ਦੇ ਕੁੱਲ ਵਾਧੇ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਨਿਰੰਤਰ ਆਰਥਿਕ ਗਤੀਵਿਧੀਆਂ, ਬਿਹਤਰ ਕਰ ਪਾਲਣਾ ਅਤੇ ਆਬਕਾਰੀ ਤੇ ਕਰ ਵਿਭਾਗ ਵਿੱਚ ਚੱਲ ਰਹੇ ਪ੍ਰਸ਼ਾਸਨਿਕ ਸੁਧਾਰਾਂ ਸਿਰ ਬੰਨ੍ਹਿਆ।

ਉਨ੍ਹਾਂ ਕਿਹਾ, “ਜੀ.ਐਸ.ਟੀ. ਵਿੱਚ 1,538 ਕਰੋੜ ਤੋਂ ਵੱਧ ਅਤੇ ਵੈਟ/ਸੀ.ਐਸ.ਟੀ. ਉਗਰਾਹੀ ਵਿੱਚ 242 ਕਰੋੜ ਤੋਂ ਵੱਧ ਦਾ ਵਾਧਾ ਸੂਬੇ ਦੀ ਮਾਲੀਆ ਇਕੱਠਾ ਕਰਨ ਦੀ ਰਣਨੀਤੀ ਦੀ ਪ੍ਰਭਾਵਸ਼ੀਲਤਾ ਅਤੇ ਪੰਜਾਬ ਦੀ ਵਿੱਤੀ ਸਥਿਤੀ ਦੀ ਸਪੱਸ਼ਟ ਮਜ਼ਬੂਤੀ ਨੂੰ ਸਾਬਤ ਕਰਦਾ ਹੈ।”

ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਦੀ ਵਿਆਪਕ ਲਾਗੂਕਰਨ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ, “ਪਹਿਲੀ ਤਿਮਾਹੀ ਦੌਰਾਨ ਲਗਭਗ 633 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਅਤੇ ਵਸੂਲੇ ਗਏ, ਜੋ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਵਸੂਲੇ ਗਏ 207 ਕਰੋੜ ਰੁਪਏ ਦੇ ਮੁਕਾਬਲੇ ਰਿਕਾਰਡ 207% ਵਾਧਾ ਹੈ।”

ਇਕੱਲੇ ਜੂਨ 2026 ਵਿੱਚ ਕੀਤੀ ਗਈ ਖਾਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਨੇ ਕਿਹਾ, “ਇਸ ਦੌਰਾਨ 225 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ ਫਰਜ਼ੀ ਬਿੱਲ ਬਣਾਉਣ ਅਤੇ ਧੋਖਾਧੜੀ ਵਾਲੀਆਂ ਰਜਿਸਟ੍ਰੇਸ਼ਨਾਂ ਵਿੱਚ ਸ਼ਾਮਲ ਫਰਜ਼ੀ ਕਰਦਾਤਾਵਾਂ ਵਿਰੁੱਧ 20 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।”

ਇਸ ਤੋਂ ਇਲਾਵਾ, ਵਿਭਾਗ ਨੇ ਵੈਟ ਪ੍ਰਣਾਲੀ ਦੇ ਤਹਿਤ ਲੰਬੇ ਸਮੇਂ ਤੋਂ ਲੰਬਿਤ ਪਏ ਬਕਾਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਲਈ ਇਸ ਮਹੀਨੇ ਦੌਰਾਨ ਜਾਇਦਾਤਾਂ ਦੀ ਨਿਲਾਮੀ ਦੀ ਪ੍ਰਕਿਰਿਆ ਸ਼ੁਰੂ ਕੀਤੀ, ਜਿਸ ਨਾਲ ਬਕਾਏ ਵਜੋਂ ਲਗਭਗ 14 ਕਰੋੜ ਰੁਪਏ ਸਫਲਤਾਪੂਰਵਕ ਪ੍ਰਾਪਤ ਕੀਤੇ ਗਏ।

ਅਸਲ ਅਤੇ ਇਮਾਨਦਾਰ ਕਾਰੋਬਾਰਾਂ ਦਾ ਸਮਰਥਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਜ਼ਾਰ ਦੀ ਨਕਦ ਤਰਲਤਾ ਨੂੰ ਸੁਧਾਰਨ ਅਤੇ ‘ਕਾਰੋਬਾਰ ਕਰਨ ਦੀ ਸੌਖ’ ਨੂੰ ਉਤਸ਼ਾਹਿਤ ਕਰਨ ਲਈ ਸਮੇਂ ਸਿਰ ਜਾਰੀ ਕੀਤੇ ਗਏ ਕੁੱਲ 1,270 ਕਰੋੜ ਰੁਪਏ ਦੇ ਜੀ.ਐਸ.ਟੀ. ਰਿਫੰਡ ਵਿੱਚੋਂ, ਇਕੱਲੇ ਸਟੇਟ ਜੀ.ਐਸ.ਟੀ. ਹਿੱਸੇ ਦਾ ਯੋਗਦਾਨ 713.70 ਕਰੋੜ ਰੁਪਏ ਰਿਹਾ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਖ਼ਤ ਲਾਗੂਕਰਨ ਅਤੇ ਕਰਦਾਤਾਵਾਂ ਨੂੰ ਸਹੂਲਤਾਂ ਦੇਣਾ ਨਾਲ-ਨਾਲ ਚਲਾਏ ਜਾ ਰਹੇ ਹਨ ਅਤੇ ਇਹ ਲਾਗੂਕਰਨ ਕਾਰਵਾਈਆਂ ਜਨਤਕ ਮਾਲੀਏ ਦੀ ਰੱਖਿਆ ਲਈ ਇੱਕ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਆਬਕਾਰੀ ਤੇ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਨੂੰ ਸਮੇਂ ਸਿਰ ਰਿਫੰਡ, ਸਰਲ ਪ੍ਰਕਿਰਿਆਵਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਰਾਹੀਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ, ਅਤੇ ਇਹ ਸੰਤੁਲਿਤ ਪਹੁੰਚ ਆਉਣ ਵਾਲੇ ਮਹੀਨਿਆਂ ਵਿੱਚ ਵੀ ਵਿਭਾਗ ਦੇ ਯਤਨਾਂ ਦੀ ਅਗਵਾਈ ਕਰਦੀ ਰਹੇਗੀ।”

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਚੰਡੀਗੜ੍ਹ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ।

ਸ੍ਰੀ ਭਗਤ ਨੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣ ਸਕੇ।

ਇਸ ਤੋਂ ਇਲਾਵਾ ਸ੍ਰੀ ਮੋਹਿੰਦਰ ਭਗਤ ਨੇ ਵੱਖ-ਵੱਖ ਬਾਗਬਾਨੀ ਸਕੀਮਾਂ ਅਧੀਨ ਮਸ਼ੀਨਰੀ ਦੀ ਖਰੀਦ ਅਤੇ ਹੋਰ ਬੁਨਿਆਦੀ ਢਾਂਚਾਗਤ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੰਬਿਤ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਧੂਰੀ (ਸੰਗਰੂਰ), 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਅੱਜ ਉਸ ਵੇਲੇ ਖ਼ਤਮ ਹੋ ਗਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਆਪਣੀ ਆਖ਼ਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਦੀ ਸ਼ੁਰੂਆਤ ਕੀਤੀ। ਧੂਰੀ ਵਿਖੇ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕਰਨ ਦਾ ਐਲਾਨ ਕੀਤਾ, ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਸਮਾਗਮ ਦੌਰਾਨ ਹੀ ਲਾਭਪਾਤਰੀਆਂ ਨੂੰ ਭੁਗਤਾਨ ਸ਼ੁਰੂ ਹੋ ਗਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂਤੇ ਐਸ.ਐਮ.ਐਸ. ਰਾਹੀਂ ਪੈਸੇ ਖ਼ਾਤੇ ਵਿੱਚ ਆਉਣ ਦਾ ਸੰਦੇਸ਼ ਮਿਲਿਆ।

ਇਸ ਪ੍ਰੋਗਰਾਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਤੇ ਲਿਖਿਆ, “ਅੱਜ ਧੂਰੀ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਇਤਿਹਾਸਕ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ ਹਰ ਔਰਤ ਨੂੰ 1,000 ਪ੍ਰਤੀ ਮਹੀਨਾ ‘ਸਤਿਕਾਰ ਰਾਸ਼ੀ` ਮਿਲੇਗੀ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਯੋਜਨਾ ਦੇ ਲਾਗੂ ਹੋਣ ਨਾਲ, ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਇਕੱਠੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ। ਸਮਾਗਮ ਦੌਰਾਨ ਹੀ ਔਰਤਾਂ ਨੂੰ ਪੈਸੇ ਆਉਣ ਦੇ ਐਸ.ਐਮ.ਐਸ ਮਿਲਣੇ ਸ਼ੁਰੂ ਹੋ ਗਏ ਸਨ।”

ਉਨ੍ਹਾਂ ਆਪਣੀ ਪੋਸਟ ਦੇ ਅਖੀਰ ਵਿੱਚ ਲਿਖਿਆ, “ਸਾਡੀ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪੂਰੀ ਯੋਜਨਾਬੰਦੀ ਨਾਲ ਇਹ ਸਕੀਮ ਸ਼਼ੁਰੂ ਕੀਤੀ ਹੈ ਕਿ ਇਹ ਆਉਣ ਵਾਲੇ ਸਾਲਾਂ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ। ਇਹ ਵਿੱਤੀ ਸਹਾਇਤਾ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡਾ ਸਹਾਰਾ ਦੇਵੇਗੀ ਅਤੇ ਨਾਲ ਹੀ ਸਾਡੀਆਂ ਮਾਵਾਂ-ਧੀਆਂ ਦੇ ਸਨਮਾਨ ਵਜੋਂ ਵੀ ਕੰਮ ਕਰੇਗੀ।”

ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਤਾੜੀਆਂ ਦੀ ਗੂੰਜ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਵੱਡੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ 40 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰਡ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ, “ਸਤਿਕਾਰ ਰਾਸ਼ੀ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਔਰਤਾਂ ਦੇ ਸ਼ਕਤੀਕਰਨ ਦਾ ਰਾਹ ਪੱਧਰਾ ਕਰੇਗੀ। ਇਹ ਅਹਿਮ ਸਕੀਮ ਹੈ ਅਤੇ ਅਸੀਂ ਇਸ ਨੂੰ ਪੂਰੀ ਯੋਜਨਾਬੰਦੀ ਨਾਲ ਸ਼ੁਰੂ ਕੀਤਾ ਹੈ ਤਾਂ ਜੋ ਇਹ ਪੱਕੇ ਤੌਰ `ਤੇ ਜਾਰੀ ਰਹੇ।”

ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ 1,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਮੋਬਾਈਲ `ਤੇ ਨੋਟੀਫਿਕੇਸ਼ਨ ਮਿਲਣਗੇ। ਉਨ੍ਹਾਂ ਕਿਹਾ, “ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਸਕੀਮ ਅਧੀਨ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਮਕਸਦ ਲਈ 9,300 ਕਰੋੜ ਰੁਪਏ ਰੱਖੇ ਹਨ।”

ਇਸ ਪਹਿਲਕਦਮੀ ਦੇ ਵੱਡੇ ਸਮਾਜਿਕ ਮਹੱਤਵ `ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਨਮਾਨ ਜ਼ਰੂਰ ਦੇਵੇਗੀ। ਉਨ੍ਹਾਂ ਕਿਹਾ, “ਔਰਤਾਂ ਸਭ ਤੋਂ ਵੱਧ ਸਨਮਾਨ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਸਾਡੀਆਂ ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਸਾਨੂੰ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇਹ ਬਹੁਤ ਜ਼ਰੂਰੀ ਹੈ।”

ਇਸ ਸਕੀਮ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਦਾ ਭਰਾ, ਪੁੱਤਰ ਅਤੇ ਭਤੀਜਾ ਹੋਣ ਦੇ ਨਾਤੇ ਉਹ ਹਰ ਲਾਭਪਾਤਰੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਇਹ ਸਕੀਮ ਕਦੇ ਵੀ ਬੰਦ ਨਹੀਂ ਹੋਵੇਗੀ ਕਿਉਂਕਿ ਇਹ ਲੋਕਾਂ ਵਿੱਚ ਜਤਾਏ ਗਏ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ, “ਔਰਤਾਂ ਦੇ ਮੋਬਾਈਲ ਫੋਨ ਨੋਟੀਫਿਕੇਸ਼ਨਾਂ ਨਾਲ ਬੀਪ ਕਰਨਾ ਸ਼ੁਰੂ ਕਰ ਦੇਣਗੇ, ਜੋ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ, ਜਿੱਥੇ ਔਰਤਾਂ ਮਾਣ ਅਤੇ ਸਨਮਾਨ ਨਾਲ ਜਿਊਣਗੀਆਂ। ਇਹ ਔਰਤਾਂ ਪ੍ਰਤੀ ਸਾਡੇ ਸਨਮਾਨ ਨੂੰ ਦਰਸਾਉਂਦਾ ਹੈ ਅਤੇ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।”

ਆਪਣੀ ਸਰਕਾਰ ਦੇ ਲੋਕ-ਪੱਖੀ ਸ਼ਾਸਨ ਮਾਡਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਇਕੱਠਾ ਕੀਤਾ ਟੈਕਸ ਦਾ ਪੈਸਾ ਉਨ੍ਹਾਂ ਦਾ ਹੀ ਹੈ ਅਤੇ ਸਰਕਾਰ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ, “ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਸਿਰਫ਼ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਨੂੰ ਸੁਧਾਰਿਆ ਹੈ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ, ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਨੂੰ ਮਜ਼ਬੂਤ ਕੀਤਾ ਹੈ, ਬੁਨਿਆਦੀ ਢਾਂਚਾ ਬਣਾਇਆ ਹੈ ਅਤੇ ਕਈ ਹੋਰ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਅੱਜ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਗਈ ਹੈ ਅਤੇ ਇਹ ਉਨ੍ਹਾਂ ਦੇ ਸ਼ਕਤੀਕਰਨ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਹੋਵੇਗੀ।”

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨੂੰ ਇਤਿਹਾਸਕ ਮੀਲ ਪੱਥਰ ਦੱਸਦਿਆਂ ‘ਆਪਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਕਾਰਤ ਤੌਰਤੇ ਸੂਬੇ ਦੇ ਲੋਕਾਂ ਨਾਲ ਕੀਤੀਆਂ ਸਾਰੀਆਂ ਮੁੱਖ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ, “ਇਹ ਵਿੱਤੀ ਸਹਾਇਤਾ ਪੰਜਾਬ ਦੀਆਂ ਔਰਤਾਂ ਪ੍ਰਤੀ ਵਿਸ਼ਵਾਸ ਦਾ ਪ੍ਰਗਟਾਵਾ ਹੈ। ਅੱਜ ਦਾ ਦਿਨ ਨਾ ਸਿਰਫ਼ ਪੰਜਾਬ ਦੀਆਂ ਔਰਤਾਂ ਲਈ ਸਗੋਂ ਦੇਸ਼ ਭਰ ਦੀਆਂ ਔਰਤਾਂ ਲਈ ਇਤਿਹਾਸਕ ਦਿਨ ਹੈ, ਕਿਉਂਕਿ ਇਹ ਸ਼ਾਸਨ ਦੇ ਅਜਿਹੇ ਮਾਡਲ ਨੂੰ ਦਰਸਾਉਂਦਾ ਹੈ, ਜੋ ਸੱਚਮੁੱਚ ਆਪਣੇ ਨਾਗਰਿਕਾਂ ਦੀ ਕਦਰ ਕਰਦਾ ਹੈ। ਸਿਹਤ ਅਤੇ ਸਿੱਖਿਆ ਵਿੱਚ ਢਾਂਚਾਗਤ ਸੁਧਾਰਾਂ ਨੂੰ ਸਿੱਧੇ ਲੋਕ ਭਲਾਈ ਨਾਲ ਜੋੜ ਕੇ ਪੰਜਾਬ ਸਰਕਾਰ ਨੇ ਆਪਣੇ ਆਲੋਚਕਾਂ ਨੂੰ ਚੁੱਪ ਕਰਵਾ ਦਿੱਤਾ ਹੈ ਅਤੇ ਭਾਰਤ ਵਿੱਚ ਲੋਕ ਭਲਾਈ ਦੀ ਰਾਜਨੀਤੀ ਲਈ ਨਵਾਂ ਮਾਪਦੰਡ ਸਥਾਪਤ ਕੀਤਾ ਹੈ।”

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ, ਸੀਨੀਅਰ ਆਪ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਕਿਵੇਂ ਲਿਆ ਜਾਵੇ

ਯੋਗ ਲਾਭਪਾਤਰੀ ਔਰਤਾਂ ਨਿਰਧਾਰਤ ਸਰਕਾਰੀ ਕੇਂਦਰਾਂ ਤੇ ਆਫਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਰਾਹੀਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਅਪਲਾਈ ਕਰ ਸਕਦੀਆਂ ਹਨ। ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੈ।

ਕਿੱਥੇ ਅਪਲਾਈ ਕਰਨਾ ਹੈ

ਨਜ਼ਦੀਕੀ ਆਂਗਣਵਾੜੀ ਕੇਂਦਰ
ਸੇਵਾ ਕੇਂਦਰ
ਮਿਉਂਸਪਲ ਕੌਂਸਲ ਦਫ਼ਤਰ
ਸਬੰਧਤ ਬਲਾਕ ਦਫ਼ਤਰ

ਲੋੜੀਂਦੇ ਦਸਤਾਵੇਜ਼

ਆਧਾਰ ਕਾਰਡ
ਪੰਜਾਬ ਦਾ ਵੋਟਰ ਆਈ.ਡੀ. ਕਾਰਡ
ਆਧਾਰ ਨਾਲ ਲਿੰਕਡ ਬੈਂਕ ਖਾਤੇ ਦੇ ਵੇਰਵੇ/ਪਾਸਬੁੱਕ
ਆਮਦਨ ਸਰਟੀਫਿਕੇਟ (ਜਿੱਥੇ ਲਾਗੂ ਹੋਵੇ)
ਪਾਸਪੋਰਟ ਸਾਈਜ਼ ਫੋਟੋ
ਅਨੁਸੂਚਿਤ ਜਾਤੀ ਸਰਟੀਫਿਕੇਟ (ਵੱਧ ਲਾਭ ਲੈਣ ਵਾਲੇ ਬਿਨੈਕਾਰਾਂ ਲਈ)

ਅਪਲਾਈ ਕਰਨ ਦੀ ਪ੍ਰਕਿਰਿਆ

ਨਜ਼ਦੀਕੀ ਨਿਰਧਾਰਤ ਰਜਿਸਟ੍ਰੇਸ਼ਨ ਕੇਂਦਰ `ਤੇ ਜਾਓ।
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਫਾਰਮ ਪ੍ਰਾਪਤ ਕਰੋ।
ਸਾਰੇ ਲੋੜੀਂਦੇ ਵੇਰਵੇ ਧਿਆਨ ਨਾਲ ਭਰੋ।
ਲੋੜੀਂਦੇ ਦਸਤਾਵੇਜ਼ ਨਾਲ ਨੱਥੀ ਕਰੋ।
ਮੁਕੰਮਲ ਹੋਇਆ ਬਿਨੈ-ਪੱਤਰ ਨਿਰਧਾਰਤ ਅਧਿਕਾਰੀ ਕੋਲ ਜਮ੍ਹਾਂ ਕਰਵਾਓ।
ਭਵਿੱਖ ਦੇ ਹਵਾਲੇ ਲਈ ਰਸੀਦ ਪ੍ਰਾਪਤ ਕਰੋ।

ਕੀ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ?

ਜਿਹੜੀਆਂ ਔਰਤਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ, ਉਹ ਹੁਣ ਵੀ ਅਪਲਾਈ ਕਰ ਸਕਦੀਆਂ ਹਨ। ਬਾਅਦ ਵਿੱਚ ਰਜਿਸਟਰ ਹੋਣ ਵਾਲੀਆਂ ਔਰਤਾਂ ਨੂੰ ਵੀ ਸਫ਼ਲ ਵੈਰੀਫਿਕੇਸ਼ਨ ਅਤੇ ਮਨਜ਼ੂਰੀ ਤੋਂ ਬਾਅਦ ਪਹਿਲੀ ਜੁਲਾਈ ਤੋਂ ਲਾਗੂ ਸਤਿਕਾਰ ਰਾਸ਼ੀ ਮਿਲੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਰਜਿਸਟ੍ਰੇਸ਼ਨ ਦੀ ਕੋਈ ਆਖਰੀ ਤਰੀਕ ਨਹੀਂ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਲਾਗੂ ਹੋਣ ਦੀ ਮਿਤੀ ਤੋਂ ਹੀ ਲਾਭ ਦਿੱਤਾ ਜਾਵੇਗਾ।

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ਬੋਰ ਸਪੈਸ਼ਲ ਮੋਡੀਫਾਈਡ ਪਿਸਤੌਲ, ਚਾਰ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦੀ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਦੀ ਪਛਾਣ ਕੀਤੀ ਜਾ ਸਕੇ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਸੁਰਜੀਤ ਉਰਫ ਰਾਣਾ ਅਤੇ ਗੁਲਬਾਗ ਉਰਫ ਬਾਠ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਨਿਰੰਤਰ ਪੁੱਛਗਿੱਛ ਅਤੇ ਉਨ੍ਹਾਂ ਦੇ ਬਿਆਨਾਂ ’ਤੇ, ਪੁਲਿਸ ਟੀਮਾਂ ਨੇ ਪੰਜ ਹੋਰ ਆਧੁਨਿਕ ਪਿਸਤੌਲ ਬਰਾਮਦ ਕੀਤੇ, ਜਿਸ ਨਾਲ ਬਰਾਮਦਗੀ ਦੀ ਕੁੱਲ ਗਿਣਤੀ ਸੱਤ ਹੋ ਗਈ ਹੈ।

ਸੀ.ਪੀ. ਨੇ ਕਿਹਾ ਕਿ ਅਪਰਾਧਿਕ ਪਿਛੋਕੜ ਦੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਰਜੀਤ ਉਰਫ਼ ਰਾਣਾ ਪਹਿਲਾਂ ਹੀ ਤਰਨਤਾਰਨ ਦੇ ਪੁਲਿਸ ਸਟੇਸ਼ਨ ਭਿੱਖੀਵਿੰਡ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਹੈ, ਜੋ ਕਿ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਉਸਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 141 ਮਿਤੀ 24.06.2026 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਮੰਡੀ ਗੋਬਿੰਦਗੜ੍ਹ : ਰੇਹੜੀ ‘ਤੇ BED… BED ‘ਚ ਲਾਸ਼

ਮੰਡੀ ਗੋਬਿੰਦਗੜ੍ਹ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੰਡੀ ਗੋਬਿੰਦਗੜ੍ਹ ਕਚਹਿਰੀ ਕੰਪਲੈਕਸ ਨੇੜੇ ਇਕ ਦਿਲਕੰਬਾਊ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਜੁਗਾੜੂ ਰੇਹੜੀ ਉਤੇ ਲੱਦ ਕੇ ਲਿਜਾਏ ਜਾ ਰਹੇ ਬੈੱਡ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ। ਲਾਸ਼ ਮਿਲਣ ਦੀ ਖਬਰ ਪੂਰੇ ਇਲਾਕੇ ਵਿੱਚ ਅੱਗ ਵਾਂਗ ਫੈਲ ਗਈ ਜਿਸ ਕਾਰਨ ਇਕਾਲੇ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਤੁਰੰਤ ਹਰਕਤ ‘ਚ ਆ ਗਈ ਅਤੇ ਮੌਕੇ ‘ਤੇ ਪਹੁੰਚ ਗਈ। ਇਸੇ ਸਬੰਧੀ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਜਿਸ ਵਿੱਚ ਇੱਕ ਜੁਗਾੜੂ ਰੇਹੜੀ ਉੱਤੇ ਇੱਕ ਔਰਤ ਅਤੇ ਇੱਕ ਬੰਦਾ ਬਾਕਸ ਬੈੱਡ ਵਿੱਚ ਕਿਸੇ ਔਰਤ ਦੀ ਲਾਸ਼ ਲੈ ਕੇ ਜਾ ਰਹੇ ਸੀ। ਉਸ ਸਬੰਧੀ ਰਾਤ ਸਾਨੂੰ ਗੁਪਤ ਸੂਚਨਾ ਮਿਲੀ ਸੀ, ਉਸ ਦੇ ਸਬੰਧ ਵਿੱਚ ਗੋਬਿੰਦਗੜ੍ਹ ਦੇ ਐੱਸਐਚਓ ਨੇ ਪੁਲਿਸ ਪਾਰਟੀ ਨੂੰ ਨਾਲ ਲਿਜਾ ਕੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ। ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਾਇਆ ਗਿਆ ਹੈ। ਹੁਣ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।”

ਮੁੱਖ ਮੰਤਰੀ ਮਾਨ ਨੇ ‘S.I.R..-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ


ਸੰਗਰੂਰ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੁਧਾਰ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੇ ਤਹਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਤਸਦੀਕ ਅਤੇ ਸੁਧਾਈ ਕਰ ਰਹੇ ਹਨ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਵਿੱਚ ਲਗਭਗ 90 ਫੀਸਦ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।”
ਇਸ ਕੰਮ ਵਿੱਚ ਜੁਟੇ ਸਟਾਫ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰਾਪਤੀ ਲਈ ਮੈਂ ਸਮੂਹ ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਨੂੰ ਵਧਾਈ ਦਿੰਦਾ ਹਾਂ। ਇਹ ਸਭ ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ।”
ਬੀ.ਐਲ.ਓਜ਼ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੀ.ਐਲ.ਓਜ਼ ਹਰ ਘਰ ਜਾ ਕੇ ‘ਗਣਨਾ ਫਾਰਮ’ ਮੁਹੱਈਆ ਕਰਵਾ ਰਹੇ ਹਨ ਅਤੇ ਵੋਟਰਾਂ ਨੂੰ ਇਸ ਨੂੰ ਭਰਨ ਵਿੱਚ ਮਦਦ ਵੀ ਕਰ ਰਹੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ ਦੇ ਨਾਲ ਕੋਈ ਵਾਧੂ ਦਸਤਾਵੇਜ਼ ਨਹੀਂ ਲਏ ਜਾ ਰਹੇ। ਸਿਰਫ਼ ਮੌਜੂਦਾ ਵੇਰਵਿਆਂ ਦੀ ਤਸਦੀਕ ਦੀ ਹੀ ਲੋੜ ਹੈ।”
ਇਸ ਪ੍ਰਕਿਰਿਆ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ, “ਜੇਕਰ ਕੋਈ ਘਰ ਬੰਦ ਪਾਇਆ ਜਾਂਦਾ ਹੈ ਤਾਂ ਬੀ.ਐਲ.ਓ. ਉੱਥੇ ਸੂਚਨਾ ਪਰਚੀ (ਇਨਫਰਮੇਸ਼ਨ ਸਲਿੱਪ) ਅਤੇ ਸਟਿੱਕਰ ਲਾਏਗਾ। ਬੀ.ਐਲ.ਓ. ਭਰਿਆ ਹੋਇਆ ਫਾਰਮ ਲੈਣ ਲਈ ਉਸ ਘਰ ਵਿੱਚ ਘੱਟੋ-ਘੱਟ ਤਿੰਨ ਵਾਰ ਫੇਰੀ ਪਾਉਣਗੇ।”
ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਰਫ਼ ਉਨ੍ਹਾਂ ਵੋਟਰਾਂ ਦੇ ਨਾਂ ਹੀ ਵੋਟਰ ਸੂਚੀ ਦੇ ਖਰੜੇ (ਡਰਾਫਟ ਵੋਟਰ ਲਿਸਟ) ਵਿੱਚ ਸ਼ਾਮਲ ਕੀਤੇ ਜਾਣਗੇ ਜੋ ਸਹੀ ਤਰੀਕੇ ਨਾਲ ਭਰਿਆ ਹੋਇਆ ਫਾਰਮ ਜਮ੍ਹਾਂ ਕਰਵਾਉਣਗੇ। ਜੇਕਰ ਕੋਈ ਫਾਰਮ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਨਾਂ ਖਰੜਾ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।”
ਫਾਰਮ ਜਮ੍ਹਾਂ ਨਾ ਕਰਵਾਉਣ ਵਾਲਿਆਂ ਬਾਰੇ ਜਾਣਕਾਰੀ ਮੁੱਖ ਮੰਤਰੀ ਨੇ ਕਿਹਾ, “ਜਿਹੜੇ ਲੋਕ ਫਾਰਮ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਬਾਰੇ ਗੁਆਂਢੀਆਂ ਤੋਂ ਪੁੱਛਗਿੱਛ ਕਰਕੇ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਜਿਹੇ ਵੋਟਰਾਂ ਨੂੰ ਚਾਰ ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ ਗੈਰ-ਹਾਜ਼ਰ, ਸ਼ਿਫਟ ਹੋ ਚੁੱਕੇ, ਮ੍ਰਿਤਕ ਅਤੇ ਦੋਹਰੀ ਵੋਟ ਵਾਲੇ ਵੋਟਰ ਸ਼ਾਮਲ ਹਨ।”
ਵੋਟਰ ਸੂਚੀਆਂ ਦੇ ਪ੍ਰਕਾਸ਼ਨ ਦੀ ਸਮਾਂ-ਸੀਮਾ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਇਹ ਸੂਚੀ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨਾਲ ਸਾਂਝੀ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਜੇਕਰ ਕੋਈ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਨ ਹੋਣ ਤੋਂ ਪਹਿਲਾਂ ਫਾਰਮ ਜਮ੍ਹਾਂ ਨਹੀਂ ਕਰਵਾ ਪਾਉਂਦਾ ਤਾਂ ਉਹ 3 ਅਗਸਤ ਤੋਂ 2 ਸਤੰਬਰ ਦਰਮਿਆਨ ‘ਡੈਕਲਾਰੇਸ਼ਨ ਫਾਰਮ’ ਦੇ ਨਾਲ ਫਾਰਮ-6 ਜਮ੍ਹਾਂ ਕਰਵਾ ਕੇ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਅੰਤਿਮ ਵੋਟਰ ਸੂਚੀ ਇਕ ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।”
ਹਰ ਯੋਗ ਵੋਟਰ ਦੇ ਹੱਕਾਂ ਦੀ ਰਾਖੀ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਸੂਬਾ ਸਰਕਾਰ ਇਕ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਯੋਗ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਵਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”
ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਹਰ ਯੋਗ ਵੋਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਕਿਉਂਕਿ ਇਸ ਦਾ ਮੁੱਖ ਮਕਸਦ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ।”

ਕੈਨੇਡਾ ਦੇ ਲੋਕ ਕਿਉਂ ਛੱਡ ਗਏ ਸ਼ਰਾਬ ਪੀਣੀ
ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਬੰਧਤ ਅਧਿਕਾਰੀਆਂ ਨੂੰ ਨਵੀਂ ਤੈਨਾਤੀ ਉਤੇ ਤੁਰੰਤ ਜੁਆਇਨ ਕਰਨ ਦੀ ਹਦਾਇਤ ਕੀਤੀ ਗਈ ਹੈ।

ਔਰਤਾਂ ਦੇ ਖਾਤਿਆਂ ‘ਚ ਪੈਸੇ ਹੋਏ Transfer, ਮੁੱਖ ਮੰਤਰੀ ਮਾਨ ਨੇ ਬਟਨ ਦੱਬ ਕੇ ਕੀਤੀ ਸ਼ੁਰੂਆਤ

ਧੂਰੀ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਅੱਜ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਬਟਨ ਦਬ ਕੇ ਪੈਸੇ ਟਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਬੈਂਕ ਦੀ ਪ੍ਰਕਿਰਿਆ ਕਾਰਨ ਕਈ ਵਾਰ ਪੈਸੇ ਆਉਣ ਵਿੱਚ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਕਈ ਔਰਤਾਂ ਦੇ ਖਾਤਿਆਂ ਵਿੱਚ ਅੱਜ ਤੇ ਕਈ ਦੇ ਕੱਲ੍ਹ ਖਾਤਿਆਂ ਵਿੱਚ ਪੈਸੇ ਆਉਣਗੇ।

Category : ਵਿਦੇਸ਼