Breaking News
ਵਿਆਹ ਨਾ ਹੋਣ ਕਾਰਨ ਟਾਵਰ ’ਤੇ ਚੜ੍ਹਿਆ ਵਿਅਕਤੀ, ਦੁੱਧ ਦਾ ਪੈਕਟ ਪੀ ਕੇ ਹੇਠਾਂ ਉਤਰਿਆ

ਸੋਨੀਪਤ, 3 ਅਪ੍ਰੈਲ :

ਵਿਆਹ ਨਾ ਹੋਣ ਕਾਰਨ ਇਕ ਵਿਅਕਤੀ ਟਾਵਰ ਉਤੇ ਚੜ੍ਹ ਗਿਆ। ਇਸ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਹ ਘਟਨਾ ਹਰਿਆਣਾ ਦੇ ਸੋਨੀਪਤ ਦੀ ਹੈ। ਪਿੰਡ ਜਾਜੀ ਦਾ ਰਹਿਣ ਵਾਲਾ 56 ਸਾਲਾ ਜੈਭਗਵਾਨ ਡੀਸੀ ਦਫ਼ਤਰ ਦੀ ਛੱਤ ‘ਤੇ ਲੱਗੇ ਮੋਬਾਇਲ ਟਾਵਰ ਉਤੇ ਜਾ ਚੜ੍ਹਿਆ। ਉਹ ਦੋ ਘੰਟੇ ਚੁੱਪਚਾਪ ਟਾਵਰ ਉਤੇ ਬੈਠਾ ਰਿਹਾ। ਇਸ ਤੋਂ ਬਾਅਦ ਜਦੋਂ ਨੇੜੇ ਬਣੇ ਇਕ ਚਾਹ ਦੇ ਖੋਖੇ ਵਾਲੇ ਨੂੰ ਇਹ ਪਤਾ ਲੱਗਿਆ ਤਾਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਜਾਣਕਾਰੀ ਮਿਲਦਿਆ ਹੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਕਾਫੀ ਸਮੇਂ ਤੱਕ ਅਧਿਕਾਰੀ ਉਸ ਨੂੰ ਮਨਾਉਂਦੇ ਰਹੇ, ਪਰ ਉਹ ਹੇਠਾਂ ਨਾ ਉਤਰਿਆ। ਇਸ ਤੋਂ ਬਾਅਦ ਜੈਭਗਵਾਨ ਨੇ ਅਧਿਕਾਰੀਆਂ ਸਾਹਮਣੇ ਸ਼ਰਤ ਰੱਖੀ ਕਿ ਪਹਿਲਾਂ ਉਹ ਦੁੱਧ ਪਿਆਉਣ ਫਿਰ ਹੇਠਾਂ ਉਤਰੇਗਾ। ਪੁਲਿਸ ਨੇ ਰਸੀ ਬੰਨ੍ਹ ਕੇ ਦੁੱਧ ਦਾ ਪੈਕਟ ਉਪਰ ਪਹੁੰਚਾਇਆ। ਟਾਵਰ ਉਤੇ ਬੈਠ ਕੇ ਦੁੱਧ ਪੀਤਾ ਤੇ ਫਿਰ ਉਹ ਹੇਠਾਂ ਉਤਰਿਆ। ਉਤਰਨ ਤੋਂ ਬਾਅਦ ਜੈਭਗਵਾਨ ਨੇ ਦੱਸਿਆ ਕਿ 56 ਸਾਲ ਦੀ ਉਮਰ ਹੋਣ ਦੇ ਬਾਵਜੂਦ ਵੀ ਉਸਦਾ ਵਿਆਹ ਨਹੀਂ ਹੋਇਆ। ਮੈਂ ਪਿਛਲੇ 2 ਸਾਲ ਤੋਂ ਪ੍ਰੇਸ਼ਾਨ ਘੁੰਮ ਰਿਹਾ ਹਾਂ। ਪਿੰਡ ਵਿੱਚ ਬਾਕੀ ਸਭ ਵੱਡੀ ਉਮਰ ਦੇ ਅਣਵਿਆਹੇ ਪੈਨਸ਼ਨ ਲੈ ਰਹੇ ਹਨ, ਪ੍ਰੰਤੂ ਮੈਨੂੰ ਅਜੇ ਤੱਕ ਪੈਨਸ਼ਨ ਨਹੀਂ ਮਿਲੀ।

ਉਸਨੇ ਇਹ ਵੀ ਕਿਹਾ ਕਿ ਉਸਦੀ ਇਕ ਏਕੜ ਜ਼ਮੀਨ ਉਤੇ ਟਾਵਰ ਲੱਗਿਆ ਹੋਇਆ ਹੈ, ਜਿਸਦੇ ਬਦਲੇ ਉਸ ਨੂੰ ਕੇਵਲ 90 ਹਜ਼ਾਰ ਰੁਪਏ ਮੁਆਵਜ਼ਾ ਮਿਲਿਆ ਸੀ, ਜਦੋਂ ਕਿ ਹੋਰ ਲੋਕਾਂ ਨੂੰ ਇਕ-ਇਕ ਕਰੋੜ ਰੁਪਏ ਤੱਕ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਮੈਨੂੰ ਵੀ ਇਕ ਕਰੋੜ ਰੁਪਏ ਦਿੱਤਾ ਜਾਵੇ।

ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੈਭਗਵਾਨ ਨਸ਼ਾ ਕਰਨ ਦਾ ਆਦੀ ਹੈ। ਉਹ ਕਰੀਬ 6 ਸਾਲ ਪਹਿਲਾਂ ਵੀ ਪਿੰਡ ਜਾਜੀ ਵਿਚ ਬਣੇ ਟਾਵਰ ਉਤੇ ਚੜ੍ਹ ਗਿਆ ਸੀ। ਉਸ ਸਮੇਂ ਉਹ ਕਰੀਬ 14 ਦਿਨ ਟਾਵਰ ਉਤੇ ਰਿਹਾ ਸੀ।

ਰਾਜ ਸਭਾ ’ਚੋਂ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ ਰਾਘਵ ਚੱਢਾ ਦਾ ਪਹਿਲਾ ਬਿਆਨ

ਨਵੀਂ ਦਿੱਲੀ, 3 ਅਪ੍ਰੈਲ :

ਆਮ ਆਦਮੀ ਪਾਰਟੀ ਵੱਲੋਂ ਰਾਘਵ ਚੱਢਾ ਨੂੰ ਰਾਜ ਸਭਾ ਵਿਚੋਂ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੁਣ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਰਾਘਵ ਚੱਢਾ ਨੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਸਾਂਝੀ ਕੀਤੀ ਹੈ। ਰਾਘਵ ਚੱਢਾ ਨੇ ਕਿਹਾ ਕਿ ਜਦੋਂ ਮੈਨੂੰ ਸੰਸਦ ਵਿਚ ਬੋਲਣਾ ਦਾ ਮੌਕਾ ਮਿਲਦਾ ਸੀ ਤਾਂ ਮੈਂ ਜਨਤਾ ਦੇ ਮੁੱਦੇ ਹੀ ਉਠਾਏ ਹਨ। ਇਨ੍ਹਾਂ ਮੁੱਦਿਆਂ ਦੇ ਚੁੱਕਣ ਨਾਲ ਆਮ ਆਦਮੀ ਨੂੰ ਲਾਭ ਪਹੁੰਚਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਅਥਾਹ ਪਿਆਰ ਦਿੱਤਾ ਹੈ ਤੇ ਉਨ੍ਹਾਂ ਲੋਕਾਂ ਨੂੰ ਇਸੇ ਤਰ੍ਹਾਂ ਸਾਥ ਦੇਣ ਦੀ ਅਪੀਲ ਕੀਤੀ।

CM ਮਾਨ ਨੇ ਪਿੰਡ ਚੀਮਾ ‘ਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ ਵਾਸੀਆਂ ਨੂੰ ਹੋਵੇਗਾ ਲਾਭ

ਸੰਗਰੂਰ, 3 ਅਪ੍ਰੈਲ 2026 ਯ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ।

ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ।

ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਦਾ ਮੰਤਵ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਇਸ ਪ੍ਰਾਜੈਕਟ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।”

ਇਸ ਨਵੇਂ ਹਸਪਤਾਲ ਦੀ ਅਹਿਮੀਅਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਮ ਅਜਿਹੀ ਮਹਾਨ ਸ਼ਖ਼ਸੀਅਤ ਦੇ ਨਾਮ ’ਤੇ ਰੱਖਿਆ ਜਾਣਾ ਸੁਭਾਗੀ ਗੱਲ ਹੈ। ਜ਼ਿਕਰਯੋਗ ਹੈ ਕਿ 11.75 ਕਰੋੜ ਦੀ ਲਾਗਤ ਵਾਲੇ ਇਸ ਸੈਂਟਰ ਦੀ ਸਮਰੱਥਾ 30 ਬਿਸਤਰਿਆਂ ਦੀ ਹੋਵੇਗੀ ।

ਇਸ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੇਂਦਰ ਅਸਲ ਵਿੱਚ 1975 ਵਿੱਚ 10 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਦੀ ਸਮਰੱਥਾ ਵਧਾ ਕੇ 20 ਬਿਸਤਰਿਆਂ ਤੱਕ ਕਰ ਦਿੱਤੀ ਗਈ ਸੀ। ਹੁਣ ਇਲਾਕੇ ਦੀ ਲੋੜ ਦੇ ਮੱਦੇਨਜ਼ਰ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਗਿਆ ਹੈ। ਲਗਪਗ 50 ਹਜ਼ਾਰ ਲੋਕਾਂ ਨੂੰ ਐਮਰਜੈਂਸੀ ਅਤੇ ਵਿਸ਼ੇਸ਼ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣ ਵਾਲਾ ਇਹ ਕੇਂਦਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ। ਸੜਕ ਹਾਦਸਿਆਂ ਦੇ ਪੀੜਤਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਐਮਰਜੈਂਸੀ ਦੇਖਭਾਲ ਮਿਲੇਗੀ ਅਤੇ ਇੱਥੇ ਸਰਜੀਕਲ ਪ੍ਰੋਸੀਜ਼ਰਜ਼ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।”

ਇਸ ਹਸਪਤਾਲ ਵਿੱਚ ਉਪਲਬਧ ਡਾਕਟਰੀ ਸੇਵਾਵਾਂ ਗਿਣਵਾਉਂਦਿਆਂ ਉਨ੍ਹਾਂ ਕਿਹਾ, “ਈ.ਐਨ.ਟੀ. ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਿਰ ਵੀ ਉਪਲਬਧ ਹੋਣਗੇ। ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ, ਐਕਸ-ਰੇਅ ਅਤੇ ਖੂਨ ਦੀ ਜਾਂਚ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀਐਚਸੀ ਵਿੱਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।”

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ, ‘‘ਇਹ ਤਰਕਹੀਣ ਅਤੇ ਬੇਤੁਕਾ ਹੈ ਕਿਉਂਕਿ ਇੱਕ ਨਸ਼ਾ ਦੂਜੇ ਦੀ ਥਾਂ ਨਹੀਂ ਲੈ ਸਕਦਾ। ਇਸ ਦੀ ਬਜਾਏ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤ ਕੇ ਇਸ ਬਿਮਾਰੀ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਸੂਬਾ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਸ਼ੁਰੂ ਕਰ ਦਿੱਤੀਆਂ ਹਨ।’’

ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਾਂਪੱਖੀ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਸੂਬੇ ਵਿੱਚ ਨਸ਼ਾ ਕਾਰੋਬਾਰ ਦਾ ਲੱਕ ਤੋੜਿਆ ਹੈ। ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ’ਆਪ’ ਸਰਕਾਰ ਜਲਦੀ ਹੀ ਉਨ੍ਹਾਂ ਬਹਾਦਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕਰੇਗੀ, ਜਿਨ੍ਹਾਂ ਨੇ ਨਸ਼ਾ ਤਸਕਰਾਂ ਵਿਰੁੱਧ ਅਹਿਮ ਜਾਣਕਾਰੀ ਦਿੱਤੀ ।’’

ਪ੍ਰਸ਼ਾਸਨ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ‘ਆਪ’ ਸਰਕਾਰ ਨੇ ਹਰ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਵੱਡੀ ਤਬਦੀਲੀ ਆਈ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਉਹ ਇਸ ਨੂੰ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕਰ ਰਹੇ ਹਨ। ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਨੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਬੰਦ ਕੀਤੇ ਗਏ ਟੋਲ ਪਲਾਜ਼ੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਕਰ ਰਹੇ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰ ਰਹੇ ਹਨ।’’

ਇਸ ਮੌਕੇ ਕੈਬਨਿਟ ਮੰਤਰੀ ਅਤੇ ਸਥਾਨਕ ਵਿਧਾਇਕ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 3 ਅਪ੍ਰੈਲ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ‘ਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ : ਮੁੱਖ ਮੰਤਰੀ ਮਾਨ

ਫਾਜ਼ਿਲਕਾ, 3 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ” ਨੂੰ ਨਿਰਣਾਇਕ ਤੌਰ ‘ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ।

ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ “ਪੰਜਾਬ ਨਾਲ ਵਿਸ਼ਵਾਸਘਾਤ ਕੀਤਾ” ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਸਿਆਸੀ ਪਰਿਵਾਰਾਂ ਦੇ ਨਿੱਜੀ ਹਿੱਤਾਂ ਦੀ ਬਜਾਇ ਲੋਕਾਂ ਦੀ ਭਲਾਈ ‘ਤੇ ਹੀ ਖਰਚ ਕੀਤਾ ਜਾਵੇ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਖੋਖਲੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਰਹਿੰਦੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ‘ਸ਼ੱਕੀ ਕਿਰਦਾਰ’ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ 2027 ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀਆਂ ਨੂੰ ਸਿਆਸਤ ਤੋਂ ਪੂਰੀ ਤਰ੍ਹਾਂ ਬਾਹਰ ਸੁੱਟ ਦੇਣਗੇ। ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਕਿਲ੍ਹੇ ਬਣਾ ਰਹੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਕਿਉਂਕਿ ਉਹ ਉਨ੍ਹਾਂ ਦੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ।”

ਉਨ੍ਹਾਂ ਕਿਹਾ, “ਲੋਕ ਇਨ੍ਹਾਂ ਪਾਰਟੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਪਰ ਉਹ ਹਰ ਵਾਰ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ।”

ਉਨ੍ਹਾਂ ਕਿਹਾ, “ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਗੱਲ ਹਜ਼ਮ ਨਹੀਂ ਹੋ ਰਹੀ ਕਿ “ਇੱਕ ਆਮ ਆਦਮੀ ਦਾ ਪੁੱਤਰ” ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਇਹਨਾਂ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਪਹਿਲਾਂ ਦੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਸਿਰਫ਼ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਦੀ ਤਾਂਘ ਰੱਖਦੀਆਂ ਹਨ। ਉਨ੍ਹਾਂ ਕਿਹਾ, “ਉਹ ਸਿਰਫ਼ ਪੰਜਾਬ ਨੂੰ ਲੁੱਟਣ ਲਈ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਚਿੰਤਾ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਸੱਤਾ ਦੀ ਆਪਣੀ ਲਾਲਸਾ ਨੂੰ ਪੂਰਾ ਕਰਨਾ ਹੈ। ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ ਪਰ ਉਹ ਹਮੇਸ਼ਾ ਸਟੇਜ ਤੋਂ ਸੱਤਾ ਹਾਸਲ ਕਰਨ ਬਾਰੇ ਹੀ ਗੱਲ ਕਰਦੇ ਹਨ।”

ਜਨਤਾ ਦਰਮਿਆਨ ਵਿਰੋਧੀ ਆਗੂਆਂ ਦਾ ਵਿਸ਼ਵਾਸ਼ ਖਤਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਉਨ੍ਹਾਂ ਦਾ ਏਜੰਡਾ ਸਿਰਫ ਉਨ੍ਹਾਂ ਦੇ ਪਰਿਵਾਰਾਂ ਤੱਕ ਹੀ ਸੀਮਤ ਹੈ। ਉਨ੍ਹਾਂ ਨੇ ਸਾਲਾਂ ਤੱਕ ਰਾਜ ਕੀਤਾ ਪਰ ਅਯੋਗਤਾ ਅਤੇ ਕੁਸ਼ਾਸਨ ਕਾਰਨ ਲੋਕਾਂ ਨੇ ‘ਆਪ’ ਨੂੰ ਚੁਣਿਆ ਜੋ ਉਨ੍ਹਾਂ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਹ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ। ਉਹ ਈਰਖਾ ਕਰਦੇ ਹਨ ਕਿਉਂਕਿ ‘ਆਪ’ ਨੇ ਆਮ ਲੋਕਾਂ ਦੀ ਭਲਾਈ ਦਾ ਏਜੰਡਾ ਅਪਣਾਇਆ ਹੈ।”

ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਇਹ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਸੁਖਬੀਰ ਬਾਦਲ ਜਨਤਾ ਵਿੱਚ ਆਪਣਾ ਅਧਾਰ ਗੁਆ ਚੁੱਕਾ ਹੈ ਅਤੇ ਭਾੜੇ ਦੇ ਵਰਕਰਾਂ ਨਾਲ ਰੈਲੀਆਂ ਵਿੱਚ ਭੀੜ ਦਿਖਾ ਰਹੇ ਹਨ। ਹਰ ਰੈਲੀ ਵਿੱਚ ਉਹੀ ਲੋਕ ਦਿਖਾਈ ਦੇ ਰਹੇ ਹਨ। ਉਹ ਸਰਕਾਰ ਦੇ ਬੇਮਿਸਾਲ ਕੰਮਾਂ ਕਾਰਨ ਆਪਣਾ ਮਾਨਸਿਕ ਸੰਤਲਨ ਗੁਆ ਚੁੱਕੇ ਹਨ, ਜਿਸ ਕਾਰਨ ਉਹ ਡਾਇਨਾਸੌਰਾਂ ਦੀ ਵਾਪਸੀ ਵਰਗੇ ਤਰਕਹੀਣ ਬਿਆਨ ਦੇ ਰਹੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਬਿਆਨ ਨਿਰਾਸ਼ਾ ਨੂੰ ਦਰਸਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅਜਿਹੇ ਬਿਆਨਾਂ ਦੇ ਆਧਾਰ ‘ਤੇ ਉਹ ਸੱਤਾ ਵਿੱਚ ਵਾਪਸ ਆਉਣ ਦੇ ਦਿਨ-ਰਾਤ ਸੁਪਨੇ ਦੇਖ ਰਹੇ ਹਨ, ਪਰ ਇਹ ਕਦੇ ਸੰਭਵ ਨਹੀਂ ਹੋ ਸਕਦਾ। ਇਹ ਆਗੂ ਸਵੇਰ ਤੋਂ ਹੀ ਮੇਰੇ ਵਿਰੁੱਧ ਬੋਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਸਾਹਮਣੇ ਉਨ੍ਹਾਂ ਦੀ ਅਸਲੀਅਤ ਨੂੰ ਉਜਾਗਰ ਕੀਤਾ ਹੈ। ਕਾਂਗਰਸ ਅਤੇ ਅਕਾਲੀਆਂ ਦੇ ਨਾਮ ਇੰਨੇ ਬਦਨਾਮ ਹੋ ਗਏ ਹਨ ਕਿ ਜੇ ਉਨ੍ਹਾਂ ਦਾ ਨਾਮ ਦਰੱਖਤ ‘ਤੇ ਵੀ ਲਿਖਿਆ ਜਾਵੇ ਤਾਂ ਉਹ ਸੁੱਕ ਜਾਵੇਗਾ। ਇਸ ਲਈ ਲੋਕਾਂ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

‘ਆਪ’ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਨੂੰ ਬਹੁਤ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਇਸ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਇਸ ਤੋਂ ਉਲਟ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ 3100 ਖੇਡ ਮੈਦਾਨ ਤਿਆਰ ਕਰਨ ਲਈ 190 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਸਿਹਤ ਸੰਭਾਲ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ, 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 31 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਕਾਰਡ ਮਿਲੇ ਹਨ ਅਤੇ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ। ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।”

ਖੇਤੀਬਾੜੀ ਅਤੇ ਬਿਜਲੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲੀ ਹੈ। ਹੁਣ ਦਿਨ ਵੇਲੇ ਵੀ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦੇ ਜੀਵਨ ਵਿੱਚ ਪ੍ਰਭਾਵੀ ਤਬਦੀਲੀ ਦੇਖਣ ਨੂੰ ਮਿਲੀ ਹੈ। ਸੂਬਾ ਵਾਸੀਆਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਾਰੇ ਖੇਤਰਾਂ ਵਿੱਚ ਢਾਂਚਾਗਤ ਤਬਦੀਲੀ ਲਿਆਂਦੀ ਹੈ। “ਲੋਕਾਂ ਦੇ ਟੈਕਸ ਦਾ ਪੈਸਾ ਉਨ੍ਹਾਂ ਦਾ ਆਪਣਾ ਹੈ ਅਤੇ ਇਹ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵਿਕਾਸ ‘ਤੇ ਖਰਚ ਕੀਤਾ ਜਾ ਰਿਹਾ ਹੈ। 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੋਂ ਬਿਨਾਂ ਨੌਕਰੀਆਂ ਮਿਲੀਆਂ ਹਨ, ਸੜਕਾਂ ਵਿੱਚ ਸੁਧਾਰ ਹੋਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।”

ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, “ਜਦੋਂ ਅਸੀਂ ਸੱਤਾ ਸੰਭਾਲੀ ਸੀ ਤਾਂ ਸਿਰਫ਼ 21 ਫ਼ੀਸਦ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਅੱਜ ਇਹ 68 ਫ਼ੀਸਦ ਹੋ ਗਿਆ ਹੈ ਅਤੇ ਅਗਲੇ ਝੋਨੇ ਦੇ ਸੀਜ਼ਨ ਤੱਕ 85 ਫ਼ੀਸਦ ਤੱਕ ਪਹੁੰਚ ਜਾਵੇਗਾ। ਨਹਿਰਾਂ ਨੂੰ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਹਿਲੀ ਵਾਰ 1444 ਪਿੰਡ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਹਨ।”

ਸਮਾਜ ਭਲਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਨਕਦ ਲਾਭ ਦੇਣ ਲਈ ਯੋਜਨਾ ਸ਼ੁਰੂ ਕੀਤੀ ਗਈ ਹੈ। ਟੈਕਸਦਾਤਾਵਾਂ ਦਾ ਪੈਸਾ ਭਲਾਈ ਅਤੇ ਵਿਕਾਸ ਸਕੀਮਾਂ ਰਾਹੀਂ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਸਾਰੀਆਂ ਗਰੰਟੀਆਂ ਪੂਰੀਆਂ ਹੋ ਗਈਆਂ ਹਨ ਅਤੇ ਹੋਰ ਤਰੱਕੀ ਲਈ ਯਤਨ ਜਾਰੀ ਰਹਿਣਗੇ।”

ਸਿੱਖਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ 2024 ਵਿੱਚ ਕੇਰਲ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। 740 ਵਿਦਿਆਰਥੀਆਂ ਨੇ ਜੇ.ਈ.ਈ. ਅਤੇ 1284 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਦੋਂ ਕਿ 60 ਪਹਿਲਾਂ ਹੀ ਕਾਰਜਸ਼ੀਲ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਡੀਕਲ ਅਤੇ ਨਾਨ-ਮੈਡੀਕਲ ਸਮੇਤ ਸਾਰੇ ਵਿਸ਼ੇ ਉਪਲਬਧ ਹਨ। ਹਥਿਆਰਬੰਦ ਸੈਨਾਵਾਂ, ਨੀਟ, ਜੇ.ਈ.ਈ. ਅਤੇ ਸੀ.ਐਲ.ਏ.ਟੀ. ਲਈ ਵੀ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਸਿੱਖਿਆ ਸਮਾਜ ਦੀਆਂ ਸਮੱਸਿਆਵਾਂ ਦਾ ਹੱਲ ਹੈ ਅਤੇ ਅਸੀਂ ਇਸ ਖੇਤਰ ਦੇ ਸੁਧਾਰ ਲਈ ਲਗਾਤਾਰ ਯਤਨਸ਼ੀਲ ਹਾਂ।

ਉਨ੍ਹਾਂ ਕਿਹਾ, “ਸਿੱਖਿਆ ਵਿਕਾਸ ਦੀ ਕੁੰਜੀ ਹੈ। ਭਵਿੱਖ ਵਿੱਚ ਵਿਅਕਤੀ ਨੂੰ ਧਨ ਨਾਲ ਨਹੀਂ, ਸਗੋਂ ਬੱਚਿਆਂ ਦੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਸਾਡੇ ਬੱਚੇ ਪ੍ਰਤਿਭਾਸ਼ਾਲੀ ਹਨ, ਉਨ੍ਹਾਂ ਕੋਲ ਸਿਰਫ਼ ਮੌਕਿਆਂ ਦੀ ਘਾਟ ਸੀ, ਜੋ ਅਸੀਂ ਹੁਣ ਪ੍ਰਦਾਨ ਕਰ ਰਹੇ ਹਾਂ।

ਉਨ੍ਹਾਂ ਇੱਕ ਨਿੱਜੀ ਉਦਾਹਰਣ ਦਿੰਦਿਆਂ ਕਿਹਾ ਕਿ “ਸਾਲ 2008-09 ਵਿੱਚ, ਮੈਂ ਦੋਨਾਣਾ ਪਿੰਡ ਵਿੱਚ ਇੱਕ ਕੁੜੀ ਨੂੰ ਮਿਲਿਆ, ਜਿਸ ਨੇ ਪੰਜਵੀਂ ਜਮਾਤ ਵਿੱਚ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਪਰ ਉਹ ਅਗਲੇਰੀ ਸਿੱਖਿਆ ਦਾ ਖਰਚਾ ਨਹੀਂ ਚੁੱਕ ਸਕੀ। ਮੈਂ ਉਸ ਲਈ ਸਪਾਂਸਰਸ਼ਿਪ ਦਾ ਪ੍ਰਬੰਧ ਕੀਤਾ। ਅੱਜ ਉਹ ਇੱਕ ਵੈਟਰਨਰੀ ਡਾਕਟਰ ਹੈ। ਇਹ ਦਰਸਾਉਂਦਾ ਹੈ ਕਿ ਸਾਡੇ ਬੱਚਿਆਂ ਨੂੰ ਸਿਰਫ਼ ਮੌਕੇ ਦੀ ਲੋੜ ਹੈ।”

ਰੋਜ਼ਗਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “65,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਨੌਜਵਾਨ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਇਹ ਕੰਮ ਦਹਾਕੇ ਪਹਿਲਾਂ ਕੀਤੇ ਜਾਣੇ ਚਾਹੀਦੇ ਸਨ, ਪਰ ਹੁਣ ਪੰਜਾਬ ਸੁਹਿਰਦਤਾ ਨਾਲ ਅੱਗੇ ਵਧ ਰਿਹਾ ਹੈ।

ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਫਾਜ਼ਿਲਕਾ ਵਿੱਚ ਬੁਨਿਆਦੀ ਢਾਂਚੇ, ਸਿੰਚਾਈ, ਸੰਪਰਕ ਅਤੇ ਜਨਤਕ ਸੇਵਾਵਾਂ ਨੂੰ ਹੁਲਾਰਾ ਦੇਣ ਲਈ 283.99 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਵਿੱਚ ਪੇਂਡੂ ਲਿੰਕ ਸੜਕਾਂ, ਸੜਕਾਂ ਨੂੰ ਚੌੜਾ ਅਤੇ ਅਪਗ੍ਰੇਡ ਕਰਨਾ, ਪੁਲਾਂ ਦਾ ਨਵੀਨੀਕਰਨ ਅਤੇ ਅਨਾਜ ਮੰਡੀਆਂ ਦਾ ਵਿਕਾਸ ਸ਼ਾਮਲ ਹੈ। ਇਸ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦ ਹੀ ਇੱਕ ਨਵਾਂ ਮੈਡੀਕਲ ਕਾਲਜ ਵੀ ਖੋਲ੍ਹਿਆ ਜਾ ਰਿਹਾ ਹੈ।

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ : CM ਮਾਨ

ਸੰਗਰੂਰ, 3 ਅਪ੍ਰੈਲ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ ‘ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ ‘ਆਪ’ ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ ‘ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ ਦੇ ਹਰ ਪੱਧਰ ‘ਤੇ ਸਖ਼ਤ ਵਿਰੋਧ ਦਾ ਭਰੋਸਾ ਦਿੱਤਾ।

ਕਿਸਾਨਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਮੋਢੇ ਨਾ ਮੋਢਾ ਲਾ ਕੇ ਹਮੇਸ਼ਾ ਖੜ੍ਹੀ ਹੈ ਅਤੇ ਪਹਿਲਾਂ ਦੇ ਸਫ਼ਲ ਸੀਜ਼ਨਾਂ ਦੀ ਤਰ੍ਹਾਂ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗੀ।

ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕ ਅਰਪਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੱਲ ਤੋਂ ਹਰ ਕੋਈ ਵਾਕਫ਼ ਹੈ ਕਿ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਦੇ ਰਾਜਪਾਲ ਦੁਆਰਾ ਚਲਾਇਆ ਜਾਂਦਾ ਹੈ, ਪਰ ਫਿਰ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ (ਪੀ.ਯੂ.) ਵਿੱਚ ਅੰਦੋਲਨ ਜਾਂ ਹੋਰ ਅਜਿਹਾ ਕੋਈ ਵੀ ਮੁੱਦਾ ਹੋਵੇ, ਭਾਜਪਾ ਸਾਰਾ ਦੋਸ਼ ਮੇਰੇ ‘ਤੇ ਥੋਪਣ ਨੂੰ ਹਮੇਸ਼ਾ ਤਿਆਰ ਰਹਿੰਦੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਇਸ ਮੁੱਦੇ ‘ਤੇ ਬੇਬੁਨਿਆਦ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਜਗ੍ਹਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਚੰਡੀਗੜ੍ਹ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਵੱਖਵਾਦੀ ਵਿਚਾਰਧਾਰਾ ਦੱਸਿਆ ਜਾਂਦਾ ਹੈ ਪਰ ਦੂਜੇ ਪਾਸੇ ਕੇਂਦਰ ਸਰਕਾਰ, ਯੂ.ਟੀ. ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਆਪਣੇ ਫ਼ਰਜ਼ ਤੋਂ ਹਮੇਸ਼ਾ ਭੱਜਦੀ ਆਈ ਹੈ।

ਕਾਂਗਰਸ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਟੋਲ ਟੈਕਸ ਖਤਮ ਕਰਕੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਇਹ ਲੋਕ ਆਮ ਜਨਤਾ ‘ਤੇ ਬੇਲੋੜਾ ਟੈਕਸ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਹਰੇਕ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾਵਾਂਗਾ ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਭਾਰਤ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਦੇ ਪਹਿਲਾਂ ਵੀ ਵਾਰ-ਵਾਰ ਕੇਂਦਰ ਕੋਲ ਉਠਾਏ ਗਏ ਹਨ ਅਤੇ ਸੂਬਾ ਸਰਕਾਰ ਲਗਾਤਾਰ ਅਜਿਹਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

03-04-2026

ਸਲੋਕੁ ਮਃ ੩ ॥

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਸ਼ੁੱਕਰਵਾਰ, ੨੧ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ ੬੪੩)

ਪੰਜਾਬੀ ਵਿਆਖਿਆ

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।੧। ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।੨। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।੩।

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਚੰਡੀਗੜ੍ਹ 2 ਅਪ੍ਰੈਲ :

ਪੰਜਾਬ ਵਿਧਾਨ ਸਭਾ ਵਿੱਚ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ ਸਬੰਧੀ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ, ਜਿਸ ਨੂੰ 16 ਮਾਰਚ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਦੀ ਮੀਟਿੰਗ 13 ਅਪ੍ਰੈਲ, 2026 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਈ ਹੈ।

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਚੰਡੀਗੜ੍ਹ, 2 ਅਪ੍ਰੈਲ :

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ।

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੇ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆ ਹਨ।

ਉਹਨਾਂ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਸਦਕੇ ਪੇਂਡੂ ਅਰਥਵਿਵਸਥਾ ਨੂੰ ਮਜਬੂਤ ਕਰਨ ਦੇ ਨਾਲ ਨਾਲ ਬੇਰੋਜਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਦੇ ਮੌਕੇ ਵੀ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ  ਵਿੱਤੀ ਸਾਲ 2025-26 ਦੋਰਾਨ ਬੋਰਡ ਵੱਲੋ ਪੀ.ਐਮ.ਈ.ਜੀ.ਪੀ ਸਕੀਮ ਅਧੀਨ 457 ਇਕਾਈਆ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ। ਇਹਨਾਂ 457  ਇਕਾਈਆ ਦੇ ਲਾਭਪਾਤਰੀਆ ਨੂੰ 32 ਕਰੋੜ 77 ਲੱਖ 85 ਹਜਾਰ ਰੁਪਏ ਦੀ ਸਬਸਿਡੀ ਵੀ ਦਿੱਤੀ ਗਈ। ਇਹਨਾ ਵਿੱਚੋ ਲਗਭਗ 100 ਇਕਾਈਆ 1 ਲੱਖ ਤੋਂ 10 ਲੱਖ ਰੁਪਏ ਤੱਕ ਅਤੇ 10 ਤੋਂ 24 ਲੱਖ ਰੁਪਏ ਦੀਆਂ 204 ਇਕਾਈਆਂ ਅਤੇ 153 ਇਕਾਈਆਂ 25 ਲੱਖ ਰੁਪਏ ਤੋ 1 ਕਰੋੜ ਤੱਕ ਦੀ ਲਾਗਤ ਵਾਲੀਆ ਇਕਾਈਆਂ ਸਥਾਪਤ ਕੀਤੀਆ ਗਈਆ।


ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿੱਤੀ ਸਾਲ 2026-27 ਲਈ ਨਿਰਧਾਰਤ ਟੀਚੇ ਦੀ ਪ੍ਰਾਪਤੀ ਲਈ ਪੁਰਜੋਰ ਯਤਨ ਕੀਤੇ ਜਾਣ ਅਤੇ ਬੋਰਡ ਦੀਆ ਸਾਰੀਆ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਹਰ ਜਿਲ੍ਹੇ ਤੇ ਪਿੰਡ ਤੱਕ ਇਹਨਾ ਦੀ ਪਹੁੰਚ ਬਣਾਈ ਜਾਵੇ ਤਾਂ ਜੋ ਵੱਧ ਤੋ ਵੱਧ ਬੇਰੋਜਗਾਰ ਨੋਜਵਾਨਾਂ ਨੂੰ ਲਾਭ ਮਿਲ ਸਕੇ।

ਇਸ ਮੌਕੇ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਰਮਨਦੀਪ ਸਿੰਘ, ਅਤੇ ਸਪਰਡੰਟ ਸ੍ਰੀ ਦਵਿੰਦਰ ਸਿੰਘ, ਸੀਨੀਅਰ ਕੰਨਸੰਲਟੈਂਟ ਸ੍ਰੀ ਅਮਿਤ ਚੋਪੜਾ, ਸ੍ਰੀ ਅਪ੍ਰਿਤ ਗੁਪਤਾ, ਸ੍ਰੀ ਜੀਆ ਸ਼ਾਹ, ਸ੍ਰੀ ਗੁਰਜੰਟ ਸਿੰਘ ਪੂੰਨੀਆਂ, ਸ੍ਰੀਮਤੀ ਮੰਜੂ ਸ਼ਰਮਾਂ,ਸ੍ਰੀਮਤੀ ਅਮਿਤਪ੍ਰੀਤ ਕੌਰ, ਮਿਸ.ਰਾਧਿਕਾ ਅਤੇ ਸ੍ਰੀ ਸੰਦੀਪ ਸਿੰਘ ਆਦਿ ਮੌਜੂਦ ਸਨ।
ਮੰਡੀਆਂ ‘ਚ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ, ਕਿਸਾਨਾਂ ਨੂੰ ਮਿਲੇਗੀ ਹਰ ਸੰਭਵ ਸਹਾਇਤਾ ਅਤੇ ਸਹੂਲਤਾਂ : ‘ਆਪ’

ਚੰਡੀਗੜ੍ਹ, 2 ਅਪ੍ਰੈਲ :

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ‘ਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹੂਲਤਾਂ ਦਾ ਭਰੋਸਾ ਦਿੱਤਾ ਹੈ। ਪਾਰਟੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਖੇਤੀਬਾੜੀ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਅਤੇ ਮੌਜੂਦਾ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ‘ਤੇ ਚਾਨਣਾ ਪਾਇਆ।

ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਵਿੰਗ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਨੇ ਕਿਸਾਨਾਂ ਲਈ ਜੋ ਕੀਤਾ ਹੈ, ਉਹ ਇਤਿਹਾਸਕ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਬਿਨਾਂ ਕਿਸੇ ਜਾਤ ਜਾਂ ਧਰਮ ਦੇ ਵਿਤਕਰੇ ਦੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਜਿਸ ਦਾ ਲਾਭ ਕਿਸਾਨ ਪਰਿਵਾਰਾਂ ਨੂੰ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ 9 ਤੋਂ 5 ਵਜੇ ਤੱਕ ਨਿਰਵਿਘਨ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਰਾਤ ਵੇਲੇ ਖੇਤਾਂ ਵਿੱਚ ਨਹੀਂ ਜਾਣਾ ਪੈਂਦਾ। ਇਸ ਤੋਂ ਇਲਾਵਾ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਬੱਚੇ ਹੁਣ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਵੱਡੇ ਅਫ਼ਸਰ ਬਣ ਰਹੇ ਹਨ।

ਸਿੱਧੂ ਨੇ ਅੱਗੇ ਦੱਸਿਆ ਕਿ ਪੰਜਾਬ ਦੀਆਂ 1896 ਦਾਣਾ ਮੰਡੀਆਂ ਅਤੇ ਖ਼ਰੀਦ ਕੇਂਦਰਾਂ ‘ਤੇ ਕਿਸਾਨ ਵਿੰਗ ਦੀ ਵਿਸ਼ੇਸ਼ ਜ਼ਿੰਮੇਵਾਰੀ ਲਗਾਈ ਗਈ ਹੈ। ਕਿਸਾਨ ਵਿੰਗ ਦੇ ਅਹੁਦੇਦਾਰ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਆੜ੍ਹਤੀਆਂ ਨੂੰ ਫ਼ਸਲ ਦੀ ਸਹੀ ਤੁਲਾਈ ਅਤੇ ਸਮੇਂ ਸਿਰ ‘ਜੇ-ਫਾਰਮ’ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪਾਣੀ, ਬਿਜਲੀ ਅਤੇ ਸਫ਼ਾਈ ਦਾ ਪੂਰਾ ਪ੍ਰਬੰਧ ਰਹੇਗਾ।

ਕਿਸਾਨ ਵਿੰਗ ਦੇ ਜਨਰਲ ਸਕੱਤਰ ਸਤਬੀਰ ਸਿੰਘ ਬਖਸ਼ੀਵਾਲਾ ਨੇ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਤਿੰਨ-ਚਾਰ ਰਾਤਾਂ ਗੁਜ਼ਾਰਨੀਆਂ ਪੈਂਦੀਆਂ ਸਨ, ਪਰ ਮਾਨ ਸਰਕਾਰ ਵਿੱਚ ਫ਼ਸਲ ਦੀ ਲਿਫਟਿੰਗ ਇੰਨੀ ਤੇਜ਼ ਹੈ ਕਿ ਕਿਸਾਨ ਨੂੰ ਸ਼ਾਇਦ ਹੀ ਇੱਕ ਰਾਤ ਰੁਕਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸਰਕਾਰੀ ਖ਼ਰੀਦ ਅਧਿਕਾਰਤ ਤੌਰ ‘ਤੇ ਸ਼ੁਰੂ ਹੋ ਗਈ ਹੈ। ਮੌਸਮ ਦੀ ਖਰਾਬੀ ਕਾਰਨ ਕੁਝ ਦੇਰੀ ਜ਼ਰੂਰ ਹੋਈ ਹੈ, ਪਰ ਆਉਣ ਵਾਲੇ ਕੁਝ ਦਿਨਾਂ ਵਿੱਚ ਖ਼ਰੀਦ ਅਤੇ ਆਮਦ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੇ ਗਏ ਇੱਕ ਨਵੇਂ ਪਾਇਲਟ ਪ੍ਰੋਜੈਕਟ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤਾਂ ਦੇ ਵਿਚਕਾਰ ਲੱਗੇ ਖੰਭਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਤੋਂ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨੂੰ ਬਾਅਦ ਵਿੱਚ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।

ਨਹਿਰੀ ਪਾਣੀ ਦੇ ਮੁੱਦੇ ‘ਤੇ ਪੰਨੂ ਨੇ ਕਿਹਾ ਕਿ ਜਦੋਂ ਮਾਨ ਸਰਕਾਰ ਨੇ ਸਹੁੰ ਚੁੱਕੀ ਸੀ ਤਾਂ ਸਿਰਫ਼ 22% ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਸੀ, ਜਿਸ ਨੂੰ ਅੱਜ ਵਧਾ ਕੇ 88% ਕਰ ਦਿੱਤਾ ਗਿਆ ਹੈ। ਸਾਡਾ ਟੀਚਾ ਇਸ ਨੂੰ 90% ਤੋਂ ਪਾਰ ਲੈ ਕੇ ਜਾਣਾ ਹੈ। ਪਿਛਲੀਆਂ ਸਰਕਾਰਾਂ ਨੇ ਸਿਰਫ਼ ‘ਪਾਣੀ ਦੇ ਰਾਖੇ’ ਹੋਣ ਦਾ ਢੌਂਗ ਕੀਤਾ, ਜਦੋਂ ਕਿ ਮਾਨ ਸਰਕਾਰ ਨੇ ਹਕੀਕਤ ਵਿੱਚ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਇਆ ਹੈ। ਇਸ ਨਾਲ ਨਾ ਸਿਰਫ਼ ਫ਼ਸਲ ਦੀ ਪੈਦਾਵਾਰ ਵਧੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਵੀ ਬਚੇਗਾ। ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਦਾ ਹਰ ਕਦਮ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਸਮਰਪਿਤ ਹੈ।

Category : ਵਿਦੇਸ਼