Breaking News
ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧੂਰੀ, 17 ਮਾਰਚ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।”
ਉਨ੍ਹਾਂ ਅੱਗੇ ਕਿਹਾ, “21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਕੰਪਲੈਕਸ ਵਿੱਚ ਲਗਭਗ 73,000 ਵਰਗ ਫੁੱਟ ਵਿੱਚ ਫੈਲੀ ਅਤਿ-ਆਧੁਨਿਕ ਇਮਾਰਤ ਹੈ ਜੋ ਇਸ ਖੇਤਰ ਲਈ ਵਰਦਾਨ ਸਾਬਤ ਹੋਵੇਗੀ। ਇਹ ਓ.ਪੀ.ਡੀ., ਇਨਡੋਰ ਇਲਾਜ, ਐਮਰਜੈਂਸੀ ਸੇਵਾਵਾਂ, ਜਾਂਚ ਸਹੂਲਤਾਂ ਅਤੇ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਕੇ ਸੈਕੰਡਰੀ-ਪੱਧਰ ਦੀ ਸਿਹਤ ਸੰਭਾਲ ਵਿਵਸਥਾ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ਕਰੇਗਾ।”
ਸਿਹਤ ਸੇਵਾਵਾਂ ਲਈ ਦੂਹਰੀ-ਸਹੂਲਤ ਵਾਲੇ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਵਿਆਪਕ ਪੱਧਰ ’ਤੇ ਸੈਕੰਡਰੀ-ਪੱਧਰੀ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਕਸਤ ਕੀਤਾ ਗਿਆ ਹੈ, ਜਦੋਂ ਕਿ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਬਲਾਕ ਮਾਵਾਂ, ਨਵਜੰਮੇ ਬੱਚੇ ਅਤੇ ਬਾਲ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ਕਰੇਗਾ, ਜਿਸ ਨਾਲ ਖੇਤਰ ਵਿੱਚ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”
ਹਸਪਤਾਲ ਦੇ ਪਿਛੋਕੜ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹਸਪਤਾਲ ਸਾਲ 1978 ਵਿੱਚ 30 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ 50 ਬਿਸਤਰਿਆਂ ਤੱਕ ਅਪਗ੍ਰੇਡ ਕੀਤਾ ਗਿਆ, ਹੁਣ ਇਹ ਹਸਪਤਾਲ ਆਧੁਨਿਕ ਸਹੂਲਤਾਂ ਨਾਲ ਲੈਸ 80 ਬਿਸਤਰਿਆਂ ਸਮਰੱਥਾ ਵਾਲਾ ਬਣ ਗਿਆ ਹੈ ਜੋ ਕਿ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ।”
ਬੁਨਿਆਦੀ ਢਾਂਚੇ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ, “ਇਸ ਹਸਪਤਾਲ ਵਿੱਚ 13 ਓ.ਪੀ.ਡੀ. ਕਮਰੇ, ਐਮਰਜੈਂਸੀ ਬਲਾਕ, ਦੋ ਰਜਿਸਟ੍ਰੇਸ਼ਨ ਕਾਊਂਟਰ ਅਤੇ ਵੱਡੀਆਂ ਤੇ ਛੋਟੀਆਂ ਸਰਜਰੀਆਂ ਲਈ 7 ਆਪ੍ਰੇਸ਼ਨ ਥੀਏਟਰ ਸ਼ਾਮਲ ਹਨ। ਇਸ ਵਿੱਚ ਸਮੇਂ ਸਿਰ ਅਤੇ ਸਹੀ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਲੈਬਾਰਟਰੀਆਂ ਦੇ ਨਾਲ-ਨਾਲ ਈ.ਸੀ.ਜੀ., ਅਲਟਰਾਸਾਊਂਡ ਅਤੇ ਐਕਸ-ਰੇ ਰੂਮ ਵਰਗੀਆਂ ਆਧੁਨਿਕ ਜਾਂਚ ਸਹੂਲਤਾਂ ਹਨ।”
ਉਨ੍ਹਾਂ ਅੱਗੇ ਕਿਹਾ, “ਹਸਪਤਾਲ ਵਿੱਚ 12 ਨਿੱਜੀ ਕਮਰੇ, ਛੇ ਜਨਰਲ ਵਾਰਡ, ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਡਰੱਗ ਸਟੋਰ, ਇੱਕ ਐਸਐਮਓ ਦਫ਼ਤਰ, 11 ਨਰਸ ਸਟੇਸ਼ਨ ਅਤੇ ਦੋ ਲਿਫਟਾਂ ਉਪਲੱਬਧ ਹਨ। ਇਹ ਸਾਰੀਆਂ ਸਹੂਲਤਾਂ ਮਰੀਜ਼ਾਂ ਦੀ ਦੇਖਭਾਲ ਅਤੇ ਕਾਰਜਸ਼ੀਲ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਹਨ। ਅੱਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਡਾਕਟਰਾਂ ਨੂੰ ਐਮਰਜੈਂਸੀ ਕੇਸਾਂ, ਦੁਰਘਟਨਾ ਪੀੜਤਾਂ ਅਤੇ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਨੂੰ ਵਧੇਰੇ ਕੁਸ਼ਲਤਾ ਨਾਲ ਸੰਭਾਲਣ ਦੇ ਯੋਗ ਬਣਾਏਗਾ।”

ਸੇਵਾਵਾਂ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਹਸਪਤਾਲ ਸਰਜੀਕਲ ਅਤੇ ਗੋਡੇ ਬਦਲਣ ਦੀਆਂ ਸੇਵਾਵਾਂ ਸਮੇਤ ਹੋਰ ਬਿਹਤਰ ਡਾਕਟਰੀ ਸੇਵਾਵਾਂ ਵੀ ਦੇਵੇਗਾ। ਮਾਹਿਰ ਡਾਕਟਰ, ਖਾਸ ਕਰਕੇ ਕੰਨ, ਨੱਕ ਅਤੇ ਗਲੇ ਦੇ ਖੇਤਰ ਵਿੱਚ ਚੰਗੀ ਦੇਖਭਾਲ ਪ੍ਰਦਾਨ ਕਰਨ ਲਈ ਉਪਲਬਧ ਹੋਣਗੇ।”
ਜੱਚਾ-ਬੱਚਾ ਸਿਹਤ ਸੰਭਾਲ ‘ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਰਪਿਤ ਜੱਚਾ-ਬੱਚਾ ਹਸਪਤਾਲ ਹੁਨਰਮੰਦ ਗਾਇਨੀਕੋਲੋਜਿਸਟਾਂ ਦੀ ਨਿਗਰਾਨੀ ਹੇਠ ਆਮ ਅਤੇ ਸਿਜੇਰੀਅਨ ਡਿਲੀਵਰੀ ਸੇਵਾਵਾਂ ਪ੍ਰਦਾਨ ਕਰੇਗਾ, ਜਿਸ ਨਾਲ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”
ਉਨ੍ਹਾਂ ਅੱਗੇ ਕਿਹਾ, “ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਇਲਾਜ ਅਤੇ ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਪਰਿਵਾਰ ਵਿੱਤੀ ਤੰਗੀਆਂ ਕਾਰਨ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ। ਹਸਪਤਾਲ ਅਧੀਨ ਕਾਰਜਸ਼ੀਲ ਈ.ਐਸ.ਆਈ. ਡਿਸਪੈਂਸਰੀ ਰਾਹੀਂ ਵਰਕਰ ਸਿਹਤ ਸੰਭਾਲ ਸੇਵਾਵਾਂ ਤੋਂ ਵੀ ਲਾਭ ਪ੍ਰਾਪਤ ਕਰਦੇ ਰਹਿਣਗੇ।”
ਵਿਆਪਕ ਸਿਹਤ ਸੰਭਾਲ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਹਸਪਤਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਿਰ ਅਤੇ 900 ਤੋਂ ਵੱਧ ਜਨਰਲ ਡਾਕਟਰ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ਵਿੱਚ 800 ਤੋਂ ਵੱਧ ਡਾਕਟਰ ਸ਼ਾਮਲ ਹਨ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਰ ਡਾਕਟਰੀ ਦੀ ਉਪਲਬਧਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।”
ਉਨ੍ਹਾਂ ਅੱਗੇ ਕਿਹਾ, “ਅਸੀਂ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਦਾ ਵਿਸਤਾਰ ਕੀਤਾ ਹੈ, ਜ਼ਰੂਰੀ ਸਿਹਤ ਸੰਭਾਲ ਸੇਵਾਵਾਂ ਨੂੰ ਆਮ ਜਨਤਾ ਦੀ ਪਹੁੰਚ ਦੇ ਨੇੜੇ ਲਿਆਂਦਾ ਹੈ। 300 ਕਰੋੜ ਰੁਪਏ ਤੋਂ ਵੱਧ ਦੀ ਖਰੀਦ ਰਾਹੀਂ ਮੁਫ਼ਤ ਦਵਾਈਆਂ ਅਤੇ ਆਧੁਨਿਕ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।”
ਵਿੱਤੀ ਸੁਰੱਖਿਆ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਅਸੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਦੇ ਰਹੇ ਹਾਂ ਤਾਂ ਜੋ ਵਿੱਤੀ ਬੋਝ ਤੋਂ ਬਿਨਾਂ ਮਿਆਰੀ ਇਲਾਜ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।”
ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਨਾਲ ਧੂਰੀ ਦੇ 58,000 ਤੋਂ ਵੱਧ ਵਸਨੀਕਾਂ ਦੇ ਨਾਲ-ਨਾਲ ਨੇੜਲੇ ਖੇਤਰਾਂ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਇਸ ਖੇਤਰ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਅਹਿਮ ਸੁਧਾਰ ਹੋਵੇਗਾ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੰਭਾਲ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ।”

ਸਿੱਖਿਆ ਬੋਰਡ ਵੱਲੋਂ ਸਮਾਨਤਾ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਬੰਦ ਕਰਨ ਦਾ ਫੈਸਲਾ

ਐੱਸ ਏ ਐੱਸ ਨਗਰ 17 ਮਾਰਚ ;  ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦੇਸ਼ਾਂ ਤੋਂ ਵਿੱਦਿਆ ਪ੍ਰਾਪਤ ਵਿਦਿਆਰਥੀਆਂ ਨੂੰ ਬੋਰਡ ਅਧੀਨ ਅਗਲੇਰੀ ਵਿਦਿਆ ਲੈਣ ਲਈ ਉਚੇਚਾ ਸਮਾਨਤਾ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਅਪ੍ਰੈਲ, 2026 ਤੋਂ ਬੰਦ ਕਰਨ ਦਾ ਫੈਸਲਾ ਲਿਆ ਹੈ। ਬੋਰਡ ਦੇ ਇਸ ਕਦਮ ਨਾਲ ਵਿਦੇਸ਼ੀ ਧਰਤੀ ਤੋਂ ਪਰਤ ਕੇ ਪੰਜਾਬ ਵਿੱਚ ਅੱਗੋਂ ਪੜ੍ਹਨ ਦੇ ਚਾਹਵਾਨ ਵਿਦਿਆਰਥੀ ਹੁਣ UGC ਵੱਲੋਂ ਜਾਰੀ ਸਮਾਨਤਾ ਸਰਟੀਫਿਕੇਟ ਵਿਖਾ ਕੇ ਹੀ ਅਦਾਰਿਆਂ ਵਿੱਚ ਸਿੱਧਾ ਦਾਖਲਾ ਲੈ ਸਕਣਗੇ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ.ਅਮਰਪਾਲ ਸਿੰਘ, ਆਈ.ਏ.ਐਸ.(ਰਿਟਾ:) ਨੇ ਅੱਜ ਇਥੇ ਦੱਸਿਆ ਕਿ ਵਿਦਿਆਰਥੀਆਂ ਨੂੰ ਅਗਲੇਰੀ ਵਿੱਦਿਆ ਦੇਣ ਲਈ ਦਾਖਲਾ ਪ੍ਰਕਿਰਿਆ ਅਧੀਨ ਕੇਂਦਰ ਸਰਕਾਰ ਦੇ ਅਦਾਰਿਆਂ ਵੱਲੋਂ ਸਮਾਨਤਾ ਸਰਟੀਫਿਕੇਟ ਜਾਰੀ ਕਰਨ ਤੋਂ ਬਾਅਦ ਸੂਬਾਈ ਪੱਧਰ ਤੇ ਸਮਾਨਤਾ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਵਿਦਿਆਰਥੀ ਦੀ ਉਮੀਦਵਾਰੀ ਦੀ ਦੂਹਰੀ ਜਾਂਚ ਕਰਨ ਲਈ ਕੀਤੀ ਜਾਂਦੀ ਸੀ ਪਰ ਇਸ ਨਾਲ ਵਿਦਿਆਰਥੀ ਨੂੰ ਲੰਬੀ ਪ੍ਰਕਿਰਿਆ ਵਿੱਚੋਂ ਲੰਘਣਾ ਪੈਦਾ ਸੀ। ਬੋਰਡ ਵੱਲੋਂ ਫਰਵਰੀ, 2026 ਵਿੱਚ ਆਪਣੀ ਮੀਟਿੰਗ ਦੌਰਾਨ ਦੂਹਰੇ ਸਮਾਨਤਾ ਪੱਤਰ ਦੀ ਪ੍ਰਕਿਰਿਆ ਨਵੇਂ ਅਕਾਦਮਿਕ ਵਰ੍ਹੇ ਤੋਂ ਬੰਦ ਕਰਕੇ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਗਈ ਹੈ।

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 17 ਮਾਰਚ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ ’ਤੇ ਇਸ ਤਰ੍ਹਾਂ ਦੀ ਜਬਰਦਸਤੀ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਣੇ ਸਮੇਂ ਤੋਂ ਮਿਲੀ ਹੋਈ ਜਗ੍ਹਾ ’ਤੇ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਗੁਰਦੁਆਰਾ ਸਾਹਿਬ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰਦੁਆਰਾ ਸਾਹਿਬਾਨ ਸੰਗਤ ਦੀ ਆਸਥਾ ਅਤੇ ਵਿਸ਼ਵਾਸ ਦਾ ਕੇਂਦਰ ਹਨ। ਪ੍ਰਸ਼ਾਸਕੀ ਕਾਰਵਾਈ ਦੇ ਨਾਂ ’ਤੇ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਧੱਕੇਸ਼ਾਹੀ ਵਾਲੀ ਕਾਰਵਾਈ ਤੋਂ ਤੁਰੰਤ ਪਿੱਛੇ ਹਟੇ।

ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਬਰਮਬਾਲਾ ਨਾਲ ਸਬੰਧਤ ਜਗ੍ਹਾ ’ਤੇ ਕਬਜ਼ਾ ਦੀ ਨੀਅਤ ਨਾਲ ਕੀਤੀ ਜਾ ਰਹੀ ਕਾਰਵਾਈ ਨੂੰ ਮੁਕੰਮਲ ਤੌਰ ’ਤੇ ਰੋਕਣ ਦਾ ਸਥਾਨਕ ਸੂਬੇ ਦੀ ਸਰਕਾਰ ਨੂੰ ਆਦੇਸ਼ ਕਰੇ। ਉਨ੍ਹਾਂ ਸਥਾਨਕ ਸੰਗਤਾਂ ਨੂੰ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਉਂਦਿਆਂ ਕਿਹਾ ਕਿ ਕਿਸੇ ਵੀ ਧੱਕੇਸ਼ਾਹੀ ਵਿਰੁੱਧ ਸਿੱਖ ਸੰਸਥਾ ਪੂਰੇ ਵਿਸ਼ਵ ਦੀਆਂ ਸੰਗਤਾਂ ਨਾਲ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।

ਪਾਕਿਸਤਾਨ ਨੇ ਅਫਗਾਨਿਸਤਾਨ ’ਤੇ ਕੀਤਾ ਵੱਡਾ ਹਮਲਾ, 400 ਦੀ ਮੌਤ, 250 ਜ਼ਖਮੀ

ਇੱਕ ਪਾਸੇ ਜਿੱਥੇ ਈਰਾਨ, ਇਜ਼ਰਾਈਲ ਤੇ ਸੰਯੁਕਤ ਰਾਜ ਅਮਰੀਕਾ ਨਾਲ ਚੱਲ ਰਹੇ ਟਕਰਾਅ ਕਾਰਨ ਪੂਰੀ ਦੁਨੀਆ ਪਰੇਸ਼ਾਨ ਹੈ ਤਾਂ ਉੱਥੇ ਹੀ, ਹੁਣ ਦੂਜੇ ਪਾਸੇ ਪਾਕਿਸਤਾਨ ਤੇ ਅਫਗਾਨਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਬੀਤੇ ਕਈ ਦਿਨਾਂ ਤੋਂ, ਦੋਵੇਂ ਦੇਸ਼ ਇੱਕ ਦੂਜੇ ਦੇ ਵਿਰੁੱਧ ਲਗਾਤਾਰ ਹਮਲੇ ਕਰ ਰਹੇ ਹਨ। ਅਫਗਾਨਿਸਤਾਨ ਨੇ ਦੋਸ਼ ਲਗਾਇਆ ਹੈ ਕਿ ਪਾਕਿਸਤਾਨ ਨੇ ਸੋਮਵਾਰ ਦੇਰ ਰਾਤ ਇੱਕ ਹਸਪਤਾਲ ‘ਤੇ ਹਵਾਈ ਹਮਲਾ ਕੀਤਾ। ਤਾਲਿਬਾਨ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਹਮਲਿਆਂ ‘ਚ 400 ਮੌਤਾਂ ਹੋਈਆਂ ਹਨ। ਇਸਲਾਮਿਕ ਅਮੀਰਾਤ ਆਫ ਅਫਗਾਨਿਸਤਾਨ ਦੇ ਉਪ ਬੁਲਾਰੇ ਹਮਦੁੱਲਾ ਫਿਤਰਤ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਕੱਲ੍ਹ ਰਾਤ ਕਾਬੁਲ ‘ਚ ਇੱਕ ਨਸ਼ਾ ਮੁਕਤੀ ਕੇਂਦਰ ‘ਤੇ ਬੰਬਾਰੀ ਕੀਤੀ। ਬੰਬਾਰੀ ਤੋਂ ਬਾਅਦ, ਮਰਨ ਵਾਲਿਆਂ ਦੀ ਗਿਣਤੀ ਹੁਣ 400 ਹੋ ਗਈ ਹੈ, ਜਦੋਂ ਕਿ ਜ਼ਖਮੀਆਂ ਦੀ ਗਿਣਤੀ 250 ਤੱਕ ਪਹੁੰਚ ਗਈ ਹੈ। ਸੋਮਵਾਰ ਰਾਤ ਨੂੰ ਹੋਏ ਹਮਲੇ ਵਿੱਚ ਇੱਕ ਹਸਪਤਾਲ ਦਾ ਇੱਕ ਵੱਡਾ ਹਿੱਸਾ ਤਬਾਹ ਹੋ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 400 ਤੱਕ ਪਹੁੰਚ ਗਈ ਹੈ, ਜਦੋਂ ਕਿ 250 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ। ਫਿਤਰਤ ਨੇ ਅੱਗੇ ਕਿਹਾ ਕਿ ਬਚਾਅ ਟੀਮਾਂ ਇਸ ਸਮੇਂ ਇਮਾਰਤ ਦੇ ਅੰਦਰ ਲੱਗੀ ਅੱਗ ਨੂੰ ਕਾਬੂ ‘ਚ ਲਿਆਉਣ ਤੇ ਪੀੜਤਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਕੰਮ ਕਰ ਰਹੀਆਂ ਹਨ। ਅਫਗਾਨਿਸਤਾਨ ਵਿਰੁੱਧ ਕੀਤੇ ਗਏ ਇਨ੍ਹਾਂ ਹਮਲਿਆਂ ‘ਚ ਸੈਂਕੜੇ ਜਾਨਾਂ ਗਈਆਂ ਹਨ। ਤਾਲਿਬਾਨ ਨੇ ਦਾਅਵਾ ਕੀਤਾ ਹੈ ਕਿ ਇਹ ਹਮਲੇ ਪਾਕਿਸਤਾਨ ਦੁਆਰਾ ਕੀਤੇ ਗਏ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਹਮਲੇ ਮਨੁੱਖਤਾ ਵਿਰੁੱਧ ਅਪਰਾਧ ਹਨ। ਹਾਲਾਂਕਿ, ਪਾਕਿਸਤਾਨ ਨੇ ਤਾਲਿਬਾਨ ਦੁਆਰਾ ਕੀਤੇ ਗਏ ਇਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰ ਦਿੱਤਾ ਹੈ। ਪਾਕਿਸਤਾਨੀ ਅਧਿਕਾਰੀਆਂ ਤੇ ਨੇਤਾਵਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਿਸੇ ਵੀ ਹਸਪਤਾਲ ਨੂੰ ਨਿਸ਼ਾਨਾ ਨਹੀਂ ਬਣਾਇਆ। ਪਾਕਿਸਤਾਨ ਦਾ ਕਹਿਣਾ ਹੈ ਕਿ ਉਸ ਦੇ ਹਮਲੇ – ਸੋਮਵਾਰ ਨੂੰ ਕਾਬੁਲ ਤੇ ਪੂਰਬੀ ਅਫਗਾਨਿਸਤਾਨ ਦੇ ਹੋਰ ਹਿੱਸਿਆਂ ‘ਚ ਕੀਤੇ ਗਏ ਤੇ ਨਾਗਰਿਕ ਸਥਾਨਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ। ਪਾਕਿਸਤਾਨ ਤੇ ਅਫਗਾਨਿਸਤਾਨ ਵਿਚਕਾਰ ਤਣਾਅ ਕਾਫ਼ੀ ਸਮੇਂ ਤੋਂ ਜਾਰੀ ਹੈ। ਦੋਵੇਂ ਦੇਸ਼ ਇੱਕ ਦੂਜੇ ਵਿਰੁੱਧ ਹਮਲੇ ਕਰ ਰਹੇ ਹਨ। ਇਨ੍ਹਾਂ ਹਮਲਿਆਂ ਨੇ ਅੱਜ ਤੱਕ ਸੈਂਕੜੇ ਜਾਨਾਂ ਲਈਆਂ ਹਨ। ਇਹ ਇੱਕ ਹਫ਼ਤੇ ਦੇ ਅੰਦਰ ਅਫਗਾਨਿਸਤਾਨ ‘ਚ ਦੂਜਾ ਵੱਡਾ ਹਮਲਾ ਹੈ। ਪਾਕਿਸਤਾਨ ਤੇ ਅਫਗਾਨਿਸਤਾਨ ਵਿਚਕਾਰ ਟਕਰਾਅ 22 ਫਰਵਰੀ ਨੂੰ ਸ਼ੁਰੂ ਹੋਇਆ ਸੀ, ਜਦੋਂ ਪਾਕਿਸਤਾਨ ਨੇ ਅਫਗਾਨਿਸਤਾਨ ਦੇ ਸਰਹੱਦੀ ਖੇਤਰਾਂ ‘ਚ ਹਵਾਈ ਹਮਲੇ ਕੀਤੇ ਸਨ।

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 17 ਮਾਰਚ

ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ।

ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇਮਿਸਾਲ ਇਮਾਨਦਾਰੀ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣੇ ਨਾਂ ‘ਤੇ ਕਿਸੇ ਵੀ ਜਾਇਦਾਦ, ਜ਼ਮੀਨ ਜਾਂ ਬੈਂਕ ਖਾਤੇ ਤੋਂ ਬਿਨਾਂ ਬਤੀਤ ਕੀਤਾ ਅਤੇ ਇਸੇ ਤਰ੍ਹਾਂ ਹੀ ਸੰਸਾਰ ਨੂੰ ਅਲਵਿਦਾ ਕਿਹਾ।”

ਉਨ੍ਹਾਂ ਨੇ ਅੱਗੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਜਾਤ-ਪਾਤ ਦੇ ਵਿਤਕਰੇ ਵਿਰੁੱਧ ਲੜਨ ਲਈ ਪੁਣੇ ਵਿੱਚ ਇੱਕ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ। ਪਹਿਲਾਂ ਆਲ ਇੰਡੀਆ ਬੈਕਵਰਡ ਐਂਡ ਮਾਈਨਾਰਿਟੀ ਕਮਿਊਨਿਟੀਜ਼ ਇੰਪਲਾਈਜ਼ ਫੈਡਰੇਸ਼ਨ (ਬੀਏਐਮਸੀਈਐਫ਼) ਬਣਾ ਕੇ ਅਤੇ ਬਾਅਦ ਵਿੱਚ ਸਰਗਰਮ ਰਾਜਨੀਤੀ ਵਿੱਚ ਦਾਖਲ ਹੋ ਕੇ, ਉਨ੍ਹਾਂ ਨੇ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਕੌਮੀ ਰਾਜਨੀਤਿਕ ਅਖਾੜੇ ਵਿੱਚ ਉਤਰਨ ਲਈ ਸਸ਼ਕਤ ਕੀਤਾ।”

ਨੇਤਾ ਦੇ ਜੀਵਨ ਅਤੇ ਰਾਜਨੀਤਿਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਦਾ ਜਨਮ 15 ਮਾਰਚ, 1934 ਨੂੰ ਰੋਪੜ ਦੇ ਖਵਾਸਪੁਰਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸਰਕਾਰੀ ਕਾਲਜ, ਰੋਪੜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਉਨ੍ਹਾਂ ਨੇ ਬਾਅਦ ਵਿੱਚ 1991 ਵਿੱਚ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ 1996 ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦਿਆਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਅਤੇ ਇਸ ਤੋਂ ਬਾਅਦ ਰਾਜ ਸਭਾ ਵਿੱਚ ਵੀ ਸੇਵਾਵਾਂ ਦਿੱਤੀਆਂ।”

ਨੇਤਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਹਾਲ ਹੀ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ, “ਹਾਲ ਹੀ ਵਿੱਚ, ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਦੇ ਨਾਲ, ਮੈਂ ਬਾਬੂ ਕਾਂਸ਼ੀ ਰਾਮ ਜੀ ਨਾਲ ਸਬੰਧਤ ਰੋਪੜ ਦੇ ਪਿੰਡ ਖਵਾਸਪੁਰਾ ਅਤੇ ਆਨੰਦਪੁਰ ਸਾਹਿਬ ਦੇ ਪਿਰਥੀਪੁਰ ਬੁੰਗਾ ਦਾ ਦੌਰਾ ਕੀਤਾ। ਉਨ੍ਹਾਂ ਦੀ ਵਿਰਾਸਤ ਨੂੰ ਸਥਾਨਕ ਤੌਰ ‘ਤੇ ਸਨਮਾਨਿਤ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਸਥਾਨਕ ਸਕੂਲ ਦੇ ਪੁਨਰ-ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ₹2 ਕਰੋੜ ਦੀ ਗ੍ਰਾਂਟ ਅਲਾਟ ਕੀਤੀ ਹੈ, ਜਿਸ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਇਤਿਹਾਸਕ ਪ੍ਰਭਾਵ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇੱਕ ਉੱਚ ਪੱਧਰੀ ਲਾਇਬ੍ਰੇਰੀ ਅਤੇ ਇੱਕ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ ‘ਤੇ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਜੀ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।”

ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।”

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ


ਚੰਡੀਗੜ੍ਹ, 16 ਮਾਰਚ :

ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਬਿਹਤਰ ਉਚੇਰੀ ਸਿੱਖਿਆ ਵਾਲੀ ਭਵਿੱਖੀ ਸੋਚ ਪ੍ਰਤੀ ਅਹਿਮ ਕਦਮ ਚੁੱਕਦਿਆਂ, ਇਸ ਬਿੱਲ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਇੱਕ ਅਤਿ-ਆਧੁਨਿਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ ਗਿਆ ਹੈ ਅਤੇ ਇਹ ਸੰਸਥਾ ਰੱਖਿਆ, ਏਰੋਸਪੇਸ, ਸਾਈਬਰ ਸੁਰੱਖਿਆ ਅਤੇ ਕੁਆਂਟਮ ਕੰਪਿਊਟਿੰਗ ਵਿੱਚ ਉੱਤਰੀ ਭਾਰਤ ਦੇ ਪਲੇਠੇ ਵਿਸ਼ੇਸ਼ ਕੋਰਸ ਉਪਲਬਧ ਕਰਵਾਏਗੀ ਅਤੇ ਇਹ ਐਮਆਈਟੀ ਵਰਗੀਆਂ ਵਿਸ਼ਵਵਿਆਪੀ ਸੰਸਥਾਵਾਂ ਦੇ ਬਰਾਬਰ ਖੜ੍ਹੀ ਹੋਵੇਗੀ।

ਅੱਜ ਬਿੱਲ ਪੇਸ਼ ਕਰਦਿਆਂ ਸ. ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਮਹੱਤਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ, “ਇਸ ਪਵਿੱਤਰ ਨਗਰੀ ਦੀ ਜ਼ਮੀਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਖੁਦ ਖਰੀਦੀ ਸੀ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੁਨੀਆਂ ਲਈ ਨਿਆਂ ਦੇ ਸੋਮੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਹ ਸਿੱਖ ਵਿਰਾਸਤ ਪ੍ਰਤੀ ਇੱਕ ਨਿਮਰ ਸ਼ਰਧਾਂਜਲੀ ਹੈ।”

ਤਬਦੀਲੀ ਲਿਆਉਣ ਸਬੰਧੀ ਬਿੱਲ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤਕ ਅਧਿਐਨਾਂ ‘ਤੇ ਕੇਂਦ੍ਰਿਤ ਇੱਕ ਵਿਸ਼ੇਸ਼ ਅਕਾਦਮਿਕ ਢਾਂਚੇ ਦੀ ਰੂਪਰੇਖਾ ਪੇਸ਼ ਕੀਤੀ ਜੋ ਮੌਜੂਦਾ ਸਮੇਂ ਉੱਤਰੀ ਭਾਰਤ ਦੀ ਕਿਸੇ ਵੀ ਪ੍ਰਮੁੱਖ ਸੰਸਥਾ ਵਿੱਚ ਮੌਜੂਦ ਨਹੀਂ ਹਨ। ਇਨ੍ਹਾਂ ਵਿੱਚ ਰੱਖਿਆ ਤਕਨਾਲੋਜੀ ਵਿੱਚ ਬੀ.ਐਸਸੀ, ਰਣਨੀਤਕ ਅਤੇ ਰੱਖਿਆ ਅਧਿਐਨ ‘ਚ ਐਮ.ਐਸਸੀ, ਰੱਖਿਆ, ਇਲੈਕਟ੍ਰਾਨਿਕਸ ਅਤੇ ਰਾਡਾਰ ਪ੍ਰਣਾਲੀਆਂ ਵਿੱਚ ਐਮ.ਟੈਕ, ਮਿਲਟਰੀ ਰੋਬੋਟਿਕਸ ਅਤੇ ਪਰਮਾਣੂ ਸਿਸਟਮ ਵਿੱਚ ਐਮ.ਟੈਕ, ਏਆਈ ਵਿੱਚ ਬੀ.ਟੈਕ, ਏਆਈ ਵਿੱਚ ਐਮ.ਟੈਕ, ਡੇਟਾ ਸਾਇੰਸਜ਼ ਵਿੱਚ ਐਮ.ਐਸਸੀ, ਡਰੋਨ ਇੰਜੀਨੀਅਰਿੰਗ ਅਤੇ ਯੂਏਵੀ ਤਕਨਾਲੋਜੀ, ਐਟੋਮਿਕ ਸੀਰੀਅਲ ਸਿਸਟਮ ਵਿੱਚ ਬੀ.ਟੈਕ, ਸਾਈਬਰ ਸੁਰੱਖਿਆ ਵਿੱਚ ਬੀ.ਟੈਕ, ਸਾਈਬਰ-ਵਾਰਫੇਅਰ ਅਤੇ ਰਾਸ਼ਟਰੀ ਸੁਰੱਖਿਆ ਵਿੱਚ ਐਮ.ਟੈਕ, ਸਪੇਸ ਤਕਨਾਲੋਜੀ ਅਤੇ ਸੈਟੇਲਾਈਟ ਇੰਜੀਨੀਅਰਿੰਗ ਵਿੱਚ ਬੀ.ਟੈਕ, ਸੈਮੀ-ਕੰਡਕਟਰ ਇੰਜੀਨੀਅਰਿੰਗ ਵਿੱਚ ਬੀ.ਟੈਕ, ਚਿੱਪ ਡਿਜ਼ਾਈਨ ਅਤੇ ਮਾਈਕ੍ਰੋ-ਇਲੈਕਟ੍ਰੋਨਿਕਸ ਵਿੱਚ ਐਮ.ਟੈਕ, ਕੁਆਂਟਮ ਤਕਨਾਲੋਜੀ ਵਿੱਚ ਬੀ.ਟੈਕ, ਕੁਆਂਟਮ ਕੰਪਿਊਟਿੰਗ ਵਿੱਚ ਐਮ.ਟੈਕ, ਮਿਲਟਰੀ ਹਿਸਟਰੀ ਵਿੱਚ ਬੀਏ ਅਤੇ ਐਮਏ, ਰੱਖਿਆ ਅਤੇ ਮਿਲਟਰੀ ਲਾਅ ਐਲਐਲਐਮ, ਮੈਰੀਟਾਈਮ ਵਿੱਚ ਐਲਐਲਬੀ, ਸਰਹੱਦੀ ਸੁਰੱਖਿਆ ਅਤੇ ਅੱਤਵਾਦ ਵਿਰੋਧੀ ਅਤੇ ਮੈਰੀਟਾਈਮ ਕੋਰਸਾਂ ਵਿੱਚ ਪੀਜੀ ਡਿਪਲੋਮਾ ਸ਼ਾਮਲ ਹਨ।

ਸ. ਬੈਂਸ ਨੇ ਅੱਗੇ ਕਿਹਾ ਕਿ ਰੱਖਿਆ ਹੁਣ ਸਿਰਫ਼ ਇੱਕ ਸਰਕਾਰੀ ਖੇਤਰ ਨਹੀਂ ਰਿਹਾ। ਮਹਿੰਦਰਾ, ਟਾਟਾ ਅਤੇ ਹੋਰਨਾਂ ਕੰਪਨੀਆਂ ਡਰੋਨ ਅਤੇ ਮਿਜ਼ਾਈਲਾਂ ਬਣਾ ਰਹੀਆਂ ਹਨ। ਸਾਡੇ ਬੱਚਿਆਂ ਨੂੰ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਤਲੁਜ ਦਰਿਆ ਅਤੇ ਗੋਬਿੰਦ ਸਾਗਰ ਝੀਲ ਰਾਹੀਂ ਸਮੁੰਦਰੀ ਅਧਿਐਨ ਸਬੰਧੀ ਕੋਰਸ ਵੀ ਪੇਸ਼ ਕਰਾਂਗੇ ਅਤੇ ਗੁਰੂਆਂ ਦੇ ਸਮੇਂ ਤੋਂ ਮਹਾਰਾਜਾ ਰਣਜੀਤ ਸਿੰਘ ਤੱਕ ਜੰਗਾਂ ਦਾ ਅਧਿਐਨ ਕਰਨ ਲਈ ਫੌਜੀ ਇਤਿਹਾਸ ਵਿੱਚ ਮਾਸਟਰ ਡਿਗਰੀ ਵੀ ਦੇਵਾਂਗੇ।

ਸਿੱਖਿਆ ਮੰਤਰੀ ਨੇ ਪੁਲਿਸਿੰਗ ਅਤੇ ਅੰਦਰੂਨੀ ਸੁਰੱਖਿਆ ਵਿੱਚ ਤਕਨਾਲੋਜੀ-ਅਧਾਰਤ ਖੋਜ ਦੀ ਜ਼ਰੂਰਤ ਨੂੰ ਉਜਾਗਰ ਕਰਦਿਆਂ ਇੱਕ ਸਰਹੱਦੀ ਰਾਜ ਵਜੋਂ ਪੰਜਾਬ ਦੀ ਵਿਲੱਖਣ ਸਥਿਤੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿਹਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਵਿਕਸਤ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮ.ਆਈ.ਟੀ. ਦੇ ਬਰਾਬਰ ਇੱਕ ਸੰਸਥਾ ਦੀ ਕਲਪਨਾ ਕੀਤੀ ਹੈ, ਜੋ ਹਰਗੋਬਿੰਦ ਖੁਰਾਨਾ, ਪਿਆਰਾ ਸਿੰਘ ਗਿੱਲ ਅਤੇ ਡਾ. ਨਰਿੰਦਰ ਸਿੰਘ ਕਪਾਨੀ ਵਰਗੇ ਨੋਬਲ ਪੁਰਸਕਾਰ ਜੇਤੂਆਂ ਦੀ ਵਿਰਾਸਤ ਵਜੋਂ ਭਵਿੱਖ ਦੇ ਵਿਗਿਆਨੀਆਂ ਪੈਦਾ ਕਰੇਗੀ। ਇਹ ਇੱਕ ਅੰਤਰਰਾਸ਼ਟਰੀ ਪ੍ਰਮਾਣਿਕਤਾ ਵਾਲੀ ਯੂਨੀਵਰਸਿਟੀ ਹੋਵੇਗੀ, ਜਿੱਥੇ ਵਿਦਿਆਰਥੀ ਨਾ ਸਿਰਫ਼ ਡਿਗਰੀਆਂ ਪ੍ਰਾਪਤ ਕਰਨਗੇ ਬਲਕਿ ਅਗਲੇ 20 ਤੋਂ 50 ਸਾਲਾਂ ਵਿੱਚ ਪੰਜਾਬ ਅਤੇ ਦੇਸ਼ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਕੰਮ ਕਰਨਗੇ।

ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਸਾਲਾਂ ਵਿੱਚ ਨਿਵੇਸ਼ ਲਈ 300 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ, ਜਿਸ ਵਿੱਚੋਂ ਮੌਜੂਦਾ ਬਜਟ ਵਿੱਚ ਸ਼ੁਰੂਆਤੀ ਤੌਰ ‘ਤੇ 20 ਕਰੋੜ ਰੁਪਏ ਰੱਖੇ ਗਏ ਹਨ। ਇਹ ਪ੍ਰੋਜੈਕਟ ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਤਰਜੀਹ ਹੈ ਅਤੇ ਜੋ ਵੀ ਫੰਡ ਲੋੜੀਂਦੇ ਹੋਣਗੇ ਉਹ ਹਰ ਹੀਲੇ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਰਣਨੀਤਕ ਤੌਰ ‘ਤੇ ਕੀਰਤਪੁਰ ਸਾਹਿਬ ਅਤੇ ਨੰਗਲ ਹਾਈਵੇਅ ‘ਤੇ ਇੱਕ ਨਵੇਂ ਮਨਜ਼ੂਰਸ਼ੁਦਾ ਬਾਈਪਾਸ ਦੇ ਨੇੜੇ ਸਥਾਪਿਤ ਕੀਤੀ ਜਾਵੇਗੀ, ਜੋ ਪਹੁੰਚ ਨੂੰ ਸੁਖਾਲਾ ਬਣਾਏਗੀ। ਇਹ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੋਹਾਲੀ ਤੋਂ 70 ਮਿੰਟ ਦੀ ਦੂਰੀ ‘ਤੇ ਹੈ ਅਤੇ ਇੱਥੋਂ ਰਾਸ਼ਟਰੀ ਰਾਜਧਾਨੀ ਤੋਂ ਸਿਰਫ਼ ਚਾਰ ਘੰਟੇ ਦੀ ਦੂਰੀ ‘ਤੇ ਹੈ। ਇੱਕ ਬੰਦ ਪਏ ਕਾਲਜ ਅਤੇ ਇੱਕ ਮਾਰਸ਼ਲ ਅਕੈਡਮੀ ਵਿੱਚ ਇੱਕ ਟਰਾਂਜ਼ਿਟ ਕੈਂਪਸ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚ ਜੁਲਾਈ 2026 ਤੱਕ ਕੋਰਸ ਸ਼ੁਰੂ ਕਰਨ ਲਈ ਅਧਿਕਾਰੀ ਦਿਨ-ਰਾਤ ਕੰਮ ਕਰ ਰਹੇ ਹਨ।

ਸ. ਬੈਂਸ ਨੇ ਅਨੁਮਾਨ ਲਗਾਇਆ ਕਿ ਯੂਨੀਵਰਸਿਟੀ ਅਗਲੇ ਦਹਾਕੇ ਵਿੱਚ 10,000 ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਿਆ ਦੇਵੇਗੀ, ਜਿਸ ਨਾਲ ਖੇਤਰ ਵਿੱਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਵਿੱਚ ਫੈਕਲਟੀ, ਤਕਨੀਕੀ ਸਟਾਫ, ਲੈਬ ਸਹਾਇਕ ਅਤੇ ਰਿਟੇਲ, ਪ੍ਰਾਹੁਣਚਾਰੀ ਤੇ ਸਟਾਰਟਅੱਪਸ ਦੇ ਮੌਕੇ ਸ਼ਾਮਲ ਹਨ।

ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦਾ ਸਮਾਪਤੀ ਸਮਾਗਮ ਇਸੇ ਯੂਨੀਵਰਸਿਟੀ ਦੇ ਗਰਾਉਂਡ ‘ਤੇ ਹੋਵੇਗਾ। ਇਹ ਸਿਰਫ਼ ਇੱਕ ਯੂਨੀਵਰਸਿਟੀ ਨਹੀਂ, ਬਲਕਿ ਇਸ ਪਵਿੱਤਰ ਧਰਤੀ ਨੂੰ ਸ਼ਰਧਾਂਜਲੀ ਹੈ।

ਯੂਨੀਵਰਸਿਟੀ ਦੀ ਸਥਾਪਨਾ ਨੂੰ ਇੱਕ ਮਿਸ਼ਨ ਦੱਸਦਿਆਂ ਸ. ਬੈਂਸ ਨੇ ਕਿਹਾ ਕਿ ਇਹ ਸ੍ਰੀ ਆਨੰਦਪੁਰ ਸਾਹਿਬ, ਨੰਗਲ, ਰੋਪੜ, ਗੜ੍ਹਸ਼ੰਕਰ, ਬੰਗਾ, ਬਲਾਚੌਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਬਿੱਲ ‘ਤੇ ਚਰਚਾ ਤੋਂ ਬਾਅਦ, ਵਿਧਾਨ ਸਭਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਪਾਸ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ


ਨਵੀਆਂ ਸੋਧਾਂ ਨਾਲ ਹੋਰ ਪਾਰਦਰਸ਼ਤਾ ਅਤੇ ਮਾਲੀਏ ਵਿੱਚ ਵਾਧੇ ਦੇ ਨਾਲ-ਨਾਲ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ‘ਤੇ ਸਖ਼ਤੀ ਨਾਲ ਰੋਕ ਯਕੀਨੀ ਬਣੇਗੀ

ਚੰਡੀਗੜ੍ਹ, 17 ਮਾਰਚ :

ਪੰਜਾਬ ਵਿਧਾਨ ਸਭਾ ਨੇ ਅੱਜ “ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਸ (ਸੋਧ) ਬਿੱਲ, 2026” ਨੂੰ ਬਹੁਮਤ ਨਾਲ ਪਾਸ ਕਰ ਦਿੱਤਾ। ਇਹ ਬਿੱਲ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਇਹ ਸੋਧਾਂ ਸੂਬੇ ਵਿੱਚ ਖਣਿਜਾਂ ਦੀ ਪ੍ਰੋਸੈਸਿੰਗ ਸਬੰਧੀ ਗਤੀਵਿਧੀਆਂ ਦੀ ਨਿਗਰਾਨੀ ਨੂੰ ਤੇਜ਼ ਕਰਨ ਵੱਲ ਫੈਸਲਾਕੁੰਨ ਕਦਮ ਸਾਬਤ ਹੋਣਗੀਆਂ।

ਇਨ੍ਹਾਂ ਸੋਧਾਂ ਤਹਿਤ ਕਰੱਸ਼ਰ ਯੂਨਿਟਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ, ਮਹੀਨਾਵਾਰ ਸੰਚਾਲਨ ਰਿਟਰਨਾਂ ਨੂੰ ਢਾਂਚਾਗਤ ਢੰਗ ਨਾਲ ਜਮ੍ਹਾਂ ਕਰਵਾਉਣਾ ਅਤੇ ਬਿਜਲੀ ਦੀ ਖਪਤ ਦੇ ਅੰਕੜਿਆਂ ਰਾਹੀਂ ਉਤਪਾਦਨ ਦੇ ਰੁਝਾਨਾਂ ਦੀ ਪ੍ਰਣਾਲੀਬੱਧ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਨਵੀਆਂ ਵਿਵਸਥਾਵਾਂ ਅਧੀਨ ਛੋਟੇ ਖਣਿਜਾਂ ਨਾਲ ਜੁੜੀਆਂ ਲੈਣ-ਦੇਣ ਪ੍ਰਕਿਰਿਆਵਾਂ ਦੀ ਡਿਜੀਟਲ ਟ੍ਰੈਕਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਗੜਬੜੀਆਂ ‘ਤੇ ਰੋਕ ਲੱਗੇ ਅਤੇ ਸਪਲਾਈ ਚੇਨ ਵਿੱਚ ਜਵਾਬਦੇਹੀ ਵਧੇ।

ਬਰਿੰਦਰ ਕੁਮਾਰ ਗੋਇਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਵੀਆਂ ਸੋਧਾਂ ਵਿੱਚ ਉਲੰਘਣਾਵਾਂ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਸਜ਼ਾ ਦੀਆਂ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਜ਼ਬੂਤ ਰੈਗੂਲੇਟਰੀ ਪ੍ਰਣਾਲੀ ਕਰੱਸ਼ਰ ਯੂਨਿਟਾਂ, ਸਟਾਕਿਸਟਾਂ ਅਤੇ ਰਿਟੇਲਰਾਂ ਦੇ ਕੁਸ਼ਲ ਕੰਮਕਾਜ ਨੂੰ ਸੁਵਿਧਾਜਨਕ ਬਣਾਏਗੀ। ਇਸ ਦੇ ਨਾਲ ਹੀ ਇਹ ਸਰਕਾਰੀ ਮਾਲੀਆ ਸਰੋਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਾਤਾਵਰਣ ਅਨੁਕੂਲ ਕਾਰਜਾਂ ਨੂੰ ਉਤਸ਼ਾਹਿਤ ਕਰੇਗੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

17-03-2026

ਸੋਰਠਿ ਮਹਲਾ ੧ ॥

ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥

ਮੰਗਲਵਾਰ, ੪ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੩੬)

ਪੰਜਾਬੀ ਵਿਆਖਿਆ

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧।

ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ । (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ । ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ । (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦੈ੍ਵਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ।੬।

ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ – 2026 – ਏਰੋਸਪੇਸ ਅਤੇ ਰੱਖਿਆ ਸੈਸ਼ਨ

ਚੰਡੀਗੜ੍ਹ/ਮੋਹਾਲੀ, 14 ਮਾਰਚ :

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) – 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਕਿਵੇਂ ਇਸ ਵਿੱਚ ਯੋਗਦਾਨ ਪਾ ਸਕਦਾ ਹੈ, ਇਸ ਬਾਰੇ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ।

ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਪੰਜਾਬ ਕੋਲ ਇੱਕ ਸ਼ਾਨਦਾਰ ਈਕੋ ਸਿਸਟਮ ਹੈ ਜੋ ਦੇਸ਼ ਦੇ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਅਤੇ ਬਹੁਤ ਮੁੱਲਵਾਨ ਯੋਗਦਾਨ ਪਾਉਣ ਲਈ ਢੁੱਕਵਾਂ ਹੈ।
ਕੈਬਨਿਟ ਮੰਤਰੀ ਵੱਲੋਂ ਟਰਬਾਈਨ ਬੈਲਿਸਟਿਕ ਰਿਸਰਚ ਲੈਬਾਰਟਰੀ (ਟੀ.ਬੀ.ਆਰ.ਐਲ.) ਅਤੇ ਲੁਧਿਆਣਾ ਵਿੱਚ ਸੈਂਟਰਲ ਟੂਲ ਰੂਮ ਤੋਂ ਇਲਾਵਾ 6 ਹਵਾਈ ਅੱਡਿਆਂ ਦੀ ਮੌਜੂਦਗੀ ਨੂੰ ਸ਼ਾਨਦਾਰ ਤਕਨੀਕੀ ਅਤੇ ਸੰਪਰਕ ਪਹਿਲੂਆਂ ਵਜੋਂ ਹਵਾਲਾ ਦਿੱਤਾ ਗਿਆ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰੱਖਿਆ ਖੇਤਰ ਨਾਲ ਸਬੰਧਤ ਮੁੱਦਿਆਂ ‘ਤੇ ਵਿਆਪਕ ਚਰਚਾ ਕਰਨ ਲਈ ਇੱਕ ਰੱਖਿਆ ਸੰਮੇਲਨ ਵੀ ਕਰਵਾਇਆ।

ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ, ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਨੇ ਰੱਖਿਆ ਖੇਤਰ ਵਿੱਚ ਮੁੱਖ ਯੋਗਤਾ ਵਾਲੇ ਖੇਤਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ‘ਤੇ ਕੰਮ ਕਰਨ ਦੇ ਹੱਕ ਵਿੱਚ ਦਲੀਲਾਂ ਪੇਸ਼ ਕੀਤੀਆਂ।

ਉਦਯੋਗਿਕ ਖੇਤਰ ਦੀ ਤਰਜ਼ ‘ਤੇ ਰੱਖਿਆ ਖੇਤਰ ਵਿੱਚ ਸੈਕਟਰਲ ਕਮੇਟੀਆਂ ਹੋਣ ਦੀ ਵਕਾਲਤ ਕਰਦੇ ਹੋਏ, ਜੇ.ਐੱਸ.ਡਬਲਿਊ, ਸਰਬਲੋਹ ਮੋਟਰਜ਼ ਦੇ ਸੀਈਓ ਜਸਕੀਰਤ ਵਲਾਦੀਮੀਰ ਸਿੰਘ ਨੇ ਰੱਖਿਆ ਨਿਰਮਾਣ ਵਿੱਚ ਐਮ.ਐਸ.ਐਮ.ਈ ਨੂੰ ਜੋੜਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਇਨਵੈਸਟ ਪੰਜਾਬ ਦੇ ਸੀਈਓ ਸ੍ਰੀ ਅਮਿਤ ਢਾਕਾ ਨੇ ਪੰਜਾਬ ਦੇ ਮਜ਼ਬੂਤ ਨਿਰਮਾਣ ਅਧਾਰ ਨੂੰ ਸੂਚੀਬੱਧ ਕਰਨ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਸੌਖ ‘ਤੇ ਜ਼ੋਰ ਦਿੱਤਾ ਜਿਸਦੇ ਨਤੀਜੇ ਵਜੋਂ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਇਜਾਜ਼ਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਅਮਨ ਅਰੋੜਾ ਨੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਚੰਡੀਗੜ੍ਹ, 14 ਮਾਰਚ :

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅੱਠ ਤਿੱਖੇ ਸਵਾਲ ਕੀਤੇ। ਉਨ੍ਹਾਂ ਨੇ ਪੰਜਾਬ ਦੇ ਰੋਕੇ ਗਏ ਫੰਡਾਂ, ਭਾਰੀ ਜੀਐਸਟੀ ਨੁਕਸਾਨ, ਹੜ੍ਹ ਰਾਹਤ, ਉਦਯੋਗ, ਨਸ਼ਾ ਤਸਕਰੀ, ਰੁਜ਼ਗਾਰ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਵਰਗੇ ਮੁੱਦਿਆਂ ‘ਤੇ ਸਪੱਸ਼ਟ ਜਵਾਬਾਂ ਦੀ ਮੰਗ ਕੀਤੀ।

ਅਮਨ ਅਰੋੜਾ ਨੇ ਕਿਹਾ ਕਿ ਇਸ ਦੌਰੇ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਕੇਂਦਰੀ ਗ੍ਰਹਿ ਮੰਤਰੀ ਤੋਂ ਜਵਾਬਦੇਹੀ ਦੀ ਉਮੀਦ ਕਰ ਰਹੇ ਹਨ ਅਤੇ ਉਹ ਪੰਜਾਬ ਦੇ ਗੰਭੀਰ ਆਰਥਿਕ ਅਤੇ ਪ੍ਰਸ਼ਾਸਨਿਕ ਸਰੋਕਾਰਾਂ ‘ਤੇ ਖੋਖਲੇ ਨਾਅਰਿਆਂ ਜਾਂ “ਜੁਮਲਿਆਂ” ਦੀ ਬਜਾਏ ਠੋਸ ਜਵਾਬਾਂ ਦੇ ਹੱਕਦਾਰ ਹਨ।

ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬੀਆਂ ਦੀ ਮਹਿਮਾਨਾਂ ਦਾ ਸਤਿਕਾਰ ਨਾਲ ਸਵਾਗਤ ਕਰਨ ਦੀ ਪੁਰਾਣੀ ਰਵਾਇਤ ਹੈ, ਪਰ ਇਸ ਵਾਰ ਪੰਜਾਬ ਦੇ ਲੋਕ ਕੇਂਦਰੀ ਗ੍ਰਹਿ ਮੰਤਰੀ ਤੋਂ ਜਵਾਬਦੇਹੀ ਦੀ ਉਮੀਦ ਰੱਖਦੇ ਹਨ। ਅਮਨ ਅਰੋੜਾ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀ ਧਰਤੀ ‘ਤੇ ਆਏ ਹਨ, ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਪਰ ਤਿੰਨ ਕਰੋੜ ਪੰਜਾਬੀਆਂ ਦੀ ਚਿੰਤਾ ਸਧਾਰਨ ਹੈ—ਖਾਲੀ ਵਾਅਦੇ ਨਾ ਕਰੋ ਅਤੇ ਦੁਬਾਰਾ ਜੁਮਲੇ ਨਾ ਸੁਣਾਓ।

ਆਪ ਪੰਜਾਬ ਦੇ ਪ੍ਰਧਾਨ ਨੇ ਨੋਟ ਕੀਤਾ ਕਿ ਦੋ ਦਿਨ ਪਹਿਲਾਂ ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ ਸਨ ਅਤੇ ਉਮੀਦ ਕੀਤੀ ਸੀ ਕਿ ਭਾਜਪਾ ਦੀ ਪੰਜਾਬ ਲੀਡਰਸ਼ਿਪ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਕੋਈ ਜਵਾਬ ਦੇਵੇਗੀ ਜਾਂ ਕੋਈ ਐਲਾਨ ਪੇਸ਼ ਕਰੇਗੀ। ਅਮਨ ਅਰੋੜਾ ਨੇ ਕਿਹਾ ਹਾਲਾਂਕਿ, ਪਿਛਲੇ ਦੋ ਦਿਨਾਂ ਵਿੱਚ ਇੱਕ ਵੀ ਭਾਜਪਾ ਪੰਜਾਬ ਦੇ ਆਗੂ ਨੇ ਇਨ੍ਹਾਂ ਚਿੰਤਾਵਾਂ ਬਾਰੇ ਗੱਲ ਨਹੀਂ ਕੀਤੀ।” ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਵੱਲੋਂ ਉਠਾਏ ਜਾ ਰਹੇ ਮੁੱਦਿਆਂ ‘ਤੇ ਅਮਿਤ ਸ਼ਾਹ ਅਤੇ ਭਾਜਪਾ ਪੰਜਾਬ ਦੇ ਆਗੂਆਂ ਨੂੰ ਸਵਾਲ ਕਰਨ।

ਪੰਜਾਬ ਦੇ 8,300 ਕਰੋੜ ਰੁਪਏ ਦੇ ਆਰ.ਡੀ.ਐਫ ਅਤੇ ਐਮ.ਡੀ.ਐਫ ਫੰਡ ਰੋਕੇ ਗਏ

ਪਹਿਲਾ ਮੁੱਦਾ ਉਠਾਉਂਦਿਆਂ ਅਮਨ ਅਰੋੜਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਦਿਹਾਤੀ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਤਹਿਤ ਪੰਜਾਬ ਦੇ 8,300 ਕਰੋੜ ਰੁਪਏ ਕਿਸ ਕਾਨੂੰਨ ਤਹਿਤ ਰੋਕ ਕੇ ਰੱਖੇ ਹੋਏ ਹਨ। ਅਮਨ ਅਰੋੜਾ ਨੇ ਪੁੱਛਿਆ, “ਇਹ ਪੈਸਾ ਪੰਜਾਬ ਦੇ ਮਿਹਨਤੀ ਕਿਸਾਨਾਂ ਅਤੇ ਲੋਕਾਂ ਦਾ ਹੈ। ਇਹ ਪੇਂਡੂ ਵਿਕਾਸ ਲਈ ਹੈ। ਕੇਂਦਰ ਨੇ ਇਸ ਨੂੰ ਕਿਉਂ ਰੋਕਿਆ ਹੈ ਅਤੇ ਇਹ ਕਦੋਂ ਜਾਰੀ ਕੀਤਾ ਜਾਵੇਗਾ?

ਪੰਜਾਬ ਨੂੰ 60,000 ਕਰੋੜ ਰੁਪਏ ਦਾ ਜੀ.ਐਸ.ਟੀ ਨੁਕਸਾਨ

ਜੀਐਸਟੀ ਪ੍ਰਣਾਲੀ ਦੇ ਤਹਿਤ ਪੰਜਾਬ ਨੂੰ ਹੋਏ ਵਿੱਤੀ ਨੁਕਸਾਨ ਬਾਰੇ ਚਾਨਣਾ ਪਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁਆਵਜ਼ਾ ਪ੍ਰਣਾਲੀ ਸਿਰਫ਼ ਪੰਜ ਸਾਲ ਹੀ ਚੱਲੀ, ਜਿਸ ਨਾਲ ਪੰਜਾਬ ਨੂੰ ਭਾਰੀ ਨੁਕਸਾਨ ਹੋਇਆ। ਅਮਨ ਅਰੋੜਾ ਨੇ ਸਵਾਲ ਕੀਤਾ ਕਿ।ਜੀਐਸਟੀ ਮੁਆਵਜ਼ਾ ਸਿਰਫ਼ ਪੰਜ ਸਾਲਾਂ ਲਈ ਦਿੱਤਾ ਗਿਆ ਸੀ, ਪਰ ਪੰਜਾਬ ਨੂੰ ਲਗਭਗ 60,000 ਕਰੋੜ ਰੁਪਏ ਦਾ ਨੁਕਸਾਨ ਹੋਇਆ। ਕੇਂਦਰ ਸਰਕਾਰ ਪੰਜਾਬ ਦੇ ਇਸ ਵੱਡੇ ਨੁਕਸਾਨ ਦੀ ਭਰਪਾਈ ਕਿਵੇਂ ਕਰਨ ਦੀ ਯੋਜਨਾ ਬਣਾ ਰਹੀ ਹੈ?

1,600 ਕਰੋੜ ਰੁਪਏ ਦੀ ਹੜ੍ਹ ਰਾਹਤ ਅਜੇ ਤੱਕ ਜਾਰੀ ਨਹੀਂ ਹੋਈ

ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਯਾਦ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ। ਅਮਨ ਅਰੋੜਾ ਨੇ ਕਿਹਾ, “ਕੀ ਅਮਿਤ ਸ਼ਾਹ ਅੱਜ ਆਪਣੇ ਨਾਲ 1,600 ਕਰੋੜ ਰੁਪਏ ਦਾ ਚੈੱਕ ਲੈ ਕੇ ਆ ਰਹੇ ਹਨ? ਜੇਕਰ ਹਾਂ, ਤਾਂ ਉਨ੍ਹਾਂ ਨੂੰ ਇਹ ਪੰਜਾਬ ਨੂੰ ਸੌਂਪਣਾ ਚਾਹੀਦਾ ਹੈ। ਜੇਕਰ ਨਹੀਂ, ਤਾਂ ਉਨ੍ਹਾਂ ਨੂੰ ਆਪਣੀ ਰੈਲੀ ਵਿੱਚ ਦੱਸਣਾ ਚਾਹੀਦਾ ਹੈ ਕਿ ਉਹ ਪੈਸਾ ਅਜੇ ਤੱਕ ਜਾਰੀ ਕਿਉਂ ਨਹੀਂ ਕੀਤਾ ਗਿਆ।

ਇਕਪਾਸੜ ਭਾਰਤ-ਅਮਰੀਕਾ ਵਪਾਰ ਸੌਦਾ

ਆਪ ਪੰਜਾਬ ਦੇ ਪ੍ਰਧਾਨ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਇੱਕਪਾਸੜ ਦੱਸਦਿਆਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਅਮਨ ਅਰੋੜਾ ਨੇ ਕਿਹਾ, “ਸੌਦਾ ਬਰਾਬਰ ਦੇ ਲੋਕਾਂ ਵਿਚਕਾਰ ਹੁੰਦਾ ਹੈ, ਪਰ ਜਿਸ ਤਰ੍ਹਾਂ ਭਾਜਪਾ ਸਰਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਝੁਕੀ ਹੈ, ਉਹ ਸੌਦੇ ਦੀ ਬਜਾਏ ਹੁਕਮਨਾਮਾ ਜ਼ਿਆਦਾ ਲੱਗਦਾ ਹੈ। ਇਹ ਸਮਝੌਤਾ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਨੁਕਸਾਨ ਪਹੁੰਚਾਏਗਾ।” ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ਸਰਕਾਰ ਨੂੰ ਅਜਿਹੀਆਂ ਸ਼ਰਤਾਂ ਮੰਨਣ ਲਈ ਕਿਹੜੀ ਮਜਬੂਰੀ ਸੀ ਅਤੇ ਮੰਗ ਕੀਤੀ ਕਿ ਅਮਿਤ ਸ਼ਾਹ ਪੰਜਾਬ ਦੇ ਲੋਕਾਂ ਨੂੰ ਇਸ ਮੁੱਦੇ ਬਾਰੇ ਸਪੱਸ਼ਟ ਕਰਨ।

ਗੁਆਂਢੀ ਰਾਜਾਂ ਵਿੱਚ ਟੈਕਸ ਛੋਟਾਂ ਕਾਰਨ ਪੰਜਾਬ ਦੇ ਉਦਯੋਗਾਂ ਨੂੰ ਨੁਕਸਾਨ

ਪੰਜਾਬ ਦੇ ਉਦਯੋਗਿਕ ਖੇਤਰ ਦੀ ਹਾਲਤ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਵੱਲੋਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਰਗੇ ਗੁਆਂਢੀ ਰਾਜਾਂ ਨੂੰ ਦਿੱਤੀਆਂ ਟੈਕਸ ਛੋਟਾਂ ਨੇ ਪੰਜਾਬ ਦੇ ਉਦਯੋਗ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਅਮਨ ਅਰੋੜਾ ਨੇ ਪੁੱਛਿਆ, “ਸਰਹੱਦ ‘ਤੇ ਅੰਤਰਰਾਸ਼ਟਰੀ ਵਪਾਰਕ ਰਸਤੇ ਬੰਦ ਹੋਣ ਕਾਰਨ ਪੰਜਾਬ ਪਹਿਲਾਂ ਹੀ ਪ੍ਰੇਸ਼ਾਨ ਹੈ। ਇਸ ਦੇ ਨਾਲ ਹੀ ਗੁਆਂਢੀ ਰਾਜਾਂ ਨੂੰ ਰਿਆਇਤਾਂ ਦੇਣ ਨਾਲ ਪੰਜਾਬ ਦੇ ਉਦਯੋਗ ਅਤੇ ਵਪਾਰੀ ਸੰਕਟ ਵਿੱਚ ਆ ਗਏ ਹਨ। ਕੇਂਦਰ ਪੰਜਾਬ ਦੇ ਉਦਯੋਗ ਨੂੰ ਕੀ ਰਾਹਤ ਜਾਂ ਮੁਆਵਜ਼ਾ ਦੇਵੇਗਾ?”

ਅੰਤਰਰਾਸ਼ਟਰੀ ਸਰਹੱਦ ਅਤੇ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਪੰਜਾਬ ਵਿੱਚ ਦਾਖਲ ਹੋ ਰਹੇ ਨਸ਼ੇ

ਨਸ਼ਾ ਤਸਕਰੀ ਦੀ ਚੁਣੌਤੀ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਨਿਰਣਾਇਕ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਇਸ਼ਾਰਾ ਕੀਤਾ ਕਿ ਨਸ਼ੇ ਅਕਸਰ ਕੇਂਦਰ ਸਰਕਾਰ ਦੇ ਨਿਯੰਤਰਣ ਵਾਲੀਆਂ ਅੰਤਰਰਾਸ਼ਟਰੀ ਸਰਹੱਦਾਂ ਜਾਂ ਗੁਜਰਾਤ ਵਰਗੇ ਰਾਜਾਂ ਵਿੱਚ ਸਥਿਤ ਬੰਦਰਗਾਹਾਂ ਰਾਹੀਂ ਦਾਖਲ ਹੁੰਦੇ ਹਨ। ਅਮਨ ਅਰੋੜਾ ਨੇ ਪੁੱਛਿਆ, “ਕੇਂਦਰ ਸਰਕਾਰ ਨਸ਼ਾ ਤਸਕਰੀ ਨੂੰ ਰੋਕਣ ਲਈ ਕੀ ਠੋਸ ਕਦਮ ਚੁੱਕ ਰਹੀ ਹੈ, ਅਤੇ ਉਹ ਇਸ ਲੜਾਈ ਵਿੱਚ ਪੰਜਾਬ ਸਰਕਾਰ ਦਾ ਕਿਵੇਂ ਸਹਿਯੋਗ ਕਰੇਗੀ?

ਮਨਰੇਗਾ ਨੂੰ ਖਤਮ ਕਰਨਾ

ਅਮਨ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ 20 ਸਾਲ ਪੁਰਾਣੀ ਪੇਂਡੂ ਰੁਜ਼ਗਾਰ ਸਕੀਮ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਇਮੈਂਟ ਗਾਰੰਟੀ ਐਕਟ (ਮਨਰੇਗਾ) ਨੂੰ ਬੰਦ ਕਰਨ ਅਤੇ ਇਸ ਦੀ ਥਾਂ ‘ਵੀਬੀ-ਜੀ ਰਾਮ ਜੀ’ ਨਾਮ ਦੀ ਨਵੀਂ ਸਕੀਮ ਲਿਆਉਣ ਦੇ ਫੈਸਲੇ ‘ਤੇ ਚਿੰਤਾ ਪ੍ਰਗਟਾਈ। ਅਮਨ ਅਰੋੜਾ ਨੇ ਪੁੱਛਿਆ, “ਮਨਰੇਗਾ ਨੇ ਦੇਸ਼ ਭਰ ਦੇ ਲੱਖਾਂ ਗਰੀਬ ਮਜ਼ਦੂਰਾਂ ਦਾ ਸਹਾਰਾ ਬਣਿਆ ਸੀ। ਕੇਂਦਰ ਸਰਕਾਰ ਇਸ ਸਕੀਮ ਨੂੰ ਕਿਉਂ ਖਤਮ ਕਰ ਰਹੀ ਹੈ ਅਤੇ ਇੱਕ ਅਜਿਹਾ ਅਸਪਸ਼ਟ ਕਾਨੂੰਨ ਕਿਉਂ ਲਿਆ ਰਹੀ ਹੈ ਜੋ ਕਰੋੜਾਂ ਲੋਕਾਂ ਨੂੰ ਬੇਰੁਜ਼ਗਾਰ ਕਰ ਸਕਦਾ ਹੈ?”

ਐਲ.ਪੀ.ਜੀ ਸੰਕਟ ਅਤੇ ਵਧਦੀਆਂ ਕੀਮਤਾਂ

ਐਲ.ਪੀ.ਜੀ ਸੰਕਟ ਅਤੇ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਕਈ ਥਾਵਾਂ ‘ਤੇ ਐਲ.ਪੀ.ਜੀ ਸਿਲੰਡਰਾਂ ਲਈ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਉਨ੍ਹਾਂ ਬਰਨਾਲਾ ਦੀ ਇੱਕ ਦੁਖਦਾਈ ਘਟਨਾ ਦਾ ਹਵਾਲਾ ਦਿੱਤਾ ਜਿੱਥੇ ਇੱਕ ਵਿਅਕਤੀ ਦੀ ਕਥਿਤ ਤੌਰ ‘ਤੇ ਸਿਲੰਡਰ ਲਈ ਲਾਈਨ ਵਿੱਚ ਖੜ੍ਹੇ ਹੋਣ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਅਮਨ ਅਰੋੜਾ ਨੇ ਕਿਹਾ ਕਿ ਇਹ ਸਥਿਤੀ ਲੋਕਾਂ ਨੂੰ ਨੋਟਬੰਦੀ ਦੇ ਉਨ੍ਹਾਂ ਦਰਦਨਾਕ ਦਿਨਾਂ ਦੀ ਯਾਦ ਦਿਵਾਉਂਦੀ ਹੈ ਜਦੋਂ ਕਈ ਨਾਗਰਿਕ ਕਤਾਰਾਂ ਵਿੱਚ ਖੜ੍ਹੇ ਮਰ ਗਏ ਸਨ।

ਅਮਨ ਅਰੋੜਾ ਨੇ ਅੱਗੇ ਕਿਹਾ ਕਿ ਇਹ ਸੰਕਟ ਕੇਂਦਰ ਸਰਕਾਰ ਦੀਆਂ ਘਰੇਲੂ ਅਤੇ ਵਿਦੇਸ਼ੀ ਨੀਤੀਆਂ ਦੀ ਅਸਫਲਤਾ ਨੂੰ ਦਰਸਾਉਂਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਸਰਕਾਰ ਅਮਰੀਕਾ ਦੇ ਦਬਾਅ ਅੱਗੇ ਆਤਮ ਸਮਰਪਣ ਕਰਦੇ ਹੋਏ ਈਰਾਨ ਅਤੇ ਰੂਸ ਵਰਗੇ ਦੋਸਤ ਦੇਸ਼ਾਂ ਨਾਲ ਵੀ ਸੰਤੁਲਿਤ ਸਬੰਧ ਬਣਾਏ ਰੱਖਣ ਵਿੱਚ ਅਸਫਲ ਰਹੀ ਹੈ। ਇਹ ਨੀਤੀਆਂ ਪੂਰੇ ਦੇਸ਼ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ।

ਅੰਤ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਉਠਾਏ ਗਏ ਅੱਠ ਸਵਾਲ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੇ ਹਨ ਅਤੇ ਅਮਿਤ ਸ਼ਾਹ ਦੇ ਦੌਰੇ ਦੌਰਾਨ ਇਨ੍ਹਾਂ ਦਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਅਮਿਤ ਸ਼ਾਹ ਸੱਚਮੁੱਚ ਲੋਕਾਂ ਪ੍ਰਤੀ ਜ਼ਿੰਮੇਵਾਰ ਮਹਿਸੂਸ ਕਰਦੇ ਹਨ, ਤਾਂ ਉਨ੍ਹਾਂ ਨੂੰ ਆਪਣੇ ਦੌਰੇ ਦੌਰਾਨ ਇਨ੍ਹਾਂ ਅੱਠ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਪੰਜਾਬ ਜਵਾਬਾਂ ਦਾ ਹੱਕਦਾਰ ਹੈ, ਖੋਖਲੇ ਨਾਅਰਿਆਂ ਦਾ ਨਹੀਂ।

Category : ਪੰਜਾਬ