Breaking News
ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ‘ਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ : CM ਭਗਵੰਤ ਮਾਨ

ਸੰਗਰੂਰ, 1 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ।  
ਆਪਣੇ ਜੱਦੀ ਪਿੰਡ ਸਤੌਜ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ਵਿੱਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦਾ ਵਜੂਦ ਸੁਭਾਵਿਕ ਤੌਰ ’ਤੇ ਇਸ ਦੇ ਪਾਣੀਆਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਮਹਿਫੂਜ਼ ਰੱਖਣਾ ਸਿਰਫ਼ ਨੀਤੀਗਤ ਤਰਜੀਹ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਇਕ ਮਈ ਤੋਂ ਹੀ ਨਹਿਰੀ ਪਾਣੀ ਦਿੱਤਾ ਜਾਵੇਗਾ, ਜੋ ਕਿ ਰਵਾਇਤੀ ਸਿੰਚਾਈ ਸਮਾਂ-ਸਾਰਣੀ ਤੋਂ ਮਹੱਤਵਪੂਰਨ ਤਬਦੀਲੀ ਹੈ।
ਉਨ੍ਹਾਂ ਅੱਗੇ ਕਿਹਾ, “ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਈ ਤੋਂ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ।” ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦ ਹੀ ਸਿੰਚਾਈ ਦੀ ਸਹੂਲਤ ਲਈ ਨਹਿਰਾਂ ਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ, “ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਪਾਣੀ ਦੀ ਇੱਕ-ਇੱਕ ਬੂੰਦ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਸੁਚੱਜੇ ਢੰਗ ਨਾਲ ਵਰਤਿਆ ਜਾਵੇ।”
ਪੰਜਾਬ ਦੇ ਪਾਣੀਆਂ ‘ਤੇ ਹੱਕ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਨਾ ਤਾਂ ਦੂਜੇ ਸੂਬਿਆਂ ਨਾਲ ਪਾਣੀਆਂ ’ਤੇ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ ਪਾਕਿਸਤਾਨ ਵੱਲ ਪਾਣੀ ਜਾਣ ਦਿੱਤਾ ਹੈ ਤਾਂ ਕਿ ਸਾਰਾ ਪਾਣੀ ਸਾਡੇ ਕਿਸਾਨਾਂ ਦੇ ਹਿੱਤ ਲਈ ਵਰਤਿਆ ਜਾਵੇ।” ਉਨ੍ਹਾਂ ਨੇ ਦਹਾਕਿਆਂ ਤੋਂ ਲਗਾਤਾਰ ਜ਼ਿਆਦਾ ਪਾਣੀ ਧਰਤੀ ਹੇਠੋਂ ਕੱਢਣ ਨਾਲ ਚਿੰਤਾਜਨਕ ਪੱਧਰ ਤੱਕ ਪਾਣੀ ਘਟਣ ਦੀ ਚੁਣੌਤੀ ਪੈਦਾ ਹੋਈ ਹੈ ਅਤੇ ਇਸ ਲਈ ਪਹੁੰਚ ਵਿੱਚ ਤੁਰੰਤ ਤਬਦੀਲੀ ਦੀ ਲੋੜ ‘ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਟਿਊਬਵੈੱਲਾਂ ‘ਤੇ ਨਿਰਭਰਤਾ ਘਟਾਉਣ ਦੀ ਅਪੀਲ ਕਰਦਿਆਂ ਕਿਹਾ “ਧਰਤੀ ਹੇਠਲਾ ਪਾਣੀ ਇੱਕ ਕੀਮਤੀ ਅਤੇ ਸੀਮਤ ਸਰੋਤ ਹੈ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਚਾਹੀਦਾ ਹੈ। ਆਪਣੀ ਸੋਚ ਵਿੱਚ ਸਮੂਹਿਕ ਤਬਦੀਲੀ ਲਿਆਉਣ ਦਾ ਸਮਾਂ ਆ ਗਿਆ ਹੈ। ਨਹਿਰੀ ਪਾਣੀ ਸਿਰਫ਼ ਬਦਲ ਨਹੀਂ ਹੈ, ਇਹ ਪੰਜਾਬ ਦੀ ਖੇਤੀਬਾੜੀ ਦਾ ਭਵਿੱਖ ਹੈ।”
ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਰਚ, 2026 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਸਿੰਚਾਈ ਪ੍ਰੋਜੈਕਟਾਂ ‘ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਿਸ ਤਹਿਤ ਪਾਣੀ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣ ਅਤੇ ਨੁਕਸਾਨ ਨੂੰ ਘੱਟ ਕਰਨ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਹੋਰ ਖਾਲੇ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਕਾਰਜਸ਼ੀਲ ਹੋ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “21,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਇਨ੍ਹਾਂ ਪ੍ਰਣਾਲੀਆਂ ਦੀ ਪਰਖ ਕਰਨ, ਰੁਕਾਵਟਾਂ ਦੀ ਪਛਾਣ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਵਿੱਚ ਵੀ ਮਦਦ ਮਿਲੇਗੀ। ਇਸ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ‘ਤੇ ਵਿਕਸਿਤ ਕੀਤਾ ਗਿਆ ਹੈ ਅਤੇ ਇਹ ਪੰਜਾਬ ਦੇ ਸਿੰਚਾਈ ਨੈੱਟਵਰਕ ਨੂੰ ਆਧੁਨਿਕ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਇਸ ਢਾਂਚੇ ਦੀ ਵਿਆਪਕਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਕਾਫ਼ੀ ਘਟ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਤਹਿਤ ਸਮਰਪਿਤ ਯੋਜਨਾਵਾਂ ਰਾਹੀਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਲੰਬੇ ਸਮੇਂ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਉਨ੍ਹਾਂ ਕਿਹਾ, “ਇਹ ਸਿਰਫ਼ ਮੌਜੂਦਾ ਫ਼ਸਲੀ ਚੱਕਰ ਬਾਰੇ ਨਹੀਂ ਹੈ ਸਗੋਂ ਇਹ ਪੰਜਾਬ ਦੀ ਖੇਤੀਬਾੜੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਬਾਰੇ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਥਾਈ ਈਕੋਸਿਸਟਮ ਬਰਕਰਾਰ ਰੱਖਿਆ ਜਾ ਸਕੇ।”
ਮੁੱਖ ਮੰਤਰੀ ਨੇ ਕਿਹਾ, “ਇਹ ਮੇਰਾ ਪਿੰਡ ਅਤੇ ਮੇਰੇ ਆਪਣੇ ਲੋਕ ਹਨ। ਮੈਂ ਇੱਥੇ ਸਾਰਿਆਂ ਨੂੰ ਨਿੱਜੀ ਤੌਰ ‘ਤੇ ਜਾਣਦਾ ਹਾਂ ਅਤੇ ਇਹ ਇਸ ਫੇਰੀ ਨੂੰ ਹੋਰ ਵੀ ਖਾਸ ਬਣਾਉਂਦਾ ਹੈ।” ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਿੱਧੀ ਅਪੀਲ ਕਰਦਿਆਂ ਕਿਹਾ, “ਟਿਊਬਵੈੱਲਾਂ ਰਾਹੀਂ ਜ਼ਿਆਦਾ ਜ਼ਮੀਨੀ ਪਾਣੀ ਨਾ ਕੱਢੋ। ਅੱਜ ਬਚਾਈ ਗਈ ਹਰ ਬੂੰਦ ਸਾਡੇ ਭਵਿੱਖ ਦੀ ਰਾਖੀ ਕਰੇਗੀ।”
ਹੋਰ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਨੈੱਟਵਰਕਾਂ ਦੇ ਨਾਲ-ਨਾਲ ਹਰ 20 ਮੀਟਰ ਦੇ ਅੰਤਰਾਲ ‘ਤੇ ਰੀਚਾਰਜ ਪੁਆਇੰਟ ਸਥਾਪਤ ਕੀਤੇ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਦੀ ਕੁਦਰਤੀ ਤੌਰ ‘ਤੇ ਭਰਪਾਈ ਵਿੱਚ ਮਦਦ ਮਿਲ ਸਕੇ।
ਵਿਧਾਨਕ ਸੰਦਰਭ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਦਾ ਪਾਸ ਹੋਣਾ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ, “ਇਸ ਕਾਨੂੰਨ ਤਹਿਤ ਬੇਅਦਬੀ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਈ ਗਈ ਹੈ ਜਿਸ ਨਾਲ ਇੱਕ ਸਪੱਸ਼ਟ ਸੰਦੇਸ਼ ਮਿਲਦਾ ਹੈ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”  ਉਨ੍ਹਾਂ ਅੱਗੇ ਕਿਹਾ, “ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾ ਸਿਰਫ਼ ਧਰਮ ਦੇ ਖਿਲਾਫ ਅਪਰਾਧ ਹਨ ਸਗੋਂ ਮਨੁੱਖਤਾ ਖਿਲਾਫ ਵੀ ਅਪਰਾਧ ਹਨ, ਜਿਨ੍ਹਾਂ ਦਾ ਉਦੇਸ਼ ਅਕਸਰ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨਾ ਹੁੰਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਹਮੇਸ਼ਾ ਨੇਕੀ ਅਤੇ ਏਕਤਾ ਦੇ ਰਾਹ ‘ਤੇ ਚੱਲਣ ਦੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ, “ਇਸ ਕਾਨੂੰਨ ਦੇ ਲਾਗੂ ਹੋਣ ਨਾਲ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ। ਇਹ ਇੱਕ ਮਜ਼ਬੂਤ ਰੋਕਥਾਮ ਉਪਾਅ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਅਜਿਹੇ ਘਿਨਾਉਣੇ ਕੰਮ ਦੁਬਾਰਾ ਨਾ ਹੋਣ।”
ਇੱਕ ਹੋਰ ਵੱਡੇ ਸੁਧਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਖੇਤਾਂ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।” ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਇਸ ਸਮੇਂ ਲਾਗੂਕਰਨ ਦੇ ਪੜਾਅ ਅਧੀਨ ਹੈ ਅਤੇ ਜਲਦ ਹੀ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਨੁੱਖੀ ਜੀਵਨ ਲਈ ਜ਼ੋਖਮ ਨੂੰ ਖਤਮ ਕਰੇਗਾ, ਫਸਲਾਂ ਦੇ ਨੁਕਸਾਨ ਨੂੰ ਰੋਕੇਗਾ ਅਤੇ ਖੇਤੀਬਾੜੀ ਕਾਰਜਾਂ ਵਿੱਚ ਇਹਨਾਂ ਤਾਰਾਂ ਕਾਰਨ ਪੈਦਾ ਹੋਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰੇਗਾ। ਇਹ ਪ੍ਰਾਜੈਕਟ ਕਿਸਾਨਾਂ ਦੇ ਜੀਵਨ ਵਿੱਚ ਸਾਰਥਕ ਬਦਲਾਅ ਲਿਆਏਗਾ।” ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਉਨ੍ਹਾਂ ਦੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗਾ ਜਿਸ ਵਿੱਚ 2,000 ਏਕੜ ਵਿੱਚ ਫੈਲੇ ਲਗਭਗ 413 ਟਿਊਬਵੈੱਲ ਅਤੇ 1,100 ਬਿਜਲੀ ਦੇ ਖੰਭੇ ਸ਼ਾਮਲ ਹੋਣਗੇ।
ਵਿਆਪਕ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਟੀਚਾ ਕਿਸਾਨਾਂ ਨੂੰ ਹੋਰ ਸਮਰੱਥ ਬਣਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ। ਪੰਜਾਬ ਸਰਕਾਰ ਵੱਲੋਂ ਹਰ ਫੈਸਲਾ ਸਾਡੇ ਲੋਕਾਂ ਦੀ ਭਲਾਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ : CM ਭਗਵੰਤ ਮਾਨ

ਸਤੌਜ (ਸੰਗਰੂਰ), 1 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਅਤੇ ਪੰਜਾਬੀ ਨੂੰ ਆਪਣੀ ਮਾਤ-ਭਾਸ਼ਾ ਦਰਜ ਕਰਕੇ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫੈਸਲੇ ਮਰਦਮਸ਼ੁਮਾਰੀ ਦੇ ਸਟੀਕ ਅੰਕੜਿਆਂ ’ਤੇ ਨਿਰਭਰ ਕਰਦੇ ਹਨ।  
ਆਪਣੇ ਜੱਦੀ ਪਿੰਡ ਸਤੌਜ ਵਿੱਚ ਮਰਦਮਸ਼ੁਮਾਰੀ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਪੂਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਾਗਰਿਕ ਕੇਂਦਰਿਤ ਅਤੇ ਤਕਨਾਲੋਜੀ-ਅਧਾਰਿਤ ਮਰਦਮਸ਼ੁਮਾਰੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, “ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਕਈ ਮੁੱਖ ਫੈਸਲੇ ਮਰਦਮਸ਼ੁਮਾਰੀ ਦੇ ਅੰਕੜਿਆਂ ‘ਤੇ ਨਿਰਭਰ ਕਰਦੇ ਹਨ। ਇਹ ਬਹੁਤ ਜ਼ਰੂਰੀ ਹੈ ਕਿ ਲੋਕ ਵਧ-ਚੜ੍ਹ ਕੇ ਅੱਗੇ ਆਉਣ ਅਤੇ ਪੰਜਾਬੀ ਨੂੰ ਆਪਣੀ ਮਾਤ ਭਾਸ਼ਾ ਵਜੋਂ ਦਰਜ ਕਰਨ ਤਾਂ ਕਿ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ।”
ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ, ਜਿਸ ਦਾ ਸਿਰਲੇਖ “ਮਕਾਨਾਂ ਦਾ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਹੈ, ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵੰਤ ਮਾਨ ਸਰਕਾਰ ਦੀ ਡਿਜੀਟਲ ਪਹਿਲਕਦਮੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਨੂੰ ਪੂਰਾ ਕਰਕੇ ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਇਹ ਪ੍ਰਕਿਰਿਆ ਸਰਲ, ਪਹੁੰਚਯੋਗ ਅਤੇ ਨਾਗਰਿਕ-ਕੇਂਦਰਿਤ ਹੈ। ਇਹ ਲੋਕਾਂ ਨੂੰ ਡਿਜੀਟਲ ਮਰਦਮਸ਼ੁਮਾਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਪਹਿਲਕਦਮੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਇਸ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਅਤੇ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਮੇਰੇ ਵੱਲੋਂ ਅੱਜ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦਾ ਮਤਲਬ ਮਿਸਾਲ ਪੇਸ਼ ਕਰਨਾ ਹੈ ਤਾਂ ਜੋ ਸੂਬਾ ਭਰ ਦੇ ਲੋਕ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰ ਸਕਣ। ਮੈਂ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ 30 ਅਪ੍ਰੈਲ ਤੋਂ 14 ਮਈ ਤੱਕ ਉਪਲਬਧ ਸਵੈ-ਗਣਨਾ ਸਹੂਲਤ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਵਿਆਪਕ ਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਉਣ।”
ਭਰੋਸੇਯੋਗ ਅੰਕੜਿਆਂ ਦੀ ਅਹਿਮਤੀਅਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਮਜ਼ਬੂਤ ਡਾਟਾਬੇਸ ਜ਼ਰੂਰੀ ਹੈ। ਮਰਦਰਮਸ਼ੁਮਾਰੀ ਦੇ ਪੁਖਤਾ ਅੰਕੜੇ ਸ਼ਾਸਨ ਦਾ ਧੁਰਾ ਸਾਬਤ ਹੁੰਦੇ ਹਨ ਅਤੇ ਇਹ ਅੰਕੜੇ ਹੀ ਯਕੀਨੀ ਬਣਾਉਂਦੇ ਹਨ ਕਿ ਭਲਾਈ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਸਮਾਜ ਦੇ ਹਰ ਵਰਗ ਤੱਕ ਪਹੁੰਚੇ।”
ਡਿਜੀਟਲ ਗਣਨਾ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਵੈ-ਗਣਨਾ-2027 ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਸ ਨਾਲ ਵਿਅਕਤੀਗਤ ਤੌਰ ’ਤੇ ਜਨ ਅੰਕੜਿਆਂ ਅਤੇ ਸਮਾਜਿਕ-ਆਰਥਿਕ ਵੇਰਵਿਆਂ ਨੂੰ ਆਸਾਨੀ ਨਾਲ ਆਨਲਾਈਨ ਭਰਨ ਦੀ ਆਗਿਆ ਮਿਲਦੀ ਹੈ। ਇਹ ਪਹਿਲ ਪਾਰਦਰਸ਼ਤਾ ਨੂੰ ਵਧਾਉਂਦੀ ਹੈ, ਕੁਸ਼ਲਤਾ ਵਿੱਚ ਸੁਧਾਰ ਕਰਦੀ ਹੈ, ਅਤੇ ਸਟੀਕ ਅੰਕੜਿਆਂ ਨੂੰ ਯਕੀਨੀ ਬਣਾਉਂਦੀ ਹੈ।”
ਉਨ੍ਹਾਂ ਅੱਗੇ ਕਿਹਾ, “ਡਿਜੀਟਲ ਪਹੁੰਚ ਦਸਤੀ ਪ੍ਰਕਿਰਿਆਵਾਂ ‘ਤੇ ਨਿਰਭਰਤਾ ਨੂੰ ਘਟਾਉਂਦੀ  ਹੈ, ਤੇਜ਼ੀ ਨਾਲ ਅੰਕੜੇ ਇਕੱਠੇ ਕਰਨ ਦੇ ਸਮਰੱਥ ਬਣਾਉਂਦੀ ਹੈ ਅਤੇ ਰਾਸ਼ਟਰੀ ਡਾਟਾਬੇਸ ਨੂੰ ਮਜ਼ਬੂਤ ਕਰਦੀ ਹੈ।”
ਅਗਲੇ ਪੜਾਅ ਦੀ ਰੂਪ-ਰੇਖਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਵਿੱਚ 15 ਮਈ ਤੋਂ 13 ਜੂਨ, 2026 ਤੱਕ ਘਰ-ਘਰ ਸਰਵੇਖਣ ਵੀ ਸ਼ਾਮਲ ਹੋਵੇਗਾ। ਇਸ ਸਮੇਂ ਦੌਰਾਨ ਰਿਹਾਇਸ਼ੀ ਹਾਲਤਾਂ, ਸਹੂਲਤਾਂ ਅਤੇ ਅਸਾਸਿਆਂ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ  ਅਤੇ ਹਰੇਕ ਘਰ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਰਾਸ਼ਟਰੀ ਅਭਿਆਸ ਤੋਂ ਵਿਰਵਾ ਨਾ ਰਹੇ।”

CM ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ, 1 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕੌਹਰੀਆ ਪਿੰਡ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ, ਸਰਜੀਕਲ ਸਹੂਲਤਾਂ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਦੇਖਭਾਲ ਨਾਲ ਲੈਸ 30 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜਬਾ ਵਰਗੇ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿੱਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਸੀਂ ਪਿੰਡ ਕੌਹਰੀਆਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਪ੍ਰੋਜੈਕਟ 13.23 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ ਅਤੇ ਇਸ ਸੈਂਟਰ ਵਿੱਚ 30 ਬੈੱਡ ਉਪਲਬਧ ਹਨ।” ਇਸਦੇ ਪਿਛੋਕੜ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਆਜ਼ਾਦੀ ਦੇ ਲਗਭਗ 80 ਸਾਲਾਂ ਬਾਅਦ, ਕੌਹਰੀਆ ਪਿੰਡ ਦੇ ਲੋਕ ਆਪਣਾ ਪਹਿਲਾ 30 ਬੈੱਡਾਂ ਵਾਲਾ ਹਸਪਤਾਲ ਮਿਲਣ ਦਾ ਜਸ਼ਨ ਮਨਾ ਰਹੇ ਹਨ।” ਉਨ੍ਹਾਂ ਕਿਹਾ, “ਇਹ ਕਮਿਊਨਿਟੀ ਹੈਲਥ ਸੈਂਟਰ ਅਸਲ ਵਿੱਚ 1962 ਵਿੱਚ ਇੱਕ ਪ੍ਰਾਇਮਰੀ ਹੈਲਥ ਸੈਂਟਰ ਵਜੋਂ ਸਥਾਪਿਤ ਕੀਤਾ ਗਿਆ ਸੀ।”

ਬੁਨਿਆਦੀ ਢਾਂਚੇ ਬਾਰੇ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਵੇਂ ਕਮਿਊਨਿਟੀ ਹੈਲਥ ਸੈਂਟਰ ਵਿੱਚ ਚਾਰ ਓਪੀਡੀ (ਆਊਟਪੇਸ਼ੈਂਟ ਵਿਭਾਗ), ਇੱਕ ਐਮਰਜੈਂਸੀ ਬਲਾਕ, ਦੋ ਲੇਬਰ ਆਪ੍ਰੇਸ਼ਨ ਥੀਏਟਰ, ਇੱਕ ਮਾਈਨਰ ਆਪ੍ਰੇਸ਼ਨ ਥੀਏਟਰ ਅਤੇ ਦੋ ਵੱਡੇ ਆਪ੍ਰੇਸ਼ਨ ਥੀਏਟਰ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਇਸ ਵਿੱਚ ਇੱਕ ਨਰਸਿੰਗ ਸਟੇਸ਼ਨ, ਦੋ ਜਨਰਲ ਵਾਰਡ, ਇੱਕ ਅਲਟਰਾਸਾਊਂਡ ਰੂਮ, ਇੱਕ ਲੈਬ, ਇੱਕ ਐਕਸ-ਰੇ ਰੂਮ, ਤਿੰਨ ਡਾਕਟਰ ਕੰਸਲਟਿੰਗ ਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਵੀ ਸ਼ਾਮਲ ਹੋਣਗੀਆਂ।”

ਇਸਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਨਵੇਂ ਸੀਐਚਸੀ ਨਾਲ ਪਿੰਡ ਦੇ 4,100 ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਸ ਤੋਂ ਇਲਾਵਾ, ਇਹ ਆਲੇ-ਦੁਆਲੇ ਦੇ 85 ਪਿੰਡਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਜਿਸ ਨਾਲ ਲਗਭਗ 35,000 ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣਗੀਆਂ।”

24 ਘੰਟੇ ਦੇਖਭਾਲ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵਿੱਚ 24 ਘੰਟੇ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣਗੀਆਂ ਅਤੇ ਗੰਭੀਰ ਬਿਮਾਰੀਆਂ ਲਈ ਸਰਜਰੀਆਂ ਅਤੇ ਇਲਾਜ ਲਈ ਡਾਕਟਰ ਮੌਜੂਦ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਸੀਐਚਸੀ ਵਿੱਚ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗ ਮਾਹਰ ਵੀ ਹੋਣਗੇ ਅਤੇ ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਟੈਸਟਾਂ ਦੇ ਨਾਲ-ਨਾਲ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਰੀਜ਼ਾਂ ਨੂੰ ਮੁਫ਼ਤ ਐਕਸ-ਰੇ, ਈਸੀਜੀ ਅਤੇ ਖੂਨ ਦੇ ਟੈਸਟਾਂ ਦੀਆਂ ਸਹੂਲਤਾਂ ਮਿਲਣਗੀਆਂ, ਅਤੇ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ, “ਇਸ ਸੀਐਚਸੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਉਪਲਬਧ ਹੋਵੇਗਾ।”

ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਹਸਪਤਾਲ ਕਈ ਸਾਲ ਪਹਿਲਾਂ ਬਣ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਤੱਕ ਹੀ ਸੀਮਤ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਪਿੰਡਾਂ ਵਿੱਚ ਸਕੂਲਾਂ, ਲਾਇਬ੍ਰੇਰੀਆਂ, ਹਸਪਤਾਲਾਂ ਅਤੇ ਸੜਕਾਂ ਦੇ ਰੂਪ ਵਿੱਚ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਉੱਤੇ ਖਰਚ ਕਰਨਾ ਜਾਰੀ ਰੱਖੇਗੀ।”

ਵਿਸ਼ੇਸ਼ ਦੇਖਭਾਲ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਵੀ ਇੱਕ ਮਾਹਰ ਦੰਦਾਂ ਦੇ ਡਾਕਟਰ ਵੱਲੋਂ ਕੀਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਨਸ਼ਾ ਛੁਡਾਊ ਇਲਾਜ ਲਈ, ਇੱਕ ਓਟ ਸੈਂਟਰ (ਓਪੀਓਇਡ ਐਗੋਨਿਸਟ ਥੈਰੇਪੀ ਸੈਂਟਰ) ਨਸ਼ਾ ਪੀੜਤਾਂ ਨੂੰ ਦਵਾਈਆਂ ਅਤੇ ਇਲਾਜ ਪ੍ਰਦਾਨ ਕਰੇਗਾ।”

ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰ ਨੂੰ ਅਣਗੌਲਿਆਂ ਕੀਤਾ ਪਰ ਭਗਵੰਤ ਮਾਨ ਸਰਕਾਰ ਨੇ ਇੱਕ ਮੈਡੀਕਲ ਕਾਲਜ ਅਤੇ ਹਸਪਤਾਲ ਪ੍ਰਦਾਨ ਕਰਕੇ ਇਸਦਾ ਮਾਣ ਵਧਾਇਆ ਹੈ।”

ਸਰਕਾਰ ਵੱਲੋਂ ਸਾਰਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ‘ਤੇ ਦਿੱਤੀ ਜਾ ਰਹੀ ਤਰਜੀਹ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਭਗਵੰਤ ਮਾਨ ਸਰਕਾਰ ਹਰ ਪੰਜਾਬੀ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿਹਤ ਬੀਮੇ ਲਈ 2,000 ਕਰੋੜ ਰੁਪਏ ਅਲਾਟ ਕਰਨਾ ਇਸਦਾ ਸਭ ਤੋਂ ਵੱਡਾ ਸਬੂਤ ਹੈ।”

ਮੱਧ ਪ੍ਰਦੇਸ ‘ਚ ਕਰੂਜ਼ ਜਹਾਜ਼ ਡੁੱਬਿਆ, 9 ਦੀ ਮੌਤ

ਜਬਲਪੁਰ, 1 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਬਰਗੀ ਡੈਮ ‘ਤੇ ਵੀਰਵਾਰ ਸ਼ਾਮ ਨੂੰ ਅਚਾਨਕ ਆਏ ਤੂਫਾਨ ਕਾਰਨ ਸੈਰ-ਸਪਾਟਾ ਵਿਭਾਗ ਦਾ ਇੱਕ ਕਰੂਜ਼ ਜਹਾਜ਼ ਡੁੱਬ ਗਿਆ। ਹੁਣ ਤੱਕ 9 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਅਤੇ 22 ਲੋਕਾਂ ਨੂੰ ਬਚਾਇਆ ਗਿਆ ਹੈ। ਪ੍ਰਸ਼ਾਸਨ ਦੇ ਅਨੁਸਾਰ, 10 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਕਰੂਜ਼ ‘ਤੇ ਲਗਭਗ 40 ਤੋਂ 45 ਸੈਲਾਨੀ ਸਵਾਰ ਸਨ। ਇਹ ਹਾਦਸਾ ਕਿਨਾਰੇ ਤੋਂ ਲਗਭਗ 300 ਮੀਟਰ ਦੀ ਦੂਰੀ ‘ਤੇ ਵਾਪਰਿਆ। ਬਰਗੀ ਸਿਟੀ ਦੇ ਸੀਐਸਪੀ ਅੰਜੁਲ ਮਿਸ਼ਰਾ ਨੇ ਕਿਹਾ ਕਿ ਐਸਡੀਆਰਐਫ ਨੇ ਸ਼ੁਰੂਆਤੀ ਬਚਾਅ ਕਾਰਜ ਵਿੱਚ ਕਈ ਲੋਕਾਂ ਨੂੰ ਬਚਾਇਆ, ਪਰ ਹਨੇਰੇ ਅਤੇ ਖਰਾਬ ਮੌਸਮ ਨੇ ਬਚਾਅ ਕਾਰਜਾਂ ਵਿੱਚ ਰੁਕਾਵਟ ਪਾਈ। ਬਚਾਅ ਕਾਰਜ ਸ਼ੁੱਕਰਵਾਰ ਸਵੇਰੇ ਮੁੜ ਸ਼ੁਰੂ ਹੋਏ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਸਥਾਨਕ ਪ੍ਰਸ਼ਾਸਨ ਤੋਂ ਇਲਾਵਾ ਰਾਸ਼ਟਰੀ ਪੱਧਰ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫੌਜ ਵੀ ਘਟਨਾ ਸਥਾਨ ‘ਤੇ ਮੌਜੂਦ ਹੈ।

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵੱਡਾ ਵਾਧਾ

ਨਵੀਂ ਦਿੱਲੀ, 1 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਈ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਇਕ ਵੱਡਾ ਝਟਕਾ ਲੱਗਾ ਹੈ। ਅੱਜ ਸ਼ੁੱਕਰਵਾਰ, 1 ਮਈ 2026 ਨੂੰ ਐਲਪੀਜੀ ਗੈਸ ਸਿਲੰਡਰ 993 ਰੁਪਏ ਮਹਿੰਗਾ ਹੋ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (IOC) ਦੁਆਰਾ ਜਾਰੀ ਕੀਤੀਆਂ ਗਈਆਂ ਨਵੀਆਂ ਦਰਾਂ ਦੇ ਅਨੁਸਾਰ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 993 ਰੁਪਏ ਵਾਧਾ ਕੀਤਾ ਗਿਆ ਹੈ। ਇਸ ਨਾਲ ਸਿਲੰਡਰ ਦੀ ਕੀਮਤ ਹੁਣ 2,078.50 ਰੁਪਏ ਦੀ ਬਜਾਏ 3,071.50 ਰੁਪਏ ਹੋ ਜਾਵੇਗੀ।

ਹਾਲਾਂਕਿ, ਇਸ ਦੌਰਾਨ ਰਾਹਤ ਦੀ ਗੱਲ ਇਹ ਹੈ ਕਿ 14 ਕਿਲੋਗ੍ਰਾਮ ਵਾਲੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਘਰੇਲੂ ਸਿਲੰਡਰ ₹913 ਦੀ ਪੁਰਾਣੀ ਦਰ ‘ਤੇ ਉਪਲਬਧ ਹੈ। ਕਮਰਸ਼ੀਅਲ ਸਿਲੰਡਰ ਦੀਆਂ ਨਵੀਂ ਕੀਮਤ 1 ਮਈ 2026 ਤੋਂ ਯਾਨੀ ਅੱਜ ਤੋਂ ਲਾਗੂ ਹੋ ਗਈਆਂ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

01-05-2026

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

ਸ਼ੁੱਕਰਵਾਰ, ੧੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੫੮)

ਪੰਜਾਬੀ ਵਿਆਖਿਆ

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩।
ਭਾਵ:—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ ।

English Translation

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on my soul. || 3 || 3 ||

Friday, 18th Vaisaakh (Samvat 558 Nanakshahi)

(Page: 658)

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ ‘ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।

ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ, “ਇਹ ਰਣਨੀਤਕ ਕਾਰਵਾਈ ਮੁੱਖ ਤੌਰ ‘ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ਸਮੇਤ ਪ੍ਰਮੁੱਖ ਲੋਹਾ ਅਤੇ ਸਟੀਲ ਬੈਲਟ ‘ਤੇ ਕੇਂਦਰਿਤ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਅਤੇ ਜਾਅਲੀ ਬਿਲਿੰਗ ਦੀ ਗੈਰ-ਕਾਨੂੰਨੀ ਵਰਤੋਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣਾ ਸੀ।”

ਫੜੇ ਗਏ ਮਾਲ ਦੇ ਪੱਧਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਖੁਲਾਸਾ ਕੀਤਾ, “ਇਸ ਵਿਸ਼ੇਸ਼ ਕਾਰਵਾਈ ਦੌਰਾਨ ਬਾਰੀਕੀ ਨਾਲ ਜਾਂਚ ਕਰਨ ਲਈ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੇ ਮਾਲ ਦੀ ਢੋਆ-ਢੁਆਈ ਕਰਨ ਵਾਲੇ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ। ਇਸ ਕਾਰਵਾਈ ਵਿੱਚ ਸ਼ਾਮਲ ਮਾਲ ਦੀ ਕੁੱਲ ਮਾਤਰਾ 1,600 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸ ਦੀ ਮਾਰਕੀਟ ਕੀਮਤ ਲਗਭਗ 5 ਕਰੋੜ ਰੁਪਏ ਹੈ। ਮੁੱਢਲੀ ਜਾਂਚ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਕਈ ਖੇਪਾਂ ਜਾਂ ਤਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ ਜਾਂ ਉਨ੍ਹਾਂ ਨਾਲ ਸ਼ੱਕੀ ਜਾਅਲੀ ਦਸਤਾਵੇਜ਼ ਲਗਾਏ ਗਏ ਸਨ।”

ਵਿਭਾਗ ਦੀਆਂ ਅਗਲੀਆਂ ਕਾਰਵਾਈਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ, “ਜੀ.ਐਸ.ਟੀ. ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਡਿਫਾਲਟਰਾਂ ਵਿਰੁੱਧ ਅਧਿਕਾਰਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਤੀਜੇ ਵਜੋਂ ਲੱਗਣ ਵਾਲਾ ਜੁਰਮਾਨਾ 3 ਕਰੋੜ ਰੁਪਏ ਤੋਂ ਪਾਰ ਜਾਣ ਦੀ ਉਮੀਦ ਹੈ, ਜੋ ਕਿ ਵਿਸਤ੍ਰਿਤ ਪੜਤਾਲ ਅਤੇ ਫੈਸਲੇ ‘ਤੇ ਨਿਰਭਰ ਕਰੇਗਾ।”

ਸਰਕਾਰੀ ਖਜ਼ਾਨੇ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅੱਗੇ ਕਿਹਾ, “ਇਨਫੋਰਸਮੈਂਟ ਟੀਮਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰੀ ਮਾਲੀਏ ਨੂੰ ਸੁਰੱਖਿਅਤ ਰੱਖਣ ਲਈ ਬਕਾਇਆ ਟੈਕਸ ਅਤੇ ਜੁਰਮਾਨੇ ਦੀ ਤੁਰੰਤ ਵਸੂਲੀ ਸਮੇਤ ਤੇਜ਼ੀ ਨਾਲ ਜਾਂਚ ਕਰਨ ਅਤੇ ਫੌਰੀ ਤੌਰ ‘ਤੇ ਅਗਲੀ ਕਾਰਵਾਈ ਨੂੰ ਅੰਜਾਮ ਦੇਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਜਾਅਲੀ ਬਿਲਿੰਗ ਜਾਂ ਬਿਨਾਂ ਅਧਿਕਾਰਤ ਮਨਜ਼ੂਰੀ ਤੋਂ ਮਾਲ ਦੀ ਢੋਆ-ਢੁਆਈ ਰਾਹੀਂ ਟੈਕਸ ਚੋਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੂਰੇ ਸੂਬੇ ਵਿੱਚ ਅਜਿਹੀਆਂ ਇਨਫੋਰਸਮੈਂਟ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ, ਅਤੇ ਸਾਰੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”

ਵਿੱਤ ਮੰਤਰੀ ਨੇ ਟੈਕਸ ਚੋਰਾਂ ਨੂੰ ਆਪਣੀ ਮਰਜ਼ੀ ਨਾਲ ਕਾਨੂੰਨ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਸਖ਼ਤ ਜੁਰਮਾਨੇ ਅਤੇ ਕਾਨੂੰਨੀ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਕਰ ਵਿਭਾਗ ਟੈਕਸ ਚੋਰੀ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦੇ ਹੋਏ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗਾ ਅਤੇ ਇੱਕ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਕਾਇਮ ਰੱਖੇਗਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਚੰਡੀਗੜ੍ਹ, 30 ਅਪ੍ਰੈਲ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ।

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਤੁਰੰਤ ਸ਼ੁਰੂ ਕਰਨ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਹਨਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਨੇ ਨੀਵੇਂ ਅਤੇ ਸੇਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ।

ਸੀਵਰ ਵਿੱਚੋਂ ਸਮੇਂ ਸਿਰ ਗਾਰ ਕੱਢਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮੀਂਹ ਦੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਂਦਾ ਹੈ, ਭਾਰੀ ਬਾਰਿਸ਼ ਦੌਰਾਨ ਪਾਣੀ ਭਰਨ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ ਅਤੇ ਸੀਵਰ ਲਾਈਨਾਂ ਦੇ ਓਵਰਫਲੋ ਨੂੰ ਰੋਕਦਾ ਹੈ, ਜਿਸ ਨਾਲ ਸ਼ਹਿਰਾਂ ਵਿੱਚ ਸਫਾਈ ਬਣੀ ਰਹਿੰਦੀ ਹੈ। ਇਹ ਡੇਂਗੂ, ਮਲੇਰੀਆ ਅਤੇ ਹੈਜ਼ਾ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ।

ਸੀਵਰੇਜ ਦੀ ਸਫਾਈ ਨਾਲ ਇਸਦੇ ਬੁਨਿਆਦੀ ਢਾਂਚੇ ਦੀ ਸਮੁੱਚੀ ਕੁਸ਼ਲਤਾ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ। ਇਸ ਨਾਲ ਸੜਕਾਂ ਅਤੇ ਜਨਤਕ ਸੰਪਤੀ ਨੂੰ ਖੜ੍ਹੇ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਹ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਂਦਾ ਹੈ ਅਤੇ ਬਾਰਸ਼ ਦੌਰਾਨ ਪੈਦਾ ਹੋਣ ਵਾਲੀ ਅਸੁਵਿਧਾ ਨੂੰ ਦੂਰ ਕਰਦਾ ਹੈ। ਇਸ ਨਾਲ ਸ਼ਹਿਰਾਂ, ਖਾਸ ਕਰਕੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ, ਵਿੱਚ ਬਿਹਤਰ ਜਨਤਕ ਸਿਹਤ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਸਫਾਈ ਸਬੰਧੀ ਸਮੱਸਿਆਵਾਂ ਦੇ ਅਗਾਊਂ ਨਿਪਟਾਰੇ ਰਾਹੀਂ ਐਮਰਜੈਂਸੀ ਰੱਖ-ਰਖਾਅ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ।

ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਕੰਮਾਂ ਦੀ ਸਖ਼ਤ ਅਤੇ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਵਾਬਦੇਹੀ ‘ਤੇ ਜ਼ੋਰ ਦਿੰਦਿਆਂ ਕਿ ਉਨ੍ਹਾਂ ਪ੍ਰਗਤੀ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਤ੍ਰਿਤ ਰਿਪੋਰਟਾਂ ਜਲਦ ਤੋਂ ਜਲਦ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ।

ਸੂਬੇ ਦੇ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ : ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ ਮੰਤਰੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਮਜ਼ਬੂਤੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਹੜ੍ਹਾਂ ਦੀ ਰੋਕਥਾਮ ਦੇ ਕੰਮਾਂ ਦਾ ਜਾਇਜ਼ਾ ਲੈਣ ਪਿੱਛੋਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਉਤੇ 600 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ 30 ਜੂਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ‘ਤੇ ਹਨ। ਜ਼ਿਲ੍ਹਾ ਅੰਮ੍ਰਿਤਸਰ ਅਤੇ ਜਲੰਧਰ ਤੋਂ ਬਾਅਦ ਅੱਜ ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦਾ ਨਿਰੀਖਣ ਕੀਤਾ।

ਸ੍ਰੀ ਗੋਇਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਸੰਜੀਦਾ ਉਪਰਾਲੇ ਕਰਦਿਆਂ ਏਨੀ ਵੱਡੀ ਰਕਮ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਖ਼ਰਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਦੀਆਂ ਸਰਕਾਰ ਸਿਰਫ਼ ਹੜ੍ਹ ਰੋਕੂ ਕਾਰਜਾਂ ਦੀ ਖਾਨਾਪੂਰਤੀ ਲਈ ਹੀ ਕੰਮ ਕਰਦੀਆਂ ਸਨ, ਜਿਸ ਦਾ ਸੂਬਾ ਵਾਸੀਆਂ ਨੂੰ ਬਹੁਤ ਵੱਡਾ ਖ਼ਾਮਿਆਜ਼ਾ ਭੁਗਤਨਾ ਪੈਂਦਾ ਸੀ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਮਾਨਸੂਨ ਤੋਂ ਪਹਿਲਾਂ-ਪਹਿਲਾਂ ਹੜ੍ਹਾਂ ਦੀ ਰੋਕਥਾਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਪਿੱਛੋਂ ਵਿਭਾਗ ਦੇ ਦੋ ਸੁਪਰੀਡੈਂਟਿੰਗ ਇੰਜੀਨੀਅਰਾਂ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਕਮੇਟੀ ਵੱਲੋਂ ਪੰਜਾਬ ਦੇ ਦਰਿਆਵਾਂ ‘ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਸਾਰੀਆਂ ਥਾਵਾਂ ਨੂੰ ਜੰਗੀ ਪੱਧਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਵਰਗੇ ਹਲਾਤਾਂ ਦੌਰਾਨ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਅਧਿਕਾਰੀਆ ਨੂੰ ਸਖ਼ਤੀ ਨਾਲ ਕਿਹਾ ਕਿ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਿੰਡ ਢੱਕ ਮਜ਼ਾਰਾ ਅਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਉਣ ਦੇ ਕੰਮ ਦਾ ਵੀ ਲਿਆ ਜਾਇਜ਼ਾ

ਅਪਰਾ ਸੈਕਸਨ ਤੋਂ 20,000 ਏਕੜ ਜ਼ਮੀਨ ਨੂੰ ਮਿਲੇਗਾ ਪਾਣੀ

ਕੈਬਨਿਟ ਮੰਤਰੀ ਨੇ ਹਲਕਾ ਬੰਗਾ ਦੇ ਪਿੰਡ ਢੱਕ ਮਜਾਰਾ ਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਨੂੰ ਪਾਣੀ ਦੇਣ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ 1030 ਏਕੜ ਜ਼ਮੀਨ ਨੂੰ ਪਾਈਪਲਾਈਨ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਦਕਿ ਪਹਿਲਾਂ ਸਿਰਫ਼ 33 ਏਕੜ ਨੂੰ ਹੀ ਪਾਣੀ ਦਿੱਤਾ ਜਾ ਰਿਹਾ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਵਲੋਂ ਲੋਕਾਂ ਨੂੰ ਲੋੜੀਂਦੀ ਮਾਤਰਾ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਕੇ ਸੋਕੇ ਤੋਂ ਬਚਾਉਣ ਲਈ ਔੜ ਹੈਡਵਰਕਸ ਉਤੇ ਸੰਜੀਦੇ ਉਪਰਾਲੇ ਕੀਤੇ ਗਏ ਹਨ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵਾਂ ਸ਼ਹਿਰ ਬਰਾਂਚ ‘ਤੇ ਮੌਜੂਦ ਔੜ ਹੈਡ ਉਪਰ ਸਾਲ 2023 ਵਿੱਚ ਗੇਟ ਗੇਅਰਿੰਗ ਸਿਸਟਮ ਇੰਸਟਾਲ ਕੀਤਾ ਗਿਆ ਸੀ ਜਿਸ ਉਪਰੰਤ ਅਪਰਾ ਰਜਵਾਹਾ, ਲਸਾੜਾ ਰਜਵਾਹਾ ਅਤੇ ਬਖਲੌਰ ਡਿੱਚ ਨੂੰ ਲੋੜ ਅਨੁਸਾਰ ਪੂਰਾ ਪਾਣੀ ਮਿਲਣਾ ਸ਼ੁਰੂ ਹੋਇਆ। ਹੁਣ ਬਖਲੌਰ ਡਿੱਚ ਦੀ ਟੇਲ ਐਂਡ ’ਤੇ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਟੇਲ ਫਰੰਟ ਅਤੇ ਟੇਲ ਲੈਫਟ ਦੇ ਖੇਤਾਂ ਵਿੱਚ ਕੁੱਲ 16,829 ਫੁੱਟ ਦੀ ਪਾਈਪਲਾਈਨ ਪਾਈ ਜਾ ਰਹੀ ਹੈ। ਇਸ ਨਾਲ ਸਿੰਚਾਈ ਅਧੀਨ ਰਕਬਾ ਮੌਜੂਦਾ 33 ਏਕੜ ਤੋਂ ਵਧ ਕੇ 1,030 ਏਕੜ ਤੱਕ ਵਧੇਗਾ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਤਹਿਸੀਲ ਫਿਲੌਰ ਦੇ ਪਿੰਡ ਮੰਡੀ ਅਤੇ ਢੱਕ ਮਜ਼ਾਰਾ ਨੂੰ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਮਿਲ ਸਕੇਗੀ।

ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਹੁਣ ਇਸ ਹੈਡ ਵਰਕਸ ਤੋਂ ਕਿਤੇ ਪਾਣੀ ਨਾਲ ਨੁਕਸਾਨ ਨਹੀਂ ਹੁੰਦਾ ਅਤੇ ਨਾ ਹੀ ਕਿਤੇ ਸੋਕਾ ਪੈਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਪਰਾ ਸੈਕਸ਼ਨ ਤੋਂ ਪਹਿਲਾਂ 7000 ਏਕੜ ਨੂੰ ਪਾਣੀ ਲੱਗਦਾ ਸੀ ਪਰ ਹੁਣ 20,000 ਏਕੜ ਨੂੰ ਪਾਣੀ ਮਿਲੇਗਾ।

ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ’ਚ ਅਧਿਕਾਰੀਆਂ ਦੀਆ ਬਦਲੀਆਂ

ਚੰਡੀਗੜ੍ਹ, 30 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਜ਼ਰੂਰਤਾਂ, ਲੋਕ ਹਿੱਤ ਅਤੇ ਕੰਮਾਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਨਿਰਮਾਣ ਵਿਭਾਗ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Category : ਪੰਜਾਬ