Breaking News
ਔਰਤ ਵੱਲੋਂ ਇੱਟਾਂ ਮਾਰ ਕੇ 4 ਬੱਚਿਆਂ ਦਾ ਕਤਲ

ਅੰਬੇਡਕਰਨਗਰ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਉਤਰ ਪ੍ਰਦੇਸ਼ ਦੇ ਅੰਬੇਡਕਰ ਨਗਰ ਵਿੱਚ ਇਕ ਦਿਲ ਦਿਹਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਅੰਬੇਡਕਰ ਨਗਰ ਵਿੱਚ ਇਕ ਔਰਤ ਨੇ ਇੱਟਾਂ ਮਾਰ ਕੇ ਚਾਰ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਔਰਤ ਮੌਕੇ ਤੋਂ ਫਰਾਰ ਹੋ ਗਈ। ਘਟਨਾ ਦੀ ਖਬਰ ਮਿਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਔਰਤ ਦਾ ਪਤੀ ਪਿਛਲੇ ਕਈ ਸਾਲਾਂ ਤੋਂ ਸਾਊਦੀ ਅਰਬ ਵਿੱਚ ਰਹਿ ਕੇ ਨੌਕਰੀ ਕਰਦਾ ਹੈ। ਔਰਤ ਦੇ ਪਤੀ ਨੇ ਸਾਊਦੀ ਵਿੱਚ ਇਕ ਪਾਕਿਸਤਾਨੀ ਔਰਤ ਨਾਲ ਵਿਆਹ ਕਰਵਾ ਲਿਆ ਹੈ। ਜਿਸ ਕਾਰਨ ਉਹ ਨਾਰਾਜ ਸੀ। ਪੁਲਿਸ ਨੂੰ ਸ਼ੰਕਾ ਹੈ ਕਿ ਤਣਾਅ ਵਿੱਚਆ ਕੇ ਔਰਤ ਨੇ ਆਪਣੇ ਚਾਰ ਬੱਚਿਆਂ ਦਾ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਉਹ ਫਰਾਰ ਹੋ ਗਈ।

ਆਮ ਆਦਮੀ ਪਾਰਟੀ ਵੱਲੋਂ ਯੂਥ ਵਿੰਗ ਤੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਯੂਥ ਵਿੰਗ ਅਤੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।

ਛੱਤੀਸਗੜ੍ਹ ’ਚ ਧਮਾਕਾ, ਚਾਰ ਜਵਾਨ ਸ਼ਹੀਦ

ਨਵੀਂ ਦਿੱਲੀ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਛੱਤੀਸਗੜ੍ਹ ਵਿੱਚ ਇਕ ਧਮਾਕਾ ਹੋਣ ਕਾਰਨ ਚਾਰ ਜਵਾਨ ਸ਼ਹੀਦ ਹੋਣ ਦੀ ਖਬਰ ਸਾਹਮਣੇ ਆਈ ਹੈ। ਕਾਂਕੇਰ-ਨਰਾਇਣਪੁਰ ਸੀਮਾ ਖੇਤਰ ਵਿੱਚ ਡੀ ਮਾਈਨਿੰਗ ਮੁਹਿੰਮ ਦੌਰਾਨ ਹੋਏ IED ਧਮਾਕੇ ਵਿੱਚ ਡੀਆਰਜੀ ਦੇ ਚਾਰ ਜਵਾਨ ਸ਼ਹੀਦ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਸੁਰੱਖਿਆ ਬਲ ਨਕਸਲ ਪ੍ਰਭਾਵਿਤ ਖੇਤਰ ਵਿੱਚ ਬਾਰੂਦੀ ਸੁਰੰਗਾਂ ਨੂੰ ਨਸ਼ਟ ਕਰਨ ਦੀ ਕਾਰਵਾਈ ਵਿੱਚ ਲੱਗੀਆਂ ਹੋਈਆਂ ਸਨ।

ਆਮ ਆਦਮੀ ਪਾਰਟੀ ਨੇ ਲਗਾਏ ਦੋ ਇੰਚਾਰਜ

ਚੰਡੀਗੜ੍ਹ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਪੰਜਾਬ ਨੇ ਗੁਰਦਾਸਪੁਰ ਤੋਂ ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਅਤੇ ਬਟਾਲਾ ਤੋਂ ਟਰੇਡ ਵਿੰਗ ਦੇ ਹਲਕਾ ਇੰਚਾਰਜ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅਜਨਾਲਾ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਅਦਾਲਤ ਵਿੱਚ ਪੇਸ਼ੀ ਹੋਈ। ਅਜਨਾਲਾ ਪੁਲਿਸ ਥਾਣਾ ਉਤੇ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਹੋਈ। ਅੱਜ ਪੇਸ਼ੀ ਮੌਕੇ ਐਮਪੀ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ। ਪੁਲਿਸ ਦੇ ਗੈਰ-ਹਾਜ਼ਰ ਰਹਿਣ ‘ਤੇ ਸੁਣਵਾਈ ਹੁਣ ਅੱਗੇ ਪਾ ਦਿੱਤੀ ਗਈ ਹੈ। ਅਗਲੀ ਪੇਸ਼ੀ 5 ਮਈ ਨੂੰ ਹੋਵੇਗੀ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਗਿਆ।

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ‘ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਕਰਵਾਏ ਗਏ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੁਆਰਾ ਚਿਤਵੇ ਗਏ ਸੰਵਿਧਾਨਕ ਢਾਂਚੇ ਦੀ ਰਾਖੀ ਕਰਦਿਆਂ ਭਾਰਤ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦੇ ਰਖਵਾਲੇ ਵਜੋਂ ਕੰਮ ਕਰਨ। ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਫ਼ਸਰਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਨੇ ਸੰਵਿਧਾਨਕ ਸਿਧਾਂਤਾਂ ਦੀ ਨਿਰੰਤਰ ਪ੍ਰਸੰਗਿਕਤਾ ‘ਤੇ ਵਿਚਾਰ ਕਰਨ ਲਈ ਸ਼ਿਰਕਤ ਕੀਤੀ।

ਬਾਬਾ ਸਾਹਿਬ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਅਤੇ ਇੱਕ ਦੂਰਅੰਦੇਸ਼ੀ ਅਰਥ ਸ਼ਾਸਤਰੀ ਵਜੋਂ ਉਨ੍ਹਾਂ ਦੇ ਬੇਮਿਸਾਲ ਯੋਗਦਾਨ ‘ਤੇ ਚਾਨਣਾ ਪਾਇਆ, ਅਤੇ ਕਿਹਾ ਕਿ ਉਨ੍ਹਾ ਨੇ ਦੇਸ਼ ਦੀਆਂ ਪ੍ਰਮੁੱਖ ਵਿੱਤੀ ਸੰਸਥਾਵਾਂ ਨੂੰ ਆਕਾਰ ਦੇਣ ਵਿੱਚ ਬੁਨਿਆਦੀ ਭੂਮਿਕਾ ਨਿਭਾਈ। ਮੌਜੂਦਾ ਸੰਦਰਭ ਵਿੱਚ ਉਨ੍ਹਾਂ ਦੇ ਵਿਚਾਰਾਂ ਦੀ ਪ੍ਰਸੰਗਿਕਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਬਾਬਾ ਸਾਹਿਬ ਅੰਬੇਡਕਰ ਨੇ ਭਾਰਤ ਨੂੰ ਸਿਰਫ਼ ਸੰਵਿਧਾਨ ਹੀ ਨਹੀਂ ਦਿੱਤਾ, ਸਗੋਂ ਆਰਥਿਕ ਨੀਹਾਂ ਵੀ ਰੱਖੀਆਂ ਜੋ ਅੱਜ ਵੀ ਦੇਸ਼ ਦਾ ਮਾਰਗਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦਾ ਨਿਆਂ, ਬਰਾਬਰੀ ਅਤੇ ਸੰਸਥਾਗਤ ਇਮਾਨਦਾਰੀ ਦਾ ਦ੍ਰਿਸ਼ਟੀਕੋਣ ਸਾਡਾ ਮਾਰਗਦਰਸ਼ਕ ਬਣਿਆ ਰਹਿਣਾ ਚਾਹੀਦਾ ਹੈ।”

ਜਮਹੂਰੀ ਸੰਸਥਾਵਾਂ ਨੂੰ ਦਰਪੇਸ਼ ਖਤਰਿਆਂ ਬਾਰੇ ਚਿੰਤਾ ਜ਼ਾਹਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਪੇਸ਼ੇਵਰਾਂ ਵੱਲੋਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਸਰਗਰਮੀ ਨਾਲ ਰਾਖੀ ਕਰਨ ਦੀ ਵੱਧ ਰਹੀ ਲੋੜ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਸੰਵਿਧਾਨ ਦੀ ਪ੍ਰਸਤਾਵਨਾ ਦੀ ਅਸਲ ਭਾਵਨਾ ਨੂੰ ਇਸ ਸਮੇਂ ਖ਼ਤਰਾ ਹੈ, ਜਿਸ ਕਾਰਨ ਜਮਹੂਰੀ ਸੰਸਥਾਵਾਂ ਦੀ ਰਾਖੀ ਵਿੱਚ ਵਕੀਲਾਂ ਦੀ ਭੂਮਿਕਾ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੋ ਗਈ ਹੈ।”

ਉਨ੍ਹਾਂ ਅੱਗੇ ਕਿਹਾ ਕਿ ਮਹਾਰਾਸ਼ਟਰ, ਬਿਹਾਰ, ਗੁਜਰਾਤ ਅਤੇ ਗੋਆ ਸਮੇਤ ਕਈ ਰਾਜਾਂ ਵਿੱਚ ਹਾਲ ਹੀ ਦੇ ਸਿਆਸੀ ਘਟਨਾਕ੍ਰਮ ਅਤੇ ਦਲ-ਬਦਲੀਆਂ, ਅਤੇ ਨਾਲ ਹੀ ‘ਆਪ’ ਦੇ ਰਾਜ ਸਭਾ ਮੈਂਬਰਾਂ ਨੂੰ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ, ਇੱਕ ਅਜਿਹੇ ਚਿੰਤਾਜਨਕ ਰੁਝਾਨ ਨੂੰ ਦਰਸਾਉਂਦੀਆਂ ਹਨ ਜੋ ਕਾਨੂੰਨੀ ਭਾਈਚਾਰੇ ਤੋਂ ਚੌਕਸੀ ਦੀ ਮੰਗ ਕਰਦਾ ਹੈ।

ਦੇਸ਼ ਦੀ ਆਰਥਿਕ ਸਥਿਤੀ ਵੱਲ ਧਿਆਨ ਕੇਂਦਰਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਦੁਆਰਾ ਕੀਤੇ ਗਏ ਗੰਭੀਰ ਵਿੱਤੀ ਕੁਪ੍ਰਬੰਧ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ, “ਕੌਮੀ ਕਰਜ਼ਾ 2014 ਵਿੱਚ 55 ਲੱਖ ਕਰੋੜ ਰੁਪਏ ਤੋਂ ਚਿੰਤਾਜਨਕ ਢੰਗ ਨਾਲ ਵਧ ਕੇ ਅੱਜ 212 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ,” ਅਤੇ ਨਾਲ ਹੀ ਕਿਹਾ ਕਿ ਅਜਿਹੇ ਰੁਝਾਨ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਸਥਿਰਤਾ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੇ ਹਨ।

ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਕੀਤੇ ਗਏ ਵਾਧੇ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਚਾਰ ਰਾਜਾਂ ਵਿੱਚ ਚੋਣਾਂ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਗਿਆ।” ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਆਮ ਨਾਗਰਿਕਾਂ ‘ਤੇ ਨਾਜਾਇਜ਼ ਬੋਝ ਪਾਉਂਦੇ ਹਨ ਅਤੇ ਨੁਕਸਦਾਰ ਆਰਥਿਕ ਤਰਜੀਹਾਂ ਨੂੰ ਦਰਸਾਉਂਦੇ ਹਨ।

ਪੰਜਾਬ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਦਰਸ਼ਤਾ ਅਤੇ ਸਮਾਜਿਕ ਨਿਆਂ ਨੂੰ ਸੰਸਥਾਗਤ ਰੂਪ ਦੇਣ ਲਈ ਚੁੱਕੇ ਗਏ ਕਦਮਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਪੰਜਾਬ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਰਾਖਵਾਂਕਰਨ ਨੀਤੀ ਲਾਗੂ ਕਰਕੇ ਇੱਕ ਕੌਮੀ ਮਿਸਾਲ ਕਾਇਮ ਕੀਤੀ ਹੈ।” ਵਿਰੋਧੀ ਧਿਰ ਵਿੱਚ ਰਹਿੰਦਿਆਂ ਇਸ ਕਦਮ ਲਈ ਆਪਣੀ ਵਕਾਲਤ ਨੂੰ ਯਾਦ ਕਰਦਿਆਂ, ਉਨ੍ਹਾਂ ਤਸੱਲੀ ਪ੍ਰਗਟਾਈ ਕਿ ਪੰਜਾਬ ਸਰਕਾਰ ਨੇ ਬਾਬਾ ਸਾਹਿਬ ਅੰਬੇਡਕਰ ਦੇ ਆਦਰਸ਼ਾਂ ਅਨੁਸਾਰ ਇਸ ਵਚਨਬੱਧਤਾ ਨੂੰ ਪੂਰਾ ਕੀਤਾ ਹੈ।

ਆਪਣੇ ਭਾਸ਼ਣ ਦੀ ਸਮਾਪਤੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਾਣਯੋਗ ਹਾਈ ਕੋਰਟ ਵਿੱਚ ਸੂਬੇ ਦੀਆਂ ਨੀਤੀਆਂ ਦਾ ਬਚਾਅ ਕਰਨ ਲਈ ਕੀਤੇ ਲਗਾਤਾਰ ਯਤਨਾਂ ਬਦਲੇ ਲਾਅ ਅਫ਼ਸਰਾਂ ਅਤੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਮੈਂ ਸੂਬੇ ਦੀਆਂ ਨੀਤੀਆਂ ਦਾ ਬਚਾਅ ਕਰਨ ਵਿੱਚ ਦ੍ਰਿੜ ਸਮਰਪਣ ਲਈ ਲਾਅ ਅਫ਼ਸਰਾਂ ਅਤੇ ਐਡਵੋਕੇਟ ਜਨਰਲ ਦੀ ਸ਼ਲਾਘਾ ਕਰਦਾ ਹਾਂ। ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਅਤੇ ਭਲਾਈ ਨੀਤੀਆਂ ਦੀ ਰੱਖਿਆ ਲਈ ਕਾਨੂੰਨੀ ਤੌਰ ‘ਤੇ ਠੋਸ ਅਤੇ ਮਜ਼ਬੂਤ ਦਲੀਲਾਂ ਤਿਆਰ ਕਰਨਾ ਜਾਰੀ ਰੱਖੋ।”

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਚੰਡੀਗੜ੍ਹ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ । ਹੁਣ ਤੱਕ ਇਸ ਯੋਜਨਾ ਤਹਿਤ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ।

ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ  ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ । ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ।

ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ ਨੂੰ ਸੌਖਾ ਅਤੇ ਸਸਤਾ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 2.77 ਲੱਖ ਪ੍ਰੀ-ਆਥਰਾਈਜ਼ੇਸ਼ਨ ਬੇਨਤੀਆਂ ‘ਤੇ 465.36 ਕਰੋੜ ਰੁਪਏ ਤੋਂ ਵੱਧ ਖ਼ਰਚ ਅਤੇ 42 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਇਸ ਗੱਲ ਦਾ ਸਪਸ਼ੱਟ ਸਬੂਤ ਹਨ ਕਿ ਲੋਕ ਇਸ ਯੋਜਨਾ ‘ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ  ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਦੇਰੀ ਨਾ ਕਰਨ ਕਿਉਂਕਿ ਇਹ ਯੋਜਨਾ ਲੋੜ ਪੈਣ ਤੇ ਵਿੱਤੀ ਸੁਰੱਖਿਆ ਪ੍ਰਦਾਨ ਕਰਦੀ ਹੈ।

ਇਸ ਯੋਜਨਾ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਸਭ ਲਈ ਲਾਭਕਾਰੀ ਹੈ। ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੇ ਆਧਾਰ ‘ਤੇ ਕੋਈ ਸੀਮਾ ਨਹੀਂ ਹੈ। ਇਸ ਕਰਕੇ ਇਹ ਦੇਸ਼ ਦੇ ਸਭ ਤੋਂ ਸਮਾਵੇਸ਼ੀ ਸਿਹਤ ਪ੍ਰੋਗਰਾਮਾਂ ਵਿੱਚੋਂ ਇੱਕ ਹੈ।

ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਲਈ ਸਰਕਾਰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਰਜਿਸਟ੍ਰੇਸ਼ਨ ਕੈਂਪ ਲਗਾ ਰਹੀ ਹੈ। ਇਹ ਕੈਂਪ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਿਖੇ ਲਗਾਏ ਜਾ ਰਹੇ ਹਨ। ਇੱਥੇ ਸਿੱਖਿਅਤ ਕਰਮਚਾਰੀ ਮੌਜੂਦ ਹੁੰਦੇ ਹਨ,ਜੋ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਦੇ ਹਨ ਅਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਪੂਰੀ ਕਰਵਾਉਣ ਵਿੱਚ ਮਦਦ ਕਰਦੇ ਹਨI

ਸਰਕਾਰ ਨੇ ਲੋਕਾਂ ਵਿੱਚ ਪ੍ਰਚਲਿਤ ਕੁੱਝ ਆਮ ਗਲਤਫਹਿਮੀਆਂ ਵੀ ਦੂਰ ਕੀਤੀਆਂ ਹਨ। ਇਹ ਯੋਜਨਾ ਕੇਵਲ ਗਰੀਬ ਪਰਿਵਾਰਾਂ ਲਈ ਨਹੀਂ, ਸਗੋਂ ਪੰਜਾਬ ਦੇ ਹਰ ਨਿਵਾਸੀ ਲਈ ਹੈ। ਰਜਿਸਟ੍ਰੇਸ਼ਨ ਸੁਖਾਲੀ ਹੈ ਅਤੇ ਕੈਂਪਾਂ ਵਿੱਚ ਪੂਰੀ ਸਹਾਇਤਾ ਉਪਲੱਬਧ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਨਕਦੀ -ਰਹਿਤ ਹੈ। ਹਰ ਪਰਿਵਾਰ ਨੂੰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ, ਜਿਸ ਵਿੱਚ ਵੱਡੀਆਂ ਸਰਜਰੀਆਂ ਅਤੇ ਗੰਭੀਰ ਬੀਮਾਰੀਆਂ ਵੀ ਸ਼ਾਮਲ ਹਨ।

ਇਸ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਬਹੁਤ ਸੌਖੀ ਹੈ। ਲੋਕ ਬਿਨਾਂ ਕਿਸੇ ਐਪੋਇੰਟਮੈਂਟ ਦੇ, ਆਧਾਰ ਕਾਰਡ ਅਤੇ ਵੋਟਰ ਆਈਡੀ ਵਰਗੇ ਜ਼ਰੂਰੀ ਦਸਤਾਵੇਜ਼ ਨਾਲ ਕਿਸੇ ਵੀ ਕੈਂਪ ਜਾਂ ਕੇਂਦਰ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰਕਿਰਿਆ ਪੂਰੀ ਹੋਣ ‘ਤੇ ਉਨ੍ਹਾਂ ਨੂੰ ਪੁਸ਼ਟੀ ਸਬੰਧੀ ਐਸ.ਐਮ.ਐਸ. ਪ੍ਰਾਪਤ ਹੋ ਜਾਂਦਾ ਹੈ ।

ਪੰਜਾਬ ਸਰਕਾਰ ਲਗਾਤਾਰ ਸੂਬੇ ਦੇ ਪਰਿਵਾਰਾਂ ਨੂੰ ਪ੍ਰੇਰਿਤ ਕਰ ਰਹੀ ਹੈ ਕਿ ਉਹ ਇਸ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਉਣ, ਤਾਂ ਜੋ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਾਰਨ ਸਿਹਤ ਸੇਵਾਵਾਂ ਨਾਲ ਸਮਝੌਤਾ ਨਾ ਕਰਨਾ ਪਵੇ।

ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀ

ਚੰਡੀਗੜ੍ਹ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਹੁਣ ਪੂਰੇ ਪੰਜਾਬ ਵਿੱਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਅਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਕਾਮਯਾਬੀ ਪਿੱਛੇ ਸੁਚੱਜੀ ਵਿਉਂਤਬੰਦੀ ਅਤੇ ਪੂਰੇ ਤਾਲਮੇਲ ਨਾਲ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਵੱਡੀ ਭੂਮਿਕਾ ਹੈ। ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇੱਕ ਬੇਮਿਸਾਲ ਤੇ ਮੁੱਲਵਾਨ ਤਜਰਬਾ ਸਾਬਤ ਹੋ ਰਹੀ ਹੈ। ਸੂਬੇ ਭਰ ਵਿੱਚ 95 ਆਲੀਸ਼ਾਨ ਏਅਰ-ਕੰਡੀਸ਼ਨਡ ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ, ਜਿਨ੍ਹਾਂ ਰਾਹੀਂ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਇਆ ਜਾਂਦਾ ਹੈ। ਇਹ ਬੱਸਾਂ ਸ਼ਰਧਾਲੂਆਂ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਉਨ੍ਹਾਂ ਦੇ ਘਰਾਂ ਦੇ ਬੂਹਿਆਂ ਤੋਂ ਲੈ ਕੇ ਜਾਂਦੀਆਂ ਹਨ ਅਤੇ ਪਾਵਨ ਧਾਰਮਿਕ ਅਸਥਾਨਾਂ ਤੇ ਇਤਿਹਾਸਕ ਥਾਵਾਂ ਤੱਕ ਪਹੁੰਚਾਉਂਦੀਆਂ ਹਨ।

ਯਾਤਰੀਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਕਈ ਧਾਰਮਿਕ ਅਤੇ ਵਿਰਾਸਤੀ ਅਸਥਾਨਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਇਲਾਕੇ ਵਿਚੋਂ ਚੱਲਣ ਵਾਲੀਆਂ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਨੇੜਲੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ‘ਵਿਰਾਸਤ-ਏ-ਖ਼ਾਲਸਾ’ ਮਿਊਜ਼ੀਅਮ ਵੀ ਲੈ ਕੇ ਜਾਂਦੀਆਂ ਹਨ। ਇਹ ਸਫ਼ਰ ਸ਼ਰਧਾਲੂਆਂ ਲਈ ਰੂਹਾਨੀਅਤ ਅਤੇ ਇਤਿਹਾਸ ਦਾ ਇੱਕ ਅਨੋਖਾ ਸੁਮੇਲ ਹੈ।

ਇਸ ਸਕੀਮ ਦਾ ਇੱਕ ਖ਼ਾਸ ਪਹਿਲੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ ‘ਟੈਂਟ ਸਿਟੀ’ ਹੈ, ਜਿੱਥੇ 700 ਯਾਤਰੀਆਂ ਦੇ ਠਹਿਰਨ ਦਾ ਸ਼ਾਨਦਾਰ ਪ੍ਰਬੰਧ ਹੈ। ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਵਿਉਂਤੇ ਗਏ ਇਸ ਟੈਂਟ ਸਿਟੀ ਵਿੱਚ ਹਰ ਸਹੂਲਤ ਮੌਜੂਦ ਹੈ। ਹਰ ਟੈਂਟ ਦੇ ਨਾਲ ਗ਼ੁਸਲਖਾਨੇ ਦਾ ਇੰਤਜ਼ਾਮ ਹੈ, ਜਦਕਿ ਕੀਰਤਨ ਅਤੇ ਪਾਠ-ਪੂਜਾ ਲਈ ਖ਼ਾਸ ਥਾਵਾਂ ਬਣਾਈਆਂ ਗਈਆਂ ਹਨ, ਜੋ ਮਾਹੌਲ ਨੂੰ ਪੂਰੀ ਤਰ੍ਹਾਂ ਸ਼ਾਂਤ ਤੇ ਰੂਹਾਨੀ ਬਣਾਉਂਦੀਆਂ ਹਨ। ਭੋਜਨ-ਪਾਣੀ ਲਈ ਇੱਕ ਸਾਂਝਾ ਡਾਇਨਿੰਗ ਹਾਲ ਹੈ ਅਤੇ ਗਰਮੀ ਤੋਂ ਬਚਾਅ ਲਈ ਇਹ ਪੂਰਾ ਟੈਂਟ ਸਿਟੀ ਏਅਰ-ਕੰਡੀਸ਼ਨਡ ਹੈ।

ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਨੂੰ ਪੀਣ ਲਈ ਸਾਫ਼ ਪਾਣੀ ਅਤੇ ਹਲਕਾ ਨਾਸ਼ਤਾ ਪਰੋਸਿਆ ਜਾਂਦਾ ਹੈ। ਸਵੇਰ ਦੇ ਚਾਹ-ਨਾਸ਼ਤੇ ਤੋਂ ਲੈ ਕੇ ਰਾਤ ਦੇ ਖਾਣੇ ਅਤੇ ਰਿਹਾਇਸ਼ ਤੱਕ, ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਮਾਲੀ ਸਾਧਨਾਂ ਦੀ ਕਮੀ ਕਿਸੇ ਸ਼ਰਧਾਲੂ ਦੀ ਸ਼ਰਧਾ ਪੂਰਤੀ ਤੇ ਇਬਾਦਤ ਵਿੱਚ ਰੁਕਾਵਟ ਨਾ ਬਣੇ।

ਮਾਲ ਮੰਤਰੀ ਨੇ ਦੱਸਿਆ ਕਿ ਇਸ ਤਜਰਬੇ ਨੂੰ ਹੋਰ ਵੀ ਸੁਖਦਾਈ ਤੇ ਯਾਦਗਾਰੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਲਗਭਗ 900 ਸਮਰਪਿਤ ਵਲੰਟੀਅਰ ਤੈਨਾਤ ਕੀਤੇ ਹਨ, ਜੋ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਮਦਦ ਕਰਦੇ ਹਨ। ਰਹਿਨੁਮਾਈ ਤੋਂ ਲੈ ਕੇ ਪਲ-ਪਲ ਸ਼ਰਧਾਲੂਆਂ ਦੀ ਮਦਦ ਕਰਨ ਵਾਲਾ ਇਹ ਅਮਲਾ ਹਰ ਮੁਸਾਫ਼ਿਰ ਦੀ ਪੂਰੀ ਇੱਜ਼ਤ ਅਤੇ ਖ਼ਾਸ ਤਵੱਜੋ ਨਾਲ ਦੇਖਭਾਲ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਅੜਿਕੇ ਦੇ ਇਸ ਸਕੀਮ ਦਾ ਇੰਨੇ ਸੁਚੱਜੇ ਢੰਗ ਨਾਲ ਚੱਲਣਾ ਸਰਕਾਰ ਦੀ ਦੂਰਅੰਦੇਸ਼ ਸੋਚ, ਸੁਚੱਜੀ ਵਿਉਂਤਬੰਦੀ ਅਤੇ ਮਜ਼ਬੂਤ ਪ੍ਰਬੰਧਕੀ ਢਾਂਚੇ ਦਾ ਸਬੂਤ ਹੈ। ਸੂਬੇ ਭਰ ਦੇ ਸ਼ਰਧਾਲੂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ ਅਤੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਦੀ ਆਪਣੀ ਪੁਰਾਣੀ ਖ਼ਾਹਿਸ਼ ਪੂਰੀ ਹੋਣ ‘ਤੇ ਸ਼ੁਕਰਾਨਾ ਵੀ ਅਦਾ ਕਰ ਰਹੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੇਵਾ-ਭਾਵਨਾ ਦੀ ਇੱਕ ਵੱਡੀ ਮਿਸਾਲ ਹੈ, ਜੋ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਵਿੱਚ ਵਿਸ਼ਵਾਸ਼, ਸ਼ਾਨ ਅਤੇ ਸਕੂਨ ਲੈ ਕੇ ਆਈ ਹੈ।

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਚੰਡੀਗੜ੍ਹ; 2 ਮਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵੱਲ ਭਟਕਾਉਣ ਵਾਲੇ ਤੱਤਾਂ ਤੱਕ ਪਹੁੰਚ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ।

ਏਆਈ ਸਿਸਟਮ ਹੇਠ ਏਆਈ ਅਧਾਰਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ ‘ਵੌਇਸ ਬੈਂਕ” ਮੌਜੂਦ ਹੈ।

ਵੌਇਸ ਪਛਾਣ ਤੋਂ ਅੱਗੇ ਵਧਦਿਆਂ, ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ ‘ਗੈਂਗ ਟ੍ਰੀ ਸਰਚ’ ਟੂਲ ਸੰਗਠਿਤ ਅਪਰਾਧੀ ਨੈੱਟਵਰਕ ਦੀ ਪੂਰੀ ਬਣਤਰ ਨੂੰ ਵਿਜ਼ੂਅਲ ਰੂਪ ਵਿੱਚ ਦਰਸਾਉਂਦਾ ਹੈ, ਜਿਸ ਨਾਲ ਸਥਾਨਕ ਅਪਰਾਧਾਂ ਤੋਂ ਉਨ੍ਹਾਂ ਦੇ ਅੰਤਰਰਾਸ਼ਟਰੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕਦਾ ਹੈ।

ਪੰਜਾਬ ਨਾਲ ਸਬੰਧਤ ਲਗਭਗ 60 ਖ਼ਤਰਨਾਕ ਗੈਂਗਸਟਰ ਕੈਨੇਡਾ, ਅਮਰੀਕਾ, ਇਟਲੀ ਸਮੇਤ ਹੋਰ ਦੇਸ਼ਾਂ ਤੋਂ ਸਰਗਰਮ ਹਨ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ‘ਰਿਮੋਟ ਕੰਟਰੋਲ’ ਫਿਰੌਤੀ ਦੇ ਨਵੇਂ ਰੁਝਾਨ ਨਾਲ ਜੂਝ ਰਹੀਆਂ ਹਨ, ਜਿੱਥੇ ਧਮਕੀਆਂ, ਇਨਕ੍ਰਿਪਟਡ ਐਪਾਂ ਅਤੇ ਅੰਤਰਰਾਸ਼ਟਰੀ ਵਰਚੁਅਲ ਨੰਬਰਾਂ ਰਾਹੀਂ ਦਿੱਤੀਆਂ ਜਾਂਦੀਆਂ ਹਨ।

ਇਸ ਪ੍ਰਣਾਲੀ ਨਾਲ ਪੰਜਾਬ ਪੁਲਿਸ ਨੂੰ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਤਕਨੀਕੀ ਤੌਰ ’ਤੇ ਉੱਨਤ ਸਹਾਇਤਾ ਮਿਲੀ ਹੈ, ਜਿਸ ਨਾਲ ਸਮਾਰਟ ਅਤੇ ਡਾਟਾ-ਅਧਾਰਿਤ ਪੁਲਿਸਿੰਗ ਸੰਭਵ ਹੋ ਰਹੀ ਹੈ। ਇਹ ਮੁਹਿੰਮ, ਜੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਨੂੰ ਸੁਰੱਖਿਅਤ ਬਣਾਉਣ ਦੇ ਆਪਣੇ ਸ਼ੁਰੂਆਤੀ ਉਦੇਸ਼ ਵਿੱਚ ਕਾਮਯਾਬ ਰਹੀ ਹੈ, ਹੁਣ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤ ਕਰੇਗੀ।

ਏਡੀਜੀਪੀ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪ੍ਰਮੋਦ ਬਾਨ ਨੇ ਕਿਹਾ, “ਕਈ ਸਾਲਾਂ ਤੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਤਕਨਾਲੋਜੀ ਦਾ ਗਲਤ ਇਸਤੇਮਾਲ ਕਰਦੇ ਹੋਏ ਸੁਰੱਖਿਅਤ ਠਿਕਾਣਿਆਂ ਤੋਂ ਫਿਰੌਤੀ ਰੈਕਟ ਚਲਾ ਰਹੇ ਹਨ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਹੇਠ ਪੀਏਆਈਐਸ ਸਾਡੇ ਲਈ ਫੋਰਸ ਦੀ ਨਵੀਂ ਤਾਕਤ ਸਾਬਤ ਹੋਇਆ ਹੈ, ਜਿਸ ਸਦਕਾ ਅਪਰਾਧ ਨਾਲ ਨਜਿੱਠਣ ਦੀ ਸਾਡੀ ਸਮਰੱਥਾ ਕਾਫੀ ਵਧ ਗਈ ਹੈ। ਏਆਈ ਅਧਾਰਿਤ ਵੌਇਸ ਮੈਚਿੰਗ ਸਾਨੂੰ ਕੁੱਝ ਮਿੰਟਾਂ ਵਿੱਚ ਕਾਲਰ ਦੀ ਪਛਾਣ ਕਰਨ ਦੇ ਯੋਗ ਬਣਾਉਂਦੀ ਹੈ, ਜਿਸ ਨਾਲ ਅਸੀਂ ਤੇਜ਼ ਅਤੇ ਸਟੀਕ ਕਾਰਵਾਈ ਕਰ ਸਕਦੇ ਹਾਂ।”

ਇਹ ਏਆਈ ਸਿਸਟਮ ਅਧਿਕਾਰੀਆਂ ਨੂੰ ਅਪਰਾਧ ਹੋਣ ਤੋਂ ਪਹਿਲਾਂ ਹੀ ਉਸਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ। ਹਾਲੀਆ ਕਾਰਵਾਈਆਂ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਿਯੋਗੀਆਂ ਦਰਮਿਆਨ ਡਿਜ਼ਿਟਲ ਸੰਚਾਰ ਨੂੰ ਟ੍ਰੈਕ ਕਰਕੇ ਨਿਸ਼ਾਨਾਬੱਧ ਹੱਤਿਆਵਾਂ ਦੀਆਂ ਸਾਜ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ, “ਪਹਿਲਾਂ ਅਸੀਂ ਵੱਖ-ਵੱਖ ਘਟਨਾਵਾਂ ਨਾਲ ਨਜਿੱਠਦੇ ਸੀ, ਪਰ ਹੁਣ ਪੀਏਆਈਐਸ ਜ਼ਰੀਏ ਅਸੀਂ ਪੂਰੇ ਨੈੱਟਵਰਕ ‘ਤੇ ਨਜ਼ਰ ਰੱਖ ਸਕਦੇ ਹਾਂ—ਭਾਵ ਕੌਣ ਫੰਡਿੰਗ ਕਰ ਰਿਹਾ ਹੈ, ਕੌਣ ਸਹਾਇਤਾ ਕਰ ਰਿਹਾ ਹੈ ਅਤੇ ਕੌਣ ਕਾਰਵਾਈ ਨੂੰ ਅੰਜ਼ਾਮ ਦੇ ਰਿਹਾ ਹੈ। ਇਹ ਇੰਟੈਲੀਜੈਂਸ-ਅਧਾਰਿਤ ਰਵੱਈਆ ਸਾਨੂੰ ਸਿਰਫ਼ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਪੂਰੇ ਨੈੱਟਵਰਕ ਨੂੰ ਤੋੜਨ ਵਿੱਚ ਮਦਦ ਕਰ ਰਿਹਾ ਹੈ।”

ਇਸ ਤਕਨਾਲੋਜੀ ਨੇ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੂੰ ਪੂਰੇ ਨੈੱਟਵਰਕ ਦੇ ਖ਼ਾਤਮੇ ਲਈ ਸਮਰੱਥ ਬਣਾਇਆ ਹੈ। ਇਸਦੇ ਨਾਲ ਹੀ ਵਿਸ਼ੇਸ਼ ਫਿਊਜਿਟਿਵ ਟ੍ਰੈਕਿੰਗ ਸੈੱਲ, ਪੀਏਆਈਐਸ ਦੀ ਮਦਦ ਨਾਲ ਇੰਟਰਪੋਲ ਵਰਗੀਆਂ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਕਰਕੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਹਵਾਲਗੀ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰ ਰਹੇ ਹਨ।

ਸ੍ਰੀ ਪ੍ਰਮੋਦ ਬਾਨ ਨੇ ਕਿਹਾ,“ ‘ਗੈਂਗਸਟਰਾਂ ‘ਤੇ ਵਾਰ’ ਹੇਠ ਮਜ਼ਬੂਤ ਕੀਤੇ ਗਏ ਫਿਊਜਿਟਿਵ ਟ੍ਰੈਕਿੰਗ ਸੈੱਲ ਹੁਣ ਪੀਏਆਈਐਸ ਤੋਂ ਮਿਲਣ ਵਾਲੀ ਰੀਅਲ-ਟਾਈਮ ਇੰਟੈਲੀਜੈਂਸ ਨਾਲ ਲੈਸ ਹਨ, ਜਿਸ ਨਾਲ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਵਧਿਆ ਹੈ ਅਤੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਨੂੰ ਵਾਪਸ ਲਿਆਉਣ ਦੀ ਸਮਰੱਥਾ ਮਜ਼ਬੂਤ ਹੋਈ ਹੈ।”

ਉਨ੍ਹਾਂ ਕਿਹਾ, “ਇਹ ਰਵਾਇਤੀ ਪੁਲਿਸਿੰਗ ਤੋਂ ਅੱਗੇ ਵਧਦਿਆਂ ਪ੍ਰਿਡਿਕਟਿਵ ਪੁਲਿਸਿੰਗ ਵੱਲ ਇੱਕ ਵੱਡਾ ਕਦਮ ਹੈ। ਹੁਣ ਅਸੀਂ ਖ਼ਤਰੇ ਦੀ ਪਛਾਣ ਕਰ ਸਕਦੇ ਹਾਂ, ਗੱਲਬਾਤ ਨੂੰ ਟ੍ਰੈਕ ਕਰ ਸਕਦੇ ਹਾਂ ਅਤੇ ਅਪਰਾਧ ਹੋਣ ਤੋਂ ਪਹਿਲਾਂ ਹੀ ਕਾਰਵਾਈ ਕਰ ਸਕਦੇ ਹਾਂ। ਏਆਈ ਦੀ ਅਸਲੀ ਤਾਕਤ ਇਹੀ ਹੈ। ਸਾਡਾ ਸੁਨੇਹਾ ਸਾਫ਼ ਹੈ—ਅਪਰਾਧੀ ਕਿਤੇ ਵੀ ਹੋਣ,  ਉਨ੍ਹਾਂ ਨੂੰ ਟ੍ਰੈਕ ਕਰਕੇ ਕਾਨੂੰਨ ਦੇ ਕਟਘਰੇ ਵਿੱਚ ਲਿਆਉਣਾ।”

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਕੋਟਕਪੂਰਾ, 2 ਮਈ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ।

         ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ, ਜਨਰਲ ਸਕੱਤਰ ਤਲਵਿੰਦਰ ਸਿੰਘ, ਨੈਸ਼ਨਲ ਕੋਚ ਨਰਿੰਦਰਪਾਲ ਸਿੰਘ ਪਾਰਸ ਅਤੇ ਪੈ੍ਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਦੇਖ-ਰੇਖ ਹੇਠ ਹੋ ਰਹੀ ਇਸ ਚੈਂਪੀਅਨਸ਼ਿਪ ਦੀ ਸਮਾਪਤੀ 3 ਮਈ ਐਤਵਾਰ ਨੂੰ ਸਵੇਰੇ 10:00 ਵਜੇ ਗੁਰੂਕੁਲ ਕਾਲਜ ਵਿੱਚ ਹੋਵੇਗੀ, ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਜੇਤੂ ਟੀਮਾਂ ਨੂੰ ਸਨਮਾਨਿਤ ਕਰਨਗੇ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ।         

         ਸ੍ਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਲੜਕੀਆਂ ਨੂੰ ਸਵੈ-ਰੱਖਿਆ ਅਤੇ ਜੰਗਜੂ ਕਲਾ ਵਿੱਚ ਨਿਪੁੰਨ ਕਰਨ ਦਾ ਕਾਰਜ ਸ਼ਲਾਘਾਯੋਗ ਹੈ। ਉਹਨਾ ਡਾ. ਮਨਜੀਤ ਸਿੰਘ ਢਿੱਲੋਂ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਅਤੇ ਵਿਦਿਅਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਬਹੁਮੁੱਲੀਆਂ ਸੇਵਾਵਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਅਤੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਦਾ ਉਤਸ਼ਾਹ ਵਧਾਉਂਦਿਆਂ ਇਸ ਚੈਂਪੀਅਨਸ਼ਿਪ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਹਨਾ ਆਖਿਆ ਕਿ ਦੋਵੇਂ ਦਿਨ ਲੰਗਰ ਦੀ ਅਤੁੱਟ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਜਾਵੇਗੀ।         

         ਆਪਣੇ ਸੰਬੋਧਨ ਦੌਰਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੜਕੇ-ਲੜਕੀਆਂ ਨੂੰ ਗੱਤਕਾ ਕਲਾ ਦੇ ਨਾਲ-ਨਾਲ ਹੋਰ ਸਿੱਖ ਖੇਡਾਂ ਲਈ ਵੀ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। ਇਹ ਪ੍ਰਤੀਯੋਗਤਾ ਯੁੱਧ ਕਲਾ, ਸਵੈ-ਜ਼ਾਬਤਾ, ਮਰਿਆਦਾ ਅਤੇ ਪ੍ਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰੀ ਮੌਕਾ ਮਿਲੇਗਾ।

Category : ਖੇਡ