Breaking News
ਯੁੱਧ ਨਸ਼ਿਆਂ ਵਿਰੁੱਧ : ਅਤਿ-ਆਧੁਨਿਕ ANTF ਰੇਂਜ ਦਫ਼ਤਰ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਜਲੰਧਰ, 19 ਫਰਵਰੀ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੱਗੇ ਵਧਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਲੰਧਰ ਵਿੱਚ ਪੁਲਿਸ ਲਾਈਨਜ਼ ਵਿਖੇ ਨਵੀਂ ਬਣੀ ਅਤਿ-ਆਧੁਨਿਕ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਜਲੰਧਰ ਰੇਂਜ ਇਮਾਰਤ ਦਾ ਉਦਘਾਟਨ ਕੀਤਾ। ਡੀਜੀਪੀ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ, ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਅਤੇ ਏਡੀਜੀਪੀ ਸਟੇਟ ਆਰਮਡ ਪੁਲਿਸ ਪੰਜਾਬ ਐਮ.ਐਫ. ਫਾਰੂਕੀ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਲਗਭਗ 9000 ਵਰਗ ਫੁੱਟ ਦੇ ਕਵਰਡ ਖੇਤਰ ਵਿੱਚ ਫੈਲੀ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਹ ਅਤਿ-ਆਧੁਨਿਕ ਇਮਾਰਤ, ਰੇਂਜ ਦੀ ਕਾਰਜ- ਕੁਸ਼ਲਤਾ ਨੂੰ ਵਧਾਉਣ ਅਤੇ ਨਸ਼ਾ ਤਸਕਰੀ ਨਾਲ ਹੋਰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਹੈ। ਇਸ ਵਿੱਚ ਗਜ਼ਟਿਡ ਅਫਸਰਾਂ ਲਈ ਸਮਰਪਿਤ ਦਫ਼ਤਰ, ਜਾਂਚ ਅਧਿਕਾਰੀਆਂ ਅਤੇ ਸਹਾਇਕ ਸਟਾਫ ਲਈ ਕੈਬਿਨ, ਰੀਡਰ ਦਾ ਕਮਰਾ ਅਤੇ ਇੱਕ ਆਧੁਨਿਕ ਕਾਨਫਰੰਸ ਰੂਮ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਤਿ-ਆਧੁਨਿਕ ਸਾਧਨਾਂ ਨਾਲ ਲੈਸ ਇਸ ਸਹੂਲਤ ਦਾ ਉਦੇਸ਼ ਵੱਡੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣਾ ਅਤੇ ਸੂਬੇ ਵਿੱਚ ਫੈਲ ਰਹੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਤਬਾਹ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਯੂਨਿਟ ਵਿੱਚ ਮੋਬਾਈਲ ਅਤੇ ਕੰਪਿਊਟਰ ਫੋਰੈਂਸਿਕ ਟੂਲ, ਉੱਨਤ ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟਰੈਕਸ਼ਨ, ਡੀਕ੍ਰਿਪਸ਼ਨ ਅਤੇ ਵਿਸ਼ਲੇਸ਼ਣ ਸਮਰੱਥਾ ਦੇ ਨਾਲ-ਨਾਲ ਕ੍ਰਿਪਟੋਕਰੰਸੀ ਦੀ ਟਰੈਕਿੰਗ ਵਾਲੇ ਉਪਕਰਣ ਵੀ ਸ਼ਾਮਲ ਹਨ।

ਡੀਜੀਪੀ ਨੇ ਕਿਹਾ, ‘‘ਡਰੱਗ ਇਨਫੋਰਸਮੈਂਟ ਵਿੱਚ ਤਕਨੀਕੀ ਅਪਗ੍ਰੇਡੇਸ਼ਨ ਦੀ ਵਿਸ਼ੇਸ਼ ਲੋੜ ਨੂੰ ਪਛਾਣਦਿਆਂ ਅਸੀਂ ਨਾ ਸਿਰਫ਼ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਹੈ ਸਗੋਂ ਇਨ੍ਹਾਂ ਉੱਨਤ ਉਪਕਰਣਾਂ ਨੂੰ ਚਲਾਉਣ ਵਿੱਚ ਮਾਹਰ ਤਕਨੀਕੀ ਸਟਾਫ ਵੀ ਤਾਇਨਾਤ ਕੀਤਾ ਗਿਆ ਹੈ।’’

ਉਨ੍ਹਾਂ ਦੱਸਿਆ ਕਿ ਏਐਨਟੀਐਫ ਨੇ , ਹੁਣ 70,000 ਤੋਂ ਵੱਧ ਅਪਰਾਧੀਆਂ ਦੀਆਂ ਆਵਾਜ਼ਾਂ ਵਾਲੇ ਡੇਟਾਬੇਸ ਅਤੇ ਹੋਰ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਵਾਲੇ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀ.ਏ.ਆਈ.ਐਸ. 2.0) ਨਾਲ ਆਪਣੀ ਤਕਨੀਕੀ ਸਮਰੱਥਾ ਨੂੰ ਹੋਰ ਅਪਗ੍ਰੇਡ ਕੀਤਾ ਹੈ, ਜਿਸ ਨਾਲ ਅਪਰਾਧੀਆਂ ਨੂੰ ਹੋਰ ਆਸਾਨੀ ਨਾਲ ਕਾਬੂ ਕਰਨ ਵਿੱਚ ਮਦਦ ਮਿਲੇਗੀ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 35,133 ਐਫ.ਆਈ.ਆਰਜ਼. ਦਰਜ ਕੀਤੀਆਂ ਅਤੇ 50,238 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2229 ਕਿਲੋ ਹੈਰੋਇਨ, 667 ਕਿਲੋ ਅਫੀਮ, 28 ਟਨ ਭੁੱਕੀ, 68 ਕਿਲੋ ਚਰਸ, 783 ਕਿਲੋ ਗਾਂਜਾ, 29 ਕਿਲੋ ਆਈਸੀਈ, 4 ਕਿਲੋ ਕੋਕੀਨ, 48.64 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16.68 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡੀ ਸਫਲਤਾ ਕਰਾਰ ਦਿੰਦਿਆਂ ਕਿਹਾ ਕਿ ਇਹ ਮੁਹਿੰਮ ਸੂਬੇ ਵਿੱਚੋਂ ਨਸ਼ੇ ਦੀ ਲਾਹਨਤ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਸੇਫ ਪੰਜਾਬ ਚੈਟਬੋਟ 97791-00200 ਰਾਹੀਂ ਗੁਪਤ ਰੂਪ ਵਿੱਚ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਵੀ ਅਪੀਲ ਕੀਤੀ।
ਇਸ ਮੌਕੇ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਏ.ਐਨ.ਟੀ.ਐਫ. ਸੰਜੀਵ ਕੁਮਾਰ ਰਾਮਪਾਲ, ਡੀ.ਆਈ.ਜੀ. ਏ.ਐਨ.ਟੀ.ਐਫ. ਅਖਿਲ ਚੌਧਰੀ ਅਤੇ ਏ.ਆਈ.ਜੀ. ਏ.ਐਨ.ਟੀ.ਐਫ. ਅਸ਼ਵਨੀ ਗੋਟਿਆਲ ਵੀ ਮੌਜੂਦ ਸਨ।

ਮੁੱਖ ਮੰਤਰੀ ਮਾਨ ਨੇ ਸੱਦੀ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ, 19 ਫਰਵਰੀ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਮੰਤਰੀ ਮੰਡਲ ਦੀ 23 ਫਰਵਰੀ ਨੂੰ 2026 ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਰਿਹਾਇਸ਼ ਉਤੇ ਮੀਟਿੰਗ ਹੋਵੇਗੀ।

ਪਾਕਿਸਤਾਨ ’ਚ ਵੱਡਾ ਧਮਾਕਾ, ਇਮਾਰਤ ਡਿੱਗਣ ਕਾਰਨ 16 ਦੀ ਮੌਤ

ਕਰਾਚੀ, 19 ਫਰਵਰੀ :

ਪਾਕਿਸਤਾਨ ਦੇ ਕਰਾਚੀ ਵਿਚ ਅੱਜ ਇਕ ਇਮਾਰਤ ਵਿਚ ਗੈਸ ਰਿਸਾਵ ਹੋਣ ਕਾਰਨ ਹੋਏ ਧਮਾਕੇ ਨਾਲ ਇਮਾਰਤ ਦਾ ਇਕ ਹਿੱਸਾ ਢਹਿ ਗਈ। ਇਮਾਰਤ ਡਿੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਗੰਭੀਰ ਜ਼ਖਮੀ ਹੋ ਗਏ। ਸਥਾਨਕ ਪੁਲਿਸ ਮੁੱਖੀ ਰਿਜਵਾਨ ਪਟੇਲ ਨੇ ਦੱਸਿਆ ਕਿ ਇਹ ਧਮਾਕਾ ਸਿੰਧ ਪ੍ਰਾਂਤ ਦੀ ਰਾਜਧਾਨੀ ਕਰਾਚੀ ਦੇ ਇਕ ਰਿਹਾਇਸ਼ੀ ਖੇਤਰ ਵਿਚ ਹੋਇਆ ਹੈ। ਉਨ੍ਹਾਂ ਕਿਹਾ ਕਿ ਬਚਾਅ ਕਰਮੀ ਅਜੇ ਵੀ ਮਲਬਾ ਹਟਾ ਕੇ ਇਹ ਪਤਾ ਕਰਨ ਵਿਚ ਲੱਗੇ ਹਨ ਕਿ ਕਿਤੇ ਕੋਈ ਹੋਰ ਵਿਅਕਤੀ ਮਲਬੇ ਹੇਠ ਦਾ ਨਹੀਂ ਦੱਬਿਆ ਹੋਇਆ।

ਪ੍ਰੀ-ਜੀ.ਐਸ.ਟੀ. ਬਕਾਇਆਂ ਦੀ ਵਸੂਲੀ ਲਈ ਪੰਜਾਬ ਸਰਕਾਰ ਨੇ 91.10 ਕਰੋੜ ਰੁਪਏ ਦੀਆਂ 136 ਜਾਇਦਾਦਾਂ ਅਟੈਚ ਕੀਤੀਆਂ : ਹਰਪਾਲ ਚੀਮਾ

ਚੰਡੀਗੜ੍ਹ, 19 ਫਰਵਰੀ :

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਪਾਰ ਦੀ ਸਹੂਲਤ ਅਤੇ ਸਖ਼ਤ ਟੈਕਸ ਅਨੁਪਾਲਣ (ਟੈਕਸ ਨਿਯਮਾਂ ਦੀ ਪਾਲਣਾ) ਵਿਚਕਾਰ ਮਜ਼ਬੂਤੀ ਨਾਲ ਸੰਤੁਲਨ ਬਣਾ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਕਰ ਵਿਭਾਗ ਨੇ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਕਰ ਬਕਾਇਆਂ ਦੀ ਵਸੂਲੀ ਲਈ ਇੱਕ ਵੱਡੀ ਮੁਹਿੰਮ ਤਹਿਤ 91.10 ਕਰੋੜ ਰੁਪਏ ਦੀਆਂ 136 ਜਾਇਦਾਦਾਂ ਅਟੈਚ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨੇ ਵਪਾਰੀਆਂ ਨੂੰ ਪੁਰਾਣੇ ਬਕਾਏ ਚੁਕਾਉਣ ਵਿੱਚ ਮਦਦ ਕਰਨ ਲਈ ਇੱਕ ਬਹੁਤ ਹੀ ਲਾਹੇਵੰਦ ਯਕਮੁਸ਼ਤ ਨਿਪਟਾਰਾ ਸਕੀਮ ਦੇ ਸਮੇਂ ਵਿੱਚ ਵਾਧਾ ਕੀਤਾ ਹੈ, ਉੱਥੇ ਹੀ ਲਗਾਤਾਰ ਡਿਫਾਲਟਰ ਰਹਿਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹੀ ਕਾਰਨ ਹੈ ਕਿ ਅਸੀਂ ਯਕਮੁਸ਼ਤ ਨਿਪਟਾਰਾ ਯੋਜਨਾ ਦੇ ਸਮੇਂ ਨੂੰ ਵਧਾਇਆ ਹੈ, ਜੋ ਵਪਾਰੀਆਂ ਨੂੰ ਉਨ੍ਹਾਂ ਦੇ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਇਆਂ ਦਾ ਸੁਖਾਵੇਂ ਮਾਹੌਲ ਵਿੱਚ ਨਿਪਟਾਰਾ ਕਰਨ ਲਈ ਇੱਕ ਸੁਨਹਿਰੀ ਮੌਕਾ ਪ੍ਰਦਾਨ ਕਰਦੀ ਹੈ।”

ਆਬਕਾਰੀ ਅਤੇ ਕਰ ਮੰਤਰੀ ਨੇ ਅੱਗੇ ਕਿਹਾ, “ਹਾਲਾਂਕਿ, ਜਾਣਬੁੱਝ ਕੇ ਕੀਤੀ ਗਈ ਕਰ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 91 ਕਰੋੜ ਰੁਪਏ ਤੋਂ ਵੱਧ ਦੀਆਂ 136 ਜਾਇਦਾਦਾਂ ਨੂੰ ਅਟੈਚ ਕਰਨਾ ਇੱਕ ਸਪੱਸ਼ਟ ਸੰਦੇਸ਼ ਦਿੰਦਾ ਹੈ ਕਿ ਕਰ ਵਿਭਾਗ ਵੱਡੇ ਡਿਫਾਲਟਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਮੈਂ ਸਾਰੇ ਸਬੰਧਤ ਵਪਾਰੀਆਂ ਨੂੰ ਜ਼ੋਰਦਾਰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬਕਾਏ ਦਾ ਨਿਪਟਾਰਾ ਕਰਨ ਅਤੇ ਆਪਣੀਆਂ ਜਾਇਦਾਦਾਂ ਨੂੰ ਆਗਾਮੀ ਨਿਲਾਮੀ ਤੋਂ ਬਚਾਉਣ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਤੁਰੰਤ ਲਾਭ ਲੈਣ।”

18 ਫਰਵਰੀ, 2026 ਤੱਕ ਬਕਾਇਆ ਦੇ ਵੇਰਵਿਆਂ ਬਾਰੇ ਅਧਿਕਾਰਤ ਅੰਕੜੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਵਿਭਾਗ ਨੇ ਵੱਖ-ਵੱਖ ਅਧਿਕਾਰ ਖੇਤਰਾਂ ਵਿੱਚ ਕੁੱਲ 136 ਜਾਇਦਾਦਾਂ ਅਟੈਚ ਕੀਤੀਆਂ ਹਨ ਜਿਨ੍ਹਾਂ ਦੀ ਕੀਮਤ 91.10 ਕਰੋੜ ਰੁਪਏ ਹੈ। ਇਸ ਵਿੱਚ ਪ੍ਰਾਇਮਰੀ ਜ਼ਿਲ੍ਹਿਆਂ ਵਿੱਚ ਸਥਿਤ 50.58 ਕਰੋੜ ਰੁਪਏ ਦੀਆਂ 78 ਜਾਇਦਾਦਾਂ, ਅਤੇ ਹੋਰਨਾਂ ਜ਼ਿਲ੍ਹਿਆਂ, ਰਾਜਾਂ ਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਥਿਤ 40.52 ਕਰੋੜ ਰੁਪਏ ਦੀਆਂ ਹੋਰ 58 ਜਾਇਦਾਦਾਂ ਸ਼ਾਮਲ ਹਨ। ਇਸ ਤੋਂ ਇਲਾਵਾ, ਕੁਝ ਜਾਇਦਾਦਾਂ ਦੀ ਪਹਿਲਾਂ ਹੀ ਨਿਲਾਮੀ ਕੀਤੀ ਜਾ ਚੁੱਕੀ ਹੈ, ਜਿਸ ਦੇ ਨਤੀਜੇ ਵਜੋਂ 15.27 ਕਰੋੜ ਰੁਪਏ ਦੀ ਵਸੂਲੀ ਹੋਈ ਹੈ।”

ਉਨ੍ਹਾਂ ਅੱਗੇ ਦੱਸਿਆ, “ਮੁੱਖ ਦਫ਼ਤਰ ਨੇ 33.77 ਕਰੋੜ ਰੁਪਏ ਦੀਆਂ 35 ਜਾਇਦਾਦਾਂ ਵੇਚਣ ਦੀ ਪ੍ਰਵਾਨਗੀ ਪਹਿਲਾਂ ਹੀ ਦੇ ਦਿੱਤੀ ਹੈ। ਇਨ੍ਹਾਂ ਮਨਜ਼ੂਰਸ਼ੁਦਾ ਕੇਸਾਂ ਵਿੱਚੋਂ, 13.68 ਕਰੋੜ ਰੁਪਏ ਦੀਆਂ 21 ਜਾਇਦਾਦਾਂ ਦੀ ਨਿਲਾਮੀ ਦੀਆਂ ਅੰਤਿਮ ਤਰੀਕਾਂ ਤੈਅ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਆਪਣੇ ਤੌਰ ‘ਤੇ 16.42 ਕਰੋੜ ਰੁਪਏ ਦੀਆਂ ਹੋਰ 15 ਜਾਇਦਾਦਾਂ ਦੀ ਨਿਲਾਮੀ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਦੀ ਵਿਕਰੀ ਲਈ ਰਸਮੀ ਮਨਜ਼ੂਰੀ ਫਿਲਹਾਲ ਪ੍ਰਕਿਰਿਆ ਅਧੀਨ ਹੈ।”

ਵਿੱਤ ਮੰਤਰੀ ਨੇ ਕਿਹਾ,“ਵਿਆਪਕ ਅੰਤਰ-ਅਧਿਕਾਰ ਖੇਤਰ ਵਸੂਲੀ ਨੂੰ ਯਕੀਨੀ ਬਣਾਉਣ ਲਈ, ਰਿਕਵਰੀ ਸਰਟੀਫਿਕੇਟ ਜਾਰੀ ਕੀਤੇ ਗਏ ਹਨ ਅਤੇ 10.61 ਕਰੋੜ ਰੁਪਏ ਦੀਆਂ 24 ਜਾਇਦਾਦਾਂ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਪੱਧਰ ‘ਤੇ ਲੰਬਿਤ ਹਨ। ਇਨ੍ਹਾਂ ਇਨਫੋਰਸਮੈਂਟ ਕਾਰਵਾਈਆਂ ਦੇ ਵੱਧ ਰਹੇ ਦਬਾਅ ਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ, ਕਿਉਂਕਿ ਕਈ ਲਾਇਸੰਸਧਾਰਕਾਂ ਅਤੇ ਜ਼ਮਾਨਤੀਆਂ ਨੇ ਆਪਣੀਆਂ ਜਾਇਦਾਦਾਂ ਦੀ ਆਗਾਮੀ ਨਿਲਾਮੀ ਨੂੰ ਰੋਕਣ ਲਈ ਸਰਗਰਮੀ ਨਾਲ ਆਪਣੀ ਬਕਾਇਆ ਰਾਸ਼ੀ ਜਮ੍ਹਾਂ ਕਰਾਉਣੀ ਸ਼ੁਰੂ ਕਰ ਦਿੱਤੀ ਹੈ।“

ਅੰਤ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਵਸੂਲੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ ਅਤੇ ਜੇਕਰ ਸਬੰਧਤ ਕਰਦਾਤਾ ਜਿਸ ਵੱਲ ਜੀ.ਐਸ.ਟੀ. ਤੋ ਪਹਿਲਾਂ ਦਾ ਬਕਾਇਆ ਖੜ੍ਹਾ ਹੈ, ਚੱਲ ਰਹੀ ਓ.ਟੀ.ਐਸ. ਦਾ ਲਾਭ ਲੈਣ ਵਿੱਚ ਅਸਫਲ ਰਹਿੰਦਾ ਹੈ ਤਾਂ ਜਿਨ੍ਹਾਂ ਜਾਇਦਾਦਾਂ ਦੀਆਂ ਤਰੀਕਾਂ ਪਹਿਲਾਂ ਹੀ ਤੈਅ ਹੋ ਚੁੱਕੀਆਂ ਹਨ ਉਨ੍ਹਾਂ ਦੀ ਅੰਤਿਮ ਨਿਲਾਮੀ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਹੀ ਹੋਵੇਗੀ ।”

ਅੰਤਰਿੰਗ ਕਮੇਟੀ ਦੀ ਮੀਟਿੰਗ ’ਚ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਦਿੱਤਾ ਨੋਟਿਸ

ਅੰਮ੍ਰਿਤਸਰ, 19 ਫਰਵਰੀ :

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਦਿਨੀਂ ਕੀਤੀ ਗਈ ਪ੍ਰੈਸ ਕਾਨਫਰੰਸ ਤੋਂ ਬਾਅਦ ਅੱਜ ਅੰਤਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਬਿਨਾਂ ਠੋਸ ਕਿਸੇ ਸਬੂਤਾਂ ਦੇ ਐਸਜੀਪੀਸੀ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ ਗਿਆ ਹੈ। ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਨੋਟਿਸ ਦਿੱਤਾ ਜਾਂਦਾ ਹੈ। ਜੇਕਰ ਉਨ੍ਹਾਂ ਵੱਲੋਂ ਨਿਸ਼ਚਿਤ ਸਮੇਂ ਵਿਚ ਸਬੂਤ ਨਹੀਂ ਦਿੱਤੇ ਜਾਂਦੇ ਤਾਂ ਇਨ੍ਹਾਂ ਖਿਲਾਫ ਲੋਂੜੀਦੀ ਕਾਰਵਾਈ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

‘ਚਿੱਟੇ ਦਾ ਨਸ਼ਾ’ ਅਕਾਲੀ ਦਲ ਦੀ ਗਠਜੋੜ ਸਰਕਾਰ ਸਮੇਂ ਆਇਆ : ਕੇਂਦਰੀ ਭਾਜਪਾ ਮੰਤਰੀ

ਚੰਡੀਗੜ੍ਹ, 19 ਫਰਵਰੀ :

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀਆਂ ਸਾਂਝੀਆਂ ਸਰਕਾਰਾਂ ਸਮੇਂ ਵਿਚ ਪੰਜਾਬ ਵਿਚ ਵਧੇ ਨਸ਼ੇ ਅਤੇ ਹੋਈਆਂ ਬੇਅਦਬੀਆਂ ਘਟਨਾਵਾਂ ਦੇ ਮਾਮਲੇ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਰਵਨੀਤ ਸਿੰਘ ਬਿੱਟੂ ਨੇ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿਚ ਚਿੱਟੇ ਦਾ ਨਸ਼ਾ ਆਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸੂਬੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਕ ਡੇਰੇ ਦੀਆਂ ਵੋਟਾਂ ਲੈਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹੁਣ ਮਿਹਨਤ ਕਰ ਰਹੇ ਹਨ, ਪਰ ਲੋਕਾਂ ਤੋਂ ਕਿਹੜੇ ਮੂੰਹ ਨਾਲ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਜਿਹੜੇ ਆਪਣੇ ਗੁਰੂ ਦੇ ਨਹੀਂ ਹੋਏ ਪੰਜਾਬ ਦੇ ਲੋਕਾਂ ਦੇ ਕਿੱਥੋਂ ਹੋਣਗੇ।

ਜ਼ਿਕਰਯੋਗ ਹੈ ਕਿ ਭਾਜਪਾ ਕੇਂਦਰੀ ਮੰਤਰੀ ਵੱਲੋਂ ਅਕਾਲੀ ਸਰਕਾਰ ਉਤੇ ਸਵਾਲ ਚੁੱਕੇ ਗਏ ਹਨ, ਉਸ ਸਮੇਂ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਸੱਤਾ ਵਿਚ ਸੀ।

ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 19 ਫਰਵਰੀ :

ਸ਼ਰਾਰਤੀ ਅਨਸਰਾਂ ਵੱਲੋਂ ਈਮੇਲ ਭੇਜ ਕੇ ਪੰਜਾਬ ਸਿਵਲ ਸਕੱਤਰੇਤ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਭੇਜ ਕੇ ਅੱਜ ਦੁਪਹਿਰ 2 ਵਜੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਏ ਹੈ। ਈਮੇਲ ਦੀ ਖਬਰ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨ ਚੌਕਸ ਹੋ ਗਿਆ। ਸੁਰੱਖਿਆ ਏਜੰਸੀਆਂ ਵੱਲੋਂ ਬੰਬ ਨਿਰੋਧਕ ਦਸਤਿਆਂ ਅਤੇ ਡਾਗ ਸਕਵਾਡ ਦੀਆਂ ਟੀਮਾਂ ਨਾਲ ਇਮਾਰਤ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸਕੱਤਰੇਤ ਦੀ ਇਮਾਰਤ ਦੇ ਆਸੇ ਪਾਸੇ ਸੁਰੱਖਿਆ ਸਖਤ ਕਰ ਦਿੱਤੀ ਗਈ ਅਤੇ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪ੍ਰਸ਼ਾਸਨ ਵਲੋਂ ਇਮਾਰਤ ਵਿਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਪਰਲ ਗਰੁੱਪ ’ਤੇ ED ਦਾ ਵੱਡਾ ਐਕਸ਼ਨ, 10 ਹਜ਼ਾਰ ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ

ਨਵੀਂ ਦਿੱਲੀ, 19 ਫਰਵਰੀ :

ਪਰਲ ਗਰੁੱਪ ਉਤੇ ਈਡੀ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਨੀ ਲਾਂਡ੍ਰਿੰਗ ਦੇ ਮਾਮਲੇ ਵਿਚ ਈਡੀ ਵੱਲੋਂ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀਆਂ 247 ਅਸਥਾਈ ਜਾਇਦਾਦਾਂ ਨੂੰ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਈਡੀ ਵੱਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ ਅਸਥਾਈ ਤੌਰ ’ਤੇ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਪੰਜਾਬ ਦੇ ਮੋਹਾਲੀ, ਰੂਪਨਗਰ ਅਤੇ ਜ਼ੀਰਕਪੁਰ ਵਿਚ ਸਥਿਤ ਹਨ। ਦੱਸਿਆ ਗਿਆ ਹੈ ਕਿ ਕੁਰਕ ਕੀਤੀਆਂ ਗਈਆਂ 247 ਜਾਇਦਾਦਾਂ ਦੀ ਪਛਾਣ ਨਿਵੇਸ਼ਕਾਂ ਦੇ ਪੈਸੇ ਨਾਲ ਖਰੀਦੀਆਂ ਗਈਆਂ ਜਾਇਦਾਦਾਂ ਵਜੋਂ ਕੀਤੀ ਗਈ ਹੈ, ਜੋ ਅਪਰਾਧ ਦੀ ਆਮਦਨ ਦਾ ਹਿੱਸਾ ਹਨ। ਇਨ੍ਹਾਂ ਦੀ ਕੀਮਤ 10,021.46 ਕਰੋੜ ਰੁਪਏ ਮਿੱਥੀ ਗਈ ਹੈ। ਈਡੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਇਦਾਦ ਦੇ ਮੁੱਲ ਅਤੇ ਗਿਣਤੀ ਦੇ ਹਿਸਾਬ ਨਾਲ ਇਹ ਸੰਭਵ ਤੌਰ ’ਤੇ ਏਜੰਸੀ ਵੱਲੋਂ ਜਾਰੀ ਕੀਤਾ ਗਿਆ। ਈਡੀ ਵੱਲੋਂ ਕੁਰਕ ਕੀਤੀ ਗਈ ਜਾਇਦਾਦ ਹੁਣ ਤੱਕ ਦਾ ਸਭ ਤੋਂ ਵੱਡਾ ਸਿੰਗਲ ਕੁਰਕੀ ਆਦੇਸ਼ ਹੈ। ਈਡੀ ਦੀ ਜਾਂਚ ਫਰਵਰੀ 2014 ਵਿਚ ਸੀਬੀਆਈ ਵੱਲੋਂ ਪੀਏਸੀਐੱਲ ਲਿਮਟਿਡ, ਇਸ ਦੇ ਮਰਹੂਮ ਫਾਊਂਡਰ ਨਿਰਮਲ ਭੰਗੂ ਅਤੇ ਕੁਝ ਹੋਰ ਲੋਕਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਨਾਲ ਸੰਬੰਧਿਤ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

ਮੋਹਾਲੀ, 19 ਫਰਵਰੀ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸਵੇਰੇ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਛੁੱਟੀ ਮਿਲਣ ਤੋਂ ਬਾਅਦ ਆਪਣੇ ਸੀਐਮ ਰਿਹਾਇਸ਼ ਉਤੇ ਪਹੁੰਚੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਿਹਤ ਖਰਾਬ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੌਰਟਿਸ ਹਸਪਤਾਲ ਵਿਚ ਪਹੁੰਚੇ ਸਨ, ਜਿੱਥੇ ਉਨ੍ਹਾਂ ਨੂੰ ਦਾਖਲ ਕੀਤਾ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੋਗਾ ਵਿਖੇ ਨਸ਼ਿਆਂ ਵਿਰੁੱਧ ਕੀਤੀ ਗਈ ਰੈਲੀ ਵਿਚ ਸ਼ਾਮਲ ਹੋਣ ਵੀ ਗਏ ਸਨ। ਇਸ ਤੋਂ ਬਾਅਦ ਫਿਰ ਉਹ ਹਸਪਤਾਲ ਵਿਚ ਦਾਖਲ ਹੋ ਗਏ ਸਨ। ਅੱਜ ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ।

ਤਰਨਤਾਰਨ ਸਰਪੰਚ ਕਤਲ ਮਾਮਲਾ : DSP ਪੱਟੀ ਤੇ SHO ਸਰਹਾਲੀ ਮੁਅੱਤਲ

ਤਰਨਤਾਰਨ, 19 ਫਰਵਰੀ :

ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਵਿਆਹ ਦੀਆਂ ਖੁਸ਼ੀਆਂ ਜਿੱਥੇ ਧਰੀਆਂ ਧਰਾਈਆਂ ਰਹਿ ਗਈਆਂ, ਉੱਥੇ ਹੀ ਬਰਾਤ ਵਿਚ ਚੀਕ ਚਿਹਾੜਾ ਮੱਚ ਗਿਆ। ਇਸ ਗੋਲੀਬਾਰੀ ਦੌਰਾਨ ਸਰਪੰਚ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਅਣਪਛਾਤਾ ਵਿਅਕਤੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਪੁੱਤਰ ਇਕਬਾਲ ਸਿੰਘ ਪਿੰਡ ਦੇ ਹੀ ਨਿਵਾਸੀ ਸੇਵਕ ਸਿੰਘ ਦੇ ਬੇਟੇ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਆਇਆ ਸੀ। ਇਸ ਦੌਰਾਨ ਜਦੋਂ ਹਰਪਿੰਦਰ ਸਿੰਘ ਸਟੇਜ ਉੱਪਰ ਆਪਣੇ ਹੋਰ ਸਾਥੀਆਂ ਅਤੇ ਰਿਸ਼ਤੇਦਾਰਾਂ ਸਮੇਤ ਨੱਚ ਰਹੇ ਸਨ ਤਾਂ ਇਕ ਅਨਪਛਾਤੇ ਵਿਅਕਤੀ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੇ ਚੱਲਦਿਆਂ ਹਰਪਿੰਦਰ ਸਿੰਘ ਦੇ ਢਿੱਡ ਅਤੇ ਸਿਰ ਉੱਪਰ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।  ਗੋਲੀਬਾਰੀ ਵਿੱਚ ਜਖਮੀ ਹੋਏ ਇਕ ਹੋਰ ਨੌਜਵਾਨ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਖਮੀ ਦੀ ਪਛਾਣ ਜਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਸਰਪੰਚ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਜਖਮੀ ਦਾ ਹਾਲਚਾਲ ਜਾਣਣ ਲਈ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਹਸਪਤਾਲ ਪਹੁੰਚੇ।  

Category : Big Breaking