Breaking News
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਕ ਜੱਜ ਮੁਅੱਤਲ

ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਚੰਡੀਗੜ੍ਹ ਵਿੱਚ ਤੈਨਾਤ ਇਕ ਜੱਜ ਉਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸ਼ੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਜੱਜ ਨੂੰ ਮੁਅੱਤਲ ਕੀਤਾ ਗਿਆ ਹੈ। ਹਾਈਕੋਰਟ ਨੇ ਜੱਜ ਨੂੰ ਤੁਰੰਤ ਪ੍ਰਭਾਵ ਨਾਲ ਤਬਦੀਲ ਕਰਕੇ ਹਰਿਅਣਾ ਵਿੱਚ ਭੇਜ ਦਿੱਤਾ ਗਿਆ ਹੈ। ਚੀਫ਼ ਜਸਟਿਸ ਵੱਲੋਂ ਜਾਰੀ ਮੁਅੱਤਲੀ ਸਬੰਧੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਤਾ ਲੱਗਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਇੱਕ ਜੱਜ ਦੀ ਇਤਰਾਜ਼ਯੋਗ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਲਈ ਹਾਈਕੋਰਟ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਜੱਜ ਨੂੰ ਹੀ ਮੁਅੱਤਲ ਕਰ ਦਿੱਤਾ।

ਅੰਮ੍ਰਿਤਪਾਲ ਸਿੰਘ ਦੀ ਅਦਾਲਤ ’ਚ ਹੋਈ ਪੇਸ਼ੀ, ਦੋ ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਵਾਰਿਸ ਪੰਜਾਬ ਦੇ ਮੁੱਖੀ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ ਦਕੀਤਾ ਗਿਆ। ਅਦਾਲਤ ਵਿੱਚ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਬਾਹਿਬ ਕੀਤੀ ਗਈ। ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਦੋ ਦਿਨਾਂ ਲਈ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਨਯੋਗ ਅਦਾਲਤ ਵਿੱਚ ਕਿਹਾ ਗਿਆ ਕਿ ਉਹਨਾਂ ਉਹ ਗੱਡੀ ਬਰਾਮਦ ਕਰਨੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਥਾਣੇ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ 15 ਦਿਨ ਦੇ ਪੁਲਿਸ ਰਿਮਾਂਡ ਮੰਗ ਕੀਤੀ ਗਈ ਸੀ, ਮਾਨਯੋਗ ਕੋਰਟ ਨੇ ਸਿਰਫ ਦੋ ਦਿਨ ਦਾ ਹੀ ਪੁਲਿਸ ਰਿਮਾਂਡ ਦਿੱਤਾ ਹੈ। 

ਜ਼ਿਕਰਯੋਗ ਹੈ ਕਿ 23 ਫਰਵਰੀ 2023 ਨੂੰ ‘ਵਾਰਿਸ ਪੰਜਾਬ ਦੇ’ ਸਮਰਥਕਾਂ ਦੀ ਭੀੜ ਨੇ ਥਾਣੇ ’ਤੇ ਹਮਲਾ ਕੀਤਾ ਸੀ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਣੇ 41 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਪੰਜਾਬ ‘ਚ ਗਰਮੀ ਨੇ ਕੱਢੇ ਵੱਟ, ਤਾਪਮਾਨ 43 ਡਿਗਰੀ ਪਹੁੰਚਿਆ

ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਦਿਨੋਂ ਦਿਨ ਗਰਮੀ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅਪ੍ਰੈਲ ਮਹੀਨੇ ਵਿੱਚ ਹੀ ਤਾਪਮਾਨ 43 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਕੱਲ੍ਹ ਲਈ ਸੂਬੇ ‘ਚ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਰੀਦਕੋਟ ਅਤੇ ਬਠਿੰਡਾ ਰਹੇ ਸਭ ਤੋਂ ਗਰਮ ਰਹੇ ਹਨ। ਬੀਤੇ ਕੱਲ੍ਹ ਫਰੀਦਕੋਟ ‘ਚ ਤਾਪਮਾਨ 42.9 ਡਿਗਰੀ ਸੈਲਸੀਅਸ ਰਿਹਾ, ਬਠਿੰਡਾ ‘ਚ ਤਾਮਪਾਨ 42.08 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਮੁਤਾਬਕ ਕੱਲ੍ਹ ਤੇ ਪਰਸੋਂ ਯਾਨੀ ਕਿ 24 ਤੇ 25 ਅਪ੍ਰੈਲ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ 26 ਅਪ੍ਰੈਲ ਨੂੰ ਸੂਬੇ ਦੇ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। 24 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 25 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 26 ਅਪ੍ਰੈਲ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 26 ਅਪ੍ਰੈਲ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਅੰਮ੍ਰਿਤਪਾਲ ਸਿੰਘ ’ਤੇ ਲੱਗਿਆ NSA ਖਤਮ, ਅੱਜ ਅਜਨਾਲਾ ਕੋਰਟ ‘ਚ ਪੇਸ਼ੀ

ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਕੌਮੀ ਸੁਰੱਖਿਆ ਕਾਨੂੰਨ ਦੀ ਮਿਆਦ ਬੀਤੇ ਕੱਲ੍ਹ ਖ਼ਤਮ ਹੋ ਚੁੱਕੀ ਹੈ, ਜਿਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਅਜਨਾਲਾ ਥਾਣਾ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਦੀ ਤਿਆਰੀ ਵਿੱਚ ਹੈ। ਅੱਜ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੁਰੱਖਿਆ ਕਾਰਨਾਂ ਅਤੇ ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ, ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਅਦਾਲਤ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਅਤੇ ਪੁਲਿਸ ਰਿਮਾਂਡ ਸਬੰਧੀ ਫ਼ੈਸਲਾ ਲਿਆ ਜਾ ਸਕਦਾ ਹੈ। ਫਰਵਰੀ 2023 ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਐਨਐਸਏ ਦੇ ਤਹਿਤ ਅਪ੍ਰੈਲ 2023 ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਅਦਾਲਤੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੀ ਇਜਾਜ਼ਤ ਦਿੱਤੀ ਹੈ।

ਭਿਆਨਕ ਸੜਕ ਹਾਦਸੇ ’ਚ ਗੱਡੀ ਨੂੰ ਲੱਗੀ ਅੱਗ, ਇੱਕ ਪਰਿਵਾਰ ਦੇ 8 ਮੈਂਬਰਾਂ ਸਮੇਤ 11 ਦੀ ਮੌਤ

ਮਿਰਜਾਪੁਰ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਉਤਰ ਪ੍ਰਦੇਸ਼ ਦੇ ਮਿਰਜਾਪੁਰ ਵਿੱਚ ਟਰੱਕ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਇੱਕ ਭਿਆਨਕ ਹਾਦਸਾ ਵਾਪਰ ਗਿਆ ਜਿਸ ਵਿੱਚ ਇਕ ਪਰਿਵਾਰ ਦੇ 8 ਮੈਂਬਰਾਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਥਾਣਾ ਡ੍ਰਮਡਗੰਜ ਦੇ ਨੇੜੇ ਇਕ ਟਰੱਕ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਕੰਟਰੋਲ ਤੋਂ ਬਾਹਰ ਹੋ ਗਿਆ। ਅੱਗੇ ਜਾ ਰਹੇ ਇਕ ਬੋਲੇਰੋ ਅਤੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਦੋਵਾਂ ਗੱਡੀਆਂ ਅੱਗੇ ਜਾ ਰਹੇ ਇਕ ਟਰਾਲੇ ਨਾਲ ਜਾ ਟਕਰਾਈਆਂ। ਗੱਡੀਆਂ ਦੀ ਰਫਤਾਰ ਤੇਜ਼ ਹੋਣ ਕਾਰਨ ਬੇਲੋਰੇ ਗੱਡੀ ਬੁੜਕ ਕੇ ਦੁਰ ਜਾ ਡਿੱਗੀ, ਤੇਜ਼ ਧਮਾਕਾ ਹੋਣ ਕਾਰਨ ਉਸ ਨੂੰ ਅੱਗ ਲੱਗ ਗਈ। ਜਦੋਂ ਕਿ ਦੂਜੀ ਕਾਰ ਟਰੱਕ ਅਤੇ ਟਰਾਲੇ ਵਿੱਚ ਫਸ ਗਈ। ਹਾਦਸੇ ਵਿੱਚ ਬੋਲੇਰੋ ਡਰਾਈਵਰ ਅਤੇ ਉਸ ਵਿੱਚ ਸਵਾਰ ਇਕ ਪਰਿਵਾਰ ਦੇ 8 ਮੈਂਬਰ ਜਿਉਂਦੇ ਸੜਨ ਕਰਕੇ ਮੌਤ ਹੋ ਗਈ। ਇਸ ਤੋਂ ਇਲਾਵਾ ਕਾਰ ਡਰਾਈਵਰ ਅਤੇ ਟਰੱਕ ਦੇ ਕਲੀਨਰ ਦੀ ਵੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਗਨਾ ਥਾਣੇ ਅੰਦਰ ਪੈਂਦੇ ਪਿੰਡ ਨਰੈਨਾ ਦੇ ਰਹਿਣ ਵਾਲਾ ਪਰਿਵਾਰ ਮੈਹਰ ਤੋਂ ਪੁੱਤ ਦਾ ਮੁੰਡਨ ਕਰਵਾ ਕੇ ਵਾਪਸ ਆ ਰਿਹਾ ਸੀ। ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

ਪੰਜਾਬ ਭਰ ‘ਚ ਕੱਲ੍ਹ ਨੂੰ ਹੋਵੇਗਾ ‘ਬਲੈਕਆਊਟ’


ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ  ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।

ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ।

ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।

ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ।

ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ,ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ।

ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

23-04-2026

ਸੋਰਠਿ ਮਹਲਾ ੫ ॥

ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਵੀਰਵਾਰ, ੧੦ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੧੨)

ਪੰਜਾਬੀ ਵਿਆਖਿਆ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ । ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ ।੧। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ । ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ ।ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ । ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ । ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ ।੩। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ । ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ ।੪।੪।੧੫।

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ:

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਦੇ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ, ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਹੁਤ ਹੀ ਵਾਜਿਬ ਫੀਸ ਦਰਾਂ ਤੇ ਇਕ ਨਵਾਂ ਕੰਪਿਊਟਰ ਸੈਂਟਰ ਸ਼ੁਰੂ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੈਂਟਰ ਦਾ ਦੌਰਾ ਕਰਦੇ ਹੋਏ ਵੱਖ-ਵੱਖ ਕੋਰਸਾਂ ਵਿੱਚ ਦਾਖਲ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਉਪਰਾਲੇ ਨੂੰ ਲੋਕ ਹਿੱਤ ਦਾ ਵੱਡਾ ਉਪਰਾਲਾ ਦੱਸਿਆ।

ਉਨ੍ਹਾਂ ਕਿਹਾ ਕਿ ਇਸ ਕੰਪਿਊਟਰ ਸੈਂਟਰ ਰਾਹੀਂ ਹਰ ਵਰਗ ਦੇ ਬੱਚੇ, ਨੌਜਵਾਨ ਅਤੇ ਬਜ਼ੁਰਗ ਨਾਮਾਤਰ ਫੀਸਾਂ ‘ਤੇ ਕੰਪਿਊਟਰ ਸਿੱਖਿਆ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਹਮੇਸ਼ਾਂ ਗਰੀਬ ਅਤੇ ਲੋੜਵੰਦ ਵਰਗ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਦੇ ਸਿਖਿਆਰਥੀਆਂ ਵਿੱਚ ਇੱਕ ਪਿਤਾ ਤੇ ਪੁੱਤਰ ਵੀ ਹਨ, ਜਿਨ੍ਹਾਂ ਵਿੱਚ ਪਿਤਾ ਵਿਜੇ ਕੁਮਾਰ ਸੇਵਾਮੁਕਤੀ ਉਪਰੰਤ ਅਤੇ ਬੇਟਾ ਵਿਵੇਕ ਕੁਮਾਰ ਗ੍ਰੈਜੂਏਸ਼ਨ ਬਾਅਦ ਇਹ ਕੋਰਸ ਕਰ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰ ਵਿੱਚ ਬੇਸਿਕ ਕੰਪਿਊਟਰ (3 ਮਹੀਨੇ), ਪ੍ਰੋਫੈਸ਼ਨਲ ਕੰਪਿਊਟਰ ਕੋਰਸ (6 ਮਹੀਨੇ) ਅਤੇ ਪ੍ਰੋਫੈਸ਼ਨਲ ਟੈਲੀ ਅਕਾਊਂਟੈਂਸੀ (3 ਮਹੀਨੇ) ਦੇ ਕੋਰਸ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 3 ਮਹੀਨੇ ਦੇ ਕੋਰਸ ਲਈ ਫੀਸ 500 ਰੁਪਏ ਪ੍ਰਤੀ ਮਹੀਨਾ ਅਤੇ 6 ਮਹੀਨੇ ਦੇ ਕੋਰਸ ਲਈ 1000 ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ
ਕੋਰਸਾਂ ਦੀ ਟਾਇਮਿੰਗ ਸਵੇਰੇ 10:00 ਵਜੇ ਤੋਂ 11:30 ਵਜੇ ਤੱਕ ਅਤੇ 11:30 ਵਜੇ ਤੋਂ 1:00 ਵਜੇ ਤੱਕ ਹੋਵੇਗੀ। ਕੋਰਸ ਪੂਰਾ ਕਰਨ ਉਪਰੰਤ ਵਿਦਿਆਰਥੀਆਂ ਨੂੰ ਆਈ.ਐਸ.ਓ. ਸਰਟੀਫਾਇਡ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ, ਜੋ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਰੋਜ਼ਗਾਰ ਦੇ ਮੌਕਿਆਂ ਲਈ ਲਾਭਦਾਇਕ ਸਾਬਤ ਹੋਵੇਗਾ।

ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਵੱਲੋਂ ਪਿਛਲੇ ਸਾਲ ਕੁਰਾਲੀ ਵਿੱਚ ਜਨ ਔਸ਼ਧੀ ਸਟੋਰ ਖੋਲ੍ਹਿਆ ਗਿਆ ਸੀ, ਜਿਸ ਦੀ ਵਿਕਰੀ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ ਅਤੇ ਆਮ ਲੋਕਾਂ ਨੂੰ ਇਸ ਤੋਂ ਵੱਡਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ, 24 ਫਰਵਰੀ 2026 ਨੂੰ ਸਰਕਾਰੀ ਬਹੁਤਨੀਕੀ ਕਾਲਜ ਖੂਨੀਮਾਜਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ‘ਵਿੰਗਜ਼’ ਕੈਂਟੀਨ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਏ ਹਨ ਅਤੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ।

ਇਸ ਮੌਕੇ ਸਕੱਤਰ ਰੈਡ ਕਰਾਸ, ਕੰਪਿਊਟਰ ਅਧਿਆਪਕਾ ਸੰਧਿਆ, ਗੁਰਪ੍ਰੀਤ ਸਿੰਘ, ਪੰਕਜ ਸ਼ਰਮਾ, ਸੰਦੀਪ ਸਿੰਘ, ਅਰਵਿੰਦਰ ਸਿੰਘ ਅਤੇ ਰੈਡ ਕਰਾਸ ਦੀ ਟੀਮ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ : ਮੁੱਖ ਮੰਤਰੀ

ਚੰਡੀਗੜ੍ਹ, 22 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ।
ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਸੂਬੇ ਦੇ ਕਿਸਾਨਾਂ ਨੇ ਉਪਜਾਊ ਜ਼ਮੀਨ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਨੀਦਰਲੈਂਡ, ਪੰਜਾਬ ਦੀ ਬਹੁਤ ਮਦਦ ਕਰ ਸਕਦਾ ਹੈ।
ਮੁੱਖ ਮੰਤਰੀ ਨੇ ਰੋਟਰਡੈਮ ਵਿੱਚ ਐਲਟੀ ਫੂਡਜ਼ ਦੀ ਸਹੂਲਤ ਦਾ ਦੌਰਾ ਕੀਤਾ ਜਿੱਥੇ ਕੰਪਨੀ ਨੇ 80 ਤੋਂ ਵੱਧ ਦੇਸ਼ਾਂ ਵਿੱਚ ਆਪਣੀ ਮੌਜੂਦਗੀ ਅਤੇ ਇੱਕ ਲੱਖ ਤੋਂ ਵੱਧ ਕਿਸਾਨਾਂ ਨਾਲ ਮਜ਼ਬੂਤ ਸਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਟਿਕਾਊ ਖੇਤੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਅੰਤਰਰਾਸ਼ਟਰੀ ਮਾਪਦੰਡਾਂ ‘ਤੇ ਖਰਾ ਉਤਰਨ ਲਈ ਕੀਟਨਾਸ਼ਕਾਂ ਦੀ ਵਰਤੋਂ ਘਟਾਉਣਾ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਬਾਸਮਤੀ ਚੌਲਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ। ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਐਲਟੀ ਫੂਡਜ਼ ਨੇ ਪੰਜਾਬ ਵਿੱਚ ਬਾਸਮਤੀ ਚੌਲਾਂ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਹਾਮੀ ਭਰੀ ਅਤੇ ਯਕੀਨਨ ਖਰੀਦ ਤੇ ਕੀਟਨਾਸ਼ਕਾਂ ਦੀ ਘੱਟ ਵਰਤੋਂ ਨਾਲ ਕਾਸ਼ਤ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਖੋਜ ਤੇ ਟਿਕਾਊ ਖੇਤੀਬਾੜੀ ਅਭਿਆਸਾਂ ਲਈ ਡੱਚ ਬਹੁ-ਕੌਮੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ ਘਟਦੇ ਮੁਨਾਫ਼ੇ ਦੇ ਨਾਲ ਖੇਤੀਬਾੜੀ ਹੁਣ ਲਾਭਦਾਇਕ ਧੰਦਾ ਨਹੀਂ ਰਿਹਾ ਜਿਸ ਕਾਰਨ ਕਿਸਾਨਾਂ ਨੂੰ ਆਪਣੇ ਗੁਜ਼ਾਰੇ ਲਈ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਸਲਾਂ ਲਈ ਤਕਨਾਲੋਜੀ ਦੀ ਉਤਪਾਦਨ ਸਮਰੱਥਾ ਦਾ ਪਹਿਲਾਂ ਹੀ ਲੋੜੋਂ ਵੱਧ ਇਸਤੇਮਾਲ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਅਸਲ ਖੇਤੀ ਆਮਦਨ ਵਧਾਉਣ ਅਤੇ ਬਾਸਮਤੀ ਉਤਪਾਦਨ ਨੂੰ ਵਧਾ ਕੇ ਕੁਦਰਤੀ ਸਰੋਤਾਂ ‘ਤੇ ਲੋੜੋਂ ਵੱਧ ਸ਼ੋਸ਼ਣ ਨੂੰ ਰੋਕਣ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ। ਇਸੇ ਤਰ੍ਹਾਂ ਉਨ੍ਹਾਂ ਨੇ ਆਲਸਮੀਰ ਵਿਖੇ ਫਲੌਰੀਕਲਚਰ ਆਕਸ਼ਨ ਮਾਰਕੀਟ ਦਾ ਵੀ ਦੌਰਾ ਕੀਤਾ, ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਫੁੱਲ ਅਤੇ ਪੌਦਾ ਬਾਜ਼ਾਰ ਹੈ, ਜਿੱਥੇ ਉਨ੍ਹਾਂ ਨੇ ਜਾਣਿਆ ਕਿ ਡੱਚ ਨਿਲਾਮੀ ਪ੍ਰਣਾਲੀ ਉਤਪਾਦਨ, ਲੌਜਿਸਟਿਕਸ ਅਤੇ ਵਿਸ਼ਵਵਿਆਪੀ ਵੰਡ ਦੀ ਉੱਚ ਏਕੀਕ੍ਰਿਤ ਪ੍ਰਣਾਲੀ ਦਾ ਹੈ। ਭਗਵੰਤ ਸਿੰਘ ਮਾਨ ਨੇ ਖੇਤੀਬਾੜੀ-ਮੁੱਲ ਲੜੀ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਸੇ ਤਰ੍ਹਾਂ ਦੇ ਮਾਡਲ ਅਪਨਾਉਣ ਦੇ ਪੰਜਾਬ ਦੇ ਇਰਾਦੇ ਦਾ ਜ਼ਿਕਰ ਕੀਤਾ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਖੇਤੀਬਾੜੀ ਡਾਇਰੈਕਟਰ-ਜਨਰਲ ਸਮੇਤ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਨੀਦਰਲੈਂਡ ਸਰਕਾਰ ਦੇ ਖੇਤੀਬਾੜੀ, ਮੱਛੀ ਪਾਲਣ, ਖੁਰਾਕ ਸੁਰੱਖਿਆ ਅਤੇ ਕੁਦਰਤ ਬਾਰੇ ਮੰਤਰਾਲੇ ਨਾਲ ਵਿਸਤ੍ਰਿਤ ਮੀਟਿੰਗ ਵੀ ਕੀਤੀ। ਖੇਤੀਬਾੜੀ ਵਿੱਚ ਮਜ਼ਬੂਤ ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਰਤ-ਨੀਦਰਲੈਂਡ ਸਾਂਝੇਦਾਰੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਪਾਣੀ ਦੀ ਕੁਸ਼ਲ ਵਰਤੋਂ ਅਧਾਰਿਤ ਖੇਤੀਬਾੜੀ ਅਤੇ ਫਸਲੀ ਵਿਭਿੰਨਤਾ, ਤਕਨਾਲੋਜੀ ਅਤੇ ਸਹੀ ਖੇਤੀ ਢੰਗ-ਤਰੀਕਿਆਂ ਰਾਹੀਂ ਉਤਪਾਦਕਤਾ ਵਧਾਉਣ ਅਤੇ ਟਿਕਾਊ ਤੇ ਪੁਨਰ-ਉਤਪਾਦਨਸ਼ੀਲ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਡੱਚ ਮੁਹਾਰਤ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ, ਨੀਦਰਲੈਂਡ ਦੀਆਂ ਉੱਨਤ ਖੇਤੀਬਾੜੀ ਪ੍ਰਣਾਲੀਆਂ ਨੂੰ ਅਪਣਾਉਣ ਲਈ ਉਤਸੁਕ ਹੈ, ਜਿਸ ਵਿੱਚ ਆਟੋਮੇਸ਼ਨ, ਏ.ਆਈ., ਡਰੋਨ, ਅਤੇ ਅੰਕੜਾ-ਅਧਾਰਿਤ ਫਸਲ ਪ੍ਰਬੰਧਨ ਦੀ ਵਰਤੋਂ ਦੇ ਨਾਲ-ਨਾਲ ਗ੍ਰੀਨਹਾਊਸ ਖੇਤੀ ਵਿੱਚ ਨਵੀਨਤਾਵਾਂ ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਅਸੀਂ ਜਾਣਦੇ ਹਾਂ ਕਿ ਗ੍ਰੀਨਹਾਊਸ ਖੇਤੀ, ਪਾਣੀ ਅਤੇ ਊਰਜਾ ਦੀ ਵਰਤੋਂ ਵਿੱਚ ਕੁਸ਼ਲਤਾ ਪ੍ਰਦਾਨ ਕਰਦੀ ਹੈ, ਇਹ ਉੱਚ-ਮੁੱਲ ਵਾਲੀਆਂ ਫਸਲਾਂ ਲਈ ਸਭ ਤੋਂ ਅਨੁਕੂਲ ਹੈ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਵੈਗਨਿੰਗਨ ਯੂਨੀਵਰਸਿਟੀ ਐਂਡ ਰਿਸਰਚ (ਡਬਲਯੂ.ਯੂ.ਆਰ.) ਵਰਗੀਆਂ ਪ੍ਰਮੁੱਖ ਡੱਚ ਸੰਸਥਾਵਾਂ ਦਰਮਿਆਨ ਖਾਸ ਕਰਕੇ ਲਾਗੂ ਖੋਜ, ਨਵੀਨਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਵਿੱਚ ਸੰਭਾਵੀ ਸਾਂਝੇਦਾਰੀ ਦਾ ਪ੍ਰਸਤਾਵ ਰੱਖਿਆ। ਵੀ.ਐਨ.ਓ.-ਐਨ.ਸੀ.ਡਬਲਯੂ. (ਕਨਫੈਡਰੇਸ਼ਨ ਆਫ ਨੀਦਰਲੈਂਡਜ਼ ਇੰਡਸਟਰੀ ਐਂਡ ਇੰਪਲਾਇਰਜ਼) ਦੀ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਡੱਚ ਕੰਪਨੀਆਂ ਅਤੇ ਪੰਜਾਬ ਦਰਮਿਆਨ ਨਿਰੰਤਰ ਸ਼ਮੂਲੀਅਤ ਨੂੰ ਸੁਵਿਧਾਜਨਕ ਬਣਾਉਣ ਲਈ ਢਾਂਚਾਗਤ ਸਾਂਝੇਦਾਰੀ ਕਾਇਮ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਲ ਵਿੱਚ ਆ ਰਹੇ ਭਾਰਤ-ਈ.ਯੂ. ਮੁਕਤ ਵਪਾਰ ਸਮਝੌਤੇ (ਐਫਟੀਏ) ਤੋਂ ਵਪਾਰ ਅਤੇ ਨਿਵੇਸ਼ ਲਈ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਹ ਵੀ ਕਿਹਾ ਕਿ ਪੰਜਾਬ ਅਤੇ ਨੀਦਰਲੈਂਡ ਦੋਵਾਂ ਨੂੰ ਆਈ.ਟੀ./ਆਈ.ਟੀ.ਈ.ਐਸ., ਡੇਅਰੀ, ਫੂਡ ਪ੍ਰੋਸੈਸਿੰਗ ਅਤੇ ਆਲੂ ਉਤਪਾਦਨ ਸਮੇਤ ਖੇਤੀਬਾੜੀ-ਮੁੱਲ ਲੜੀ ਵਰਗੇ ਖੇਤਰਾਂ ਵਿੱਚ ਦੁਵੱਲਾ ਲਾਭ ਹੋ ਸਕਦਾ ਹੈ।
ਮੁੱਖ ਮੰਤਰੀ ਨੇ ਡੱਚ ਕੰਪਨੀਆਂ ਨੂੰ ਪੰਜਾਬ ਦੇ ਜਲਦ ਸ਼ੁਰੂ ਹੋਣ ਵਾਲੇ ਖੇਤੀਬਾੜੀ-ਤਕਨੀਕੀ ਤੇ ਉਦਯੋਗ ਪਲੇਟਫਾਰਮਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ, ਜਿਸ ਵਿੱਚ ਸੀ.ਆਈ.ਆਈ. ਨਾਲ ਜੁੜਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਹੈ। ਉਨ੍ਹਾਂ ਨੇ ਪੰਜਾਬ ਦੇ ਪ੍ਰਗਤੀਸ਼ੀਲ ਨੀਤੀ ਢਾਂਚੇ, ਜਿਸ ਵਿੱਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਫਾਸਟਟ੍ਰੈਕ ਪੰਜਾਬ ਪੋਰਟਲ ਸ਼ਾਮਲ ਹੈ, ਬਾਰੇ ਵੀ ਭਾਈਵਾਲਾਂ ਨੂੰ ਜਾਣੂ ਕਰਵਾਇਆ, ਜੋ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਂਦਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਤਕਨਾਲੋਜੀ-ਅਧਾਰਤ, ਟਿਕਾਊ ਅਤੇ ਵਿਸ਼ਵ ਪੱਧਰ ‘ਤੇ ਏਕੀਕ੍ਰਿਤ ਖੇਤੀਬਾੜੀ ਤੇ ਉਦਯੋਗਿਕ ਆਰਥਿਕਤਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਚੰਡੀਗੜ੍ਹ, 22 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ ਮਨਜ਼ੂਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਗਿਰਦਾਵਰੀ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਵਿੱਢੀ ਤਾਂ ਜੋ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ ਅਤੇ ਵਾਢੀ ਦੇ ਸੀਜ਼ਨ ਦੌਰਾਨ ਹੋਏ ਅਣਕਿਆਸੇ ਨੁਕਸਾਨ ਤੋਂ ਉਭਰਿਆ ਜਾ ਸਕੇ।

ਮਾਲ ਮੰਤਰੀ ਨੇ ਦੱਸਿਆ ਕਿ ਸੱਤ ਜ਼ਿਲ੍ਹਿਆਂ ਦੇ 111 ਪਿੰਡਾਂ ਵਿੱਚ 92695 ਏਕੜ ਰਕਬੇ ‘ਚ ਹੋਏ ਫ਼ਸਲੀ ਨੁਕਸਾਨ ਲਈ 123,28,05,938 ਰੁਪਏ ਦੇ ਕੁੱਲ ਰਾਹਤ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੁਕਸਾਨੇ ਕੁੱਲ ਖੇਤਰ ਵਿੱਚ 26 ਤੋਂ 32 ਫ਼ੀਸਦੀ ਨੁਕਸਾਨ ਵਾਲਾ 992 ਏਕੜ ਰਕਬਾ, 33 ਤੋਂ 75 ਫ਼ੀਸਦੀ ਨੁਕਸਾਨਿਆ ਗਿਆ 61115 ਏਕੜ ਰਕਬਾ ਅਤੇ 76 ਤੋਂ 100 ਫ਼ੀਸਦੀ ਖ਼ਰਾਬੇ ਵਾਲਾ 30588 ਏਕੜ ਰਕਬਾ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ, ‘‘ਸਾਡੀ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਕੁਦਰਤੀ ਆਫ਼ਤਾਂ ਕਾਰਨ ਪੈਦਾ ਹੋਈ ਵਿੱਤੀ ਅਸਥਿਰਤਾ ਨੂੰ ਫ਼ੌਰੀ ਦਖ਼ਲ ਦੇ ਕੇ ਘਟਾਇਆ ਜਾ ਸਕੇ।’’

ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ ਨੂੰ ਸਭ ਤੋਂ ਵੱਧ ਕਰੀਬ 44.24 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਨੂੰ ਕਰੀਬ 43.01 ਕਰੋੜ ਰੁਪਏ, ਬਠਿੰਡਾ ਨੂੰ ਲਗਭਗ 22.83 ਕਰੋੜ ਰੁਪਏ, ਮੋਗਾ ਨੂੰ 7.73 ਕਰੋੜ ਰੁਪਏ ਅਤੇ ਅੰਮ੍ਰਿਤਸਰ ਨੂੰ 5.26 ਕਰੋੜ ਰੁਪਏ ਤੋਂ ਵੱਧ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਕ੍ਰਮਵਾਰ ਲਗਭਗ 17.10 ਲੱਖ ਰੁਪਏ ਅਤੇ 1.35 ਲੱਖ ਰੁਪਏ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ।

ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਰਾਹਤ ਦਾ ਇਹ ਮੁਲਾਂਕਣ ਗੜ੍ਹੇਮਾਰੀ ਦੌਰਾਨ ਫ਼ਸਲੀ ਨੁਕਸਾਨ ਦੇ ਮੁਤਾਬਿਕ ਕੀਤਾ ਗਿਆ ਹੈ ਅਤੇ ਇਸ ਤਹਿਤ 26 ਫ਼ੀਸਦੀ ਤੋਂ ਲੈ ਕੇ 100 ਫ਼ੀਸਦੀ ਨੁਕਸਾਨੇ ਰਕਬੇ ਨੂੰ ਕਵਰ ਕੀਤਾ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਮਿਲ ਸਕੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮੁਆਵਜ਼ਾ ਵੰਡਣ ਸਬੰਧੀ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮਨਜ਼ੂਰ ਕੀਤੀ ਰਕਮ ਬਿਨਾਂ ਕਿਸੇ ਦੇਰੀ ਦੇ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਪੇਂਡੂ ਜੀਵਨ ਲਈ ਵੱਡਾ ਖ਼ਤਰਾ ਬਣਦੀਆਂ ਕੁਦਰਤੀ ਆਫ਼ਤਾਂ ਦੌਰਾਨ ਫ਼ੌਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

Category : Big Breaking