Breaking News
5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਭੇਜਿਆ ਗਿਆ ਹੈ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਬੱਚੇ ਸਾਲ 2023 ਦੌਰਾਨ ਸਰਹੱਦੀ ਖੇਤਰ ਵਿੱਚ ਮਿਲੇ ਸਨ, ਜਿਸ ਉਪਰੰਤ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ। ਇਸ ਦੌਰਾਨ ਬੱਚਿਆਂ ਦੀ ਸਿੱਖਿਆ, ਸਿਹਤ, ਕੌਂਸਲਿੰਗ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਉਹ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਵਿੱਚ ਰਹਿ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੰਗਲਾਦੇਸ਼ ਹਾਈ ਕਮਿਸ਼ਨ, ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਅਤੇ ਹੋਰ ਸਬੰਧਤ ਏਜੰਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਲੋੜੀਂਦੀ ਪੁਸ਼ਟੀ ਕਰਨ ਉਪਰੰਤ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਸਫਲਤਾਪੂਰਵਕ ਪੂਰੀਆਂ ਕੀਤੀਆਂ ਗਈਆਂ। ਇਸ ਉਪਰੰਤ 5 ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬੰਗਲਾਦੇਸ਼ ਭੇਜਿਆ ਗਿਆ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚੇ ਨੂੰ ਆਪਣੇ ਪਰਿਵਾਰ ਦੇ ਪਿਆਰ, ਸੁਰੱਖਿਆ ਅਤੇ ਆਪਣੇਪਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਲਈ ਆਪਣੇ ਪਰਿਵਾਰ ਨਾਲ ਮੁੜ ਮਿਲਾਪ ਜ਼ਿੰਦਗੀ ਦੇ ਸਭ ਤੋਂ ਖੁਸ਼ਗਵਾਰ ਅਤੇ ਯਾਦਗਾਰ ਪਲਾਂ ਵਿੱਚੋਂ ਇੱਕ ਹੁੰਦਾ ਹੈ। ਪੰਜਾਬ ਸਰਕਾਰ ਅਜਿਹੇ ਹਰ ਬੱਚੇ ਦੇ ਸਰਵੋਤਮ ਹਿੱਤਾਂ ਦੀ ਰੱਖਿਆ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਬੱਚਾ ਆਪਣੇ ਪਰਿਵਾਰ ਨਾਲ ਮੁੜ ਜੁੜਦਾ ਹੈ ਤਾਂ ਇਹ ਸਿਰਫ਼ ਇੱਕ ਪਰਿਵਾਰ ਦੀ ਖੁਸ਼ੀ ਨਹੀਂ ਹੁੰਦੀ, ਸਗੋਂ ਮਨੁੱਖਤਾ, ਕਰੁਣਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਵੀ ਜਿੱਤ ਹੁੰਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰੱਖੇਗੀ।

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਵਿੱਤ ਮੰਤਰੀ

ਚੰਡੀਗੜ੍ਹ, 19 ਜੂਨ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ ‘ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, “ਰਾਜ ਦੇ ਲੰਬੇ ਸਮੇਂ ਤੋਂ ਬਕਾਇਆ ਮਾਲੀਏ ਨੂੰ ਵਾਪਸ ਲੈਣ ਲਈ ਇੱਕ ਅਹਿਮ ਕਦਮ ਚੁੱਕਦੇ ਹੋਏ ਆਬਕਾਰੀ ਤੇ ਕਰ ਵਿਭਾਗ ਨੇ ਜਾਇਦਾਦਾਂ ਦੀਆਂ ਤਿੰਨ ਵੱਡੀਆਂ ਨਿਲਾਮੀਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਇਸ ਤਹਿਤ ਉਨ੍ਹਾਂ ਕਾਰੋਬਾਰਾਂ ਅਤੇ ਵਿਅਕਤੀਆਂ ਤੋਂ ਮੋਟੀ ਰਕਮ ਵਸੂਲ ਕੀਤੀ ਗਈ ਹੈ ਜੋ ਵਾਰ-ਵਾਰ ਮੌਕੇ ਅਤੇ ਅਧਿਕਾਰਤ ਕਾਨੂੰਨੀ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਜਾਣਬੁੱਝ ਕੇ ਆਪਣੀਆਂ ਟੈਕਸ ਦੇਣਦਾਰੀਆਂ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੇ ਸਨ।”

ਇਸ ਇਨਫੋਰਸਮੈਂਟ ਮੁਹਿੰਮ ਦੀਆਂ ਸ਼ੁਰੂਆਤੀ ਸਫਲਤਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੀ ਵੱਡੀ ਜਾਇਦਾਦ ਦੀ ਨਿਲਾਮੀ ਮੋਹਾਲੀ ਵਿੱਚ ਡਿਫਾਲਟਰ ਫਰਮ *ਮੈਸਰਜ਼ ਸੁਮਿਤ ਇੰਜੀਨੀਅਰਿੰਗ ਵਿਰੁੱਧ ਸਫਲਤਾਪੂਰਵਕ ਕੀਤੀ ਗਈ, ਜਿੱਥੇ 19 ਜੂਨ 2026 ਨੂੰ ਜਾਇਦਾਦ 13.22 ਕਰੋੜ ਰੁਪਏ ਵਿੱਚ ਵੇਚੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਸਫਲ ਨਿਲਾਮੀ ਸ਼ਾਹਕੋਟ, ਜਲੰਧਰ ਵਿਖੇ ਮੈਸਰਜ਼ ਐਮ.ਆਰ ਰਾਈਸ ਮਿੱਲਜ਼ ਦੀ ਜਾਇਦਾਦ ਦੀ ਕੀਤੀ ਗਈ, ਜਿਸ ਤੋਂ ਕੁੱਲ 1.11 ਕਰੋੜ ਰੁਪਏ ਪ੍ਰਾਪਤ ਹੋਏ।

ਵਿੱਤ ਮੰਤਰੀ ਨੇ ਕਿਹਾ, “ਸਫਲ ਬੋਲੀਕਾਰਾਂ ਵੱਲੋਂ ਅੱਜ 3.58 ਕਰੋੜ ਰੁਪਏ ਦੀ ਰਕਮ ਸਿੱਧੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਰਹਿੰਦੀ ਰਕਮ ਨਿਯਮਾਂ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਕਾਨੂੰਨੀ ਤੌਰ ‘ਤੇ ਵਸੂਲ ਕਰਕੇ ਜਮ੍ਹਾਂ ਕਰਵਾਈ ਜਾਵੇਗੀ।”

ਵਿੱਤ ਮੰਤਰੀ ਚੀਮਾ ਅਨੁਸਾਰ ਮੋਹਾਲੀ ਅਤੇ ਜਲੰਧਰ ਵਿੱਚ ਕੀਤੀਆਂ ਗਈਆਂ ਇਹ ਸ਼ੁਰੂਆਤੀ ਸਫਲ ਨਿਲਾਮੀਆਂ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਟੈਕਸ ਨਿਯਮਾਂ ਦੀ ਪਾਲਣਾ ਨੂੰ ਲਾਗੂ ਕਰਨ ਦੇ ਸੂਬੇ ਦੇ ਪੱਕੇ ਇਰਾਦੇ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੀਆਂ ਹਨ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਖ਼ਤ ਵਸੂਲੀ ਕਾਰਵਾਈਆਂ, ਜਿਨ੍ਹਾਂ ਵਿੱਚ ਜਾਇਦਾਦਾਂ ਨੂੰ ਜ਼ਬਤ ਕਰਨਾ ਅਤੇ ਨਿਲਾਮ ਕਰਨਾ ਸ਼ਾਮਲ ਹੈ, ਪੰਜਾਬ ਸਰਕਾਰ ਦੇ ਪਹਿਲੇ ਨੀਤੀਗਤ ਐਲਾਨਾਂ ਦੀ ਹੀ ਨਿਰੰਤਰਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਖ਼ਤ ਕਾਰਵਾਈਆਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਪੁਰਾਣੇ ਟੈਕਸ ਡਿਫਾਲਟਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੇ ਸੂਬੇ ਦੀ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ ਦਿੱਤੇ ਗਏ ਵੱਡੇ ਰਾਹਤ ਲਾਭਾਂ ਦਾ ਫਾਇਦਾ ਨਾ ਉਠਾਉਣ ਦਾ ਜ਼ਿੱਦੀ ਫੈਸਲਾ ਕੀਤਾ ਸੀ।

ਟੈਕਸ ਚੋਰੀ ਦੇ ਮਾਮਲੇ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਮੇਸ਼ਾ ਜਨਤਾ ਦੇ ਜਾਇਜ਼ ਪੈਸੇ ਦੀ ਵਸੂਲੀ ਕਰਨਾ ਹੈ, ਨਾ ਕਿ ਸਿਰਫ਼ ਦੰਡਾਤਮਕ ਕਾਰਵਾਈ ਕਰਨਾ।”

ਟੈਕਸਦਾਤਾਵਾਂ ਨੂੰ ਆਪਣੀ ਮਰਜ਼ੀ ਨਾਲ ਨਿਯਮਾਂ ਦੀ ਪਾਲਣਾ ਕਰਨ ਦੀ ਸਹੂਲਤ ਦੇਣ ਅਤੇ ਕਾਰੋਬਾਰੀਆਂ ਨੂੰ ਪੁਰਾਣੇ ਵਿਵਾਦਾਂ ਨੂੰ ਸੁਲਝਾਉਣ ਦਾ ਜਾਇਜ਼ ਮੌਕਾ ਦੇਣ ਲਈ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ 31 ਜੁਲਾਈ 2026 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਕਾਇਆ ਵੈਟ ਦੇਣਦਾਰੀਆਂ ਵਾਲੇ ਟੈਕਸਦਾਤਾਵਾਂ ਲਈ ਆਪਣੇ ਬਕਾਏ ਜਲਦੀ ਨਿਪਟਾਉਣ ਲਈ ਇੱਕ ਪਾਰਦਰਸ਼ੀ ਅਤੇ ਬਹੁਤ ਹੀ ਲਾਹੇਵੰਦ ਪ੍ਰਣਾਲੀ ਪ੍ਰਦਾਨ ਕਰਦੀ ਹੈ, ਜਿਸ ਨਾਲ ਉਹ ਅਦਾਲਤੀ ਕਾਰਵਾਈਆਂ, ਚੱਲ ਰਹੇ ਵਿਵਾਦਾਂ ਅਤੇ ਸਰਕਾਰੀ ਸਖ਼ਤ ਕਾਰਵਾਈ ਤੋਂ ਪੂਰੀ ਤਰ੍ਹਾਂ ਬਚ ਸਕਦੇ ਹਨ।

ਕਰ ਦਾ ਬਕਾਇਆ ਦੇਣ ਵਾਲੇ ਬਾਕੀ ਰਹਿੰਦੇ ਕਰਦਾਤਾਵਾਂ ਨੂੰ ਆਖਰੀ ਚੇਤਾਵਨੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰੀ ਟੈਕਸ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਇਹ ਸੋਚਣ ਦਾ ਦੌਰ ਕਿ ਸਰਕਾਰੀ ਬਕਾਏ ਵਸੂਲੇ ਨਹੀਂ ਜਾਣਗੇ, ਹੁਣ ਅਧਿਕਾਰਤ ਤੌਰ ‘ਤੇ ਖ਼ਤਮ ਹੋ ਗਿਆ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਦਤਨ ਅਤੇ ਪੁਰਾਣੇ ਡਿਫਾਲਟਰਾਂ ਦੀਆਂ ਕਈ ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਅਤੇ ਆਉਣ ਵਾਲੇ ਹਫ਼ਤਿਆਂ ਅਤੇ ਮਹੀਨਿਆਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 20 ਹੋਰ ਜਾਇਦਾਦਾਂ ਦੀ ਨਿਲਾਮੀ ਤੈਅ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ, “ਆਬਕਾਰੀ ਤੇ ਕਰ ਵਿਭਾਗ ਜਨਤਕ ਮਾਲੀਏ ਦੀ ਰੱਖਿਆ ਲਈ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਅਟੱਲ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਭਰ ਦੇ ਹਜ਼ਾਰਾਂ ਇਮਾਨਦਾਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਨੂੰ ਉਨ੍ਹਾਂ ਕੁਝ ਜਾਣਬੁੱਝ ਕੇ ਡਿਫਾਲਟਰ ਬਣੇ ਲੋਕਾਂ ਕਰਕੇ ਵਿੱਤੀ ਜਾਂ ਮੁਕਾਬਲੇਬਾਜ਼ੀ ਦੇ ਪੱਧਰ ‘ਤੇ ਕੋਈ ਨੁਕਸਾਨ ਨਾ ਝੱਲਣਾ ਪਵੇ ਜੋ ਆਪਣੇ ਕਾਨੂੰਨੀ ਫਰਜ਼ਾਂ ਤੋਂ ਭੱਜਦੇ ਹਨ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੋ ਟੈਕਸਦਾਤਾ ਆਪਣੇ ਕਾਨੂੰਨੀ ਫਰਜ਼ਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਅਤੇ ਗੰਭੀਰ ਨਤੀਜੇ ਭੁਗਤਣੇ ਪੈਣਗੇ, ਕਿਉਂਕਿ ਕਰ ਵਿਭਾਗ ਪੰਜਾਬ ਸੂਬੇ ਦੇ ਹਰ ਇੱਕ ਰੁਪਏ ਨੂੰ ਸੁਰੱਖਿਅਤ ਕਰਨ ਲਈ ਬੈਂਕ ਖਾਤੇ ਸੀਲ (ਅਟੈਚ) ਕਰਨ, ਜਾਇਦਾਦਾਂ ਜ਼ਬਤ ਕਰਨ ਅਤੇ ਚੱਲ-ਅਚੱਲ ਦੋਵਾਂ ਜਾਇਦਾਦਾਂ ਦੀ ਜਨਤਕ ਨਿਲਾਮੀ ਸਮੇਤ ਸਾਰੇ ਉਪਲਬਧ ਕਾਨੂੰਨੀ ਤਰੀਕਿਆਂ ਦੀ ਵਰਤੋਂ ਕਰ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ, 2026:

ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ ‘ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ।

ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਸੈਕਟਰ 66 ਵਿਖੇ ਐਮ ਐਲ ਏ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੱਤ ਮੰਜ਼ਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੀ ਤਾਮੀਰ ‘ਤੇ ਕਰੀਬ 70 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਜੰਗੀ ਪੱਧਰ ‘ਤੇ ਜਾਰੀ ਹੈ। ਇਹ ਹੋਸਟਲ ਪੰਜਾਬ ਦਾ ਸਭ ਤੋਂ ਵੱਡਾ ਸਰਕਾਰੀ ਖੇਤਰ ਦਾ ਵਰਕਿੰਗ ਵਿਮੈਨ ਹੋਸਟਲ ਹੋਵੇਗਾ ਜਿੱਥੇ ਕਿ 484 ਮਹਿਲਾਵਾਂ ਨੂੰ ਰਹਿਣ ਦੀ ਅਤਿ ਆਧੁਨਿਕ ਤੇ ਸੁਰੱਖਿਅਤ ਸਹੂਲਤ ਮਿਲੇਗੀ। ਇਸ ਹੋਸਟਲ ਵਿੱਚ ਸਿੰਗਲ ਰੂਮ, ਡਬਲ ਰੂਮ ਅਤੇ ਡੋਰਮੈਟਰੀ ਰੂਮ ਵੀ ਹੋਣਗੇ। ਕੰਮਕਾਜੀ ਔਰਤਾਂ ਦੇ ਨਾਲ ਰਹਿਣ ਵਾਲੇ ਬੱਚਿਆਂ ਵਾਸਤੇ ਕਰੈਚ ਦੀ ਸਹੂਲਤ ਵੀ ਹੋਵੇਗੀ। ਇਸ ਤੋਂ ਇਲਾਵਾ ਮਨਪ੍ਰਚਾਵੇ ਲਈ ਇੰਨਡੋਰ ਖੇਡਾਂ ਦਾ ਪ੍ਰਬੰਧ ਵੀ ਹੋਵੇਗਾ।

ਉਹਨਾਂ ਦੱਸਿਆ ਕਿ ਇਹ ਮੋਹਾਲੀ ਵਿਖੇ ਬਣ ਰਿਹਾ ਤੀਸਰਾ ਵਰਕਿੰਗ ਵਿਮੈਨ ਹੋਸਟਲ ਹੈ। ਇਸ ਤੋਂ ਪਹਿਲਾਂ ਨਿਫ਼ਟ ਮੁਹਾਲੀ ਫੇਸ 1 ਵਿਖੇ 25.26 ਕਰੋੜ ਰੁਪਏ ਦੀ ਲਾਗਤ ਨਾਲ 150 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ ਹੋਸਟਲ ਨਿਰਮਾਣ ਅਧੀਨ ਹੈ। ਇਸੇ ਤਰ੍ਹਾਂ ਸੈਕਟਰ 79 ਮੁਹਾਲੀ ਵਿਖੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ ਵਰਕਿੰਗ ਵਿਮੈਨ ਹੋਸਟਲ ਵੀ ਤੇਜ਼ੀ ਨਾਲ ਉਸਾਰੀ ਅਧੀਨ ਹੈ। ਇਸ ਹੋਸਟਲ ਤੇ 12.57 ਕਰੋੜ ਰੁਪਏ ਦੀ ਲਾਗਤ ਆਵੇਗੀ।

ਉਹਨਾਂ ਦੱਸਿਆ ਕਿ ਮੋਹਾਲੀ ਵਿਖੇ ਬਣ ਰਹੇ ਉਕਤ ਤਿੰਨ ਵਰਕਿੰਗ ਵਿਮੈਨ ਹੋਸਟਲਾਂ ਤੋਂ ਇਲਾਵਾ ਵਿਭਾਗ ਵੱਲੋਂ ਗਾਂਧੀ ਵਿਨੀਤਾ ਆਸ਼ਰਮ ਜਲੰਧਰ ਵਿਖੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ 10.11 ਕਰੋੜ ਰੁਪਏ ਦੀ ਲਾਗਤ ਵਾਲਾ ਹੋਸਟਲ ਅਤੇ ਅੰਮ੍ਰਿਤਸਰ ਵਿਖੇ 150 ਔਰਤਾਂ ਦੀ ਰਿਹਾਇਸ਼ ਦੀ ਸਮਰੱਥਾ ਵਾਲਾ 27.34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਵਰਕਿੰਗ ਵੇਮੈਨ ਹੋਸਟਲ ਨਿਰਮਾਣ ਅਧੀਨ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਹੋਸਟਲ ਬਹੁਤ ਜਲਦੀ ਮਿੱਥੇ ਸਮੇਂ ਮੁਤਾਬਿਕ ਤਿਆਰ ਕਰ ਲਏ ਜਾਣਗੇ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਰਕਿੰਗ ਵਿਮੈਨ ਹੋਸਟਲਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਬਹੁਤ ਹੀ ਵਾਜਬ ਅਤੇ ਨਾ-ਮਾਤਰ ਕਿਰਾਏ ‘ਤੇ ਰਿਹਾਇਸ਼ ਉਪਲਬਧ ਕਰਵਾਈ ਜਾਵੇਗੀ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਵਿਖੇ ਅਜਿਹਾ ਹੀ ਇੱਕ ਹੋਸਟਲ ਰੈਡ ਕਰਾਸ ਦੀ ਇਮਾਰਤ ਵਿੱਚ ਕਿਰਾਏ ਤੇ ਇਮਾਰਤ ਦਾ ਪ੍ਰਬੰਧ ਕਰਕੇ ਚਲਾਇਆ ਗਿਆ ਹੈ, ਜਿੱਥੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵੱਲੋਂ ਕਿਸੇ ਵੀ ਸ਼ਹਿਰ ਵਿੱਚ ਕੰਮਕਾਜੀ ਔਰਤਾਂ ਦੀ ਵਰਕਿੰਗ ਵਿਮਨ ਹੋਸਟਲ ਦੀ ਮੰਗ ਤੇ ਕਿਰਾਏ ਤੇ ਪ੍ਰਬੰਧ ਕਰਕੇ ਰਹਿਣ ਦੀ ਸਹੂਲਤ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਇੱਕੋ ਇੱਕ ਉਦੇਸ਼ ਘਰਾਂ ਤੋਂ ਬਾਹਰ ਦੂਸਰੇ ਸ਼ਹਿਰਾਂ ਵਿੱਚ ਜਾ ਕੇ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣਾ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਲੋਕ ਹਿਤੂ ਫੈਸਲਿਆਂ ਅਤੇ ਵਿਕਾਸ ਕੰਮਾਂ ਕਰਕੇ ਪੰਜਾਬ ਵਿੱਚ ਸਾਲ 2027 ਵਿੱਚ ਫਿਰ ਤੋਂ ਆਵੇਗੀ ਅਤੇ ਸਰਕਾਰ ਸਬੰਧੀ ਲੋਕਾਂ ਵਿੱਚ ਵੀ ਹਾਂ-ਪੱਖੀ ਫੀਡਬੈਕ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਬੇਲੋੜੀ ਨੁਕਤਾਚੀਨੀ, ਉਨ੍ਹਾਂ ਪਾਰਟੀਆਂ ਦੀ ਸਰਕਾਰ ਦੀ ਕਾਰਗੁਜ਼ਾਰੀ ਦੇ ਮੁਕਾਬਲੇ ਵਿੱਚ ਕਿਤੇ ਵੀ ਖੜ੍ਹੇ ਨਾ ਹੋਣ ਕਾਰਨ ਹੀ ਹੈ।

ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੋਹਾਲੀ ਵਰਗੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸ਼ਹਿਰ ਵਿੱਚ, ਦੂਰ ਦੁਰਾਡੇ ਤੋਂ ਆਉਂਦੀਆਂ ਕੰਮ-ਕਾਜੀ ਔਰਤਾਂ ਲਈ ਅਜਿਹੇ ਵਰਕਿੰਗ ਵਿਮੈਨ ਹੋਸਟਲ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ।

ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਡਾ. ਸੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ, ਲੋਕ ਨਿਰਮਾਣ ਵਿਭਾਗ ਦੀ ਪ੍ਰਾਂਤਕ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਰਣਜੀਤ ਸਿੰਘ ਸਿੱਧੂ ਮੌਜੂਦ ਸਨ।

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ, 19 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 290 ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਦਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 12 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਉਪਰੰਤ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਵੀਜ਼ਾ ਲੱਗੇ ਪਾਸਪੋਰਟ 20 ਤੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ਾ ਨਹੀਂ ਲੱਗੇ ਉਨ੍ਹਾਂ ਦੇ ਸੀਰੀਅਲ ਨੰ: 33, 66, 67, 68, 76, 131, 143, 144, 145, 151, 291 ਤੇ 292 ਹਨ।

NEET Re Exam ਲਈ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 19 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

21 ਜੂਨ ਨੂੰ ਹੋਣ ਵਾਲੀ ਨੀਟ ਯੂਜੀ 2026 ਰੀ ਪ੍ਰੀਖਿਆ ਨੂੰ ਲੈ ਕੇ ਐਨਟੀਏ ਵੱਲੋਂ ਉਮੀਦਵਾਰਾਂ ਵਾਸਤੇ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਪ੍ਰੀਖਿਆ ਨੂੰ ਲੈ ਕੇ ਸੁਰੱਖਿਅਤ ਤਰੀਕੇ ਨਾਲ ਕਰਾਉਣ ਵਾਲੀ ਏਜੰਸੀ ਨੇ ਕੱਪੜਿਆਂ, ਬਾਈਓਮੈਟ੍ਰਿਕ ਵੇਰੀਫਿਕੇਸ਼ਨ ਅਤੇ ਪ੍ਰੀਖਿਆ ਕੇਂਦਰ ਵਿੱਚ ਲੈ ਕੇ ਜਾਣ ਵਾਲੀਆਂ ਚੀਜ਼ਾਂ ਨੂੰ ਲੈ ਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪ੍ਰੀਖਿਆ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਆਯੋਜਿਤ ਹੋਵੇਗੀ।

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਐਸ.ਏ.ਐਸ. ਨਗਰ (ਮੋਹਾਲੀ), 19 ਜੂਨ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ – 2 ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ। ਇਸ ਟੂਰਨਾਮੈਂਟ ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੱਜ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਰੋਹ ਦੌਰਾਨ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸ੍ਰੀ ਕੁਮਾਰ ਅਮਿਤ ਸਕੱਤਰ ਮੰਡੀ ਬੋਰਡ ਵੱਲੋਂ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ. ਸ੍ਰੀ ਰਜਨੀਸ਼ ਗੋਇਲ ਡੀ.ਜੀ.ਐਮ., ਸ. ਸੁੱਖਵਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ (ਕਪਤਾਨ, ਕ੍ਰਿਕਟ ਟੀਮ ਪੰਜਾਬ ਮੰਡੀ ਬੋਰਡ), ਸ. ਸੁਰਮੁੱਖ ਸਿੰਘ ਅਮਲਾ ਅਫ਼ਸਰ, ਸ੍ਰੀ ਜੈ ਵਿਜੇ ਡੀ.ਡੀ.ਐਮ.ਓ. ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇੱਥੇ ਦੱਸਣਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਐਗਰੀਕਲਚਰਲ ਮਾਰਕੀਟਿੰਗ ਬੋਰਡਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਗਿਆ।

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਮਾਰੋਹ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ. ਬਰਸਟ ਨੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸਾਰੀ ਟੀਮ ਨੂੰ ਵਧਾਈਆਂ ਦਿੱਤੀਆਂ ਅਤੇ ਹੌਸਲਾ ਵਧਾਇਆ। ਇਸ ਦੌਰਾਨ ਚੇਅਰਮੈਨ ਵੱਲੋਂ ਖੇਡਾਂ ਦੀ ਮਹੱਤਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ ਹਨ ਅਤੇ ਇਹ ਸਾਨੂੰ ਅਨੁਸ਼ਾਸਨ, ਸਮਾਂ ਪ੍ਰਬੰਧਨ ਅਤੇ ਟੀਮ ਭਾਵਨਾ ਸਿਖਾਉਂਦੀਆਂ ਹਨ। ਖੇਡਾਂ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਤੰਦਰੁਸਤ ਜੀਵਨ ਜਿਉਣ ਲਈ ਬਹੁਤ ਜਰੂਰੀ ਹਨ। ਡਿਊਟੀ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਬਹੁਤ ਹੀ ਜ਼ਰੂਰੀ ਹੈ। ਰੋਜ਼ਾਨਾ ਦੇ ਰੁਝੇਵਿਆਂ ਦੇ ਵਿਚਕਾਰ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜੋ ਇਨਸਾਨ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤਰੋਤਾਜ਼ਾ ਰੱਖਦੀਆਂ ਹਨ। ਜਦੋਂ ਸਾਡਾ ਸਰੀਰ ਅਤੇ ਦਿਮਾਗ ਤੰਦਰੁਸਤ ਹੋਵੇਗਾ, ਤਾਂ ਹੀ ਅਸੀਂ ਆਪਣੇ ਕਾਰਜਾਂ ਅਤੇ ਜਨਤਕ ਸੇਵਾਵਾਂ ਨੂੰ ਬਿਹਤਰ ਤਰੀਕੇ ਨਾਲ ਕਰ ਸਕਾਂਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਆਫ ਸੀਜਨ ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਨੂੰ ਇਨਡੋਰ ਸਟੇਡੀਅਮ ਵਜੋਂ ਖੋਲਿਆ ਗਿਆ ਹੈ, ਜਿੱਥੇ ਮੁਫ਼ਤ ਵਿੱਚ ਕੋਚਿੰਗ ਦਿੱਤੀ ਜਾਂਦੀ ਹੈ। ਇਸਦੇ ਤਹਿਤ ਮਲੋਟ ਵਿਖੇ ਬਾਸਕਿਟ ਬਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਬੈਡਮਿੰਟਨ, ਸੁਲਤਾਨਪੁਰ ਲੋਧੀ ਵਿਖੇ ਬਾਸਕਿਟ ਬਾਲ ਅਤੇ ਰਾਮਪੁਰਾ ਫੂਲ ਮੰਡੀ ਵਿਖੇ ਬੱਚਿਆਂ ਨੂੰ ਸਕੈਟਿੰਗ ਵੀ ਸਿਖਾਈ ਜਾਂਦੀ ਹੈ।

ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਨੋਡਲ ਅਫ਼ਸਰ ਡੀ.ਜੀ.ਐਮ. ਰਜਨੀਸ਼ ਗੋਇਲ ਅਤੇ ਸਮੂਚੀ ਪ੍ਰਬੰਧਕੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਖੇਡ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ।

ਜਲੰਧਰ ’ਚ ਫਰਜ਼ੀ ਅਫਸਰ ਬਣ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੀ ਔਰਤ ਕਾਬੂ

ਜਲੰਧਰ, 10 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸਰਕਾਰੀ ਅਫ਼ਸਰ ਬਣ ਕੇ ਲੋਕਾਂ ਨੂੰ ਨੌਕਰੀ ਦੇਣ ਦੇ ਬਹਾਨੇ ਠੱਗਣ ਵਾਲੀ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ। ਜਲੰਧਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਅਜਿਹੀ ਹਾਈ-ਪ੍ਰੋਫਾਈਲ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਖ਼ੁਦ ਨੂੰ ਇੱਕ ਵੱਡੀ ਪ੍ਰਸ਼ਾਸਨਿਕ ਅਧਿਕਾਰੀ ਦੱਸ ਕੇ ਭੋਲੇ-ਭਾਲੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਦੀ ਸੀ। ਫੜੀ ਗਈ ਮੁਲਜ਼ਮ ਮਹਿਲਾ ਦੀ ਪਛਾਣ ਪੂਜਾ ਠਾਕੁਰ ਵਜੋਂ ਹੋਈ ਹੈ, ਜੋ ਜਲੰਧਰ ਹਾਈਟਸ-3 ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਇਹ ਸ਼ਾਤਰ ਔਰਤ ਬੇਰੁਜ਼ਗਾਰਾਂ ਨੂੰ ਡਾਕਟਰ, ਪੁਲਿਸ ਇੰਸਪੈਕਟਰ, ਸਬ-ਇੰਸਪੈਕਟਰ, ਏ.ਐੱਸ.ਆਈ. ਅਤੇ ਨਰਸ ਵਰਗੀਆਂ ਵੱਖ-ਵੱਖ ਸਰਕਾਰੀ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਮੋਟੀਆਂ ਰਕਮਾਂ ਠੱਗਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ. (SHO) ਸੰਜੀਵ ਸੂਰੀ ਨੇ ਦੱਸਿਆ ਕਿ ਪੁਲਿਸ ਨੂੰ ਏ.ਜੀ.ਆਈ. ਦੇ ਡਾਕਟਰ ਮਨਮਹਿਕ ਵੱਲੋਂ ਇੱਕ ਲਿਖਤੀ ਸ਼ਿਕਾਇਤ ਮਿਲੀ ਸੀ। ਡਾਕਟਰ ਮਨਮਹਿਕ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਪੂਜਾ ਠਾਕੁਰ ਨੇ ਉਨ੍ਹਾਂ ਨੂੰ ਦੇਸ਼ ਦੇ ਗ੍ਰਹਿ ਮੰਤਰਾਲੇ ਵਿੱਚ ਆਪਣੀ ਉੱਚੀ ਸਿਆਸੀ ਅਤੇ ਪ੍ਰਸ਼ਾਸਨਿਕ ਪਹੁੰਚ ਹੋਣ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਉਸਨੇ ਡਾਕਟਰ ਦੇ ਨਜ਼ਦੀਕੀਆਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪੱਕੀ ਨੌਕਰੀ ਦਿਵਾਉਣ ਦਾ ਭਰੋਸਾ ਦੇ ਕੇ ਵੱਡੀ ਰਕਮ ਹੜੱਪ ਲਈ। ਪੁਲਿਸ ਵੱਲੋਂ ਜਦੋਂ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਕੀਤੀ ਗਈ ਤਾਂ ਮਾਮਲਾ ਪੂਰੀ ਤਰ੍ਹਾਂ ਸੱਚਾ ਪਾਇਆ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਪੂਜਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦੀ ਮੁਢਲੀ ਪੁੱਛਗਿੱਛ ਦੌਰਾਨ ਇਹ ਬੇਹੱਦ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ ਕਿ ਪੂਜਾ ਠਾਕੁਰ ਖ਼ੁਦ ਨੂੰ ਵੱਡੇ ਆਈ.ਏ.ਐੱਸ. (IAS) ਅਧਿਕਾਰੀਆਂ ਦੀ ਬੇਹੱਦ ਕਰੀਬੀ ਦੱਸਦੀ ਸੀ। ਉਸਨੇ ਵੱਖ-ਵੱਖ ਅਹੁਦਿਆਂ ਦੇ ਹਿਸਾਬ ਨਾਲ ਬਕਾਇਦਾ ਰੇਟ ਤੈਅ ਕੀਤੇ ਹੋਏ ਸਨ। ਉਹ ਪੁਲਿਸ ਵਿੱਚ ਏ.ਐੱਸ.ਆਈ. (ASI) ਦੀ ਭਰਤੀ ਕਰਵਾਉਣ ਲਈ 3 ਲੱਖ ਰੁਪਏ, ਕਾਂਸਟੇਬਲ ਲਈ ਡੇਢ ਲੱਖ ਰੁਪਏ, ਡਾਕਟਰ ਦੀ ਨੌਕਰੀ ਲਈ ਡੇਢ ਲੱਖ ਰੁਪਏ ਅਤੇ ਨਰਸ ਦੀ ਭਰਤੀ ਲਈ 1 ਲੱਖ ਰੁਪਏ ਦੀ ਮੰਗ ਕਰਦੀ ਸੀ।

‘ਆਪ’ ਪੰਜਾਬ ਵੱਲੋਂ ਲੀਗਲ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 19 ਜੂਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਲੀਗਲ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਤੋਂ ਬਾਅਦ ਹਰਿਆਣਾ ’ਚ ਵੀ NEET ਉਮੀਦਵਾਰਾਂ ਲਈ ਮੁਫ਼ਤ ਬੱਸ ਸਫ਼ਰ ਦਾ ਐਲਾਨ

ਚੰਡੀਗੜ੍ਹ, 19 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

21 ਜੂਨ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਮੌਕੇ ਪੰਜਾਬ ਤੋਂ ਬਾਅਦ ਹੁਣ ਹਰਿਆਣਾ ਨੇ ਵੀ ਵਿਦਿਆਰਥੀਆਂ ਲਈ ਮੁਫਤ ਸਫਰ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਵਿਦਿਆਰਥੀਆਂ ਲਈ ਇਹ ਐਲਾਨ ਕੀਤਾ ਗਿਆ ਹੈ। ਹਰਿਆਣਾ ਰੋਡਵੇਜ਼ ਵਿੱਚ ਵਿਦਿਆਰਥੀਆਂ ਨੀਟ ਪ੍ਰੀਖਿਆ ਸਬੰਧੀ ਜਾਰੀ ਕੀਤੇ ਗਏ ਐਡਮਿਟ  ਕਾਰਡ ਦਖਾ ਕੇ ਸਫ਼ਰ ਕਰ ਸਕਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਸੱਦੀ ਮੀਟਿੰਗ

ਚੰਡੀਗੜ੍ਹ, 19 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਮ ਬੁਲਾਈ ਗਈ ਹੈ। 22 ਜੂਨ ਸੋਮਵਾਰ ਨੂੰ ਦੁਪਹਿਰ 12 ਵਜੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਹੋਵੇਗੀ।

Category : Big Breaking