Breaking News
ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, ਕਰਮਚਾਰੀ ਹੋਣਗੇ ਰੈਗੂਲਰ

ਚੰਡੀਗੜ੍ਹ, 30 ਮਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ। 

ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕਾਏ ਦੇ ਹੱਲ ਲਈ ਮੰਤਰੀ ਪੈਨਲ ਦਾ ਪੁਨਰਗਠਨ ਕਰਨ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ 7 ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

        ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਵਜ਼ਾਰਤ ਨੇ ‘ਪੰਜਾਬ ਐਡਹਾਕ, ਕੰਟਰੈਕਟੂਅਲ, ਡੇਲੀ ਵੇਜ, ਟੈਂਪਰਰੀ, ਵਰਕ ਚਾਰਜਡ ਐਂਡ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016’ ਨੂੰ ਰੱਦ ਕਰਨ ਅਤੇ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਐਂਗੇਜਮੈਂਟ) ਬਿੱਲ, 2026’ ਤੇ ‘ਪੰਜਾਬ ਕੰਟਰੈਕਟੂਅਲ ਪਰਸੋਨਲ (ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਵਿਰੁੱਧ ਐਬਸੌਰਪਸ਼ਨ) ਬਿੱਲ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਆਊਟਸੋਰਸਡ ਕਰਮਚਾਰੀਆਂ ਨੂੰ ਸਿੱਧੇ ਤੌਰ ‘ਤੇ ਸਰਕਾਰੀ ਠੇਕੇ ਅਧੀਨ ਲਿਆਉਣ ਅਤੇ ਰੈਗੂਲਰ ਰੋਜ਼ਗਾਰ ਲਈ ਸਪੱਸ਼ਟ ਰੂਪ-ਰੇਖਾ ਉਲੀਕਣ ਦਾ ਰਾਹ ਪੱਧਰਾ ਕਰਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 65,000 ਤੋਂ ਵੱਧ ਕੰਟਰੈਕਟ ਵਰਕਰਾਂ ਨੇ ਸੂਬੇ ਦੀ ਸੇਵਾ ਵਿੱਚ ਆਪਣੀ ਜ਼ਿੰਦਗੀ ਦੇ ਕਈ-ਕਈ ਸਾਲ ਦਿੱਤੇ ਹਨ। ਇਸ ਫੈਸਲੇ ਨਾਲ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਉਹ ਦੇ ਦਿੱਤਾ ਹੈ, ਜੋ ਉਨ੍ਹਾਂ ਦਾ ਹੱਕ ਹੈ। ਹੁਣ ਕੋਈ ਵੀ ਠੇਕੇਦਾਰ ਇਨ੍ਹਾਂ ਕਰਮਚਾਰੀਆਂ ਅਤੇ ਸੂਬਾ ਸਰਕਾਰ ਵਿਚਕਾਰ ਖੜ੍ਹਾ ਨਹੀਂ ਹੋਵੇਗਾ।”

ਇਸ ਸੁਧਾਰਾਤਮਕ ਕਦਮ ਬਾਰੇ ਵਿਸਥਾਰ ਨਾਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਕਰਮਚਾਰੀਆਂ ਨੂੰ ਹੁਣ ਸਿੱਧਾ ਰੋਜ਼ਗਾਰ, ਪੂਰਾ ਮਾਣ-ਸਨਮਾਨ ਅਤੇ ਪੱਕੀ ਨੌਕਰੀ ਦਾ ਸਪੱਸ਼ਟ ਰਸਤਾ ਮਿਲੇਗਾ। ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਿੱਜੀ ਠੇਕੇਦਾਰਾਂ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਿੱਧੇ ਸੂਬਾ ਸਰਕਾਰ ਦੀ ਆਪਣੀ ਰੋਜ਼ਗਾਰ ਪ੍ਰਣਾਲੀ ਅਧੀਨ ਲਿਆ ਜਾਵੇਗਾ, ਜਿਸ ਨਾਲ ਵਿਚੋਲੀਆ ਠੇਕੇਦਾਰ ਪ੍ਰਥਾ ਖਤਮ ਹੋ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026’ ਤਹਿਤ ਆਊਟਸੋਰਸਡ ਗਰੁੱਪ-ਸੀ ਅਤੇ ਗਰੁੱਪ-ਡੀ ਦੇ ਕਰਮਚਾਰੀਆਂ ਜਿਨ੍ਹਾਂ ਨੇ ਪੰਜ ਸਾਲ ਦੀ ਨਿਰੰਤਰ ਸੇਵਾ ਪੂਰੀ ਕਰ ਲਈ ਹੈ, ਨੂੰ ਸਿੱਧੇ ਸਰਕਾਰੀ ਠੇਕੇ ‘ਤੇ ਰੋਜ਼ਗਾਰ ਅਧੀਨ ਲਿਆ ਜਾਵੇਗਾ। ਜ਼ੋਖ਼ਮ ਵਾਲੀਆਂ ਸ਼੍ਰੇਣੀਆਂ ‘ਚ ਕੰਮ ਕਰਨ ਵਾਲੇ ਕਰਮਚਾਰੀ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਯੋਗ ਹੋ ਜਾਣਗੇ।  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜ ਸਾਲ ਦੀ ਨਿਰੰਤਰ ਆਊਟਸੋਰਸਡ ਸੇਵਾ ਤੋਂ ਬਾਅਦ ਸਿੱਧਾ ਰਾਜ ਸਰਕਾਰ ਅਧੀਨ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਰਕਾਰੀ ਠੇਕੇ ‘ਤੇ 10 ਸਾਲ ਸੇਵਾ ਪੂਰੀ ਕਰਨ ਤੋਂ ਬਾਅਦ, ਕਰਮਚਾਰੀਆਂ ਨੂੰ ਰੈਗੂਲਰ ਮਨਜ਼ੂਰਸ਼ੁਦਾ ਅਸਾਮੀਆਂ ਵਿਰੁੱਧ ਰੈਗੂਲਰ ਕਰਨ ਲਈ ਵਿਚਾਰਿਆ ਜਾਵੇਗਾ। ਦੋ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਇਕ ਆਊਟਸੋਰਸਡ ਰੋਜ਼ਗਾਰ ਤੋਂ ਸਿੱਧੇ ਸੂਬਾ ਸਰਕਾਰ ਅਧੀਨ ਠੇਕੇ ‘ਤੇ ਕਰਨ ਲਈ ਅਤੇ ਦੂਜਾ ਪ੍ਰਵਾਨਿਤ ਖਾਲੀ ਅਸਾਮੀਆਂ ਵਿਰੁੱਧ ਸਰਕਾਰੀ ਠੇਕੇ ਤੋਂ ਰੈਗੂਲਰ ਕਾਡਰ ਵਿੱਚ ਕਰਨ ਲਈ ਹੈ।”

ਇਸ ਪਹਿਲਕਦਮੀ ਦੇ ਪੈਮਾਨੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “51 ਵਿਭਾਗਾਂ ਵਿੱਚ ਕੁੱਲ 65,048 ਆਊਟਸੋਰਸ ਕਾਮੇ ਇਸ ਸੁਧਾਰ ਦੇ ਦਾਇਰੇ ਵਿੱਚ ਆਉਂਦੇ ਹਨ ਅਤੇ 26,000 ਤੋਂ ਵੱਧ ਕਾਮੇ ਪਹਿਲੇ ਲਾਭਪਾਤਰੀਆਂ ਵਿੱਚ ਸ਼ਾਮਲ ਹੋਣਗੇ।”

ਉਨ੍ਹਾਂ ਅੱਗੇ ਐਲਾਨ ਕੀਤਾ ਕਿ ਜੀਵਨ ਅਤੇ ਸਿਹਤ ਲਈ ਜ਼ੋਖਮਾਂ ਨਾਲ ਸਬੰਧਤ ਡਿਊਟੀਆਂ ਨਿਭਾਉਣ ਵਾਲੇ ਕਾਮਿਆਂ ‘ਤੇ ਨੀਤੀ ਦੇ ਤਹਿਤ ਤੇਜ਼ੀ ਨਾਲ ਵਿਚਾਰ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਕਾਮਿਆਂ ਦੀ ਰੋਜ਼ਾਨਾ ਡਿਊਟੀਆਂ ਵਿੱਚ ਖ਼ਤਰਾ ਹੁੰਦਾ ਹੈ, ਉਨ੍ਹਾਂ ਨੂੰ ਪੰਜ ਸਾਲਾਂ ਦੀ ਬਜਾਏ ਤਿੰਨ ਸਾਲਾਂ ਬਾਅਦ ਵਿਚਾਰਿਆ ਜਾਵੇਗਾ। ਇਨ੍ਹਾਂ ਵਿੱਚ ਫਾਇਰ ਸਰਵਿਸਿਜ਼ ਕਰਮਚਾਰੀ, ਪੀ.ਐਸ.ਪੀ.ਸੀ.ਐਲ. ਲਾਈਨਮੈਨ, ਸੀਵਰ ਵਰਕਰ, ਸ਼ਹਿਰੀ ਸਥਾਨਕ ਸੰਸਥਾਵਾਂ ਦੇ ਸੈਨੀਟੇਸ਼ਨ ਕਰਮਚਾਰੀ, ਕੂੜਾ-ਕਰਕਟ ਸੰਭਾਲਣ ਵਾਲੇ ਕਰਮਚਾਰੀ ਅਤੇ ਫੀਲਡ ਸ਼ਿਕਾਇਤ ਸਟਾਫ਼ ਸ਼ਾਮਲ ਹਨ।”

ਲਾਭ ਲੈਣ ਵਾਲੇ ਵਿਭਾਗਾਂ ਦਾ ਵੇਰਵਾ ਦਿੰਦਿਆਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਧਾਰ ਵਿੱਚ ਬਿਜਲੀ ਸੈਕਟਰ ਦੇ 15,753 ਕਰਮਚਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਸ਼ਿਕਾਇਤਾਂ ਦਾ ਹੱਲ ਕਰਨ ਵਾਲਾ ਸਟਾਫ, ਪੈਸਕੋ ਕਰਮਚਾਰੀ, ਮੀਟਰ ਰੀਡਰ ਅਤੇ ਨੋਡਲ ਸੈਂਟਰ ਵਰਕਰ ਸ਼ਾਮਲ ਹਨ। ਸਥਾਨਕ ਸਰਕਾਰਾਂ ਵਿਭਾਗ ਦੇ 8,436 ਕਰਮਚਾਰੀ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਸਫ਼ਾਈ ਕਰਮਚਾਰੀ, ਖੰਡ ਮਿੱਲਾਂ, ਸਪਿਨਫੈੱਡ ਅਤੇ ਮਾਰਕਫੈੱਡ ਸਮੇਤ ਸਹਿਕਾਰੀ ਸੰਸਥਾਵਾਂ ਦੇ 8,373 ਕਾਮੇ; ਸਕੂਲ ਸਿੱਖਿਆ ਦੇ 7,704 ਕਰਮਚਾਰੀ, ਟਰਾਂਸਪੋਰਟ ਵਿਭਾਗ ਦੇ 4,746 ਕਰਮਚਾਰੀ ਅਤੇ 1,472 ਆਊਟਸੋਰਸਡ ਫਾਇਰ ਕਰਮਚਾਰੀ ਸ਼ਾਮਲ ਹਨ।

ਇਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਦੇ 2,688 ਕਰਮਚਾਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ 1,575 ਕਰਮਚਾਰੀ, ਖੇਤੀਬਾੜੀ ਦੇ 1,533 ਕਰਮਚਾਰੀ, ਜੇਲ੍ਹਾਂ ਦੇ 1,311 ਕਰਮਚਾਰੀ, ਤਕਨੀਕੀ ਸਿੱਖਿਆ ਦੇ 1,251 ਕਰਮਚਾਰੀ, ਪੀ.ਡਬਲਯੂ.ਡੀ. (ਬੀ ਐਂਡ ਆਰ) ਦੇ 1,570 ਕਰਮਚਾਰੀ, ਆਮ ਰਾਜ ਪ੍ਰਬੰਧ ਵਿਭਾਗ ਦੇ 1,322 ਕਰਮਚਾਰੀਆਂ ਅਤੇ ਮੈਡੀਕਲ ਸਿੱਖਿਆ ਦੇ 1,231 ਕਰਮਚਾਰੀਆਂ ਨੂੰ ਲਾਭ ਮਿਲੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਜ਼ਦੂਰਾਂ ਦਾ ਹੁਣ ਮਾਲਕਾਂ ਨਾਲ ਸਿੱਧਾ ਸੰਪਰਕ ਹੋਵੇਗਾ। ਇਸ ਪ੍ਰਣਾਲੀ ਵਿੱਚ ਹੁਣ ਠੇਕੇਦਾਰਾਂ ਲਈ ਕੋਈ ਥਾਂ ਨਹੀਂ ਹੋਵੇਗੀ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਉਜਰਤਾਂ ਬਿਨਾਂ ਕਿਸੇ ਏਜੰਸੀ ਦੀ ਕਟੌਤੀ ਜਾਂ ਕਮਿਸ਼ਨਾਂ ਦੇ ਸਿੱਧੇ ਕਰਮਚਾਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀਆਂ ਜਾਣਗੀਆਂ। ਕਰਮਚਾਰੀਆਂ ਨੂੰ ਹਰ ਕੈਲੰਡਰ ਸਾਲ ਵਿੱਚ ਕਾਨੂੰਨੀ ਜਣੇਪਾ ਲਾਭ ਅਤੇ 10 ਦਿਨਾਂ ਦੀ ਕੈਜ਼ੂਅਲ ਛੁੱਟੀ ਮਿਲੇਗੀ। ਉਹ ਬਾਇਓਮੀਟ੍ਰਿਕ ਹਾਜ਼ਰੀ ਅਤੇ ਆਈ.ਐਚ.ਆਰ.ਐਮ.ਐਸ. ਪ੍ਰਣਾਲੀਆਂ ਦੇ ਅਧੀਨ ਵੀ ਕਵਰ ਕੀਤੇ ਜਾਣਗੇ।”

ਕਰਮਚਾਰੀਆਂ ਦੀ ਸੁਰੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਥੇ ਪਾਰਦਰਸ਼ਤਾ ਅਤੇ ਮਨਮਾਨੀ ਵਾਲੀ ਕਾਰਵਾਈ ਨਹੀਂ ਚੱਲੇਗੀ। ਕਿਸੇ ਵੀ ਕਰਮਚਾਰੀ ਨੂੰ ਲਿਖਤੀ ਕਾਰਨ ਦਰਜ ਕੀਤੇ ਬਿਨਾਂ ਅਤੇ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਹਟਾਇਆ ਨਹੀਂ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ 45 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਅਮਲਾ ਅਤੇ ਵਿੱਤ ਵਿਭਾਗਾਂ ਦੁਆਰਾ ਯੋਗ ਸ਼੍ਰੇਣੀਆਂ ਨੂੰ ਪੜਾਵਾਂ ਵਿੱਚ ਨੋਟੀਫ਼ਾਈ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਪੱਧਰੀ ਅਧਿਕਾਰਤ ਕਮੇਟੀ ਇਸ ਫ਼ੈਸਲੇ ਨੂੰ ਲਾਗੂ ਕਰਨ ਦੀ ਨਿਗਰਾਨੀ ਕਰੇਗੀ ਜਦੋਂ ਕਿ ਬਹੁਤ ਸਾਰੇ ਸੂਬੇ ਠੇਕੇਦਾਰੀ ਵੱਲ ਵਧ ਰਹੇ ਹਨ, ਪੰਜਾਬ ਇਸ ਰੁਝਾਨ ਨੂੰ ਉਲਟਾ ਰਿਹਾ ਹੈ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ।”

ਮੰਤਰੀ ਮੰਡਲ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਤੁਰੰਤ ਸੁਣਵਾਈ ਲਈ 7 ਵਿਸ਼ੇਸ਼ ਅਦਾਲਤਾਂ ਨੂੰ ਮਨਜ਼ੂਰੀ

ਚੰਡੀਗੜ੍ਹ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਤਹਿਤ ਭ੍ਰਿਸ਼ਟਾਚਾਰ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਭਰ ਵਿੱਚ 7 ਵਿਸ਼ੇਸ਼ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਐਸ.ਏ.ਐਸ.ਨਗਰ ਵਿੱਚ ਤਿੰਨ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ ਜਦਕਿ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਇੱਕ-ਇੱਕ ਅਦਾਲਤ ਸਥਾਪਤ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਅਦਾਲਤਾਂ ਦੇ ਕੰਮਕਾਜ ਲਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀਆਂ 7 ਅਸਾਮੀਆਂ ਦੇ ਨਾਲ-ਨਾਲ ਸਹਾਇਕ ਸਟਾਫ਼ ਦੀਆਂ 63 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਰੂਲਜ਼ ਵਿੱਚ ਸੋਧ ਨੂੰ ਪ੍ਰਵਾਨਗੀ

        ਮੰਤਰੀ ਮੰਡਲ ਨੇ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਰੂਲਜ਼, 2007 ਦੇ ਨਿਯਮ 7, 10, 12 ਅਤੇ ਅੰਤਿਕਾ ‘ਬੀ’ ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਪ੍ਰਸਤਾਵਿਤ ਸੋਧਾਂ ਦਾ ਉਦੇਸ਼ ਪੰਜਾਬ ਵਿੱਚ ਸੇਵਾ ਨਿਭਾ ਰਹੇ ਉੱਚ ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਨਾਲ ਸਬੰਧਤ ਲਾਭ ਪ੍ਰਦਾਨ ਕਰਨਾ ਹੈ ਅਤੇ ਇਸ ਨਾਲ ਸੂਬੇ ਦੀਆਂ ਨਿਆਂਇਕ ਸੇਵਾਵਾਂ ਵਿੱਚ ਕਰੀਅਰ ਦੀ ਤਰੱਕੀ ਦੇ ਮੌਕਿਆਂ ਦੇ ਮਜ਼ਬੂਤ ਹੋਣ ਦੀ ਉਮੀਦ ਹੈ।

ਮੰਤਰੀ ਮੰਡਲ ਵੱਲੋਂ ਮੁਲਾਜ਼ਮਾਂ ਦੇ DA ਬਕਾਏ ਸਬੰਧੀ ਪੁਨਰ-ਗਠਿਤ ਪੈਨਲ ਨੂੰ ਪ੍ਰਵਾਨਗੀ

ਚੰਡੀਗੜ੍ਹ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੇ ਡੀਏ ਅਤੇ ਪੈਨਸ਼ਨ ਦੇ ਬਕਾਏ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ।

ਮੰਤਰੀ ਮੰਡਲ ਨੇ ਸੋਧੀ ਹੋਈ ਤਨਖਾਹ, ਪੈਨਸ਼ਨਾਂ, ਛੁੱਟੀਆਂ ਦੇ ਬਕਾਏ ਦੇ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦੇ ਪੁਨਰਗਠਨ ਲਈ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।

ਕਮੇਟੀ 1 ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੋਧੀਆਂ ਤਨਖਾਹਾਂ ਅਤੇ ਪੈਨਸ਼ਨ ਲਾਭਾਂ ਸਦਕਾ ਹੋਣ ਵਾਲੇ ਬਕਾਏ ਦੇ ਭੁਗਤਾਨ ‘ਤੇ ਵਿਚਾਰ ਕਰੇਗੀ। ਇਸ ਤੋਂ ਇਲਾਵਾ 1 ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਬਕਾਇਆ ਡੀ.ਏ. ਅਤੇ ਮਹਿੰਗਾਈ ਰਾਹਤ ਦੇ ਬਕਾਏ ਦਾ ਅਧਿਐਨ ਕਰੇਗੀ। ਕਮੇਟੀ ਕਰਮਚਾਰੀਆਂ ਅਤੇ ਵੱਖ-ਵੱਖ ਮਹਿੰਗਾਈ ਭੱਤਿਆਂ ਅਤੇ ਮਹਿੰਗਾਈ ਰਾਹਤ ਨਾਲ ਸਬੰਧਤ ਮੁੱਦਿਆਂ ਦਾ ਅਧਿਐਨ ਕਰੇਗੀ।

ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ

ਨਵੀਂ ਦਿੱਲੀ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਅਤੇ ਇਸ ਨੂੰ ਰੋਕਣ ਲਈ ਚੁੱਕੇ ਜਾ ਰਹੇ ਬੇਅਸਰ ਕਦਮਾਂ ਲਈ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਯਕੀਨੀ ਤੌਰ ‘ਤੇ ਹੁਣ ਦੇਸ਼ ਨੂੰ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ ਹੈ। ਮੌਜੂਦਾ ਕੇਂਦਰ ਸਰਕਾਰ ਨੀਟ ਪੇਪਰ ਲੀਕ ਦੀ ਜੜ੍ਹ ਤੱਕ ਪਹੁੰਚਣ ਦੀ ਬਜਾਏ ਅਨਪੜ੍ਹਾਂ ਵਰਗੀਆਂ ਗੱਲਾਂ ਕਰ ਰਹੀ ਹੈ। ਸਰਕਾਰ ਕਹਿ ਰਹੀ ਹੈ ਕਿ ਨੀਟ ਵਿੱਚ ਪੇਪਰ ਲੀਕ ਰੋਕਣ ਲਈ ਵਾਯੂ ਸੈਨਾ ਦੇ ਜਹਾਜ਼ ਵਰਤੇ ਜਾਣਗੇ। ਕੀ ਇਸ ਨਾਲ ਪੇਪਰ ਲੀਕ ਰੁਕੇਗਾ? ਉਨ੍ਹਾਂ ਕਿਹਾ ਕਿ ਹਕੀਕਤ ਤਾਂ ਇਹ ਹੈ ਕਿ ਪੇਪਰ ਲੀਕ ਰੋਕਣ ਦੀ ਸਰਕਾਰ ਦੀ ਨੀਅਤ ਹੀ ਨਹੀਂ ਹੈ। ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਮਾਫੀਆ ਦੇ ਚੁੰਗਲ ਵਿੱਚ ਆ ਚੁੱਕੀ ਹੈ। ਜੇਕਰ ਸਿਸਟਮ ਨੂੰ ਠੀਕ ਕਰਨਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਕੁਝ ਕਰਨਾ ਪਵੇਗਾ। ਇਕੱਲੇ ਕਿਸੇ ਦੇ ਕੁਝ ਕਰਨ ਨਾਲ ਨਹੀਂ ਹੋਵੇਗਾ।

ਸ਼ਨੀਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਖੁਦ ਆਈਆਈਟੀ ਤੋਂ ਇੰਜੀਨੀਅਰ ਹਾਂ, ਪੜ੍ਹਿਆ-ਲਿਖਿਆ ਹਾਂ। ਇਸ ਲਈ ਸਿੱਖਿਆ ਦੇ ਮਹੱਤਵ ਨੂੰ ਸਮਝਦਾ ਹਾਂ। ਮੈਂ ਮੰਨਦਾ ਹਾਂ ਕਿ ਜਦੋਂ ਤੱਕ ਹਰ ਬੱਚੇ ਨੂੰ ਚੰਗੀ ਸਿੱਖਿਆ ਨਹੀਂ ਮਿਲੇਗੀ, ਉਦੋਂ ਤੱਕ ਦੇਸ਼ ਤਰੱਕੀ ਨਹੀਂ ਕਰ ਸਕਦਾ। ਸ਼ੁੱਕਰਵਾਰ ਨੂੰ ਸਾਡੇ ਦੇਸ਼ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਨੀਟ ਦੇ ਪੇਪਰ ਨੂੰ ਲੀਕ ਹੋਣ ਤੋਂ ਬਚਾਉਣ ਲਈ ਏਅਰਫੋਰਸ ਦੇ ਜਹਾਜ਼ਾਂ ਅਤੇ ਏਅਰਫੋਰਸ ਦੇ ਬੁਲੇਟ ਪਰੂਫ ਟਰੱਕਾਂ ਰਾਹੀਂ ਉਸ ਨੂੰ ਟ੍ਰਾਂਸਪੋਰਟ ਕਰਨਗੇ। ਇਹ ਕੀ ਮਜ਼ਾਕ ਬਣਾ ਰੱਖਿਆ ਹੈ? ਕੀ ਸਾਨੂੰ ਬੇਵਕੂਫ ਸਮਝਿਆ ਜਾ ਰਿਹਾ ਹੈ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ ਐਨੇ ਵੱਡੇ-ਵੱਡੇ ਪੇਪਰ ਹੁੰਦੇ ਹਨ, ਪਰ ਕੀ ਕਦੇ ਸੁਣਿਆ ਹੈ ਕਿ ਏਅਰਫੋਰਸ ਰਾਹੀਂ ਉਨ੍ਹਾਂ ਨੂੰ ਟ੍ਰਾਂਸਪੋਰਟ ਕੀਤਾ ਜਾਂਦਾ ਹੈ? ਕੀ ਕਿਤੇ ਇਸ ਕਿਸਮ ਦੀ ਨੌਟੰਕੀ ਸੁਣੀ ਹੈ? ਕੇਵਲ ਤੇ ਕੇਵਲ ਇਸ ਸਰਕਾਰ ਨੂੰ ਨੌਟੰਕੀ ਕਰਨੀ ਆਉਂਦੀ ਹੈ। ਇਹ ਦਿਖਾਉਣ ਲਈ ਕਿ ਅਸੀਂ ਕਿੱਡਾ ਵੱਡਾ ਕਦਮ ਚੁੱਕ ਲਿਆ ਹੈ। ਪੇਪਰ ਲੀਕ ਹੋਣ ਤੋਂ ਬਚਾਉਣ ਲਈ ਅਸੀਂ ਇਹ ਸਭ ਕਰ ਰਹੇ ਹਾਂ। ਸਿਸਟਮ ਨੂੰ ਠੀਕ ਕਰਨ ਦਾ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ। ਜੇਕਰ ਕੋਈ ਚੰਗੀ ਨੀਅਤ ਵਾਲੀ ਸਰਕਾਰ ਹੁੰਦੀ, ਤਾਂ ਉਹ ਦੇਖਦੀ ਕਿ ਲੀਕੇਜ ਕਿੱਥੋਂ ਹੋ ਰਹੀ ਹੈ ਅਤੇ ਉਸ ਨੂੰ ਬੰਦ ਕਰਦੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਏਅਰਫੋਰਸ ਦੇ ਜਹਾਜ਼ਾਂ ਅਤੇ ਟਰੱਕਾਂ ਰਾਹੀਂ ਇਸ ਨੂੰ ਟ੍ਰਾਂਸਪੋਰਟ ਕਰਾਂਗੇ, ਇਹ ਕਹਿ ਕੇ ਜ਼ਾਹਰ ਤੌਰ ‘ਤੇ ਸਿਸਟਮ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਲੀਕੇਜ ਜਾਰੀ ਰਹੇਗੀ ਅਤੇ ਜਿੱਥੋਂ ਪੇਪਰ ਲੀਕ ਹੋ ਰਹੇ ਹਨ, ਉਹ ਸਿਲਸਿਲਾ ਵੀ ਜਾਰੀ ਰਹੇਗਾ। ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਬਹੁਤ ਵੱਡੇ ਮਾਫੀਆ ਨੇ ਆਪਣੀ ਜਕੜ ਵਿੱਚ ਲੈ ਲਿਆ ਹੈ। ਪੂਰਾ ਦਾ ਪੂਰਾ ਐਜੂਕੇਸ਼ਨ ਸਿਸਟਮ ਇੱਕ ਮਾਫੀਆ ਦੀ ਜਕੜ ਵਿੱਚ ਹੈ। ਵਿਦਿਆਰਥੀ ਵੇਦਾਂਤ ਦਾ ਨਾਮ ਅੱਜਕੱਲ੍ਹ ਸੋਸ਼ਲ ਮੀਡੀਆ ‘ਤੇ ਕਾਫੀ ਚੱਲ ਰਿਹਾ ਹੈ। ਵੇਦਾਂਤ 12ਵੀਂ ਜਮਾਤ ਦਾ ਲੜਕਾ ਹੈ। ਉਸ ਨੇ ਪੇਪਰ ਦਿੱਤੇ ਅਤੇ ਉਸ ਦੇ ਨੰਬਰ ਘੱਟ ਆਏ। ਉਸ ਨੇ ਆਪਣੇ ਪੇਪਰ ਨਿਕਲਵਾਏ, ਤਾਂ ਪਤਾ ਲੱਗਾ ਕਿ ਫਿਜ਼ਿਕਸ ਦੇ ਅੰਦਰ ਉਸ ਦਾ ਪੇਪਰ ਕਿਸੇ ਹੋਰ ਨਾਲ ਬਦਲ ਦਿੱਤਾ ਗਿਆ ਅਤੇ ਉਸ ਦੇ ਨੰਬਰ ਬਹੁਤ ਘੱਟ ਲਗਾਏ ਗਏ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਸ ਵਿਚਾਰੇ ਬੱਚੇ ਨੇ ‘ਐਕਸ’ (X) ‘ਤੇ ਇਹ ਗੱਲ ਪਾ ਦਿੱਤੀ ਕਿ ਮੇਰਾ ਪੇਪਰ ਬਦਲ ਗਿਆ, ਤਾਂ ਇਨ੍ਹਾਂ ਲੋਕਾਂ ਦੀ ਸਾਰੀ ਟ੍ਰੋਲ ਆਰਮੀ ਉਸ ਵਿਚਾਰੇ ‘ਤੇ ਟੁੱਟ ਪਈ। ਕੋਈ ਕਹਿੰਦਾ ਹੈ ਕਿ ਉਹ ਪਾਕਿਸਤਾਨੀ ਹੈ, ਤਾਂ ਕੋਈ ਕਹਿੰਦਾ ਹੈ ਕਿ ਐਂਟੀ-ਨੈਸ਼ਨਲ ਹੈ। ਇੱਕ ਛੋਟੇ ਜਿਹੇ ਬੱਚੇ ਦੇ ਦਿਲ ‘ਤੇ ਕੀ ਗੁਜ਼ਰ ਰਹੀ ਹੋਵੇਗੀ ਅਤੇ ਉਸ ਦੀ ਮਾਨਸਿਕਤਾ ‘ਤੇ ਕੀ ਅਸਰ ਪੈ ਰਿਹਾ ਹੋਵੇਗਾ, ਇਹ ਸਮਝਿਆ ਜਾ ਸਕਦਾ ਹੈ। ਇਹ ਸਭ ਪੂਰੇ ਸਿੱਖਿਆ ਮਾਫੀਆ ਨੂੰ ਬਚਾਉਣ ਦੀ ਕੋਸ਼ਿਸ਼ ਹੈ। ਇਸ ਦੇ ਖਿਲਾਫ ਜੇਕਰ ਕੋਈ ਇਕੱਲਾ ਬੱਚਾ, ਸਿਰਫ ਇਕੱਲਾ ਵੇਦਾਂਤ ਹੀ ਨਹੀਂ ਹੈ, ਪਤਾ ਨਹੀਂ ਕਿੰਨੇ ਬੱਚਿਆਂ ਨੇ ਆਪਣੀ ਗੱਲ ਪਾਈ ਹੈ ਅਤੇ ਇਹ ਲੋਕ ਸਭ ਦੇ ਪਿੱਛੇ ਪੈ ਗਏ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇੱਕ ਬੱਚਾ ਆਵਾਜ਼ ਉਠਾਏਗਾ, ਤਾਂ ਇਹ ਸਿੱਖਿਆ ਮਾਫੀਆ ਛੱਡੇਗਾ ਨਹੀਂ। ਇਹ ਤੁਹਾਨੂੰ ਛੱਡਣਗੇ ਨਹੀਂ ਅਤੇ ਸਭ ਦੀ ਆਵਾਜ਼ ਦਬਾ ਦੇਣਗੇ। ਇਸ ਦੇ ਖਿਲਾਫ ਸਾਰਿਆਂ ਨੂੰ ਮਿਲ ਕੇ ਆਵਾਜ਼ ਉਠਾਉਣੀ ਪਵੇਗੀ। ਜਦੋਂ ਸਾਰੇ ਮਿਲ ਕੇ ਆਵਾਜ਼ ਉਠਾਉਣਗੇ, ਉਦੋਂ ਹੀ ਸਰਕਾਰ ਨੂੰ ਕੁਝ ਕਰਨਾ ਪਵੇਗਾ, ਨਹੀਂ ਤਾਂ ਪੂਰੀ ਦੀ ਪੂਰੀ ਸਰਕਾਰ ‘ਤੇ ਸਿੱਖਿਆ ਮਾਫੀਆ ਦਾ ਕਬਜ਼ਾ ਹੋ ਗਿਆ ਹੈ। ਇਹ ਬੱਚਿਆਂ ਦੇ ਭਵਿੱਖ ਦਾ ਸਵਾਲ ਹੈ, ਤੁਹਾਡੇ ਭਵਿੱਖ ਦਾ ਸਵਾਲ ਹੈ।

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 30 ਮਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ।

ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ।

ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਕੈਸ਼ਲੈੱਸ ਸਹੂਲਤ ਤਹਿਤ ਨਿਯਮਿਤ ਤੌਰ ‘ਤੇ ਕੀਤੇ ਜਾ ਰਹੇ ਹਨ।

ਪੰਜਾਬ ਵਿੱਚ ਹੁਣ ਤੱਕ 45 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜੋ ਕੈਸ਼ਲੈੱਸ ਸਿਹਤ ਸੇਵਾਵਾਂ ਦੇ ਵਿਆਪਕ ਉਪਯੋਗ ਨੂੰ ਦਰਸਾਉਂਦਾ ਹੈ। ਯੋਜਨਾ ਤਹਿਤ ਲੁਧਿਆਣਾ ਵਿੱਚ 4.8 ਲੱਖ ਤੋਂ ਵੱਧ ਅਤੇ ਪਟਿਆਲਾ ਵਿੱਚ ਕਰੀਬ 4.1 ਲੱਖ ਲਾਭਪਾਤਰੀ ਦਰਜ ਕੀਤੇ ਗਏ ਹਨ।

ਆਰਥੋਪੀਡਿਕ ਮਾਮਲਿਆਂ ਵਿੱਚ ਵਾਧਾ ਜਨ ਸਿਹਤ ਵਿੱਚ ਆ ਰਹੇ ਵੱਡੇ ਬਦਲਾਅ ਨੂੰ ਵੀ ਦਰਸਾਉਂਦਾ ਹੈ। ਖ਼ਾਸ ਤੌਰ ‘ਤੇ ਵਧਦੀ ਉਮਰ ਦੀ ਆਬਾਦੀ ਵਿੱਚ ਜੋੜਾਂ ਦੀ ਸਮਸਿਆ, ਲਗਾਤਾਰ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲਾਂ ਵਧ ਰਹੀਆਂ ਹਨ। ਗੋਡੇ ਅਤੇ ਚੂਲੇ ਦੀ ਸਮਸਿਆ, ਲੰਬੇ ਸਮੇਂ ਦੇ ਜੋੜਾਂ ਦੇ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲ ਵਾਲੇ ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਵਧਦੇ ਜਾ ਰਹੇ ਹਨ।

ਆਰਥੋਪੀਡਿਕ ਇਲਾਜਾਂ ਵਿੱਚ ਅਕਸਰ ਮਹਿੰਗੇ ਇੰਪਲਾਂਟ, ਲੰਬਾ ਇਲਾਜ ਅਤੇ ਪੁਨਰਵਾਸ ਦੀ ਲੋੜ ਹੁੰਦੀ ਹੈ, ਜੋ ਪਰਿਵਾਰਾਂ ‘ਤੇ ਭਾਰੀ ਆਰਥਿਕ ਬੋਝ ਪਾਉਂਦੇ ਹਨ।

ਰਾਜਪੁਰਾ ਨੇੜੇ ਖੇੜਾ ਗੱਜੂ ਦੇ ਰਹਿਣ ਵਾਲੇ 43 ਸਾਲਾ ਗੁਲਸ਼ਨ ਤਨੇਜਾ ਲਈ ਇਹ ਸਥਿਤੀ ਵਿਅਕਤੀਗਤ ਤੌਰ ‘ਤੇ ਕਾਫ਼ੀ ਚੁਣੌਤੀਪੂਰਨ ਰਹੀ।

ਫ਼ੈਕਟਰੀ ਵਿੱਚ ਕੰਮ ਕਰਦੇ ਸਮੇਂ ‘ਤਨੇਜਾ’ ਨਾਲ ਇੱਕ ਹਾਦਸਾ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਲਈ ਚੱਲਣਾ ਮੁਸ਼ਕਲ ਹੋ ਗਿਆ। ਚੱਲਦੇ ਹੋਏ ਅਚਾਨਕ ਹੋਣ ਵਾਲਾ ਦਰਦ ਉਨ੍ਹਾਂ ਨੂੰ ਰੁੱਕ ਕੇ ਦੀਵਾਰ ਦਾ ਸਹਾਰਾ ਲੈਣ ਲਈ ਮਜਬੂਰ ਕਰ ਦਿੰਦਾ ਸੀ। ਗੋਡੇ ਦੇ ਆਲੇ-ਦੁਆਲੇ ਸੋਜ ਲਗਾਤਾਰ ਬਣੀ ਰਹਿੰਦੀ ਅਤੇ ਜਕੜਨ ਨਾਲ ਆਮ ਗਤੀਵਿਧੀਆਂ ਕਰਨਾ ਵੀ ਔਖਾ ਹੋ ਜਾਂਦਾ। ਕਈ ਵਾਰ ਉਹ ਖੜ੍ਹੇ ਹੋਣ ਤੋਂ ਪਹਿਲਾਂ ਹੀ ਇਹ ਸੋਚ ਕੇ ਰੁੱਕ ਜਾਂਦੇ ਕਿ ਪੈਰ ਉਸਦਾ ਭਾਰ ਝੱਲ ਸਕੇਗਾ ਜਾਂ ਨਹੀਂ।

ਉਨ੍ਹਾਂ ਨੂੰ 6 ਮਈ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਭਰਤੀ ਕਰਵਾਇਆ ਗਿਆ ਅਤੇ ਅਗਲੇ ਦਿਨ ਲਿਗਾਮੈਂਟ ਟੀਅਰ ਦਾ ਇਲਾਜ ਕੀਤਾ ਗਿਆ। ਡਾਕਟਰਾਂ ਨੇ ਗੰਭੀਰ ਜੋੜਾਂ ਦੇ ਦਰਦ, ਸੋਜ, ਅਸਥਿਰਤਾ ਅਤੇ ਭਾਰ ਸਹਿਣ ਵਿੱਚ ਮੁਸ਼ਕਲ ਵਰਗੇ ਲੱਛਣ ਦਰਜ ਕੀਤੇ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ 86,750 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਮਿਲਿਆ। 12 ਮਈ ਨੂੰ ਉਨ੍ਹਾਂ ਨੂੰ ਛੁੱਟੀ ਮਿਲੀ ਅਤੇ ਉਹ ਬਿਨਾਂ ਭਾਰੀ ਮੈਡੀਕਲ ਬਿੱਲ ਦੀ ਚਿੰਤਾ ਦੇ ਘਰ ਵਾਪਸ ਆਏ।

ਗੁਲਸ਼ਨ ਤਨੇਜਾ ਨੇ ਕਿਹਾ,“ਮੈਂ ਹੁਣ ਹੌਲੀ-ਹੌਲੀ ਠੀਕ ਹੋ ਰਿਹਾ ਹਾਂ। ਸਿਹਤ ਕਾਰਡ ਕਰਕੇ ਮੈਨੂੰ ਆਪਣੇ ਇਲਾਜ ਲਈ ਕੋਈ ਪੈਸਾ ਨਹੀਂ ਦੇਣਾ ਪਿਆ। ਇਹ ਯੋਜਨਾ ਸਾਡੇ ਵਰਗੇ ਪਰਿਵਾਰਾਂ ਦਾ ਖ਼ਰਚ ਘਟਾ ਰਹੀ ਹੈ ਅਤੇ ਮਹਿੰਗਾ ਇਲਾਜ ਆਸਾਨ ਬਣਾ ਰਹੀ ਹੈ।”

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਆਰਥੋਪੀਡਿਕ ਬੀਮਾਰੀਆਂ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨਾਲ ਕਿਫਾਇਤੀ ਅਤੇ ਆਸਾਨ ਸਰਜਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੋਰ ਵੱਧ ਸਪੱਸ਼ਟ ਹੋਈ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਕੈਸ਼ਲੈੱਸ ਗੋਡੇ ਬਦਲਣ, ਚੂਲੇ ਅਤੇ ਟ੍ਰੌਮਾ ਸਬੰਧੀ ਇਲਾਜ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਰਥਿਕ ਬੋਝ ਘਟ ਰਿਹਾ ਹੈ ਅਤੇ ਜੀਵਨ ਗੁਣਵੱਤਾ ਵਿੱਚ ਸੁਧਾਰ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਚਾਰ ਮਹੀਨਿਆਂ ਵਿੱਚ 84 ਕਰੋੜ ਰੁਪਏ ਤੋਂ ਵੱਧ ਖ਼ਰਚ ਸਿਰਫ਼ ਸਿਹਤ ਸੇਵਾਵਾਂ ਸਬੰਧੀ ਇਲਾਜ ਨੂੰ ਹੀ ਨਹੀਂ ਦਰਸਾਉਂਦਾ, ਸਗੋਂ ਇਹ ਸੂਬੇ ਵਿੱਚ ਮਰੀਜ਼ਾਂ ਦੀ ਚੱਲਣ-ਫਿਰਨ ਦੀ ਸਮਰੱਥਾ ਬਹਾਲ ਕਰਨ, ਅਪੰਗਤਾ ਘਟਾਉਣ ਅਤੇ ਜੀਵਨ ਪੱਧਰ ਸੁਧਾਰਨ ਵੱਲ ਇੱਕ ਵੱਡੇ ਬਦਲਾਅ ਦਾ ਸੰਕੇਤ ਵੀ ਹੈ।

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 30 ਮਈ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ।

ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ।

ਰਿਸ਼ਵਤ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਪੰਜਾਬ ਮੰਤਰੀ ਦੀ ਮੀਟਿੰਗ ‘ਚ ਵੱਡਾ ਫੈਸਲਾ, ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫ਼ਾ

ਚੰਡੀਗੜ੍ਹ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਈ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਇਤਿਹਾਸਕ ਫੈਸਲਾ ਕੀਤਾ ਹੈ। ਪੰਜਾਬ ਵਿਚੋਂ ਠੇਕੇਦਾਰੀ ਪ੍ਰਥਾ ਖਤਮ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਜੋ ਆਊਟਸੋਰਿੰਗ ਉਤੇ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਸਰਕਾਰ ਅੰਦਰ ਕੰਟਰੈਕਟ ਉਤੇ ਆ ਜਾਣਗੇ। ਅੱਜ ਕੈਬਨਿਟ ਵਿੱਚ ਪਾਸ ਹੋ ਗਿਆ, ਇਸ ਤੋਂ ਬਾਅਦ ਗਵਰਨਰ ਸਾਹਿਬ ਨੂੰ ਭੇਜਿਆ ਜਾਵੇਗਾ। ਗਵਰਨਰ ਸਾਹਿਬ ਦੇ ਦਸਤਖਤ ਹੋਣ ਤੋਂ ਬਾਅਦ ਆਰਡੀਨੈਸ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਬਿੱਲ ਪਾਸ ਹੋਣ ਤੋਂ ਬਾਅਦ ਇਹ ਕਾਨੂੰਨਬਣ ਜਾਵੇਗਾ। ਉਨ੍ਹਾਂ ਦੱਸਿਆ ਕਿ 51 ਵਿਭਾਗਾਂ ਦੇ 65045 ਕਰਮਚਾਰੀਆਂ ਨੂੰ ਵੱਡਾ ਲਾਭ ਮਿਲੇਗਾ।

ਟਰੈਕਟਰ-ਟਰਾਲੀ ਪਲਟਣ ਕਾਰਨ ਵਾਪਰਿਆ ਭਿਆਨਕ ਹਾਦਸਾ, 6 ਦੀ ਮੌਤ 40 ਜ਼ਖਮੀ

ਅਨੂਪਪੁਰ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਟਰੈਕਟਰ-ਟਰਾਲੀ ਪਲਟਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖਮੀ ਹੋ ਗਏ। ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਅਨੂਪਪੁਰ ਵਿੱਚ ਇਹ ਹਾਦਸਾ ਵਾਪਰਿਆ ਹੈ। ਪਿੰਡ ਪਦਮਨੀਆ ਦੇ ਰਹਿਣ ਵਾਲੇ ਸਾਰੇ ਲੋਕ ਪਿੰਡ ਬਿਜੌਰਾ ਵਿਖੇ ਕਿਸੇ ਧਾਰਮਿਕ ਸਥਾਨ ਉਤੇ ਜਾ ਰਹੇ ਸਨ। ਰਸਤੇ ਵਿੱਚ ਪਿੰਡ ਬਿਜੌਰਾ ਨੇੜੇ ਡਰਾਈਵਰ ਕੋਲੋਂ ਟਰੈਕਟਰ ਕੰਟਰੋਲ ਤੋਂ ਬਾਹਰ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ। ਪੁਲਿਸ ਮੁਤਾਬਕ ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। 40 ਹੋਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਟਰਾਲੀ ਵਿੱਚ 50 ਦੇ ਕਰੀਬ ਲੋਕ ਸਵਾਰ ਹੋ ਕੇ ਜਾ ਰਹੇ ਸਨ। ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਘਟਨਾ ਉਤੇ ਦੁੱਖ ਪ੍ਰਗਟਾਇਆ ਹੈ। ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ।

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਢਿੱਲੋਂ ਨੂੰ ਮਿਲੇ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਢਿੱਲੋਂ

ਚੰਡੀਗੜ੍ਹ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਪੰਜਾਬ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਲਗਾਏ ਗਏ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵਿਸ਼ੇਸ਼ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਕੇਵਲ ਸਿੰਘ ਢਿੱਲੋਂ ਵੱਲੋਂ ਇਹ ਮੁਲਾਕਾਤ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਮੁਲਾਕਾਤ ਕੀਤੀ ਹੈ। ਕੇਵਲ ਸਿੰਘ ਢਿੱਲੋਂ ਦੀ ਬਾਬਾ ਗੁਰਵਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨ ਦੀ ਫੋਟੋ ਸਾਹਮਣੇ ਆਈ ਹੈ।

ਮੁਲਾਕਾਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਇੱਕ ਸ਼ਿਸ਼ਟਾਚਾਰ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।

ਇਸ ਪਵਿੱਤਰ ਅਤੇ ਨਿੱਘੀ ਮੁਲਾਕਾਤ ਦੌਰਾਨ ਮੈਂ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕਰਦਿਆਂ ਬਾਬਾ ਜੀ ਪਾਸੋਂ ਮਾਰਗਦਰਸ਼ਨ ਅਤੇ ਅਸੀਸਾਂ ਪ੍ਰਾਪਤ ਕੀਤੀਆਂ।

ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ

ਚੰਡੀਗੜ੍ਹ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਹੀਵੇਟ ਸਕੂਲਾਂ ਵਿੱਚ 1 ਜੂਨ 2026 ਤੋਂ ਲੈ ਕੇ 30 ਜੂਨ 2026 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

Category : Big Breaking