Breaking News
ਇਜ਼ਰਾਈਲ ਵੱਲੋਂ ਲਿਬਨਾਨ ’ਚ ਹਮਲਾ, 50 ਲੋਕਾਂ ਦੀ ਮੌਤ, ਸੈਂਕੜੇ ਜ਼ਖਮੀ

ਨਵੀਂ ਦਿੱਲੀ, 4 ਮਾਰਚ :

ਇਜ਼ਰਾਈਲ ਵੱਲੋਂ ਲਿਬਨਾਨ ਵਿਚ ਈਰਾਨ ਸਮਰਥਕ ਸੰਗਠਨ ਹਿਜ਼ਬੁਲ੍ਹਾ ਖਿਲਾਫ ਕੀਤੇ ਗਏ ਹਮਲੇ ਵਿਚ 50 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਲਿਬਨਾਨ ਦੇ ਅਇਧਕਾਰੀਆਂ ਮੁਤਾਬਕ ਹੁਣ ਤੱਕ ਇਜ਼ਰਾਈਲ ਹਮਲੇ ਵਿਚ 50 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦੋਂ ਕਿ 335 ਲੋਕ ਜ਼ਖਮੀ ਹੋਏ ਹਨ। ਇਸ ਵਿਚ ਇਜ਼ਰਾਈਲ ਦੀ ਫੌਜ ਨੇ ਦੱਖਣੀ ਲੇਬਨਾਨ ਦੇ 16 ਪਿੰਡਾਂ ਅਤੇ ਕਸਬਿਆਂ ਨੂੰ ਖਾਲੀ ਕਰਨ ਦਾ ਹੁਕਮ ਦਿੱਤਾ ਹੈ।

ਹਿਜਬੁਲਾਹ ਨੇ ਦਾਅਵਾ ਕੀਤਾ ਹੈ ਕਿ ਉਸਨੇ ਉਤਰੀ ਇਜ਼ਰਾਈਲ ਦੇ ਮੇਤੁਲਾ ਸ਼ਹਿਰ ਵਿਚ ਇਜ਼ਰਾਇਲੀ ਫੌਜੀਆਂ ਉਤੇ ਰਾਕੇਟ ਸੁੱਟੇ ਹਨ।

ਰੰਗਾਂ ਦੇ ਤਿਉਹਾਰ ਹੋਲੀ ਦੀਆਂ ਸਭ ਨੂੰ ਮੁਬਾਰਕਾਂ
ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ / ਨਵੀਂ ਦਿੱਲੀ, 4 ਮਾਰਚ, 2026 :

ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, “ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਸਾਡੇ ਲੋਕਾਂ ਨੂੰ ਇਸ ਸੰਕਟ ਵਿੱਚ ਘੜੀ ਵਿੱਚ ਛੱਡਿਆ ਨਹੀਂ ਜਾ ਸਕਦਾ।”

ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਖੇਤਰੀ ਅਸਥਿਰਤਾ ਕਾਰਨ ਪੰਜਾਬੀ ਪ੍ਰਵਾਸੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ  ਡਾ. ਰਵਜੋਤ ਸਿੰਘ ਨੇ ਕਿਹਾ, “ਪੰਜਾਬ ਦੀ ਆਬਾਦੀ ਦਾ ਇੱਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱਦ ਹੋਣ ਨਾਲ ਸਾਡੇ ਬਹੁਤ ਸਾਰੇ ਐਨਆਰਆਈ ਭੈਣ-ਭਰਾ ਫਸ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਇੱਥੇ ਉਨ੍ਹਾਂ ਦੀ ਚਿੰਤਾ ਵਿੱਚ ਡੁੱਬੇ ਹਨ।”

ਉਨ੍ਹਾਂ ਕੇਂਦਰੀ ਮੰਤਰੀ ਨੂੰ ਸਾਰੇ ਸੁਰੱਖਿਅਤ ਕੋਰੀਡੋਰਾਂ ‘ਤੇ ਕੰਮਕਾਜ ਬਹਾਲ ਕਰਨ ਲਈ ਏਅਰਲਾਈਨਾਂ ਨਾਲ ਤਾਲਮੇਲ ਕਰਨ ਅਤੇ ਫਸੇ ਹੋਏ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਬਹੁਤ ਸਾਰੇ ਜ਼ਰੂਰੀ ਰੂਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਯਾਤਰੀ ਫਸ ਗਏ ਹਨ। ਵੱਧ ਤਣਾਅ ਵਾਲੇ ਖੇਤਰਾਂ ਵਿੱਚ ਫਸੇ ਲੋਕਾਂ ਜਾਂ ਐਮਰਜੈਂਸੀ ਲਈ ਘਰ ਵਾਪਸ ਜਾਣ ਦੀ ਜ਼ਰੂਰਤ ਵਾਲੇ ਲੋਕਾਂ ਲਈ ਉਡਾਣਾਂ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਜਾਂ ਰਾਹਤ ਉਡਾਣਾਂ ਚਲਾਉਣ ਦੀ ਤੁਰੰਤ ਲੋੜ ਹੈ।”

ਟਿਕਟਾਂ ਦੀਆਂ ਵਧਦੀਆਂ ਕੀਮਤਾਂ ਦਾ ਮੁੱਦਾ ਉਠਾਉਂਦਿਆਂ, ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ, “ਇਹ ਦੇਖਿਆ ਗਿਆ ਹੈ ਕਿ ਉਡਾਣਾਂ ਦੀ ਘੱਟ ਹੋਈ ਗਿਣਤੀ ਕਾਰਨ, ਕਈ ਏਅਰਲਾਈਨਾਂ ਆਪਣੇ ਕਿਰਾਏ ਵਿੱਚ ਵਾਧਾ ਕਰਕੇ ਯਾਤਰੀਆਂ ਦਾ ਸ਼ੋਸ਼ਣ ਕਰ ਰਹੇ ਹਨ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਸ ਸੰਕਟ ਦੌਰਾਨ ਨਾਗਰਿਕਾਂ ਦੇ ਵਿੱਤੀ ਸ਼ੋਸ਼ਣ ਨੂੰ ਰੋਕਣ ਲਈ ਇਨ੍ਹਾਂ ਰੂਟਾਂ ‘ਤੇ ਕੀਮਤ ਨਿਰਧਾਰਤ ਕੀਤੀ ਜਾਵੇ।”

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੌਰਾਨ ਕੇ.ਆਰ. ਨਾਇਡੂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਅਪੀਲ ਕੀਤੀ ਕਿ ਸੂਬਾ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ, “ਮੁੱਖ ਮੰਤਰੀ ਨੇ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਬੇਨਤੀ ਕੀਤੀ ਕਿ ਜੇਕਰ ਲੋੜ ਹੋਵੇ ਤਾਂ ਪੰਜਾਬ ਨੂੰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਸਾਡੇ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ।”

ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਪਹਿਲਾਂ ਹੀ ਇਸ ਮਾਮਲੇ ‘ਤੇ ਕੰਮ ਕਰ ਰਹੀ ਹੈ ਕਿਉਂਕਿ ਕਈ ਸੂਬਿਆਂ ਦੇ ਲੋਕ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ।”

ਐਨਆਰਆਈ ਮਾਮਲਿਆਂ ਬਾਰੇ ਮੰਤਰੀ ਨੇ ਖਾੜੀ ਦੇਸ਼ਾਂ ਤੋਂ ਵਾਪਸ ਆਉਣ ਵਾਲੇ ਪੰਜਾਬੀਆਂ ਲਈ ਹਰ ਲੋੜੀਂਦੀ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਆਈਜੀਆਈ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਗਏ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ।

ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਫਸੇ ਹੋਏ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਸ਼ੁਰੂ ਕੀਤੀ ਜਾ ਚੁੱਕੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 ‘ਤੇ ਮੈਸੇਜ ਭੇਜ ਸਕਦੇ ਹਨ। ਸਥਿਤੀ ਦੀ ਨਿਗਰਾਨੀ ਲਈ ਏਡੀਜੀਪੀ ਆਰ. ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਟੀਮ ਵੀ ਬਣਾਈ ਗਈ ਹੈ।”

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸੰਕਟ ਦੀ ਇਸ ਘੜੀ ਵਿੱਚ ਆਪਣੇ ਲੋਕਾਂ ਨੂੰ ਹਰ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਇਸ ਤੋਂ ਪਹਿਲਾਂ, ਡਾ. ਰਵਜੋਤ ਸਿੰਘ ਨੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਵੀਡੀਓ ਕਾਨਫਰੰਸ ਕੀਤੀ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ “ਫਸੇ ਹੋਏ ਪੰਜਾਬੀਆਂ ਬਾਰੇ ਜ਼ਿਲ੍ਹਾ ਪੱਧਰ ‘ਤੇ ਪ੍ਰਾਪਤ ਸਾਰੀਆਂ ਪੁੱਛਗਿੱਛਾਂ ਨੂੰ ਪੂਰੀ ਜ਼ਿੰਮੇਵਾਰਾਨਾ ਢੰਗ ਅਤੇ ਇਮਾਨਦਾਰੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਸਹਾਇਤਾ ਯਕੀਨੀ ਬਣਾਈ ਜਾ ਸਕੇ।”

ਮੀਟਿੰਗ ਦੌਰਾਨ ਪੰਜਾਬ ਭਵਨ, ਨਵੀਂ ਦਿੱਲੀ ਦੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਸਨ।

CM ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਨੂੰ ਕੱਢਣ ਦੀ ਮੰਗ ਕੀਤੀ

ਚੰਡੀਗੜ੍ਹ, 4 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।

ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ ‘ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਇਹ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਰਪਾ ਕਰਕੇ ਐਨ.ਆਰ.ਆਈ. ਵਿੰਗ ਦੇ 24×7 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵਟਸਐਪ ਨੰਬਰ 91 94787-79112 ਉੱਤੇ ਸੰਪਰਕ ਕਰੋ।  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਆਪਣੀ ਟੈਲੀਫੋਨ ਗੱਲਬਾਤ ਦੌਰਾਨ ਮੈਂ ਅਚਾਨਕ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਸਾਰਾ ਡੇਟਾ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ। ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ ਵਿੱਚ ਹੋਣਗੇ।”

ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਨ ਅਤੇ ਪੰਜਾਬੀਆਂ ਨੂੰ ਉਨ੍ਹਾਂ ਦੀ ਜੱਦੀ ਧਰਤੀ ‘ਤੇ ਵਾਪਸ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾਉਣ ਲਈ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”

ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਮੈਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜ਼ਰੂਰੀ ਕਦਮ ਚੁੱਕੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਮੈਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਿਹਾ ਹਾਂ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਜਾਵੇ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

04-03-2026

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਬੁੱਧਵਾਰ, ੨੧ ਫੱਗਣ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

ਇਜ਼ਰਾਈਲ ਵੱਲੋਂ ਇਰਾਨ ’ਤੇ ਵੱਡਾ ਹਮਲਾ, ਰਾਸ਼ਟਰਪਤੀ ਭਵਨ ਨੂੰ ਬਣਾਇਆ ਨਿਸ਼ਾਨਾ

ਨਵੀਂ ਦਿੱਲੀ, 3 ਮਾਰਚ :

ਇਜ਼ਰਾਈਲ-ਅਮਰੀਕਾ ਤੇ ਇਰਾਨ ਵਿਚਕਾਰ ਜੰਗ ਚੌਥੇ ਦਿਨ ਵਿਚ ਜਾਰੀ ਹੈ। ਇਜ਼ਰਾਈਲ ਵੱਲੋਂ ਈਰਾਨ ਉਤੇ ਵੱਡਾ ਹਮਲਾ ਕੀਤਾ ਗਿਆ ਹੈ। ਇਜ਼ਰਾਈਲ ਨੇ ਈਰਾਨ ਦੇ ਰਾਸ਼ਟਰਪਤੀ ਭਵਨ ਨੂੰ ਨਿਸ਼ਾਨਾ ਬਣਾਇਆ ਹੈ। ਇਜ਼ਰਾਈਲ ਫੌਜ ਦਾ ਕਹਿਣਾ ਹੈ ਕਿ ਉਸਨੇ ਈਰਾਨ ਦੇ ਰਾਸ਼ਟਰਪਤੀ ਦਫ਼ਤਰ ਉਤੇ ਹਮਲਾ ਕੀਤਾ ਹੈ। ਇਜ਼ਰਾਈਲ ਫੌਜ ਦਾ ਕਹਿਣਾ ਹੈ ਕਿ ਉਸਦੀ ਹਵਾਈ ਫੌਜ ਨੇ ਈਰਾਨੀ ਸ਼ਾਸਨ ਦੇ ਭਵਨ ਉਤੇ ਹਮਲਾ ਕੀਤਾ ਹੈ। ਟੈਲੀਗ੍ਰਾਮ ਉਤੇ ਇਕ ਬਿਆਨ ਵਿਚ, ਆਈਡੀਐਫ ਨੇ ਕਿਹਾ ਕਿ ਰਾਸ਼ਟਰਪਤੀ ਦਫ਼ਤਰ ਅਤੇ ਸਰਵਉਚ ਰਾਸ਼ਟਰੀ ਸੁਰੱਖਿਆ ਪਰਿਸ਼ਦ ਉਤੇ ‘ਭਾਰੀ ਮਾਤਰਾ ਵਿਚ ਗੋਲਾ-ਬਾਰੂਦ’ ਸੁੱਟੇ ਹਨ।

ਭਾਜਪਾ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਹੋਲੀ ਤੋਹਫਾ, DA ’ਚ ਵਾਧਾ

ਨਵੀਂ ਦਿੱਲੀ, 3 ਮਾਰਚ :

ਹੋਲੀ ਤਿਉਹਾਰ ਮੌਕੇ ਦੇਸ਼ ਦੀ ਇੱਕ ਹੋਰ ਸੂਬਾ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਭਾਜਪਾ ਦੀ ਮੱਧ ਪ੍ਰਦੇਸ਼ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਡੀਏ ਅਤੇ ਡੀਆਰ ਵਿਚ 3 ਫੀਸਦੀ ਵਾਧਾ ਕੀਤਾ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਅਪ੍ਰੈਲ 2026 ਤੋਂ ਸਰਕਾਰੀ ਕਰਮਚਾਰੀਆਂ ਨੂੰ ਇਸਦਾ ਲਾਭ ਮਿਲੇਗਾ।

ਮੱਧ ਪ੍ਰਦੇਸ਼ ਸਰਕਾਰ ਨੇ ਮਹਿੰਗਾਈ ਭੱਤੇ ਵਿਚ 3 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ। ਫਿਲਹਾਲ ਮਹਿੰਗਾਈ ਭੱਤਾ 55 ਫੀਸਦੀ ਹੈ ਅਤੇ ਇਸ ਐਲਾਨ ਤੋਂ ਬਾਅਦ ਡੀਏ ਵਧਕੇ 58 ਫੀਸਦੀ ਹੋ ਗਿਆ ਹੈ।

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ‘ਚ ਸ਼ਾਮਲ

ਚੰਡੀਗੜ੍ਹ, 3 ਮਾਰਚ 2026:

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਵਿਸਤ੍ਰਿਤ ਅੰਕੜੇ ਪੇਸ਼ ਕੀਤੇ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਦੇ ਆਪਣੇ ਕਰ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ, ਜੋ ਕਿ 2021-22 ਵਿੱਚ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ) ਦਾ 6.39% ਭਾਵ 37,327 ਕਰੋੜ ਰੁਪਏ ਸੀ, ਉਹ ਵਧ ਕੇ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਕੁੱਲ ਰਾਜ ਘਰੇਲੂ ਉਤਪਾਦ ਦਾ 7.15% ਬਣਦਾ ਹੈ।”

ਆਬਕਾਰੀ ਪ੍ਰਾਪਤੀ ਦੇ ਅੰਕੜੇ ਪੇਸ਼ ਕਰਦਿਆਂ ਆਬਕਾਰੀ ਅਤੇ ਕਰ ਮੰਤਰੀ ਨੇ ਦੱਸਿਆ ਕਿ ਆਬਕਾਰੀ ਮਾਲੀਏ ਵਿੱਚ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 86.77% ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ, “ਅਕਾਲੀ-ਭਾਜਪਾ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੁੱਲ ਆਬਕਾਰੀ ਪ੍ਰਾਪਤੀ 20,545 ਕਰੋੜ ਰੁਪਏ ਸੀ, ਜਿਸਦੀ ਸਾਲਾਨਾ ਔਸਤ 4,109 ਕਰੋੜ ਰੁਪਏ ਸੀ। ਬਾਅਦ ਵਿੱਚ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ 27,395 ਕਰੋੜ ਰੁਪਏ ਇਕੱਠੇ ਕੀਤੇ, ਜਿਸਦੀ ਸਾਲਾਨਾ ਔਸਤ 5,479 ਕਰੋੜ ਰੁਪਏ ਰਹੀ। ਇਸ ਦੇ ਬਿਲਕੁਲ ਉਲਟ, ‘ਆਪ’ ਸਰਕਾਰ ਨੇ ਜਨਵਰੀ 2026 ਤੱਕ ਹੀ 37,975 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਪ੍ਰਾਪਤ ਕਰ ਲਿਆ ਹੈ, ਜੋ ਕਿ ਸਾਲਾਨਾ 9,907 ਕਰੋੜ ਰੁਪਏ ਦੀ ਸ਼ਾਨਦਾਰ ਔਸਤ ਦਰਸ਼ਾਉਂਦਾ ਹੈ। ਇਸ ਤੋਂ ਇਲਾਵਾ, ਕਾਂਗਰਸ ਸਰਕਾਰ ਵੇਲੇ 2021-22 ਵਿੱਚ ਆਬਕਾਰੀ ਮਾਲੀਆ 6,157 ਕਰੋੜ ਰੁਪਏ ਸੀ, ਜਦਕਿ ਵਿੱਤੀ ਸਾਲ 2025-26 ਵਿੱਚ ਇਸਦੇ 11,500 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ। ਸੂਬੇ ਦੇ ਕੁੱਲ ਰਾਜ ਘਰੇਲੂ ਉਤਪਾਦ ਦੀ ਪ੍ਰਤੀਸ਼ਤ ਵਜੋਂ, ਆਬਕਾਰੀ ਮਾਲੀਆ 2021-22 ਦੇ 1.05% ਤੋਂ ਵਧ ਕੇ 2024-25 ਵਿੱਚ 1.28% ਹੋ ਗਿਆ ਹੈ।”

ਜੀ.ਐਸ.ਟੀ. ਪ੍ਰਣਾਲੀ ਅਧੀਨ ਕਾਰਗੁਜ਼ਾਰੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀ.ਐਸ.ਟੀ. ਪ੍ਰਾਪਤੀ ਵਿੱਚ ਵੀ ਅਜਿਹੀ ਹੀ ਸਫਲਤਾ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ, “ਪਿਛਲੀ ਕਾਂਗਰਸ ਸਰਕਾਰ ਜੀ.ਐਸ.ਟੀ. ਮੁਆਵਜ਼ੇ ‘ਤੇ ਬਹੁਤ ਜ਼ਿਆਦਾ ਨਿਰਭਰ ਸੀ ਅਤੇ ਟੈਕਸ ਦਾਇਰੇ ਨੂੰ ਵਧਾਉਣ ਲਈ ਠੋਸ ਕਦਮ ਚੁੱਕਣ ਵਿੱਚ ਅਸਫਲ ਰਹੀ। ਉਨ੍ਹਾਂ ਦੀ ਪੰਜ ਸਾਲਾਂ ਦੀ ਕੁੱਲ ਪ੍ਰਾਪਤੀ 61,286 ਕਰੋੜ ਰੁਪਏ ਸੀ, ਜਿਸਦੀ ਸਾਲਾਨਾ ਔਸਤ 12,257 ਕਰੋੜ ਬਣਦੀ ਹੈ।”

ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ ਜਨਵਰੀ 2026 ਤੱਕ 83,739 ਕਰੋੜ ਰੁਪਏ ਪ੍ਰਾਪਤ ਕੀਤੇ ਗਏ ਹਨ, ਜਿਸ ਨਾਲ ਸਾਲਾਨਾ ਔਸਤ ਵਧ ਕੇ 21,845 ਕਰੋੜ ਰੁਪਏ ਹੋ ਗਈ ਹੈ। ਸਟੇਟ ਜੀ.ਐਸ.ਟੀ. ਮਾਲੀਆ, ਜੋ ਕਿ 2021-22 ਵਿੱਚ 15,542 ਕਰੋੜ ਰੁਪਏ ਸੀ, ਵੱਲੋਂ 2025-26 ਵਿੱਚ 26,500 ਕਰੋੜ ਨੂੰ ਪਾਰ ਕਰਨ ਦਾ ਅਨੁਮਾਨ ਹੈ। ਜੀ.ਐਸ.ਟੀ. 2.0 ਦੇ ਤਹਿਤ ਤਰਕਸੰਗਤ ਹੋਣ ਦੇ ਬਾਵਜੂਦ, ਸੂਬੇ ਨੇ ਆਪਣੇ ਜੀ.ਐਸ.ਟੀ. ਮਾਲੀਏ ਵਿੱਚ 70.50% ਦਾ ਭਾਰੀ ਵਾਧਾ ਦਰਜ ਕੀਤਾ ਹੈ।”

ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੈਂਪ ਡਿਊਟੀ ਤੋਂ ਮਾਲੀਏ ਵਿੱਚ ਵੀ ਇਤਿਹਾਸਕ ਵਾਧਾ ਹੋਇਆ ਹੈ। ਉਨ੍ਹਾਂ ਕਿਹਾ, “ਕਾਂਗਰਸ ਦੇ ਕਾਰਜਕਾਲ 2017-22 ਦੌਰਾਨ, ਪਿਛਲੀ ਅਕਾਲੀ ਦਲ ਸਰਕਾਰ (2012-17) ਦੇ ਮੁਕਾਬਲੇ ਸਟੈਂਪ ਡਿਊਟੀ ਸੰਗ੍ਰਹਿ ਵਿੱਚ 1 ਪ੍ਰਤੀਸ਼ਤ ਤੋਂ ਵੀ ਘੱਟ ਦਾ ਵਾਧਾ ਦੇਖਣ ਨੂੰ ਮਿਲਿਆ। ਅਕਾਲੀ-ਭਾਜਪਾ ਸਰਕਾਰ ਨੇ ਕੁੱਲ 12,387 ਕਰੋੜ ਰੁਪਏ ਇਕੱਠੇ ਕੀਤੇ ਜਿਸਦੀ ਸਾਲਾਨਾ ਔਸਤ 2,477 ਕਰੋੜ ਰੁਪਏ ਸੀ, ਜਦਕਿ ਕਾਂਗਰਸ ਸਿਰਫ 12,469 ਕਰੋੜ ਰੁਪਏ ਇਕੱਠੇ ਕਰ ਸਕੀ, ਜਿਸਦੀ ਸਾਲਾਨਾ ਔਸਤ 2,494 ਕਰੋੜ ਰੁਪਏ ਰਹੀ।”

ਉਨ੍ਹਾਂ ਅੱਗੇ ਕਿਹਾ, “ਇਸ ਦੇ ਉਲਟ, ‘ਆਪ’ ਸਰਕਾਰ ਨੇ ਜਨਵਰੀ 2026 ਤੱਕ 19,515 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜਿਸਦੀ ਸਾਲਾਨਾ ਔਸਤ 5,091 ਕਰੋੜ ਰੁਪਏ ਹੈ। ਇਹ ਦਰਸਾਉਂਦਾ ਹੈ ਕਿ ਸਿਰਫ ਚਾਰ ਸਾਲਾਂ ਵਿੱਚ, ਆਪ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਦੇ ਕਾਰਜਕਾਲਾਂ ਨਾਲੋਂ 60 ਫੀਸਦੀ ਵੱਧ ਸਟੈਂਪ ਡਿਊਟੀ ਪ੍ਰਾਪਤ ਕੀਤੀ ਹੈ। ਇਸ ਤੇਜ਼ ਗਤੀ ਨਾਲ, ਇਹ ਮਾਲੀਆ 2026-27 ਦੇ ਵਿੱਤੀ ਸਾਲ ਤੱਕ ਕਾਂਗਰਸ ਦੌਰ ਦੇ ਕੁੱਲ ਮਾਲੀਏ ਨਾਲੋਂ ਦੁੱਗਣਾ ਹੋਣ ਦੀ ਉਮੀਦ ਹੈ।”

ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਪੂੰਜੀਗਤ ਖਰਚਿਆਂ ਵਿੱਚ ਇਤਿਹਾਸਕ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ, “ਪੰਜ ਸਾਲਾਂ ਵਿੱਚ, ਅਕਾਲੀ-ਭਾਜਪਾ ਸਰਕਾਰ ਨੇ 14,641 ਕਰੋੜ ਰੁਪਏ ਅਤੇ ਕਾਂਗਰਸ ਸਰਕਾਰ ਨੇ ਪੂੰਜੀਗਤ ਖਰਚਿਆਂ ‘ਤੇ 19,356 ਕਰੋੜ ਰੁਪਏ ਖਰਚ ਕੀਤੇ। ਜਦਕਿ ਆਪ ਸਰਕਾਰ 31,630 ਕਰੋੜ ਖਰਚ ਕਰਨ ਜਾ ਰਹੀ ਹੈ।”

ਵਿਰਾਸਤ ਵਿੱਚ ਮਿਲੇ ਕਰਜ਼ੇ ਦੇ ਬੋਝ ਬਾਰੇ ਬੋਲਦਿਆਂ, ਵਿੱਤ ਮੰਤਰੀ ਨੇ ਦਾਅਵਾ ਕੀਤਾ, “ਆਪ ਸਰਕਾਰ ਨੂੰ ਵਿਰਾਸਤ ਵਿੱਚ ਲਗਭਗ 3,00,000 ਕਰੋੜ ਰੁਪਏ ਦਾ ਕਰਜ਼ਾ ਮਿਲਿਆ ਹੈ। ਇਸ ਭਾਰੀ ਇਤਿਹਾਸਕ ਬੋਝ ਦੇ ਕਾਰਨ, ਲਏ ਗਏ ਨਵੇਂ ਕਰਜ਼ਿਆਂ ਦਾ 35 ਫੀਸਦੀ ਹਿੱਸਾ ਸਿਰਫ ਪਿਛਲੀਆਂ ਸਰਕਾਰਾਂ ਦੁਆਰਾ ਛੱਡੀਆਂ ਗਈਆਂ ਦੇਣਦਾਰੀਆਂ ਨੂੰ ਚੁਕਤਾ ਕਰਨ ਲਈ ਵਰਤਿਆ ਜਾਂਦਾ ਹੈ। ਕਰਜ਼ੇ ਦਾ ਹੋਰ 50 ਫੀਸਦੀ ਹਿੱਸਾ ਪੁਰਾਣੇ ਕਰਜ਼ਿਆਂ ‘ਤੇ ਵਿਆਜ ਦੇਣ ਵਿੱਚ ਚਲਾ ਜਾਂਦਾ ਹੈ। ਨਤੀਜੇ ਵਜੋਂ, ਉਧਾਰ ਲਏ ਗਏ ਫੰਡਾਂ ਦਾ 15 ਫੀਸਦੀ ਤੋਂ ਵੀ ਘੱਟ ਹਿੱਸਾ ਅਸਲ ਵਿੱਚ ‘ਆਪ’ ਸਰਕਾਰ ਨੂੰ ਸੂਬੇ ਦੇ ਵਿਕਾਸ ਲਈ ਵਰਤਣ ਵਾਸਤੇ ਉਪਲਬਧ ਹੁੰਦਾ ਹੈ।”

ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤ ਦੇ ਬਾਵਜੂਦ ਮੌਜੂਦਾ ਸਰਕਾਰ ਨੇ ਕਰਜ਼ਾ ਤੇ ਕੁੱਲ ਰਾਜ ਘਰੇਲੂ ਉਤਪਾਦ ਦੇ ਅਨੁਪਾਤ ਨੂੰ 48.25% ਤੋਂ ਘਟਾ ਕੇ 44.47% ਕਰ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ, “ਆਪ ਸਰਕਾਰ ਨੇ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ 7,000 ਤੋਂ 8,000 ਕਰੋੜ ਰੁਪਏ ਰੱਖੇ ਅਤੇ 2016 ਤੋਂ 2021 ਤੱਕ ਲੰਬਿਤ ਤਨਖਾਹ ਕਮਿਸ਼ਨ ਦੇ 14,191 ਕਰੋੜ ਰੁਪਏ ਦੇ ਬਕਾਏ ਕਲੀਅਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਪਨਸਪ, ਲੈਂਡ ਮਾਰਟਗੇਜ ਬੈਂਕ, ਪੀ.ਐਸ.ਆਈ.ਡੀ.ਸੀ. ਅਤੇ ਮੰਡੀ ਬੋਰਡ ਵਰਗੀਆਂ ਵਿੱਤੀ ਤੌਰ ‘ਤੇ ਸੰਕਟਗ੍ਰਸਤ ਸਰਕਾਰੀ ਸੰਸਥਾਵਾਂ ਨੂੰ ਬਚਾਉਣ ਲਈ 2,566 ਕਰੋੜ ਰੁਪਏ ਮੁਹੱਈਆ ਕਰਵਾਏ ਗਏ ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਅਦਾ ਨਾ ਕੀਤੇ ਗਏ ਕੇਂਦਰੀ ਸਕੀਮਾਂ ਦੇ ਬਕਾਏ ਕਲੀਅਰ ਕਰਨ ਲਈ 1,750 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ। ਲੰਬੇ ਸਮੇਂ ਦੇ ਵਿੱਤੀ ਸੁਰੱਖਿਆ ਉਪਾਵਾਂ ਦੀ ਰੂਪਰੇਖਾ ਉਲੀਕਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਪ ਸਰਕਾਰ ਨੇ ਭਾਰਤੀ ਰਿਜ਼ਰਵ ਬੈਂਕ ਕੋਲ ਰੱਖੇ ਗਏ ਕੰਸੋਲੀਡੇਟਿਡ ਸਿੰਕਿੰਗ ਫੰਡ ਅਤੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ ਵੱਡਾ ਨਿਵੇਸ਼ ਕੀਤਾ ਹੈ। 31 ਮਾਰਚ 2022 ਤੱਕ, ਸੂਬੇ ਕੋਲ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਸਿਰਫ਼ 3,027 ਕਰੋੜ ਰੁਪਏ ਸਨ ਅਤੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ ਕੁਝ ਵੀ ਨਹੀਂ ਸੀ। ਦਸੰਬਰ 2025 ਤੱਕ, ਇਹ ਰਿਜ਼ਰਵ ਫੰਡ ਵਧ ਕੇ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ 10,738 ਕਰੋੜ ਰੁਪਏ ਅਤੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ 982 ਕਰੋੜ ਰੁਪਏ ਹੋ ਗਏ ਹਨ, ਜਿਸ ਨਾਲ ਇਹ ਕੁੱਲ ਰਕਮ 11,720 ਕਰੋੜ ਰੁਪਏ ਹੋ ਗਈ ਹੈ।”
ਵਿੱਤ ਮੰਤਰੀ ਨੇ ਅੱਗੇ ਕਿਹਾ, “ਇਹ 8,693 ਕਰੋੜ ਦੇ ਕੁੱਲ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 287% ਦਾ ਸ਼ਾਨਦਾਰ ਵਾਧਾ ਹੈ। ਇਹ ਅਗਾਊਂ ਨਿਵੇਸ਼ ਕਿਸੇ ਵੀ ਅਚਾਨਕ ਆਉਣ ਵਾਲੇ ਵਿੱਤੀ ਸੰਕਟ ਦੇ ਖਿਲਾਫ ਇੱਕ ਬਚਾਅ ਵਜੋਂ ਕੰਮ ਕਰਦਾ ਹੈ ਅਤੇ ਸੂਬੇ ਦੇ ਕਰਜ਼ੇ ਨੂੰ ਯੋਜਨਾਬੱਧ ਢੰਗ ਨਾਲ ਲਾਹੁਣ ਵਿੱਚ ਮਦਦ ਕਰਦਾ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਿੱਤੀ ਸੁਧਾਰ ਕੇਂਦਰੀ ਸਹਾਇਤਾ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਪ੍ਰਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ, “2017 ਤੋਂ 2022 ਦਰਮਿਆਨ ਕਾਂਗਰਸ ਸਰਕਾਰ ਨੂੰ 17,740 ਕਰੋੜ ਰੁਪਏ ਮਾਲੀਆ ਘਾਟਾ ਗ੍ਰਾਂਟ ਅਤੇ 54,600 ਕਰੋੜ ਰੁਪਏ ਜੀ.ਐਸ.ਟੀ. ਮੁਆਵਜ਼ੇ ਵਜੋਂ ਮਿਲੇ, ਜੋ ਕੁੱਲ ਮਿਲਾ ਕੇ 72,340 ਕਰੋੜ ਰੁਪਏ ਬਣਦੇ ਹਨ। ਇਸ ਦੇ ਉਲਟ, ਮੌਜੂਦਾ ਸਰਕਾਰ ਨੂੰ ਜਨਵਰੀ 2026 ਤੱਕ ਮਾਲੀਆ ਘਾਟਾ ਗ੍ਰਾਂਟ ਵਿੱਚ ਸਿਰਫ 15,887 ਕਰੋੜ ਰੁਪਏ ਅਤੇ ਜੀ.ਐਸ.ਟੀ. ਮੁਆਵਜ਼ੇ ਵਿੱਚ 11,945 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜੋ ਕੁੱਲ 27,832 ਕਰੋੜ ਰੁਪਏ ਬਣਦੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਪਿਛਲੀ ਸਰਕਾਰ ਦੇ ਮੁਕਾਬਲੇ ਮਾਲੀਆ ਘਾਟਾ ਗ੍ਰਾਂਟਾਂ ਅਤੇ ਜੀ.ਐਸ.ਟੀ. ਮੁਆਵਜ਼ੇ ਵਿੱਚ 62% ਘੱਟ ਰਕਮ ਮਿਲੀ ਹੈ, ਅਤੇ ਹੁਣ ਇਹ ਗ੍ਰਾਂਟਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਪ੍ਰੈਸ ਕਾਨਫਰੰਸ ਦੀ ਸਮਾਪਤੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਜ਼ਾਨੇ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਕੀਤੇ ਗਏ ਡਿਜੀਟਲ ਅਤੇ ਪ੍ਰਸ਼ਾਸਨਿਕ ਸੁਧਾਰਾਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਪੂਰੀ ਪੈਨਸ਼ਨ ਵੰਡ ਪ੍ਰਣਾਲੀ ਨੂੰ ਡਿਜੀਟਲ ਕਰਨ ਲਈ ‘ਪੈਨਸ਼ਨ ਸੇਵਾ ਪੋਰਟਲ’ ਦੀ ਸ਼ੁਰੂਆਤ ਕੀਤੀ ਹੈ ਅਤੇ ਬੈਂਕਿੰਗ ਧੋਖਾਧੜੀ ਨਾਲ ਨਜਿੱਠਣ ਅਤੇ ਪਾਰਦਰਸ਼ਤਾ ਵਧਾਉਣ ਲਈ ‘ਈ-ਡਿਪਾਜ਼ਿਟ ਮੈਨੇਜਮੈਂਟ ਸਿਸਟਮ’ ਲਾਗੂ ਕੀਤਾ ਹੈ। ਉਨ੍ਹਾਂ ਕਿਹਾ, “ਇਸ ਤੋਂ ਇਲਾਵਾ, ਸੂਬੇ ਨੇ ਐਸ.ਐਨ.ਏ.-ਸਪਰਸ਼ ਪਹਿਲਕਦਮੀ ਰਾਹੀਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਡਿਜੀਟਾਈਜ਼ ਕਰਨ ਲਈ ਪ੍ਰੋਤਸਾਹਨ ਵਜੋਂ 800 ਕਰੋੜ ਰੁਪਏ ਤੋਂ ਵੱਧ ਪ੍ਰਾਪਤ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ।”

2 ਦਸੰਬਰ ਨੂੰ ਜੇ ਸੁਖਬੀਰ ਬਾਦਲ ਮੁਤਾਬਕ ਫੈਸਲੇ ਕਰਦੇ ਤਾਂ ਸਾਡੇ ਅਹੁਦੇ ਨਾ ਜਾਂਦੇ : ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ :

ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸਿਆਸੀ ਕਾਨਫਰੰਸ ਕੀਤੀ ਗਈ। ਸਿਆਸੀ ਕਾਨਫਰੰਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ਉਤੇ ਲਿਆ। ਗਿਆਨੀ ਰਘਬੀਰ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਜੇਕਰ 2 ਦਸੰਬਰ ਨੂੰ ਸੁਖਬੀਰ ਬਾਦਲ ਮੁਤਾਬਕ ਫੈਸਲੇ ਕੀਤੇ ਜਾਂਦੇ ਤਾਂ ਸਾਡੇ ਅਹੁਦੇ ਨਾ ਜਾਂਦੇ। ਉਨ੍ਹਾਂ ਕਿਹਾ ਕਿ ਜਦੋਂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਉਤੇ ਅਕਾਲੀ ਦਲ ਦੇ ਲੀਡਰ ਨੇ ਗੁਨਾਹ ਕਾਬੂਲ ਕਰ ਲਏ, ਬਾਹਰ ਆ ਕੇ ਮੁਕਰ ਗਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਧਾਂਤਕ ਤੌਰ ਉਤੇ ਮਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਬਣੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੋ ਆਦਮੀ ਸਾਡੇ ਕੋਲ ਇਹ ਕਹਿਣ ਲਈ ਆ ਰਹੇ ਸਨ ਕਿ ਸੁਖਬੀਰ ਬਾਦਲ ਨੂੰ ਇੰਝ ਕਰ ਦਿਓ, ਇੰਝ ਕਰ ਦਿਓ ਅੱਜ ਉਹੀ ਹੀ ਲੋਕ ਉਨ੍ਹਾਂ ਦੀਆਂ ਰੈਲੀਆਂ ਵਿਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਾਡੇ ਕੋਲ ਉਨ੍ਹਾਂ ਵਿਰੁੱਧ ਲਿਖਤੀ ਦਰਖਾਸ਼ਤਾਂ ਦੇ ਕੇ ਜਾਂਦੇ ਸਨ, ਅੱਜ ਪਤਾ ਨਹੀਂ ਕਿਹੜੇ ਮੂੰਹ ਨਾਲ ਉਨ੍ਹਾਂ ਦੀਆਂ ਰੈਲੀਆਂ ਵਿਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਥ ਨੂੰ ਬਚਾਉਣ ਦੀ ਲੋੜ ਹੈ। ਗਿਆਨੀ ਰਘਬੀਰ ਸਿੰਘ ਨੇ ਐਸਜੀਪੀਸੀ ਉਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਅੱਜ ਸਾਡੀਆਂ ਪਾਰੰਪਰਾਵਾਂ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਡੀਆਂ ਪਦਵੀਂਆਂ ਜਾਣ ਦਾ ਕੋਈ ਦੁੱਖ ਨਹੀਂ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਵਿਚ ਹੋ ਰਹੇ ਭ੍ਰਿਸ਼ਟਾਚਾਰ ਨੂੰ ਬਾਹਰ ਕੱਢਣ ਲਈ ਇਕੱਠੇ ਹੋਣ ਦੀ ਲੋੜ ਹੈ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਮਾਰਚ ਨੂੰ

ਚੰਡੀਗੜ੍ਹ, 3 ਮਾਰਚ :

ਪੰਜਾਬ ਬਜਟ ਸੈਸ਼ਨ ਤੋਂ ਪਹਿਲਾਂ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ ਹੈ। 5 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ 6 ਮਾਰਚ ਨੂੰ ਸ਼ੁਰੂ ਹੋ ਰਹੇ ਬਜਟ ਸੈਸ਼ਨ ਤੋਂ ਇਕ ਦਿਨ ਪਹਿਲਾਂ ਹੋਵੇਗੀ। ਜ਼ਿਕਰਯੋਗ ਹੈ ਕਿ 8 ਮਾਰਚ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।

Category : Videos