ਚੰਡੀਗੜ੍ਹ, 05 ਨਵੰਬਰ

ਪੰਜਾਬ ਦੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ‘ਚ ਕੁਝ ਤਬਦੀਲੀਆਂ ਕੀਤੀਆਂ ਹਨ। ਐਸਆਈਟੀ ਵਿੱਚ ਕੀਤੀਆਂ ਤਬਦੀਲੀਆਂ ਦੇ ਹਿੱਸੇ ਵਜੋਂ ਬਟਾਲਾ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੂੰ ਟੀਮ ਦਾ ਨਵਾਂ ਮੈਂਬਰ ਬਣਾਇਆ ਗਿਆ ਹੈ।

ਐਸਆਈਟੀ ਮੈਂਬਰ ਏਆਈਜੀ ਸੀਆਈ ਰਜਿੰਦਰ ਸਿੰਘ ਸੋਹਲ ਅਤੇ ਕਮਾਂਡੈਂਟ ਪੀਏਪੀ ਜਲੰਧਰ ਉਪਿੰਦਰਜੀਤ ਸਿੰਘ ਘੁੰਮਣ ਨੂੰ ਜਾਂਚ ਟੀਮ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਡੀਐਸਪੀ ਲਖਵੀਰ ਸਿੰਘ ਅਤੇ ਇੰਸਪੈਕਟਰ ਦਲਬੀਰ ਸਿੰਘ ਪਹਿਲਾਂ ਵਾਂਗ ਐਸਆਈਟੀ ਵਿੱਚ ਸ਼ਾਮਲ ਹੋਣਗੇ ਅਤੇ ਐਸਆਈਟੀ ਦੀ ਕਮਾਨ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਕੋਲ ਹੋਵੇਗੀ।

ਇਸ ਤੋਂ ਪਹਿਲਾਂ 2015 ਦੇ ਬਰਗਾੜੀ ਬੇਅਦਬੀ ਮਾਮਲੇ ‘ਚ SIT ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ 8 ਨਵੰਬਰ ਨੂੰ ਪੁੱਛਗਿੱਛ ਕਰਨ ਦਾ ਫੈਸਲਾ ਕੀਤਾ ਹੈ। ਐਸਆਈਟੀ ਦੇ ਮੁਖੀ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਰੋਹਤਕ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪੱਤਰ ਭੇਜ ਕੇ ਜਾਣਕਾਰੀ ਦਿੱਤੀ ਹੈ। ਪਰਮਾਰ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਤਾਂ ਜੋ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਸਕੇ।

ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ SIT ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਇਸ ਮਾਮਲੇ ਨਾਲ ਸਬੰਧਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।

ਪਿਛਲੇ ਮਹੀਨੇ 25 ਅਕਤੂਬਰ ਨੂੰ ਫਰੀਦਕੋਟ ਦੀ ਅਦਾਲਤ ਵੱਲੋਂ 29 ਅਕਤੂਬਰ ਲਈ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਸਨ ਪਰ ਫਰੀਦਕੋਟ ਦੀ ਅਦਾਲਤ ਵੱਲੋਂ ਇੱਕ ਦਿਨ ਪਹਿਲਾਂ 28 ਅਕਤੂਬਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਡੇਰੇ ਮੁਖੀ ਦੇ ਵਾਰੰਟ ’ਤੇ ਰੋਕ ਲਾ ਦਿੱਤੀ ਸੀ। ਅਤੇ SIT ਨੂੰ ਸੁਨਾਰੀਆ ਜੇਲ੍ਹ ‘ਚ ਜਾਕੇ ਪੁੱਛਗਿੱਛ ਕਰਨ ਇਜਾਜ਼ਤ ਦਿੱਤੀ।

Spread the love