ਚੰਡੀਗੜ੍ਹ, 1 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ,:

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ। ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।
ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।
ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਮਨਜ਼ੂਰੀ
ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।

Spread the love