ਚੰਡੀਗੜ੍ਹ, 04 ਫਰਵਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੀਤੀ ਰਾਤ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਨੇ 18 ਜਨਵਰੀ ਨੂੰ ਸੀਐੱਮ ਚੰਨੀ ਦੇ ਸਾਲੇ ਦੇ ਬੇਟੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਹਨੀ ਨੂੰ ਫੜਨ ਲਈ ਚੰਡੀਗੜ੍ਹ, ਲੁਧਿਆਣਾ, ਮੋਹਾਲੀ ਅਤੇ ਫਤਿਹਗੜ੍ਹ ‘ਚ 10 ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ।

ਦੱਸ ਦਈਏ ਕਿ ਈਡੀ ਵੱਲੋਂ ਭੁਪਿੰਦਰ ਹਨੀ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਭੁਪਿੰਦਰ ਨੂੰ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੂਪੇਂਦਰ ਹਨੀ ਨੂੰ ਈਡੀ ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਈਡੀ ਅੱਜ ਦੁਪਹਿਰ 12 ਵਜੇ ਹਨੀ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰੇਗੀ।

ਇਥੇ ਇਹ ਵੀ ਦੱਸ ਦੇਈਏ ਈਡੀ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਫੀਆ ਅਤੇ ਇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ 6 ਠੇਕੇਦਾਰਾਂ ਵਿਰੁੱਧ ਜਾਂਚ ਕਰ ਰਹੀ ਹੈ। ਇਸ ਦੌਰਾਨ ਜਾਂਚ ਏਜੰਸੀ ਨੇ ਹਨੀ ਅਤੇ ਉਸ ਦੇ ਸਾਥੀ ਦੇ ਘਰੋਂ 6 ਕਰੋੜ ਰੁਪਏ ਅਤੇ ਜਾਇਦਾਦ ਦੇ ਕਾਗਜ਼ਾਤ ਜ਼ਬਤ ਕੀਤੇ ਸਨ। ਇਸ ਦੌਰਾਨ ਜਾਂਚ ਏਜੰਸੀ ਨੇ ਹਨੀ ਅਤੇ ਉਸ ਦੇ ਸਾਥੀਆਂ ਦੇ ਘਰੋਂ 10.7 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ।

ਉਦੋਂ ਤੋਂ ਹੀ ਸੀਐਮ ਚੰਨੀ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ ਸਨ। ਆਮ ਆਦਮੀ ਪਾਰਟੀ ਨੇ ਤਾਂ ਰਾਜਪਾਲ ਤੋਂ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਹੈ। ਇਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਵੱਲੋਂ ਦਿੱਤੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਸੂਬੇ ਦੇ ਡੀਜੀਪੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲੱਗੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੂਜੇ ਪਾਸੇ ਸੀਐਮ ਚੰਨੀ ਨੇ ਇਸ ਨੂੰ ਦਬਾਅ ਬਣਾਉਣ ਦੀ ਕੋਸ਼ਿਸ਼ ਦੱਸਦਿਆਂ ਕਿਹਾ ਕਿ ਚੋਣਾਂ ਨੇੜੇ ਹਨ, ਇਸ ਲਈ ਉਨ੍ਹਾਂ ‘ਤੇ ਦਬਾਅ ਬਣਾ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਛਮੀ ਬੰਗਾਲ ਦੀਆਂ ਚੋਣਾਂ ਦੌਰਾਨ ਵੀ ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ‘ਤੇ ਇਸ ਤਰ੍ਹਾਂ ਦੇ ਹਮਲੇ ਕੀਤੇ ਗਏ ਸਨ। ਸਿਰਫ਼ ਮੰਤਰੀਆਂ ਤੇ ਮੁੱਖ ਮੰਤਰੀ ਹੀ ਨਹੀਂ ਸਗੋਂ ਹਰ ਕਾਂਗਰਸੀ ਵਰਕਰ ਦਬਾਅ ਹੇਠ ਹੈ। ਇਸ ਤਰ੍ਹਾਂ ਦਾ ਮਾਹੌਲ ਲੋਕਤੰਤਰ ਲਈ ਚੰਗਾ ਨਹੀਂ ਹੈ। ਹਰ ਤਰ੍ਹਾਂ ਦੇ ਦਬਾਅ ਅਤੇ ਮੁਸ਼ਕਿਲਾਂ ਨੂੰ ਝੱਲਣ ਲਈ ਤਿਆਰ ਹਾਂ। ਉਹ ਕਾਮਯਾਬ ਨਹੀਂ ਹੋਣਗੇ, ਅਸੀਂ ਆਪਣੀ ਚੋਣ ਮੁਹਿੰਮ ਜਾਰੀ ਰੱਖਾਂਗੇ।

Spread the love