ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਵਪਾਰੀ ਕਮਿਸ਼ਨ ਦੀਆਂ ਵੱਖ-ਵੱਖ ਮੀਟਿੰਗਾਂ ਦੌਰਾਨ ਉਠਾਏ ਗਏ ਮਾਮਲਿਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਕੋਲ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਤੋਂ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਅਪਡੇਟ ਨਿਯਮਤ ਤੌਰ ’ਤੇ ਪੋਰਟਲ ’ਤੇ ਦਰਜ ਕੀਤੀ ਜਾਵੇ।

ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਅਤੇ ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨਾਂ ਦੀਆਂ ਮੀਟਿੰਗਾਂ ਵਿੱਚ ਵਪਾਰੀਆਂ ਵੱਲੋਂ ਉਠਾਏ ਜਾਣ ਵਾਲੇ ਮੁੱਦੇ ਲੋਕ ਹਿੱਤ ਨਾਲ ਜੁੜੇ ਹੁੰਦੇ ਹਨ, ਇਸ ਲਈ ਉਨ੍ਹਾਂ ਦਾ ਤਰਜੀਹੀ ਆਧਾਰ ’ਤੇ ਹੱਲ ਕਰਨਾ ਸਾਰੇ ਸਬੰਧਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਮੱਸਿਆਵਾਂ ਦਾ ਹੱਲ ਹੋਣ ਨਾਲ ਵਪਾਰੀਆਂ ਨੂੰ ਰਾਹਤ ਮਿਲਣ ਦੇ ਨਾਲ-ਨਾਲ ਸਰਕਾਰ ਦੀਆਂ ਸੇਵਾਵਾਂ ਪ੍ਰਤੀ ਲੋਕਾਂ ਦਾ ਭਰੋਸਾ ਵੀ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਨਗਰ ਨਿਗਮ, ਸਥਾਨਕ ਸਰਕਾਰਾਂ ਵਿਭਾਗ, ਪਾਵਰਕਾਮ, ਪੁਲਿਸ ਵਿਭਾਗ, ਡਰੇਨੇਜ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਆਪਣੇ-ਆਪਣੇ ਪੱਧਰ ’ਤੇ ਲੰਬਿਤ ਮਾਮਲਿਆਂ ਦਾ ਜਲਦ ਨਿਪਟਾਰਾ ਕਰਕੇ ਨਿਰਧਾਰਿਤ ਸਮੇਂ ਅੰਦਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਵੱਲੋਂ ਸੀਵਰੇਜ, ਸਫ਼ਾਈ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਉਠਾਏ ਗਏ ਮਸਲਿਆਂ ਦੇ ਹੱਲ ਲਈ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ (ਮੋਹਾਲੀ) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

Spread the love