ਚੰਡੀਗੜ੍ਹ, 7 ਮਾਰਚ :

ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਤਲ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਰੀ ਕੀਤਾ ਗਿਆ ਹੈ। ਪੱਤਰਕਾਰ ਛੱਤਰਪਤੀ ਕਤਲ ਮਾਮਲੇ ਵਿੱਚ ਪੰਚਕੂਲਾ ਦੀ ਵਿਸ਼ੇਸ਼ ਕੇਂਦਰੀ ਜਾਂਚ ਬਿਊਰੋ  (ਸੀਬੀਆਈ) ਅਦਾਲਤ ਨੇ 2019 ਵਿੱਚ ਪੱਤਰਕਾਰ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਮ ਰਹੀਮ ਅਤੇ ਸਹਿ-ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਨਿਚਰਵਾਰ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਕੇਸ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਰੀ ਕਰ ਦਿੱਤਾ ਹੈ। ਇਹ ਫੈਸਲਾ ਰਾਮ ਰਹੀਮ ਨੂੰ ਦੋਸ਼ੀ ਠਹਿਰਾਏ ਜਾਣ ਅਤੇ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਤੋਂ ਸੱਤ ਸਾਲਾਂ ਤੋਂ ਵੱਧ ਸਮੇਂ ਬਾਅਦ ਆਇਆ ਹੈ।

ਮਰਹੂਮ ਪੱਤਰਕਾਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਾਨੂੰ ਧੱਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਉਹ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਗੇ।

ਜ਼ਿਕਰਯੋਗ ਹੈ ਕਿ ਸਿਰਸਾ ਵਿੱਚ ਇੱਕ ਸਥਾਨਕ ਅਖ਼ਬਾਰ ਚਲਾਉਣ ਵਾਲੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਨੂੰ ਅਕਤੂਬਰ 2002 ਵਿੱਚ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।

ਇਹ ਵੀ ਦੱਸਯੋਗ ਹੈ ਕਿ ਇਸ ਕੇਸ ਨੇ ਦੇਸ਼ ਭਰ ਦਾ ਧਿਆਨ ਖਿੱਚਿਆ ਸੀ ਕਿਉਂਕਿ ਛੱਤਰਪਤੀ ਨੇ ਕਥਿਤ ਤੌਰ ‘ਤੇ ਇੱਕ ਚਿੱਠੀ ਪ੍ਰਕਾਸ਼ਤ ਕੀਤੀ ਸੀ, ਜਿਸ ਵਿੱਚ ਡੇਰੇ ਦੇ ਅੰਦਰ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਸੀ, ਜਿਸ ਕਾਰਨ ਬਾਅਦ ਵਿੱਚ ਰਾਮ ਰਹੀਮ ਵਿਰੁੱਧ ਜਾਂਚ ਸ਼ੁਰੂ ਹੋਈ ਸੀ। ਇਸ ਕੇਸ ਸਬੰਧੀ ਹੋਈ ਇੱਕ ਲੰਬੀ ਜਾਂਚ ਤੋਂ ਬਾਅਦ, ਕੇਸ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪ ਦਿੱਤਾ ਗਿਆ ਸੀ, ਜਿਸ ਨੇ ਅੰਤ ਵਿੱਚ ਕਤਲ ਲਈ ਰਾਮ ਰਹੀਮ ਅਤੇ ਹੋਰਾਂ ਵਿਰੁੱਧ ਮੁਕੱਦਮਾ ਚਲਾਇਆ ਸੀ।

ਪੰਚਕੂਲਾ ਦੀ ਵਿਸ਼ੇਸ਼ ਕੇਂਦਰੀ ਜਾਂਚ ਬਿਊਰੋ ਅਦਾਲਤ ਨੇ 2019 ਵਿੱਚ ਪੱਤਰਕਾਰ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਮ ਰਹੀਮ ਅਤੇ ਸਹਿ-ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਇਹ ਵੀ ਵਰਨਣਯੋਗ ਹੈ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇਸ ਸਮੇਂ ਜਬਰ ਜਨਾਹ ਤੇ ਹੋਰ ਅਪਰਾਧਾਂ ਦੇ ਮਾਮਲੇ ਵਿਚ ਸਜ਼ਾ ਕੱਟ ਰਿਹਾ ਹੈ।

Spread the love