ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੂਨ 2026, ਪ੍ਰਾਈਮ ਕਥਿਤ ਏਸ਼ੀਆ ਨਿਊਜ਼ ਬਿਊਰੋ :

ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ. ਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ੍ਰੀਮਤੀ ਕੋਮਲ ਮਿੱਤਲ, ਦੀ ਰਹਿਨੁਮਾਈ ਹੇਠ ਵੱਖ-ਵੱਖ ਲੋਕ ਭਲਾਈ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਇੱਕ ਖੂਨਦਾਨ ਕੈਂਪ ਦਾ ਆਯੋਜਨ ਅੱਜ ਸ੍ਰੀ ਗੁਰੂ ਰਵਿਦਾਸ ਭਵਨ, ਸੈਕਟਰ-61, ਫੇਜ਼-7, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਕੀਤਾ ਗਿਆ।

ਇਹ ਕੈਂਪ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਖੂਨਦਾਨੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੀਤਾ।

ਇਸ ਮੌਕੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਪੰਜਾਬ ਦੇ ਪ੍ਰਧਾਨ ਸ੍ਰੀ ਬਖਸ਼ੀਸ ਸਿੰਘ ਗੰਗੜ ਨੇ ਖੁਦ ਖੂਨਦਾਨ ਕਰਕੇ ਸਮਾਜ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੱਤਾ। ਕੈਂਪ ਦੌਰਾਨ ਖੂਨਦਾਨ ਕਰਨ ਪੁੱਜੇ ਦਾਨੀਆਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਸਕੱਤਰ ਸ੍ਰੀ ਹਰਬੰਸ ਸਿੰਘ ਨੇ ਉਨ੍ਹਾਂ ਦੇ ਮਨੁੱਖਤਾ ਭਰੇ ਜਜ਼ਬੇ ਅਤੇ ਨੇਕ ਇਰਾਦਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਇਹ ਭਰਮ ਪਾਇਆ ਜਾਂਦਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ, ਜਦਕਿ ਵਿਗਿਆਨਕ ਤੌਰ ‘ਤੇ ਇਹ ਗਲਤ ਧਾਰਨਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕੋਈ ਕਮਜ਼ੋਰੀ ਨਹੀਂ ਆਉਂਦੀ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਹਰ 90 ਦਿਨਾਂ ਬਾਅਦ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਖੂਨਦਾਨ ਨਾ ਸਿਰਫ਼ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਹੁੰਦਾ ਹੈ, ਸਗੋਂ ਇਹ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਵੀ ਮਦਦਗਾਰ ਸਾਬਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਮਹਾਨ ਅਤੇ ਪੁੰਨ ਵਾਲੀਆਂ ਸੇਵਾਵਾਂ ਵਿੱਚੋਂ ਇੱਕ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਵਿੱਚ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਨਾ, ਖੂਨਦਾਨ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਪ੍ਰਤੀ ਪ੍ਰੇਮ ਦੇ ਸੰਦੇਸ਼ ਨੂੰ ਅਮਲ ਵਿੱਚ ਲਿਆਉਣਾ ਸੀ।

ਕੈਂਪ ਦੌਰਾਨ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਰੈਡ ਕਰਾਸ ਦੇ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਨੌਜਵਾਨਾਂ ਨੇ ਹਾਜ਼ਰੀ ਭਰੀ ਅਤੇ ਖੂਨਦਾਨ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ।

Spread the love